Chandigarh
ਪੰਜਾਬ ਮੰਤਰੀ ਮੰਡਲ ਵਲੋਂ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿੱਚ 251 ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ
ਚੰਡੀਗੜ੍ਹ, 5 ਸਤੰਬਰ (ਸ.ਬ.) ਪੰਜਾਬ ਮੰਤਰੀ ਮੰਡਲ ਵਲੋਂ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿੱਚ 251 ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਚਮਕੌਰ ਸਾਹਿਬ ਦੇ ਸਬ-ਡਿਵੀਜ਼ਨਲ ਹਸਪਤਾਲ ਲਈ 33, ਮਾਲੇਰਕੋਟਲਾ ਦੇ ਸਿਹਤ ਵਿਭਾਗ ਲਈ 19, ਮੈਡੀਕਲ ਅਤੇ ਡੈਂਟਲ ਅਫਸਰਾਂ ਦੇ 80 ਅਤੇ ਸਬ-ਡਿਵੀਜ਼ਨਲ ਹਸਪਤਾਲਾਂ ਤੇ ਨਵੇਂ ਮਦਰ ਐਂਡ ਚਾਈਲਡ ਹੈਲਥ ਸੈਂਟਰਾਂ ਲਈ 119 ਅਹੁਦੇ ਸ਼ਾਮਲ ਹਨ। ਇਸ ਦੇ ਨਾਲ ਹੀ ਪੰਜਾਬ ਲੋਕ ਸੇਵਾ ਕਮਿਸ਼ਨ ਵਿਚ ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਵੀ ਮਨਜ਼ੂਰੀ ਦਿੱਤੀ ਗਈ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਨਵੇਂ ਅਹੁਦੇ ਸਿਰਜਣ ਦਾ ਉਦੇਸ਼ ਸਰਕਾਰੀ ਸੰਸਥਾਵਾਂ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਦੂਰ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਹਨਾਂ ਦੱਸਿਆ ਕਿ ਚਮਕੌਰ ਸਾਹਿਬ ਦੇ ਸਬ-ਡਿਵੀਜ਼ਨਲ ਹਸਪਤਾਲ ਵਿਚ 33 ਅਹੁਦੇ ਸਿਰਜੇ ਗਏ ਹਨ। ਇਸ ਨਾਲ ਹਸਪਤਾਲ ਵਿਚ ਮੈਡੀਕਲ ਸਟਾਫ ਦੀ ਘਾਟ ਦੂਰ ਹੋਵੇਗੀ ਅਤੇ ਇਲਾਕੇ ਦੇ ਲੋਕਾਂ ਨੂੰ ਬਿਹਤਰ ਇਲਾਜ ਮਿਲ ਸਕੇਗਾ। ਮਾਲੇਰਕੋਟਲਾ ਵਿੱਚ ਸਿਹਤ ਵਿਭਾਗ ਲਈ ਮਨਜ਼ੂਰ ਕੀਤੇ ਅਹੁਦਿਆਂ ਵਿੱਚ ਮੁੱਖ ਮੈਡੀਕਲ ਅਫਸਰ, ਸਹਾਇਕ ਸਿਵਲ ਸਰਜਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਸਮੇਤ ਹੋਰ ਅਹੁਦੇ ਸ਼ਾਮਲ ਹਨ।
ਉਹਨਾਂ ਕਿਹਾ ਕਿ ਸੂਬੇ ਦੇ ਸਿਹਤ ਸੰਸਥਾਨਾਂ ਵਿਚ ਡਾਕਟਰਾਂ ਦੀ ਉਪਲਬਧਤਾ ਵਧਾਉਣ ਲਈ ਮੈਡੀਕਲ ਅਫਸਰਾਂ ਅਤੇ ਡੈਂਟਲ ਅਫਸਰਾਂ ਦੇ 80 ਅਹੁਦਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਥੇ ਹੀ ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਨਵੇਂ ਮਦਰ ਐਂਡ ਚਾਈਲਡ ਹੈਲਥ ਸੈਂਟਰਾਂ ਲਈ 119 ਅਹੁਦੇ ਸਿਰਜੇ ਗਏ ਹਨ। ਇਸ ਨਾਲ ਸਿਹਤ ਸੰਸਥਾਵਾਂ ਵਿਚ ਲੋੜੀਂਦਾ ਸਟਾਫ ਮੁਹੱਈਆ ਕਰਵਾਉਣ ਵਿਚ ਮਦਦ ਮਿਲੇਗੀ।
ਉਹਨਾਂ ਦੱਸਿਆ ਕਿ ਮੰਤਰੀਮੰਡਲ ਦੀ ਮੀਟਿੰਗ ਦੌਰਾਨ ਖੁਰਾਕੀ ਅਨਾਜ ਨਾਲ ਸਬੰਧਤ ਨੀਤੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿਚ ਪੰਜਾਬ ਕਸਟਮ ਮਿਲਿੰਗ ਪਾਲਿਸੀ, ਖਰੀਦ ਮਾਰਕੀਟਿੰਗ ਸੀਜ਼ਨ-2026, ਪੰਜਾਬ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ-2027 ਅਤੇ ਪੰਜਾਬ ਫੂਡਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ-2027 ਸ਼ਾਮਲ ਹਨ ਸਰਕਾਰ ਮੁਤਾਬਕ ਇਨ੍ਹਾਂ ਨੀਤੀਆਂ ਨਾਲ ਅਨਾਜ ਦੀ ਖਰੀਦ, ਢੋਆ-ਢੁਆਈ ਅਤੇ ਲੇਬਰ ਵਿਵਸਥਾ ਨੂੰ ਸੁਚਾਰੂ ਬਣਾਉਣ ਵਿਚ ਮਦਦ ਮਿਲੇਗੀ।
Chandigarh
ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦੌਰਾਨ ਅਕਾਲੀ ਦਲ ਮਹਿਲਾ ਵਿੰਗ ਵਰਕਰਾਂ ਅਤੇ ਚੰਡੀਗੜ੍ਹ ਪੁਲੀਸ ਵਿਚਾਲੇ ਧੱਕਾ ਮੁੱਕੀ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਹਿਰਾਸਤ ਵਿੱਚ ਲਿਆ
ਚੰਡੀਗੜ੍ਹ, 5 ਸਤੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਵੱਲੋਂ ਅੱਜ ਚੰਡੀਗੜ੍ਹ ਵਿਚ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਮਹਿਲਾ ਵਰਕਰ ਨੂੰ ਮੁੱਖ ਮੰਤਰੀ ਨਿਵਾਸ ਵੱਲ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲੀਸ ਵਲੋਂ ਰੋਕ ਦਿੱਤਾ ਗਿਆ।
ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਭਾਰੀ ਬੈਰੀਕੇਡਿੰਗ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਪ੍ਰਦਰਸ਼ਨਕਾਰੀ ਬੈਰੀਕੇਡਿੰਗ ਨੇੜੇ ਪਹੁੰਚੇ ਤਾਂ ਪੁਲੀਸ ਅਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਅਤੇ ਹੰਗਾਮਾ ਹੋਇਆ। ਇਸ ਤੋਂ ਬਾਅਦ ਪੁਲੀਸ ਨੇ ਹਰਸਿਮਰਤ ਕੌਰ ਬਾਦਲ ਸਮੇਤ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ। ਮੁੱਖ ਮੰਤਰੀ ਨਿਵਾਸ ਵੱਲ ਜਾਣ ਤੋਂ ਰੋਕੇ ਜਾਣ ਤੋਂ ਬਾਅਦ ਕਈ ਮਹਿਲਾ ਵਰਕਰ ਸੜਕ ਤੇ ਬੈਠ ਗਈਆਂ ਅਤੇ ਧਰਨਾ ਸ਼ੁਰੂ ਕਰ ਦਿੱਤਾ। ਪੁਲੀਸ ਨੇ ਮੌਕੇ ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।
ਅਕਾਲੀ ਦਲ ਨੇ ਪੁਲੀਸ ਦੀ ਕਾਰਵਾਈ ਤੇ ਸਵਾਲ ਚੁੱਕਦਿਆਂ ਇਸ ਨੂੰ ਸਰਕਾਰ ਵੱਲੋਂ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ। ਪ੍ਰਦਰਸ਼ਨ ਦੀ ਅਗਵਾਈ ਕਰ ਰਹੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਅਕਾਲੀ ਦਲ ਦਾ ਕਹਿਣਾ ਹੈ ਕਿ ਦੋਸ਼ ਗੰਭੀਰ ਹਨ ਅਤੇ ਪੂਰੇ ਮਾਮਲੇ ਦੀ ਜਾਂਚ ਤੱਥਾਂ ਦੇ ਆਧਾਰ ਤੇ ਹੋਣੀ ਚਾਹੀਦੀ ਹੈ।
ਅਕਾਲੀ ਦਲ ਨੇ ਮਾਮਲੇ ਵਿਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਖ਼ਲ ਦਾ ਵੀ ਜ਼ਿਕਰ ਕੀਤਾ। ਪਾਰਟੀ ਮੁਤਾਬਕ, ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਤੋਂ ਜਾਂਚ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਹੈ। ਹਰਸਿਮਰਤ ਕੌਰ ਬਾਦਲ ਇਸ ਤੋਂ ਪਹਿਲਾਂ ਵੀ ਕਮਿਸ਼ਨ ਵੱਲੋਂ ਮਾਮਲੇ ਦਾ ਨੋਟਿਸ ਲਏ ਜਾਣ ਨੂੰ ਗੰਭੀਰ ਦੱਸਦਿਆਂ ਨਿਰਪੱਖ ਜਾਂਚ ਦੀ ਮੰਗ ਕਰ ਚੁੱਕੇ ਹਨ।
Chandigarh
ਬਲਾਤਕਾਰ ਦੇ ਦੋਸ਼ੀ ਨੂੰ ਰਿਹਾਅ ਕਰਵਾਉਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ : ਬਲਜੀਤ ਕੌਰ
ਭਗਵੰਤ ਮਾਨ ਸਰਕਾਰ ਖ਼ਿਲਾਫ਼ ਸੜਕਾਂ ਤੇ ਉਤਰੀ ਪੰਜਾਬ ਮਹਿਲਾ ਕਾਂਗਰਸ
ਚੰਡੀਗੜ੍ਹ, 5 ਸਤੰਬਰ (ਸ.ਬ.) ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵੱਲੋਂ ਪੰਜਾਬ ਦੀ ਸੱਤਾਧਾਰੀ ਮਾਨ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਮਹਿਲਾ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਦੀਆਂ ਨੀਤੀਆਂ, ਔਰਤਾਂ ਨਾਲ ਕਥਿਤ ਵਿਤਕਰੇ ਅਤੇ ਮਹਿਲਾਵਾਂ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਕੀਤੀ। ਮਹਿਲਾ ਕਾਂਗਰਸ ਆਗੂਆਂ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ, ਇਨਸਾਫ਼ ਅਤੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਣ ਦਾ ਸਿਲਸਿਲਾ ਜਾਰੀ ਰਹੇਗਾ।
ਪ੍ਰਦਰਸ਼ਨ ਦੌਰਾਨ ਮਹਿਲਾ ਕਾਂਗਰਸ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੇ ਔਰਤਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਨਾ ਲੈਣ ਦੇ ਇਲਜ਼ਾਮ ਲਗਾਏ। ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਸ ਨੂੰ ”ਬਲਾਤਕਾਰੀਆਂ ਦੀ ਸਰਕਾਰ ਤੱਕ ਕਰਾਰ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਔਰਤਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਪਰ ਚੰਡੀਗੜ੍ਹ ਪੁਲੀਸ ਨੇ ਰਸਤੇ ਵਿੱਚ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ।
ਇਸ ਮੌਕੇ ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਇਲਜ਼ਾਮ ਲਾਇਆ ਕਿ ਬਲਾਤਕਾਰ ਦੇ ਇੱਕ ਮਾਮਲੇ ਦੇ ਦੋਸ਼ੀ ਨੂੰ ਰਿਹਾਅ ਕਰਵਾਉਣ ਲਈ 5 ਕਰੋੜ ਰੁਪਏ ਦੇ ਕਥਿਤ ਲੈਣ-ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਜਿਨ੍ਹਾਂ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਉਂਦੀ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਮਹਿਲਾ ਕਾਂਗਰਸ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਪੰਜਾਬ ਦੀਆਂ ਧੀਆਂ ਅਤੇ ਮਾਵਾਂ ਨੂੰ 1,000 ਤੋਂ 1,500 ਰੁਪਏ ਦੇ ਵਾਅਦਿਆਂ ਨਾਲ ਉਮੀਦਾਂ ਦਿੱਤੀਆਂ ਗਈਆਂ, ਪਰ ਦੂਜੇ ਪਾਸੇ ਇੱਕ ਬਲਾਤਕਾਰ ਮਾਮਲੇ ਵਿੱਚ ਇਲਜ਼ਾਮ ਨੂੰ ਕਥਿਤ ਤੌਰ ਤੇ ਪੈਸੇ ਦੇ ਦਮ ਤੇ ਬਚਾਉਣ ਦੇ ਇਲਜ਼ਾਮ ਲੱਗ ਰਹੇ ਹਨ। ਕਾਂਗਰਸੀ ਆਗੂਆਂ ਨੇ ਇਸ ਨੂੰ ਪੰਜਾਬ ਦੀਆਂ ਔਰਤਾਂ ਨਾਲ ਵਿਤਕਰਾ ਕਰਾਰ ਦਿੰਦਿਆਂ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ।
ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਮਹਿਲਾ ਕਾਂਗਰਸ ਦੇ ਕਾਫ਼ਲੇ ਨੂੰ ਪੁਲੀਸ ਵੱਲੋਂ ਰੋਕੇ ਜਾਣ ਤੇ ਵੀ ਆਗੂਆਂ ਨੇ ਇਤਰਾਜ਼ ਜਤਾਇਆ। ਮੁਹਾਲੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਅਤੇ ਪੰਜਾਬ ਮਹਿਲਾ ਕਾਂਗਰਸ ਦੀ ਸੂਬਾ ਸਕੱਤਰ ਚਰਨਜੀਤ ਕੌਰ ਨੇ ਕਿਹਾ ਕਿ ਵਰਕਰ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਅਤੇ ਸਰਕਾਰ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾ ਰਹੇ ਸਨ। ਉਨ੍ਹਾਂ ਇਲਜ਼ਾਮ ਲਾਇਆ ਕਿ ਪੁਲੀਸ ਵੱਲੋਂ ਬੈਰੀਕੇਡਿੰਗ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ। ਆਗੂਆਂ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਨਾਗਰਿਕਾਂ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਸਰਕਾਰ ਨੂੰ ਵਿਰੋਧ ਦੀ ਆਵਾਜ਼ ਸੁਣਨ ਦੀ ਬਜਾਏ ਉਸ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਮਹਿਲਾ ਕਾਂਗਰਸ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮਹਿਲਾਵਾਂ ਦੀ ਸੁਰੱਖਿਆ ਅਤੇ ਉਠਾਏ ਗਏ ਗੰਭੀਰ ਇਲਜ਼ਾਮਾਂ ਦੇ ਮਾਮਲੇ ਵਿੱਚ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਅੰਦੋਲਨ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਧਾਨ ਸਭਾ ਹਲਕਿਆਂ ਤੱਕ ਲਿਜਾਇਆ ਜਾਵੇਗਾ।
Chandigarh
ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ
ਚੰਡੀਗੜ੍ਹ, 5 ਸਤੰਬਰ (ਸ.ਬ.) ਪਿੰਡ ਤਲਵੰਡੀ ਸਲੇਮ ਵਿੱਚ ਅਵਤਾਰ ਪਾਸ਼ ਅਤੇ ਹੰਸ ਰਾਜ ਦੀ ਸ਼ਹੀਦੀ ਯਾਦ ਵਿੱਚ ਬਣੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਲੇਖਕਾਂ, ਸਾਹਿਤਕਾਰਾਂ, ਕਲਾਕਾਰਾਂ, ਬੁੱਧੀਜੀਵੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਜਮਹੂਰੀ ਚੇਤਨਾ ਵਾਲੇ ਲੋਕਾਂ ਨੂੰ 9 ਸਤੰਬਰ ਨੂੰ ਹੋਣ ਵਾਲੇ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੇਵਿੰਦਰ ਦੀਪ ਸਿੰਘ ਨੇ ਇੱਥੋਂ ਜਾਰੀ ਬਿਆਨ ਵਿੱਚ ਕਿਹਾ ਕਿ ਪਿੰਡ ਦੇ ਸਰਪੰਚ ਅਤੇ ਉਸ ਦੇ ਹਮਾਇਤੀਆਂ ਵੱਲੋਂ ਕੰਪਲੈਕਸ ਵਿੱਚ ਓਪਨ ਜਿਮ ਲਗਾਉਣ, ਯਾਦਗਾਰ ਦੇ ਤਾਲੇ ਤੋੜਨ ਅਤੇ ਇੱਕ ਗੇਟ ਦਾ ਪੱਲਾ ਲਾਹ ਕੇ ਲਿਜਾਣ ਦੇ ਦੋਸ਼ ਲੱਗੇ ਹਨ। ਕਿਸਾਨਾਂ, ਮਜ਼ਦੂਰਾਂ, ਲੇਖਕਾਂ ਅਤੇ ਬੁੱਧੀਜੀਵੀਆਂ ਵੱਲੋਂ ਇਸ ਖ਼ਿਲਾਫ਼ ਸੰਘਰਸ਼ ਜਾਰੀ ਹੈ, ਪਰ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਪੰਜਾਬ ਦੀ ਇਨਕਲਾਬੀ ਵਿਰਾਸਤ ਅਤੇ ਸਾਂਝੀ ਯਾਦ ਨਾਲ ਜੁੜੀ ਮਹੱਤਵਪੂਰਨ ਯਾਦਗਾਰ ਹੈ। ਤਾਲੇ ਤੋੜਨਾ, ਗੇਟ ਲਾਹੁਣਾ ਅਤੇ ਮਨਮਰਜ਼ੀ ਨਾਲ਼ ਉੱਥੇ ਕੁੱਝ ਸਥਾਪਤ ਕਰਨਾ ਗੰਭੀਰ ਮਾਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਯਾਦਗਾਰ ਦੀ ਮੂਲ ਸਥਿਤੀ ਬਹਾਲ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਪਾਸ਼ ਦੇ ਜਨਮ ਦਿਹਾੜੇ ਮੌਕੇ 9 ਸਤੰਬਰ ਨੂੰ ਸਵੇਰੇ 11 ਵਜੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਵਿੱਚ ਸਮਾਗਮ ਹੋਵੇਗਾ, ਜਿਸ ਵਿੱਚ ਨਾਮਵਰ ਵਿਦਵਾਨ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸੰਬੋਧਨ ਕਰਨਗੇ। ਇਸ ਮੌਕੇ ਡਾ. ਸਵਰਾਜਬੀਰ ਦਾ ਨਵਾਂ ਨਾਟਕ ‘ਅਸੀਂ ਲੜਾਂਗੇ ਸਾਥੀ’ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ ਜਾਵੇਗਾ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial1 month agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
National2 months agoਪਿਕਅੱਪ ਟਰੱਕ ਅਤੇ ਟਰੱਕ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ
-
Chandigarh2 months agoਭਾਰਤ-ਅਮਰੀਕਾ ਦੇ ਵਪਾਰ ਸਮਝੌਤੇ ਖਿਲਾਫ਼ ਲੋਕ ਹਿੱਤ ਮਿਸ਼ਨ ਵੱਲੋਂ 22 ਜੁਲਾਈ ਨੂੰ ਬੜੌਦੀ ਟੋਲ ਪਲਾਜ਼ਾ ਕੀਤਾ ਜਾਵੇਗਾ ਮੁਫਤ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International4 weeks agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International1 month agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
Chandigarh2 months agoਲਗਾਤਾਰ ਚਾਰ ਮੁਕਾਬਲੇ ਜਿੱਤ ਕੇ ਕਰਨ ਰਾਜ ਬਣੇ ਵਾਈ ਆਰ ਐਲ ਮਿਕਸਡ ਮਾਰਸ਼ਲ ਆਰਟ ਲੀਗ ਸੀਜ਼ਨ-1 ਦੇ ਚੈਂਪੀਅਨ
