Chandigarh
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ
ਚੰਡੀਗੜ੍ਹ, 4 ਸਤੰਬਰ (ਸ.ਬ.) ਪੰਜਾਬ ਵਿਧਾਨ ਸਭਾ ਦੇ ਮਾਨਸੂਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਈ ਹੈ। ਇਜਲਾਸ ਦੇ ਆਖ਼ਰੀ ਦਿਨ ਸਦਨ ਅੰਦਰ ਕੁੱਲ 4 ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ ਪੇਸ਼ ਕੀਤਾ, ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024 ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਪੇਸ਼ ਕੀਤਾ। ਤਿੰਨੇ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ। ਚੌਥਾ ਬਿੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਪੇਸ਼ ਕੀਤਾ ਜੋ ਵਿਧਾਨ ਸਭਾ ਵਿੱਚ ਬਹੁਮਤ ਨਾਲ ਪਾਸ ਹੋ ਗਿਆ।
ਸੈਸ਼ਨ ਦੌਰਾਨ ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਤੇ ਸਿੱਖਾਂ ਖਿਲਾਫ ਨਫਰਤ ਭਰੇ ਭਾਸ਼ਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਸਿੱਖਾਂ ਖਿਲਾਫ ਲਗਾਤਾਰ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਚਾਰ ਮਹੀਨੇ ਪਹਿਲਾਂ ਏ ਡੀ ਜੀ ਪੀ ਸਾਈਬਰ ਕ੍ਰਾਈਮ ਕੋਲ ਉਠਾਇਆ ਸੀ। ਪਰ ਕੁਝ ਨਹੀਂ ਹੋਇਆ।
ਵਿਧਾਨ ਸਭਾ ਵਿੱਚ ਪੇਂਡੂ ਵਿਕਾਸ ਫੰਡ ਦਾ ਮੁੱਦਾ ਵੀ ਉਠਾਇਆ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨੀਤੀ ਆਯੋਗ ਉਹ ਪਲੇਟਫਾਰਮ ਹੈ ਜਿਸ ਤੇ ਮੁੱਖ ਮੰਤਰੀ ਨੇ ਇਹ ਮੁੱਦਾ ਉਠਾਉਣਾ ਹੁੰਦਾ ਹੈ। ਪਰੰਤੂ ਮੁੱਖ ਮੰਤਰੀ ਇਸ ਦੀਆਂ ਮੀਟਿੰਗਾਂ ਵਿੱਚ ਨਹੀਂ ਜਾਂਦੇ। ਜੇਕਰ ਉਥੋਂ ਕੋਈ ਪੈਸਾ ਨਹੀਂ ਮਿਲਦਾ ਤਾਂ ਕਿਸੇ ਹੋਰ ਤਰੀਕੇ ਨਾਲ ਪੈਸੇ ਲੈ ਕੇ ਕੰਮ ਕਰਵਾਇਆ ਜਾਵੇ।
ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ ਪੰਜ ਲੱਖ ਰੁਪਏ ਨਗਦ, ਸਟੇਡੀਅਮ ਤੇ ਹਸਪਤਾਲ ਪ੍ਰਮੁੱਖਤਾ ਨਾਲ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਪਿੰਡਾਂ ਦਾ ਸਰਪੰਚ ਪਾਰਟੀ ਦਾ ਨਹੀਂ ਸਗੋਂ ਪਿੰਡਾਂ ਦਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬੇਅਦਬੀ ਮਾਮਲੇ ਨੂੰ ਲੈ ਕੇ ਗੰਭੀਰ ਹੈ। ਇਸ ਕੇਸ ਨੂੰ ਕਾਨੂੰਨੀ ਤੌਰ ਤੇ ਚੰਗੇ ਤਰੀਕੇ ਨਾਲ ਲੜਿਆ ਜਾਵੇਗਾ। ਸਾਡੇ ਕੋਲ ਕੁਝ ਨਵੇਂ ਤੱਥ ਹਨ। ਅਦਾਲਤ ਵਿੱਚ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ।
ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਧਾਈ ਜਾਵੇ ਤਾਂ ਜੋ ਕਿਸਾਨਾਂ ਦੇ ਪ੍ਰਦਰਸ਼ਨਾਂ ਅਤੇ ਬੇਅਦਬੀ ਦੇ ਮੁੱਦਿਆਂ ਤੇ ਸਦਨ ਦੀਆਂ ਵਿਸ਼ੇਸ਼ ਬੈਠਕਾਂ ਰਾਹੀਂ ਚਰਚਾ ਕੀਤੀ ਜਾ ਸਕੇ। ਉਹਨਾਂ ਮੰਗ ਕੀਤੀ ਕਿ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਸਦਨ ਵਿੱਚ ਕਾਨੂੰਨ ਬਣਾਇਆ ਜਾਵੇ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਐਮ. ਐਸ. ਪੀ ਤੇ ਵਿਧਾਨ ਸਭਾ ਵਿਚ ਕਾਨੂੰਨ ਬਣਾਇਆ ਜਾ ਸਕਦਾ ਹੈ ਕਿਉਂਕਿ ਕੇਂਦਰ ਦੇ ਨਾਲ-ਨਾਲ ਇਹ ਰਾਜ ਦਾ ਵੀ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਤੇ ਵੀ ਵੱਖਰੀ ਬੈਠਕ ਦੀ ਲੋੜ ਹੈ ਕਿਉਂਕਿ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਜਿਹੜਾ ਹੱਲ ਨਹੀਂ ਹੋਇਆ ਹੈ।
Chandigarh
ਵਿਜੀਲੈਂਸ ਬਿਊਰੋ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਰਾਜਸਥਾਨ ਤੋਂ ਕਾਬੂ
ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਕਾਰ ਨੂੰ 35 ਕਰੋੜ ਰੁਪਏ ਦਾ ਲਾਇਆ ਚੂਨਾ
ਚੰਡੀਗੜ੍ਹ, 9 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮ ਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ ਕਰਮਚਾਰੀਆਂ ਖਿਲਾਫ਼ ਵੀ ਸਾਜਿਸ਼ ਰਚਣ ਅਤੇ ਭ੍ਰਿਸ਼ਟਾਚਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਸ਼ਿਕਾਇਤ ਨੰਬਰ 180/2019 ਫਿਰੋਜਪੁਰ ਦੀ ਡੂੰਘੀ ਪੜਤਾਲ ਦੌਰਾਨ ਪਾਇਆ ਗਿਆ ਹੈ ਕਿ ਜ਼ਿਲ੍ਹਾ ਫਿਰੋਜਪੁਰ ਦੀ ਤਹਿਸੀਲ ਜੀਰਾ ਅਧੀਨ ਪੈਂਦੇ ਪਿੰਡ ਟਿੰਡਵਾਂ, ਪਿੰਡ ਰੋਸ਼ਨਸ਼ਾਹ ਵਾਲਾ ਅਤੇ ਪਿੰਡ ਬਹਿਕ ਗੁੱਜਰਾਂ ਦੇ 217 ਕਨਾਲ 01 ਮਰਲਾ ਰਕਬੇ ਵਿੱਚ ਉਕਤ ਠੇਕੇਦਾਰ ਮਹਾਂਵੀਰ ਸਿੰਘ ਵੱਲੋਂ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਜਮੀਨ ਮਾਲਕਾਂ ਨੂੰ ਪੰਜਾਬ ਸਰਕਾਰ ਪਾਸੋਂ ਫਰਮ ਨੂੰ ਮਾਈਨਿੰਗ ਕਰਨ ਦਾ ਠੇਕਾ ਮਿਲਿਆ ਹੋਣ ਦਾ ਦੱਸਕੇ ਇਨ੍ਹਾਂ ਪਿੰਡਾਂ ਵਿੱਚ ਨਾਜਾਇਜ਼ ਮਾਈਨਿੰਗ ਕੀਤੀ ਗਈ ਜਿਸ ਨਾਲ ਸਰਕਾਰ ਨੂੰ ਕਰੀਬ 4,05,60,785 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਅਤੇ ਜਮੀਨ ਮਾਲਕਾਂ ਨੂੰ ਉਨ੍ਹਾਂ ਦੀ ਬਣਦੀ ਰਾਇਲਟੀ ਵੀ ਨਹੀਂ ਦਿੱਤੀ ਗਈ।
ਬੁਲਾਰੇ ਅਨੁਸਾਰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਉਕਤ ਮੁਲਜ਼ਮ ਠੇਕੇਦਾਰ ਮਹਾਂਵੀਰ ਸਿੰਘ ਖਿਲਾਫ ਕਾਰਵਾਈ ਕਰਨ ਦੀ ਬਜਾਏ 25.07.2020 ਨੂੰ ਥਾਣਾ ਸਦਰ ਜ਼ੀਰਾ ਜਿਲ੍ਹਾ ਫਿਰੋਜਪੁਰ ਵਿਖੇ ਨਾਮਲੂਮ ਵਿਅਕਤੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 379 ਅਤੇ ਮਾਈਨਿੰਗ ਐਕਟ ਦੀ ਧਾਰਾ 21 ਤਹਿਤ ਮੁਕੱਦਮਾ ਨੰਬਰ 91 ਦਰਜ ਕਰਵਾਇਆ ਗਿਆ ਅਤੇ ਜਮੀਨ ਮਾਲਕਾਂ ਨੂੰ ਰਿਕਵਰੀ ਨੋਟਿਸ ਜਾਰੀ ਕੀਤੇ ਗਏ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਫਿਰੋਜਪੁਰ ਵਿੱਚ ਪੈਂਦੇ ਪਿੰਡਾਂ ਗਿੱਲਾਂਵਾਲਾ, ਆਂਸਲ, ਖਾਨੇ ਕੇ ਅਹਿਲ ਅਤੇ ਖੁਸ਼ਹਾਲ ਸਿੰਘ ਵਾਲਾ ਵਿੱਚ ਮਨਜੂਰਸ਼ੁਦਾ ਖੱਡਾਂ ਦੇ ਬਰਾਬਰ ਹੀ ਉਕਤ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਵਲੋਂ 244 ਕਨਾਲ ਅਤੇ 446 ਕਨਾਲ 13 ਮਰਲੇ ਰਕਬੇ ਵਿੱਚ ਮਹਿਕਮੇ ਦੇ ਅਧਿਕਾਰੀਆਂ /ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਜਮੀਨਾਂ ਵਿੱਚੋਂ ਨਾਜਾਇਜ਼ ਮਾਈਨਿੰਗ ਕੀਤੀ ਜਿਸ ਨਾਲ ਸਰਕਾਰ ਨੂੰ ਕਰੀਬ 31,48,63,994 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਉਕਤ ਕੰਪਨੀ ਵੱਲੋਂ ਇੰਨਾਂ ਪਿੰਡਾਂ ਦੇ ਜਮੀਨ ਮਾਲਕਾਂ ਨੂੰ ਵੀ ਬਣਦੀ ਰਾਇਲਟੀ ਨਹੀਂ ਦਿੱਤੀ ਗਈ।
ਬੁਲਾਰੇ ਨੇ ਦੱਸਿਆ ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ ਉਕਤ ਠੇਕੇਦਾਰ ਮਹਾਂਵੀਰ ਸਿੰਘ ਨੇ ਮਾਈਨਿੰਗ ਵਿਭਾਗ ਫਿਰੋਜਪੁਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਕੁੱਲ 35,54,24,779 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ /ਕਰਮਚਾਰੀਆਂ ਵਲੋਂ ਇਸ ਸਮੇਂ ਦੌਰਾਨ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਵੱਖ-ਵੱਖ ਥਾਣਿਆਂ ਵਿੱਚ ਕਈ ਮੁਕੱਦਮੇ ਦਰਜ ਕਰਵਾਏ ਗਏ ਪਰੰਤੂ ਇਨ੍ਹਾਂ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਪ੍ਰਾਈਮਵਿਜਨ ਕੰਪਨੀ ਦੇ ਉਕਤ ਠੇਕੇਦਾਰ ਮਹਾਂਵੀਰ ਸਿੰਘ ਦੇ ਖਿਲਾਫ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਫਿਰੋਜਪੁਰ ਦੇ ਅਧਿਕਾਰੀਆਂ /ਕਰਮਚਾਰੀਆਂ ਦੀ ਮਿਲੀਭੁਗਤ ਤੋਂ ਬਿਨ੍ਹਾਂ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਹੋਣੀ ਸੰਭਵ ਨਹੀਂ ਹੈ ਪਰ ਉਕਤ ਠੇਕੇਦਾਰ ਵਿਰੁੱਧ ਕੋਈ ਬਣਦੀ ਕਾਰਵਾਈ ਨਹੀਂ ਕੀਤੀ ਗਈ। ਇਸ ਕਰਕੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਅਤੇ ਉਸ ਸਮੇਂ ਤਾਇਨਾਤ ਰਹੇ ਮਾਈਨਿੰਗ ਵਿਭਾਗ ਦੇ ਸਬੰਧਿਤ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਾਉਣੀ ਸਾਹਮਣੇ ਆਈ ਹੈ।
ਉਨਾਂ ਦੱਸਿਆ ਕਿ ਪੜਤਾਲ ਉਪਰੰਤ ਬੀਤੀ 4 ਨਵੰਬਰ ਨੂੰ ਆਈ.ਪੀ.ਸੀ. ਦੀ ਧਾਰਾ 409, 379, 120-ਬੀ, ਮਾਈਨਿੰਗ ਤੇ ਮਿਨਰਲਜ ਕਾਨੂੰਨ ਦੀ ਧਾਰਾ 21 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਸਮੇਤ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਿਖੇ ਦਰਜ ਕੀਤਾ ਗਿਆ ਹੈ ਜਿਸ ਵਿੱਚ ਠੇਕੇਦਾਰ ਮਹਾਂਵੀਰ ਸਿੰਘ (ਪ੍ਰਾਈਮਵਿਜਨ ਕੰਪਨੀ) ਅਤੇ ਉਸ ਸਮੇਂ ਤਾਇਨਾਤ ਰਹੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀ ਬਤੌਰ ਮੁਲਜ਼ਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਲੋਂ ਮੁਲਜ਼ਮ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Chandigarh
ਵਿਜੀਲੈਂਸ ਬਿਊਰੋ ਵੱਲੋਂ 2000 ਰੁਪਏ ਰਿਸ਼ਵਤ ਲੈਂਦਾ ਏ ਐਸ ਆਈ ਕਾਬੂ
ਚੰਡੀਗੜ, 9 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲੀਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲੀਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਉਕਤ ਪੁਲੀਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Chandigarh
ਕੇਂਦਰ ਸਰਕਾਰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਪੰਜਾਬ ਯੂਨੀਵਰਸਿਟੀ ਨੂੰ ਖਤਮ ਕਰਨ ਉੱਤੇ ਤੁਲੀ : ਮੀਤ ਹੇਅਰ
ਚੰਡੀਗੜ੍ਹ, 8 ਨਵੰਬਰ (ਸ.ਬ.) ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਉੱਪਰ ਇਲਜਾਮ ਲਗਾਇਆ ਹੈ ਕਿ ਉਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇੱਥੇ ਜਾਰੀ ਬਿਆਨ ਵਿੱਚ ਮੀਤ ਹੇਅਰ ਨੇ ਕਿਹਾ ਕਿ ਇਹਨਾਂ ਕਾਰਵਾਈਆਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ। ਉਹਨਾਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ (ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ) ਨੂੰ ਪੱਤਰ ਲਿਖਿਆ ਹੈ।
ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ। ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪਾਸ ਕੀਤਾ ਗਿਆ ਸੀ।
ਉਹਨਾਂ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ ਅਤੇ ਇਹ ਪੰਜਾਬ ਦਾ ਤਾਜ ਹੈ। ਉਹਨਾਂ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਸੈਨੇਟ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕੀਤੀ ਹੈ।
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali2 months ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
International2 months ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
National2 months ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਚੱਲਦੀ ਟਰੇਨ ਤੋਂ ਆਰ ਪੀ ਐਫ ਜਵਾਨਾਂ ਨੂੰ ਸੁੱਟਣ ਵਾਲਾ ਬਦਮਾਸ਼ ਮੁਕਾਬਲੇ ਵਿੱਚ ਢੇਰ
-
Editorial2 months ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ