Connect with us

Mohali

ਸਤਨਾਮ ਦਾਊਂ ਵੱਲੋਂ ਪਿੰਡ ਦਾਊਂ ਦੀ ਜ਼ਮੀਨ ਪ੍ਰਾਈਵੇਟ ਬਿਲਡਰ ਹਵਾਲੇ ਕਰਨ ਖ਼ਿਲਾਫ਼ ਹਾਈਕੋਰਟ ਵਿੱਚ ਰਿੱਟ ਦਾਇਰ

Published

on

ਅਦਾਲਤ ਵੱਲੋਂ ਡਾਇਰੈਕਟਰ ਪੰਚਾਇਤ, ਡਾਇਰੈਕਟਰ ਸਥਾਨਕ ਸਰਕਾਰਾਂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਗ੍ਰਾਮ ਪੰਚਾਇਤ ਨੂੰ ਨੋਟਿਸ ਜਾਰੀ

ਐਸ ਏ ਐਸ ਨਗਰ, 11 ਸਤੰਬਰ (ਸ.ਬ.) ਜ਼ਿਲ੍ਹਾ ਐਸ. ਏ. ਐਸ. ਨਗਰ (ਮੁਹਾਲੀ) ਦੇ ਇਤਿਹਾਸਕ ਪਿੰਡ ਦਾਊਂ ਦੀ ਬੇਸ਼ਕੀਮਤੀ ਜ਼ਮੀਨ ਨੂੰ ਇੱਕ ਨਿੱਜੀ ਬਿਲਡਰ ਕੰਪਨੀ ਮੈਸਰਜ਼ ਸ਼੍ਰੀ ਸ਼ਿਆਮ ਬਿਲਡਰਜ਼ ਦੇ ਨਿੱਜੀ ਹਿੱਤਾਂ ਲਈ ਨਗਰ ਕੌਂਸਲ ਖਰੜ ਦੀ ਹਦੂਦ ਅੰਦਰ ਗ਼ੈਰ-ਕਾਨੂੰਨੀ ਢੰਗ ਨਾਲ ਸ਼ਾਮਲ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਸਿਵਲ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਪਿੰਡ ਵਾਸੀ ਤੇ ਸਮਾਜ ਸੇਵੀ ਸਤਨਾਮ ਸਿੰਘ ਦਾਊਂ ਵੱਲੋਂ ਹਾਈਕੋਰਟ ਦੇ ਵਕੀਲ ਅਤੇ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਕਨੂੰਨੀ ਵਿਭਾਗ ਦੇ ਮੈਬਰ ਬਲਦੇਵ ਸਿੰਘ ਸਿੱਧੂ ਰਾਹੀਂ ਦਾਇਰ ਕੀਤੀ ਗਈ ਇਸ ਪਟੀਸ਼ਨ ਦੀ ਸੁਣਵਾਈ ਕਰਦਿਆਂ ਮਾਨਯੋਗ ਹਾਈਕੋਰਟ ਨੇ ਡਾਇਰੈਕਟਰ ਪੰਚਾਇਤ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਗ੍ਰਾਮ ਪੰਚਾਇਤ ਦਾਊਂ ਨੂੰ ਨੋਟਿਸ ਜਾਰੀ ਕਰਕੇ ਜਵਾਬ-ਤਲਬੀ ਕੀਤੀ ਹੈ। ਮਾਮਲੇ ਦੀ ਅਗਲੀ ਸੁਣਵਾਈ ਲਈ 8 ਦਸੰਬਰ ਦੀ ਤਰੀਕ ਤੈਅ ਕੀਤੀ ਗਈ ਹੈ।

ਪਟੀਸ਼ਨਰ ਸਤਨਾਮ ਸਿੰਘ ਦਾਊਂ ਅਤੇ ਪਿੰਡ ਦੇ ਨੁਮਾਇਦਿਆਂ ਸੁਖਵਿੰਦਰ ਸਿੰਘ, ਅਮਰਜੀਤ ਕੌਰ, ਹੈਪੀ, ਪਰਮਿੰਦਰ ਸਿੰਘ ਬੰਗਾ ਪ੍ਰਬੰਧਕ ਡੇਰਾ ਬਾਬਾ ਖੜਕ ਸਿੰਘ ਦਾਊਂ , ਹਰਵਿੰਦਰ ਸਿੰਘ, ਗੌਤਮ ਸਿੰਘ, ਪ੍ਰਿਤਪਾਲ ਸਿੰਘ, ਸੁਲੱਖਣ ਸਿੰਘ, ਗੁਰਮੁਖ ਸਿੰਘ,ਜਸਬੀਰ ਕੁਮਾਰ, ਸਤਵੀਰ ਸਿੰਘ, ਵਿਜੇ ਕੁਮਾਰ, ਅਮਿਤ ਵਰਮਾ, ਗੁਰਵਿੰਦਰ ਸਿੰਘ ਨੇ ਇਲਜਾਮ ਲਗਾਇਆ ਕਿ ਇਸ ਮਾਮਲੇ ਵਿੱਚ ਤਤਕਾਲੀ ਡਾਇਰੈਕਟਰ ਪੰਚਾਇਤ, ਨਗਰ ਕੌਂਸਲ ਖਰੜ ਦੇ ਕਾਰਜਸਾਧਕ ਅਫਸਰ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਨੇ ਉਕਤ ਬਿਲਡਰ ਨਾਲ ਮਿਲੀਭੁਗਤ ਕਰਕੇ ਵੱਡੇ ਪੱਧਰ ਤੇ ਭ੍ਰਿਸ਼ਟਾਚਾਰ ਕੀਤਾ ਹੈ। ਉਹਨਾਂ ਦੋਸ਼ ਲਗਾਇਆ ਕਿ ਅਫ਼ਸਰਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਬਿਲਡਰ ਨੂੰ ਅਰਬਾਂ ਰੁਪਏ ਦਾ ਲਾਭ ਪਹੁੰਚਾਉਣ ਲਈ ਪਿੰਡ ਦੀ ਸਰਵਉੱਚ ਸੰਸਥਾ ‘ਗ੍ਰਾਮ ਸਭਾ’ ਦੇ ਸਰਵਸੰਮਤ ਫੈਸਲੇ ਨੂੰ ਇਕਤਰਫ਼ਾ ਢੰਗ ਨਾਲ ਦਰੜ ਦਿੱਤਾ।

ਸz. ਦਾਊ ਨੇ ਦੱਸਿਆ ਕਿ ਸ੍ਰੀ ਸ਼ਿਆਮ ਬਿਲਡਰਜ਼ ਨੇ ਪਿੰਡ ਦਾਊਂ ਵਿਖੇ ਕੁੱਝ ਏਕੜ ਜਮੀਨ ਖਰੀਦੀ ਹੋਈ ਹੈ, ਜੋ ਦੇਸੂ ਮਾਜਰਾ ਅਤੇ ਫ਼ਤਿਹਉੱਲਾਪੁਰ ਦੇ ਨਾਲ ਲੱਗਦੀ ਹੈ। ਉਹਨਾਂ ਕਿਹਾ ਕਿ ਗਮਾਡਾ ਦੇ ਮਾਸਟਰ ਪਲਾਨ ਨਿਯਮਾਂ ਮੁਤਾਬਕ 25 ਏਕੜ ਤੋਂ ਘੱਟ ਰਕਬੇ ਵਾਲੀ ਕਲੋਨੀ ਨੂੰ ਮਨਜ਼ੂਰੀ ਨਹੀਂ ਮਿਲ ਸਕਦੀ ਅਤੇ ਬਿਲਡਰ ਕੋਲ ਸ਼ਰਤ ਅਨੁਸਾਰ ਪੂਰੀ ਜਮੀਨ ਨਹੀਂ ਸੀ, ਜਿਸ ਕਾਰਨ ਗਮਾਡਾ ਦੇ ਨਿਯਮਾਂ ਤੇ ਪੇਂਡੂ ਕਾਨੂੰਨਾਂ ਤੋਂ ਬਚਣ ਅਤੇ ਨਿੱਜੀ ਮੁਨਾਫ਼ਾ ਕਮਾਉਣ ਲਈ ਇਸ ਜ਼ਮੀਨ ਨੂੰ ਨਗਰ ਕੌਂਸਲ ਖਰੜ ਦੀ ਹੱਦ ਵਿੱਚ ਸ਼ਾਮਲ ਕਰਵਾਉਣ ਦੀ ਸਾਜ਼ਿਸ਼ ਕੀਤੀ ਗਈ ਜਿਸ ਸੰਬੰਧੀ ਅਫ਼ਸਰਸ਼ਾਹੀ ਦੇ ਦਬਾਅ ਹੇਠ ਗ੍ਰਾਮ ਪੰਚਾਇਤ ਦਾਊਂ ਤੋਂ 14 ਮਈ 2025 ਨੂੰ ਪਿੰਡ ਵਾਸੀਆਂ ਨੂੰ ਹਨੇਰੇ ਵਿੱਚ ਰੱਖ ਕੇ ਬਿਲਡਰ ਦੇ ਪੱਖ ਵਿੱਚ ਐਨ. ਓ. ਸੀ. ਮਤਾ ਪਾਸ ਕਰਵਾ ਦਿੱਤਾ ਗਿਆ।

ਉਹਨਾਂ ਕਿਹਾ ਕਿ ਜਦੋਂ ਪਿੰਡ ਦੇ ਵੋਟਰਾਂ ਨੂੰ ਇਸ ਮਾਮਲੇ ਦਾ ਪਤਾ ਲੱਗਾ ਤਾਂ ਪਿੰਡ ਅੰਦਰ ਭਾਰੀ ਰੋਸ ਫੈਲ ਗਿਆ। ਫੇਰ 18 ਅਗਸਤ 2025 ਨੂੰ ਸਮੁੱਚੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਸਰਵਸੰਮਤੀ ਨਾਲ ਮਤਾ ਪਾਸ ਕੀਤਾ ਅਤੇ 14 ਮਈ 2025 ਵਾਲੇ ਪੰਚਾਇਤੀ ਮਤੇ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਫੈਸਲਾ ਦਿੱਤਾ ਕਿ ਪਿੰਡ ਦਾ ਕੋਈ ਵੀ ਰਕਬਾ ਨਗਰ ਕੌਂਸਲ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ। ਇਸਤੋਂ ਬਾਅਦ ਮੁਹਾਲੀ ਦੇ ਵਿਧਾਇਕ ਸ ਕੁਲਵੰਤ ਸਿੰਘ ਦੀਆਂ ਕੋਸ਼ਿਸਾਂ ਸਦਕਾ ਪਿੰਡ ਦਾਊਂ ਦੀ ਜਮੀਨ ਨੂੰ ਨਗਰ ਕੌਂਸਲ ਖਰੜ ਵਿੱਚ ਸ਼ਾਮਿਲ ਕਰਨ ਦੀ ਕਾਰਵਾਈ ਤੇ ਪ੍ਰਸਾਸਨ ਨੇ ਰੋਕ ਲਗਾ ਦਿੱਤੀ। ਪਰੰਤੂ ਡਾਇਰੈਕਟਰ ਪੰਚਾਇਤ ਨੇ 19 ਨਵੰਬਰ 2025 ਨੂੰ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 199 ਦਾ ਸਹਾਰਾ ਲੈ ਕੇ ਗ੍ਰਾਮ ਸਭਾ ਦੇ ਮਤੇ ਨੂੰ ਰੱਦ ਕਰ ਦਿੱਤਾ। ਜਦੋਂ ਕਿ ਪੰਚਾਇਤੀ ਐਕਟ ਦੀ ਧਾਰਾ 199 ਤਹਿਤ ਡਾਇਰੈਕਟਰ ਕੋਲ ਸਿਰਫ਼ ‘ਗ੍ਰਾਮ ਪੰਚਾਇਤ’ ਦੇ ਮਤੇ ਤੇ ਕਾਰਵਾਈ ਦਾ ਅਧਿਕਾਰ ਹੈ। ਸਮੁੱਚੇ ਪਿੰਡ ਦੇ ਵੋਟਰਾਂ ਦੀ ਲੋਕਤੰਤਰੀ ਸੰਸਥਾ ‘ਗ੍ਰਾਮ ਸਭਾ’ ਦੇ ਫੈਸਲੇ ਨੂੰ ਬਦਲਣ ਜਾਂ ਰੱਦ ਕਰਨ ਦਾ ਡਾਇਰੈਕਟਰ ਕੋਲ ਕੋਈ ਅਧਿਕਾਰ ਨਹੀਂ ਹੈ।

ਪਟੀਸ਼ਨਰ ਨੇ ਮਾਣਯੋਗ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਡਾਇਰੈਕਟਰ ਪੰਚਾਇਤ ਵੱਲੋਂ ਜਾਰੀ ਮਿਤੀ 19-11-2025 ਦੇ ਹੁਕਮ ਨੂੰ ਮੁੱਢੋਂ ਰੱਦ ਕੀਤਾ ਜਾਵੇ ਅਤੇ ਇਸ ਸਾਜਿਸ਼ੀ ਕਰਵਾਈ ਤੇ ਰੋਕ ਲਗਾਈ ਜਾਵੇ। ਉਹਨਾਂ ਅਦਾਲਤ ਤੋਂ ਇਹ ਵੀ ਮੰਗ ਕੀਤੀ ਕਿ ਗ੍ਰਾਮ ਸਭਾ ਦਾਊਂ ਵੱਲੋਂ ਮਿਤੀ 18-08-2025 ਨੂੰ ਪਾਸ ਕੀਤੇ ਸਰਵਸੰਮਤ ਮਤੇ ਦੀ ਕਾਨੂੰਨੀ ਪ੍ਰਭੂਸੱਤਾ ਬਹਾਲ ਰੱਖੀ ਜਾਵੇ ਅਤੇ ਲੋਕਲ ਬਾਡੀਜ਼ ਵਿਭਾਗ ਅਤੇ ਨਗਰ ਕੌਂਸਲ ਖਰੜ ਵੱਲੋਂ ਪਿੰਡ ਦੀ ਜ਼ਮੀਨ ਸ਼ਾਮਲ ਕਰਨ ਦੀ ਕਿਸੇ ਵੀ ਅਗਲੇਰੀ ਕਾਰਵਾਈ ਤੇ ਤੁਰੰਤ ਸਟੇਅ (ਰੋਕ) ਲਗਾਇਆ ਜਾਵੇ।

ਸਤਨਾਮ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਿੰਡ ਦੇ 552 ਵੋਟਰਾਂ ਨੇ ਦਸਤਖ਼ਤ ਕਰਕੇ ਸਰਕਾਰ ਨੂੰ ਮੰਗ ਪੱਤਰ ਭੇਜਿਆ ਸੀ ਕਿ ਪਿੰਡ ਦੀ ਇੱਕ ਇੰਚ ਜ਼ਮੀਨ ਵੀ ਨਿੱਜੀ ਬਿਲਡਰਾਂ ਜਾਂ ਨਗਰ ਕੌਂਸਲ ਹਵਾਲੇ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗ੍ਰਾਮ ਸਭਾ ਦੇ ਸੰਵਿਧਾਨਕ ਅਧਿਕਾਰਾਂ ਅਤੇ ਪਿੰਡ ਦੀ ਹੋਂਦ ਨੂੰ ਬਚਾਉਣ ਲਈ ਇਹ ਲੜਾਈ ਸੜਕ ਤੋਂ ਲੈ ਕੇ ਹਾਈਕੋਰਟ ਤੱਕ ਪੂਰੀ ਦ੍ਰਿੜ੍ਹਤਾ ਨਾਲ ਲੜੀ ਜਾਵੇਗੀ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending