Punjab
ਹਥਿਆਰਬੰਦ ਹਮਲਾਵਰਾਂ ਵੱਲੋਂ ਘਰ ਤੇ ਗੋਲੀਬਾਰੀ, ਜਾਨੀ ਨੁਕਸਾਨ ਤੋਂ ਬਚਾਅ
ਫਗਵਾੜਾ, 14 ਸਤੰਬਰ (ਸ.ਬ.) ਫਗਵਾੜਾ ਦੀ ਨੰਗਲ ਕਾਲੋਨੀ ਵਿੱਚ ਬੀਤੀ ਅੱਧੀ ਰਾਤ ਤੋਂ ਬਾਅਦ ਤਿੰਨ ਮੋਟਰਸਾਈਕਲਾਂ ਤੇ ਆਏ ਅੱਧਾ ਦਰਜਨ ਤੋਂ ਵੱਧ ਹਥਿਆਰਬੰਦ ਹਮਲਾਵਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਮਲਾਵਰ ਗੋਲੀਆਂ ਚਲਾਉਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਪੀੜਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ, ਹਮਲਾਵਰਾਂ ਨੇ ਉਸ ਦੇ ਘਰ ਦੇ ਬਾਹਰ ਪਹੁੰਚ ਕੇ ਪਹਿਲਾਂ ਗਾਲੀ-ਗਲੋਚ ਕੀਤਾ ਅਤੇ ਮੁੱਖ ਗੇਟ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਘਰ ਵੱਲ ਅੱਧਾ ਦਰਜਨ ਤੋਂ ਵੱਧ ਰੌਂਦ ਫਾਇਰ ਕੀਤੇ ਅਤੇ ਆਪਣੇ ਮੋਟਰਸਾਈਕਲਾਂ ਤੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਘਰ ਦੇ ਬਾਹਰੋਂ ਕੁਝ ਚੱਲੇ ਹੋਏ ਖੋਲ ਅਤੇ ਇੱਕ ਜ਼ਿੰਦਾ ਕਾਰਤੂਸ ਵੀ ਬਰਾਮਦ ਹੋਇਆ ਹੈ।
ਫਾਇਰਿੰਗ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੇ ਫਗਵਾੜਾ ਦੇ ਡੀ.ਐਸ.ਪੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਤਫਤੀਸ਼ ਤੋਂ ਮਾਮਲਾ ਆਪਸੀ ਰੰਜਿਸ਼ ਦਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਘਟਨਾ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਪ੍ਰਿਆਂਸ਼ੂ ਦੇ ਬਿਆਨਾਂ ਦੇ ਆਧਾਰ ਤੇ ਪੁਲੀਸ ਨੇ ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 307 (ਇਰਾਦਾ-ਏ-ਕਤਲ), 427, 506 ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਕੇਸ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਪੀਯੂਸ਼ ਸ਼ਰਮਾ, ਤਰਨ, ਗੁਗਲੀ, ਸ਼ੰਮੀ ਖਾਨ, ਮਾਨਵ ਹੰਸ, ਜਸ਼ਨ ਅਤੇ ਸਿਮਰ ਸ਼ਾਮਲ ਹਨ, ਜੋ ਫਗਵਾੜਾ ਦੇ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਇਸ ਦੌਰਾਨ ਫਗਵਾੜਾ ਦੇ ਐਸ.ਪੀ. ਮੇਜਰ ਸਿੰਘ ਨੇ ਦੱਸਿਆ ਕਿ ਪੁਲੀਸ ਤਕਨੀਕੀ ਅਤੇ ਹੋਰ ਜਾਂਚ ਤਰੀਕਿਆਂ ਦੀ ਵਰਤੋਂ ਕਰਕੇ ਘਟਨਾ ਦੀ ਲੜੀ ਨੂੰ ਜੋੜ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਸੁਰਾਗ ਲਗਾਇਆ ਜਾ ਸਕੇ। ਮੌਕੇ ਤੋਂ ਮਿਲੇ ਖੋਲਾਂ ਸਮੇਤ ਹੋਰ ਸਬੂਤਾਂ ਨੂੰ ਕਬਜ਼ੇ ਵਿੱਚ ਲੈ ਕੇ ਫੋਰੈਂਸਿਕ ਜਾਂਚ ਲਈ ਭੇਜਿਆ ਜਾ ਰਿਹਾ ਹੈ। ਪੁਲੀਸ ਅਨੁਸਾਰ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ ਅਤੇ ਕੇਸ ਵਿੱਚ ਨਾਮਜ਼ਦ ਹਰੇਕ ਵਿਅਕਤੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
