Connect with us

Chandigarh

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਚੰਡੀਗੜ੍ਹ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ

Published

on

ਝੂਠੇ ਦੋਸ਼ ਲਗਾ ਕੇ ਅਕਸ ਖ਼ਰਾਬ ਕਰਨ ਦਾ ਇਲਜਾਮ ਲਗਾਇਆ

ਚੰਡੀਗੜ੍ਹ, 16 ਸਤੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ ਝੂਠੇ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ। ਉਹਨਾਂ ਵਲੋਂ ਚੰਡੀਗੜ੍ਹ ਅਦਾਲਤ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 210 ਅਤੇ 222 ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਆਪਣੀ ਸ਼ਿਕਾਇਤ ਵਿੱਚ ਉਨ੍ਹਾਂ ਦੱਸਿਆ ਕਿ ਉਹ ਇੱਕ ਯੋਗ ਮੈਡੀਕਲ ਪੇਸ਼ੇਵਰ ਹਨ ਅਤੇ ਸਮਾਜ ਵਿੱਚ ਉਨ੍ਹਾਂ ਦਾ ਇੱਕ ਚੰਗਾ ਰੁਤਬਾ ਤੇ ਵੱਕਾਰ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਵੱਲੋਂ ਲਗਾਏ ਗਏ ਬੇਬੁਨਿਆਦ ਦੋਸ਼ਾਂ ਨਾਲ ਉਨ੍ਹਾਂ ਦੇ ਚਰਿੱਤਰ ਅਤੇ ਸ਼ੋਹਰਤ ਨੂੰ ਨਾ ਸਿਰਫ਼ ਸਮਾਜਿਕ ਤੌਰ ਤੇ ਸਗੋਂ ਵਿਅਕਤੀਗਤ ਤੌਰ ਤੇ ਵੀ ਵੱਡਾ ਘਾਟਾ ਪਹੁੰਚਿਆ ਹੈ, ਜਿਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ।

ਸ਼ਿਕਾਇਤ ਅਨੁਸਾਰ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਵਿਰੁੱਧ ਝੂਠੀ ਮੁਹਿੰਮ ਛੇੜੀ ਹੈ ਅਤੇ 1 ਸਤੰਬਰ, 2026 ਨੂੰ ਚੰਡੀਗੜ੍ਹ ਵਿੱਚ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਮਜੀਠੀਆ ਨੇ ਬੇਬੁਨਿਆਦ ਅਤੇ ਝੂਠੇ ਬਿਆਨ ਦਿੰਦਿਆਂ ਦੋਸ਼ ਲਾਇਆ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਆਪਣੇ ਇੱਕ ਰਿਸ਼ਤੇਦਾਰ ਰਾਹੀਂ ਜਬਰ ਜਨਾਹ ਵਰਗੇ ਗੰਭੀਰ ਅਪਰਾਧ ਦੇ ਮੁਲਜ਼ਮ ਨੂੰ ਬਚਾਉਣ ਲਈ ਸਰਕਾਰੀ ਤੰਤਰ ਨੂੰ ਪ੍ਰਭਾਵਿਤ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ। ਇਸ ਪ੍ਰੈਸ ਕਾਨਫਰੰਸ ਦੌਰਾਨ ਝੂਠੀਆਂ ਆਡੀਓ ਰਿਕਾਰਡਿੰਗਾਂ, ਤਸਵੀਰਾਂ ਅਤੇ ਸੀ.ਸੀ.ਟੀ.ਵੀ. ਫੁਟੇਜ ਦਿਖਾ ਕੇ ਇਹ ਦਾਅਵਾ ਕੀਤਾ ਗਿਆ ਸੀ ਕਿ ਸ਼ਿਕਾਇਤਕਰਤਾ ਦੇ ਨਜ਼ਦੀਕੀ ਪੈਸਿਆਂ ਦੇ ਲੈਣ ਦੇਣ ਵਿੱਚ ਸ਼ਾਮਲ ਹਨ।

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਨੇ ਆਪਣੇ ਬਿਆਨਾਂ ਵਿੱਚ ਉਨ੍ਹਾਂ ਨੂੰ ਖਾਸ ਤੌਰ ਤੇ ਨਿਸ਼ਾਨਾ ਬਣਾਇਆ ਹੈ ਅਤੇ ਇੱਕ ਔਰਤ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪੈਸਿਆਂ ਦੀ ਖਾਤਰ ਜਬਰ-ਜਨਾਹ ਦੇ ਮੁਲਜ਼ਮ ਦੀ ਮਦਦ ਕਰਨ ਵਾਲੀ ਵਜੋਂ ਪੇਸ਼ ਕੀਤਾ ਗਿਆ ਹੈ। ਇਹਨਾਂ ਝੂਠੇ ਦੋਸ਼ਾਂ ਨਾਲ ਉਨ੍ਹਾਂ ਦੇ ਅਕਸ, ਸ਼ਾਨ ਅਤੇ ਨਿੱਜੀ ਪਛਾਣ ਨੂੰ ਡੂੰਘੀ ਠੇਸ ਪੁੱਜੀ ਹੈ। ਉਨ੍ਹਾਂ ਅਦਾਲਤ ਅੱਗੇ ਅਪੀਲ ਕੀਤੀ ਹੈ ਕਿ ਮੁਲਜ਼ਮਾਂ ਨੂੰ ਅਪਰਾਧਿਕ ਮਾਣਹਾਨੀ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਤਲਬ ਕੀਤਾ ਜਾਵੇ ਅਤੇ ਬੀ. ਐਨ. ਐਸ. ਦੀ ਧਾਰਾ 356 ਤਹਿਤ ਸਜ਼ਾ ਦਿੱਤੀ ਜਾਵੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇੱਕ ਵੱਖਰੇ ਮਾਮਲੇ ਵਿੱਚ ਸਿਵਲ ਜੱਜ (ਜੂਨੀਅਰ ਡਵੀਜ਼ਨ) ਡਾ. ਪ੍ਰੀਕਸ਼ਿਤ ਦੀ ਅਦਾਲਤ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਤੇ ਅਗਲੇ ਹੁਕਮਾਂ ਤੱਕ ਸੋਸ਼ਲ ਮੀਡੀਆ ਜਾਂ ਕਿਸੇ ਵੀ ਹੋਰ ਮਾਧਿਅਮ ਤੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਕੋਈ ਵੀ ਅਣ-ਪ੍ਰਮਾਣਿਤ ਅਤੇ ਮਾਣਹਾਨੀਯੋਗ ਸਮੱਗਰੀ ਪ੍ਰਕਾਸ਼ਿਤ ਜਾਂ ਸ਼ੇਅਰ ਕਰਨ ਤੇ ਅੰਤਰਿਮ ਰੋਕ ਲਗਾਈ ਹੋਈ ਹੈ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Chandigarh

ਮੁੱਖ ਮੰਤਰੀ ਮਾਨ ਦੇ ਓ ਐਸ ਡੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Published

on

By

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਸੀ. ਬੀ. ਆਈ. ਦੀ ਐਫ਼. ਆਈ. ਆਰ. ਅਤੇ ਉਨ੍ਹਾਂ ਦੇ ਜੱਦੀ ਘਰ ਦੀ ਤਲਾਸ਼ੀ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਕੇਂਦਰੀ ਜਾਂਚ ਬਿਊਰੋ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰਾ ਕੇਸ ਅਗਲੇਰੀ ਕਾਰਵਾਈ ਅਤੇ ਦਿਸ਼ਾ-ਨਿਰਦੇਸ਼ਾਂ ਲਈ ਹਾਈ ਕੋਰਟ ਦੇ ਮਾਨਯੋਗ ਚੀਫ਼ ਜਸਟਿਸ ਕੋਲ ਭੇਜਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇ. ਐਸ. ਬੇਦੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਬੈਂਚ ਸਾਹਮਣੇ ਸੁਣਵਾਈ ਲਈ ਢੁੱਕਵਾਂ ਨਹੀਂ ਹੈ, ਕਿਉਂਕਿ ਸੰਬੰਧਿਤ ਐਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਦਿੱਤੇ ਸਨ। ਅਦਾਲਤ ਨੇ ਪਟੀਸ਼ਨਰ ਨੂੰ ਢੁੱਕਵੇਂ ਮੰਚ ਤੇ ਜਾਣ ਦੀ ਸਲਾਹ ਦਿੱਤੀ।

ਘੁੰਮਣ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17-ਏ ਤਹਿਤ ਪੰਜਾਬ ਸਰਕਾਰ ਤੋਂ ਲਾਜ਼ਮੀ ਅਗੇਤੀ ਮੰਨਜ਼ੂਰੀ ਨਹੀਂ ਲਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਦੀ ਜਾਂਚ ਸਰਕਾਰੀ ਕੰਮਕਾਜ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਨਾਲ ਜੁੜੇ ਕਥਿਤ ਫ਼ੈਸਲਿਆਂ ਬਾਰੇ ਹੈ, ਇਸ ਲਈ ਇਸ ਮਾਮਲੇ ਵਿਚ ਉਕਤ ਧਾਰਾ ਦੀ ਸੁਰੱਖਿਆ ਲਾਗੂ ਹੁੰਦੀ ਹੈ।

Continue Reading

Chandigarh

ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

Published

on

By

ਮੁੱਖ ਮੰਤਰੀ ਦਫ਼ਤਰ ਵਿੱਚ ਸੀ ਬੀ ਆਈ ਜਾਂਚ ਦੇ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ ਮੁਲਤਵੀ

ਚੰਡੀਗੜ੍ਹ, 8 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁੱਕਰਵਾਰ ਤੱਕ ਟਲ ਗਈ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਕੱਲ੍ਹ ਕੀਤੀ ਜਾਵੇਗੀ, ਕਿਉਂਕਿ ਜਸਟਿਸ ਸ਼ੀਲ ਨਾਗੂ ਨੂੰ ਸੰਬੰਧਿਤ ਫਾਈਲ ਦੇਰ ਨਾਲ ਪ੍ਰਾਪਤ ਹੋਈ ਹੈ।

ਮਾਮਲੇ ਦੀ ਸੁਣਵਾਈ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਸ਼ੁਰੂ ਹੁੰਦਿਆਂ ਹੀ ਜਸਟਿਸ ਦੱਤਾ ਨੇ ਕਿਹਾ ਕਿ ਮਾਮਲੇ ਨੂੰ ਕੱਲ੍ਹ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੀ. ਬੀ. ਆਈ. ਵੱਲੋਂ ਕਿਸੇ ਵੀ ਤਤਕਾਲੀ ਕਾਰਵਾਈ ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਇਸ ਤੇ ਜਸਟਿਸ ਦੱਤਾ ਨੇ ਕਿਹਾ ਕਿ ਜਦੋਂ ਦੂਜੇ ਜੱਜ ਨੂੰ ਫਾਈਲ ਦੇਖਣ ਦਾ ਮੌਕਾ ਹੀ ਨਹੀਂ ਮਿਲਿਆ ਹੈ ਤਾਂ ਅੰਤਰਿਮ ਹੁਕਮ ਕਿਵੇਂ ਪਾਸ ਕੀਤਾ ਜਾ ਸਕਦਾ ਹੈ।

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਹੁਕਮ ਦੇ ਖ਼ਿਲਾਫ਼ ਵਿਸ਼ੇਸ਼ ਇਜਾਜ਼ਤ ਪਟੀਸ਼ਨ ਦਾਖ਼ਲ ਕੀਤੀ ਹੈ। ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (ਓ. ਐਸ. ਡੀ.) ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਵੀ ਨਿਰਪੱਖ ਜਾਂਚ ਲਈ ਸੀ. ਬੀ. ਆਈ. ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਦਾ ਹੁਕਮ ਦਿੱਤਾ ਸੀ। ਇਹ ਹੁਕਮ ਵਕੀਲ ਨਿਖਿਲ ਸਰਾਫ਼ ਵੱਲੋਂ ਦਾਇਰ ਜਨਹਿਤ ਪਟੀਸ਼ਨ ਤੇ ਸੁਣਵਾਈ ਦੌਰਾਨ ਦਿੱਤਾ ਗਿਆ ਸੀ।

ਜਨਹਿਤ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੰਜਾਬ ਪੁਲੀਸ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਸੰਬੰਧ ਵਿੱਚ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਪੁਲੀਸ ਨੇ ਉਚਿਤ ਕਾਰਵਾਈ ਨਹੀਂ ਕੀਤੀ। ਸੁਣਵਾਈ ਦੌਰਾਨ ਸਾਹਮਣੇ ਆਇਆ ਸੀ ਕਿ ਈ.ਡੀ. ਨੇ ਨਿਤਿਨ ਗੋਹਲ ਨਾਮਕ ਵਿਅਕਤੀ ਨਾਲ ਜੁੜੇ ਦੋਸ਼ਾਂ ਨੂੰ ਵੀ ਚਿੰਨ੍ਹਿਤ ਕੀਤਾ ਸੀ। ਦੋਸ਼ ਹੈ ਕਿ ਉਹ ਪੰਜਾਬ ਸਰਕਾਰ ਤੋਂ ਵੱਖ-ਵੱਖ ਤਰ੍ਹਾਂ ਦੇ ਲਾਭ ਲੈਣ ਦੇ ਇੱਛੁਕ ਲੋਕਾਂ ਅਤੇ ਸੰਬੰਧਿਤ ਧਿਰਾਂ ਵਿਚਕਾਰ ਵਿਚੋਲੇ ਵਜੋਂ ਕੰਮ ਕਰਦਾ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਤਬਾਲਿਆਂ ਵਿੱਚ ਮਦਦ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਦਿਵਾਉਣ, ਹਥਿਆਰਾਂ ਦੇ ਲਾਇਸੈਂਸ ਹਾਸਲ ਕਰਵਾਉਣ ਅਤੇ ਹੋਰ ਲਾਭ ਦਿਵਾਉਣ ਵਰਗੀਆਂ ਗੱਲਾਂ ਸ਼ਾਮਲ ਹਨ। ਹਾਈ ਕੋਰਟ ਨੇ ਉਪਲਬਧ ਸਮੱਗਰੀ ਤੇ ਵਿਚਾਰ ਕਰਨ ਤੋਂ ਬਾਅਦ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਕੇ ਜਾਂਚ ਦੇ ਨਿਰਦੇਸ਼ ਦਿੱਤੇ ਸਨ।

ਇਸ ਉਪਰੰਤ ਮੰਗਲਵਾਰ ਨੂੰ, ਸੀਨੀਅਰ ਵਕੀਲ ਵਿਕਾਸ ਸਿੰਘ ਨੇ ਭਾਰਤ ਦੇ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਰਾਜਨੀਤਿਕ ਤੌਰ ਤੇ ਪ੍ਰੇਰਿਤ ਹੈ ਅਤੇ ਰਾਜ ਵਿਧਾਨਸਭਾ ਚੋਣਾਂ ਨੇੜੇ ਆਉਣ ਕਾਰਨ ਇਸਦੀ ਪੈਰਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਦੇ ਵਿਜੇ ਮਦਨਲਾਲ ਚੌਧਰੀ ਮਾਮਲੇ ਵਿੱਚ ਦਿੱਤੇ ਗਏ ਫ਼ੈਸਲੇ ਦੇ ਉਲਟ ਦੱਸਦਿਆਂ ਚੁਣੌਤੀ ਦਿੱਤੀ ਹੈ। ਮੁੱਖ ਜੱਜ ਨੇ ਮੰਗਲਵਾਰ ਨੂੰ ਉਸੇ ਦਿਨ ਸੁਣਵਾਈ ਦੀ ਮੰਗ ਸਵੀਕਾਰ ਨਹੀਂ ਕੀਤੀ ਸੀ ਪਰ ਵੀਰਵਾਰ ਨੂੰ ਮਾਮਲੇ ਨੂੰ ਸੂਚੀਬੱਧ ਕਰਨ ਤੇ ਸਹਿਮਤੀ ਜਤਾਈ ਸੀ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਤੇ ਕੱਲ੍ਹ ਸੁਣਵਾਈ ਹੋਵੇਗੀ।

Continue Reading

Latest News

Trending