Connect with us

Chandigarh

ਈ ਡੀ ਦੀ ਕਾਰਵਾਈ ਰਾਹੀਂ ਪ੍ਰਧਾਨ ਮੰਤਰੀ ਮੋਦੀ ਨੇ 3 ਦਿਨਾਂ ਤੋਂ ਸਰਕਾਰੀ ਕੰਮ ਠੱਪ ਕੀਤਾ : ਆਪ

Published

on

ਚੰਡੀਗੜ੍ਹ, 24 ਸਤੰਬਰ (ਸ.ਬ.) ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਪੰਜਾਬੀਆਂ ਵਲੋਂ ਭਾਜਪਾ ਨੂੰ ਨਕਾਰੇ ਜਾਣ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਮੋਦੀ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਤੋਂ ਸਿਆਸੀ ਬਦਲਾ ਲੈਣ ਅਤੇ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ।

‘ਆਪ’ ਦੇ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਵਾਲੀ ਸਰਕਾਰਾਂ ਦੇ ਰਾਜਾਂ ਖ਼ਿਲਾਫ਼ ਈਡੀ, ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰਨਾ ਉਸ ਦਾ ਟਰੇਡਮਾਰਕ ਬਣ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ ਤਿੰਨ ਦਿਨਾਂ ਦੌਰਾਨ ਈ ਡੀ ਦੀ ਕਾਰਵਾਈ ਨੇ ਸੂਬੇ ਵਿੱਚ ਸਰਕਾਰੀ ਕੰਮਕਾਜ ਨੂੰ ਬੁਰੀ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਅਸੁਵਿਧਾ ਹੋਈ ਹੈ, ਜਦੋਂ ਕਿ ਛਾਪੇਮਾਰੀ ਵਿੱਚ ਕੁਝ ਵੀ ਹਾਸਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਡਰਨ ਵਾਲਾ ਨਹੀਂ ਹੈ ਅਤੇ ਤਿੰਨ ਕਰੋੜ ਪੰਜਾਬੀ ਭਾਜਪਾ ਨੂੰ ਲੋਕਤੰਤਰਿਕ ਤਰੀਕੇ ਨਾਲ ਜਵਾਬ ਦੇਣਗੇ।

ਉਹਨਾਂ ਸਵਾਲ ਕੀਤਾ ਕਿ ਤਲਾਸ਼ੀ ਦੇ ਨਾਂ ਤੇ ਕੋਈ ਏਜੰਸੀ ਸਰਕਾਰੀ ਅਥਾਰਟੀ ਦੇ ਕੰਮਕਾਜ ਨੂੰ ਕਿਵੇਂ ਠੱਪ ਕਰ ਸਕਦੀ ਹੈ? ਈਡੀ ਦਾ ਆਪ੍ਰੇਸ਼ਨ 36 ਘੰਟਿਆਂ ਤੋਂ ਵੱਧ ਸਮੇਂ ਤੱਕ ਜਾਰੀ ਰਿਹਾ, ਜਿਸ ਦਾ ਸਿੱਧਾ ਅਸਰ ਗਮਾਡਾ ਦੇ ਕੰਮਕਾਜ ਤੇ ਪਿਆ। ਇਹ ਭਾਰਤ ਦੇ ਇਤਿਹਾਸ ਵਿੱਚ ਸਰਕਾਰੀ ਪ੍ਰਸ਼ਾਸਨ ਵਿੱਚ ਇੱਕ ਗੈਰ-ਸੰਵਿਧਾਨਕ ਅਤੇ ਅਣਸੁਖਾਵੀਂ ਦਖਲਅੰਦਾਜ਼ੀ ਹੈ।

ਸz. ਚੀਮਾ ਨੇ ਕਿਹਾ ਕਿ ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਖਿਲਾਫ 2014 ਤੋਂ ਕੇਂਦਰੀ ਏਜੰਸੀਆਂ ਅਤੇ ਸੰਵਿਧਾਨਕ ਸੰਸਥਾਵਾਂ ਦੀ ਲਗਾਤਾਰ ਦੁਰਵਰਤੋਂ ਕਰ ਰਹੀ ਹੈ। ਜਦੋਂ ਵੀ ਕਿਸੇ ਰਾਜ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਤਾਂ ਉੱਥੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਅਤੇ ਡਰ ਦਾ ਮਾਹੌਲ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਭੇਜੀਆਂ ਜਾਂਦੀਆਂ ਹਨ। ਪੰਜਾਬ ਵਿੱਚ ਵੀ ਉਹੀ ਪੈਟਰਨ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਦੋ-ਤਿੰਨ ਦਿਨਾਂ ਦੌਰਾਨ ਈ ਡੀ ਦੇ ਅਧਿਕਾਰੀਆਂ ਨੇ ਤਾਲੇ ਤੋੜ ਕੇ ਬੰਦ ਅਤੇ ਖਾਲੀ ਘਰਾਂ ਵਿੱਚ ਵੀ ਪ੍ਰਵੇਸ਼ ਕੀਤਾ ਹੈ। ਪਰ ਇਹਨਾਂ ਥਾਵਾਂ ਤੋਂ ਕੁਝ ਵੀ ਬਰਾਮਦ ਨਹੀਂ ਹੋਇਆ। ਜੇਕਰ ਕੁਝ ਨਹੀਂ ਮਿਲਿਆ ਤਾਂ ਬੰਦ ਘਰਾਂ ਦੇ ਤਾਲੇ ਤੋੜਨ ਦਾ ਕੀ ਮਕਸਦ ਸੀ?

ਤਲਾਸ਼ੀ ਦੌਰਾਨ ਅਧਿਕਾਰੀਆਂ ਦੇ ਰਵੱਈਏ ਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਆਪ ਮੰਤਰੀ ਦੇ ਇੱਕ ਰਿਸ਼ਤੇਦਾਰ ਦੇ ਘਰ ਛਾਪੇਮਾਰੀ ਦੌਰਾਨ ਈ ਡੀ ਅਧਿਕਾਰੀਆਂ ਨੇ ਬੱਚਿਆਂ ਅਤੇ ਬਜ਼ੁਰਗ ਪਰਿਵਾਰਕ ਮੈਂਬਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਇਹ ਸਿਰਫ਼ ਜਾਂਚ ਬਾਰੇ ਨਹੀਂ ਹੈ, ਇਹ ਸਿਆਸੀ ਵਿਰੋਧੀਆਂ ਵਿੱਚ ਡਰ ਪੈਦਾ ਕਰਨ ਬਾਰੇ ਹੈ।

ਉਹਨਾਂ ਕਿਹਾ ਕਿ ਇਸਤੋਂ ਪਹਿਲਾਂ ਵੀ ਭਾਜਪਾ ਨੇ ਆਪ ਦੀ ਚੋਟੀ ਦੀ ਲੀਡਰਸ਼ਿਪ ਖਿਲਾਫ ਏਜੰਸੀਆਂ ਦੀ ਵਰਤੋਂ ਕੀਤੀ, ਪਰ ਉਹ ਸਾਰੇ ਮਾਮਲੇ ਆਖਰਕਾਰ ਅਦਾਲਤ ਵਿੱਚ ਅਸਫਲ ਰਹੇ ਅਤੇ ਸਾਡੇ ਨੇਤਾ ਬਰੀ ਹੋ ਗਏ। ਲੋਕਾਂ ਨੇ ਇਹ ਪੈਟਰਨ ਦੇਖਿਆ ਹੈ ਅਤੇ ਉਹ ਸਮਝਦੇ ਹਨ ਕਿ ਕੀ ਹੋ ਰਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੇ ਲੋਕਤੰਤਰੀ ਅਧਿਕਾਰਾਂ ਲਈ ਲੜਾਈ ਲੜੀ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਬਾਬਾ ਸਾਹਿਬ ਅੰਬੇਡਕਰ ਦੀ ਅਗਵਾਈ ਹੇਠ ਤਿਆਰ ਕੀਤੇ ਗਏ ਸੰਵਿਧਾਨ ਨੇ ਹਰ ਨਾਗਰਿਕ ਨੂੰ ਲੋਕਤੰਤਰੀ ਅਧਿਕਾਰਾਂ ਦੀ ਗਾਰੰਟੀ ਦਿੱਤੀ ਹੈ। ਉਨ੍ਹਾਂ ਅਧਿਕਾਰਾਂ ਦੀ ਹਰ ਕੀਮਤ ਤੇ ਰਾਖੀ ਕੀਤੀ ਜਾਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਹਰ ਵਰਗ ਦੇ ਲੋਕ ਉਸ ਦੀਆਂ ਨੀਤੀਆਂ ਤੇ ਸਵਾਲ ਚੁੱਕ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਡਰਨ ਵਾਲਾ ਨਹੀਂ ਹੈ। ਪੰਜਾਬੀਆਂ ਨੇ ਦਬਾਅ ਅੱਗੇ ਕਦੇ ਸਿਰ ਨਹੀਂ ਝੁਕਾਇਆ ਅਤੇ ਉਹ ਇਹਨਾਂ ਹਥਕੰਡਿਆਂ ਦਾ ਜਵਾਬ ਲੋਕਤੰਤਰਿਕ ਤਰੀਕੇ ਨਾਲ ਦੇਣਗੇ।

ਅਕਾਲੀ ਦਲ (ਬਾਦਲ) ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਨੰਦਪੁਰ ਸਾਹਿਬ ਦੇ ਗੁਰਦੁਆਰੇ ਦੀ ਸਰਾਂ ਵਿੱਚ ਔਰਤਾਂ ਨਾਲ ਹੋਏ ਵਿਵਹਾਰ ਤੇ ਉੱਠ ਰਹੇ ਸਵਾਲਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਰਿਕਾਰਡ ਨੂੰ ਹੋਰ ਨੰਗਾ ਕਰ ਦਿੱਤਾ ਹੈ। ਪੰਜਾਬ ਦੇ ਲੋਕ ਬੇਅਦਬੀ, ਪ੍ਰਦਰਸ਼ਨਕਾਰੀਆਂ ਤੇ ਗੋਲੀਬਾਰੀ ਅਤੇ ਨਸ਼ੇ ਦੇ ਸੰਕਟ ਨਾਲ ਜੁੜੇ ਵਿਵਾਦਾਂ ਨੂੰ ਨਹੀਂ ਭੁੱਲੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਗਠਜੋੜ ਇਹਨਾਂ ਸਵਾਲਾਂ ਨੂੰ ਮਿਟਾ ਨਹੀਂ ਸਕਦੇ। ਪੰਜਾਬ ਦੇ ਲੋਕ ਹਰ ਸਿਆਸੀ ਪਾਰਟੀ ਅਤੇ ਉਸ ਦੀ ਲੀਡਰਸ਼ਿਪ ਦੇ ਰਿਕਾਰਡ ਦੇ ਆਧਾਰ ਤੇ ਫੈਸਲਾ ਕਰਨਗੇ।

Continue Reading

Chandigarh

ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ: ਮਨਪ੍ਰੀਤ ਸਿੰਘ ਇਯਾਲੀ

Published

on

By

ਪੰਜਾਬ ਅਤੇ ਸਿੱਖ ਕੌਮ ਦੇ ਮਸਲਿਆਂ ਨੂੰ ਉਠਾਉਣ ਲਈ ਲਾਜ਼ਮੀ ਤੌਰ ਤੇ ਇਜਾਜ਼ਤ ਮਿਲੇ

ਚੰਡੀਗੜ੍ਹ, 27 ਨਵੰਬਰ (ਸ.ਬ.) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਸਪੀਕਰ ਤੋਂ ਮੰਗ ਕੀਤੀ ਹੈ ਕਿ 30 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਹਲਕੇ ਦੇ ਲੋਕਾਂ, ਪੰਜਾਬ ਅਤੇ ਸਿੱਖ ਕੌਮ ਨਾਲ ਜੁੜੇ ਮਸਲਿਆਂ ਨੂੰ ਸੰਸਦ ਵਿੱਚ ਉਠਾ ਸਕਣ।

ਇੱਥੇ ਜਾਰੀ ਬਿਆਨ ਵਿੱਚ ਸz. ਇਯਾਲੀ ਨੇ ਕਿਹਾ ਕਿ ਇਹ ਬੇਹੱਦ ਹੈਰਾਨੀਜਨਕ ਅਤੇ ਅਫ਼ਸੋਸ ਦੀ ਗੱਲ ਹੈ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ ਅਤੇ ਖਾਡੂਰ ਸਾਹਿਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਰੀਬ ਦੋ ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਿਆ, ਪਰ ਇਸ ਦੇ ਬਾਵਜੂਦ ਉਹ ਅੱਜ ਤੱਕ ਸੰਸਦ ਵਿੱਚ ਆਪਣੇ ਹਲਕੇ ਦੀ ਨੁਮਾਇੰਦਗੀ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਨੂੰ ਸੰਸਦ ਵਿੱਚ ਆਪਣੇ ਵਿਚਾਰ ਰੱਖਣ ਦਾ ਮੌਕਾ ਮਿਲਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਹਲਕੇ ਦੇ ਵਿਕਾਸ ਲਈ ਐਮ ਪੀ ਲੈਡ ਫੰਡ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਖਮਿਆਜ਼ਾ ਖਡੂਰ ਸਾਹਿਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ, ਜਿਨ੍ਹਾਂ ਨੇ ਲੋਕਤੰਤਰੀ ਪ੍ਰਕਿਰਿਆ ਰਾਹੀਂ ਆਪਣਾ ਸੰਸਦ ਮੈਂਬਰ ਚੁਣਿਆ ਹੈ। ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਦੇ ਵਿਕਾਸ ਕਾਰਜ, ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੰਸਦ ਤੱਕ ਪਹੁੰਚਣੀਆਂ ਚਾਹੀਦੀਆਂ ਹਨ, ਪਰ ਆਪਣੇ ਚੁਣੇ ਹੋਏ ਨੁਮਾਇੰਦੇ ਦੀ ਗੈਰ-ਮੌਜੂਦਗੀ ਕਾਰਨ ਉਨ੍ਹਾਂ ਦੀ ਆਵਾਜ਼ ਸੰਸਦ ਵਿੱਚ ਨਹੀਂ ਪਹੁੰਚ ਰਹੀ।

ਸz. ਇਯਾਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਝੂਠੇ ਅਤੇ ਬੇਬੁਨਿਆਦ ਤਰੀਕੇ ਨਾਲ ਲਗਾਏ ਗਏ ਐਨ. ਐਸ. ਏ. ਖ਼ਤਮ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ, ਤਰੱਕੀ, ਅਨਾਜ ਭੰਡਾਰ ਅਤੇ ਸਰਹੱਦਾਂ ਦੀ ਰਾਖੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਕਾਰਗਿਲ ਵਰਗੀਆਂ ਜੰਗਾਂ ਵਿੱਚ ਵੀ ਸਿੱਖ ਫ਼ੌਜੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਇਸ ਦੇ ਬਾਵਜੂਦ ਪੰਜਾਬ ਅਤੇ ਸਿੱਖ ਕੌਮ ਨਾਲ ਵਿਤਕਰੇ ਵਾਲਾ ਰਵੱਈਆ ਅਪਣਾਇਆ ਜਾਣਾ ਬੇਹੱਦ ਮੰਦਭਾਗਾ ਹੈ।

ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਵਿੱਚ ਆਪਣੇ ਹਲਕੇ ਦੇ ਵਿਕਾਸ, ਪੰਜਾਬ ਦੇ ਹੱਕਾਂ, ਸਿੱਖ ਕੌਮ ਦੇ ਮਸਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮੁੱਦੇ ਉਠਾਉਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਉਹਨਾਂ ਕੇਂਦਰ ਸਰਕਾਰ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਲੋਕਤੰਤਰ ਦੀ ਮਰਿਆਦਾ ਅਤੇ ਖਾਡੂਰ ਸਾਹਿਬ ਦੇ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

Continue Reading

Chandigarh

ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ ਟੈਕ ਦੇ ਵਿਦਿਆਰਥੀ ਦੀ ਲਾਸ਼ ਮਿਲੀ

Published

on

By

ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਮ੍ਰਿਤਕ

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ.ਟੈਕ ਦੇ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਆਰੀਅਨ ਵਜੋਂ ਹੋਈ ਹੈ, ਜੋ ਕਿ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ। ਉਹ ਯੂਨੀਵਰਸਿਟੀ ਵਿੱਚ ਪੜ੍ਹਾਈ ਕਰਨ ਦੇ ਨਾਲ-ਨਾਲ ਕੈਂਪਸ ਦੇ ਹੋਸਟਲ ਨੰਬਰ-5 ਵਿੱਚ ਰਹਿ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ, ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਵੇਲੇ ਉਸ ਦੇ ਰੂਮਮੇਟ (ਕਮਰੇ ਵਿੱਚ ਨਾਲ ਰਹਿਣ ਵਾਲੇ ਸਾਥੀ) ਉੱਥੇ ਮੌਜੂਦ ਨਹੀਂ ਸਨ। ਜਦੋਂ ਉਹ ਕਮਰੇ ਵਿੱਚ ਵਾਪਸ ਪਰਤੇ ਤਾਂ ਉਨ੍ਹਾਂ ਨੇ ਆਰੀਅਨ ਨੂੰ ਬੇਸੁੱਧ ਅਤੇ ਮ੍ਰਿਤਕ ਹਾਲਤ ਵਿੱਚ ਪਾਇਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।

ਘਟਨਾ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਹੋਸਟਲ ਵਿੱਚ ਰਹਿਣ ਵਾਲੇ ਹੋਰਨਾਂ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਰੀਅਨ ਪਿਛਲੇ ਕੁਝ ਸਮੇਂ ਤੋਂ ਕਿਹੜੀਆਂ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਸੀ ਅਤੇ ਉਸ ਦੀ ਮੌਤ ਪਿੱਛੇ ਅਸਲ ਕਾਰਨ ਕੀ ਰਹੇ ਹਨ। ਫਿਲਹਾਲ ਪੁਲੀਸ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਹੋਰਨਾਂ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ। ਵਿਦਿਆਰਥੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲੀਸ ਜਾਂਚ ਪੂਰੀ ਹੋਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

Continue Reading

Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ

Published

on

By

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਮੌਕੇ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਮਾਣ, ਅਧਿਕਾਰਾਂ ਅਤੇ ਸੁਤੰਤਰਤਾ ਦੀ ਰਾਖੀ ਵਿੱਚ ਇਸ ਦੀ ਭੂਮਿਕਾ ਬਾਰੇ ਵਿਆਪਕ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਲਾਇਬ੍ਰੇਰੀ ਵਿੱਚ ਭਾਰਤੀ ਸੰਵਿਧਾਨ ਦੀਆਂ ਜਿਲਦਾਂ ਵੀ ਰੱਖੀਆਂ ਗਈਆਂ।

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਦਾ ਹੈ ਅਤੇ ਇਹ ਲੋਕਤੰਤਰੀ ਕਦਰਾਂ-ਕੀਮਤਾਂ ਤੇ ਨਿਆਂ ਦਾ ਮੁੱਖ ਆਧਾਰ ਹੈ। ਇਸ ਮੌਕੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਕਿਹਾ ਕਿ ‘ਸੰਵਿਧਾਨ ਦਿਵਸ’ ਸਾਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਦੀ ਰਾਖੀ ਕਰਨ, ਉਨ੍ਹਾਂ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੰਦਾ ਹੈ। ਇਹ ਹਰੇਕ ਨਾਗਰਿਕ ਨੂੰ ਇੱਕ ਨਿਆਂਪੂਰਨ, ਸਮਾਨਤਾ ਵਾਲੇ ਅਤੇ ਸਾਰਿਆਂ ਲਈ ਬਰਾਬਰ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਸਬੰਧੀ ਆਪਣੇ ਫਰਜ਼ ਦੀ ਯਾਦ ਦਿਵਾਉਂਦਾ ਹੈ। ਸਮਾਗਮ ਵਿੱਚ ਰਾਜ ਸੂਚਨਾ ਕਮਿਸ਼ਨਰ ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਐਸ. ਬਾਠ ਅਤੇ ਹਰਪ੍ਰੀਤ ਸੰਧੂ ਵੀ ਸ਼ਾਮਲ ਹੋਏ।

Continue Reading

Latest News

Trending