Punjab
ਐਨ ਆਰ ਆਈ ਦੀ ਬੰਦ ਕੋਠੀ ਤੇ ਚੱਲੀਆਂ ਗੋਲੀਆਂ
ਗੁਰੂਸਰ ਸੁਧਾਰ, 30 ਸਤੰਬਰ (ਸ.ਬ.) ਅੱਜ ਤੜਕਸਾਰ ਪਿੰਡ ਹੇਰਾਂ-ਰਾਜੋਆਣਾ ਕਲਾਂ ਸੰਪਰਕ ਸੜਕ ਤੇ ਸਥਿਤ ਕੈਨੇਡਾ ਵਾਸੀ ਐਨ.ਆਰ.ਆਈ. ਜਿੰਦਰ ਸਿੰਘ ਦੀ ਬੰਦ ਪਈ ਕੋਠੀ ਦੇ ਮੁੱਖ ਗੇਟ ਤੇ ਚਿੱਟੀ ਕਾਰ ਸਵਾਰ ਹਮਲਾਵਰਾਂ ਨੇ ਫ਼ਾਇਰਿੰਗ ਕਰ ਦਿੱਤੀ।
ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਅਨੁਸਾਰ ਵਾਰਦਾਤ ਸਵੇਰੇ ਕਰੀਬ 4:19 ਵਜੇ ਵਾਪਰੀ ਹੈ। ਕੋਠੀ ਦਾ ਮਾਲਕ ਪਿਛਲੇ ਕਰੀਬ 15 ਸਾਲਾਂ ਤੋਂ ਵਿਦੇਸ਼ ਵਿੱਚ ਰਹਿੰਦਾ ਹੈ। ਗੋਲੀਆਂ ਦੀ ਆਵਾਜ਼ ਸੁਣ ਕੇ ਸਵੇਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਅਤੇ ਹੋਰ ਜ਼ਰੂਰੀ ਕੰਮਾਂ ਲਈ ਘਰਾਂ ਤੋਂ ਨਿਕਲੇ ਲੋਕ ਸਹਿਮ ਗਏ।
ਥਾਣਾ ਸੁਧਾਰ ਦੀ ਪੁਲੀਸ ਨੇ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ। ਥਾਣਾ ਮੁਖੀ ਕੁਲਵਿੰਦਰ ਸਿੰਘ ਅਨੁਸਾਰ ਸੀ.ਸੀ.ਟੀ.ਵੀ. ਫੁਟੇਜ ਵਿੱਚ ਚਿੱਟੀ ਕਾਰ ਕੋਠੀ ਦੇ ਗੇਟ ਸਾਹਮਣੇ ਰੁਕਦੀ ਦਿਖਾਈ ਦੇ ਰਹੀ ਹੈ। ਕੁਝ ਪਿੰਡ ਵਾਸੀਆਂ ਨੇ ਦੋ ਤੋਂ ਵੱਧ ਗੋਲੀਆਂ ਚੱਲਣ ਵਰਗੀ ਆਵਾਜ਼ ਸੁਣਨ ਦੀ ਗੱਲ ਕਹੀ ਹੈ। ਇਹ ਕੋਠੀ ਸਾਬਕਾ ਅਕਾਲੀ ਸਰਪੰਚ ਸਾਧੂ ਸਿੰਘ ਹੇਰਾਂ ਦੇ ਘਰ ਦੇ ਬਿਲਕੁਲ ਸਾਹਮਣੇ ਹੈ। ਪੁਲੀਸ ਇਹ ਵੀ ਜਾਂਚ ਕਰ ਰਹੀ ਹੈ ਕਿ ਇਹ ਪਛਾਣ ਦੇ ਭੁਲੇਖੇ ਦਾ ਮਾਮਲਾ ਵੀ ਹੋ ਸਕਦਾ ਹੈ।
ਪੁਲੀਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਜਿੰਦਰ ਸਿੰਘ ਦੇ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਧਮਕੀ ਜਾਂ ਫਿਰੌਤੀ ਦੀ ਮੰਗ ਤਾਂ ਨਹੀਂ ਕੀਤੀ ਗਈ ਸੀ। ਵਾਰਦਾਤ ਦੀ ਜਾਂਚ ਲਈ ਤਕਨੀਕੀ ਅਤੇ ਫੋਰੈਂਸਿਕ ਟੀਮਾਂ ਨੂੰ ਵੀ ਬੁਲਾਇਆ ਗਿਆ। ਪੁਲੀਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕਰਨ ਤੋਂ ਇਲਾਵਾ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Chandigarh
ਗੁਰਦਾਸਪੁਰ ਪੁਲੀਸ ਵੱਲੋਂ ਉੱਤਰਾਖੰਡ ਦੇ ਤਿੰਨ ਵਸਨੀਕਾਂ ਸਮੇਤ 4 ਵਿਅਕਤੀ ਆਧੁਨਿਕ ਪਿਸਤੌਲਾਂ ਸਮੇਤ ਕਾਬੂ
ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਮੁਲਜਮ : ਗੌਰਵ ਯਾਦਵ
ਚੰਡੀਗੜ੍ਹ, 1 ਅਕਤੂਬਰ (ਸ.ਬ.) ਗੁਰਦਾਸਪੁਰ ਪੁਲੀਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਜੁੜੇ ਚਾਰ ਵਿਅਕਤੀਆਂ (ਜਿਨਾਂ ਵਿੱਚੋਂ ਤਿੰਨ ਉਤਰਾਖੰਡ ਦੇ ਰਹਿਣ ਵਾਲੇ ਹਨ) ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ (26), ਲਵਪ੍ਰੀਤ ਸਿੰਘ (25) ਅਤੇ ਜਸ਼ਨਦੀਪ ਸਿੰਘ (25), ਸਾਰੇ ਵਾਸੀ ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ ਅਤੇ ਹਰਜਿੰਦਰ ਸਿੰਘ (23), ਵਾਸੀ ਲਖਨ ਕਲਾਂ, ਕਲਾਨੌਰ, ਗੁਰਦਾਸਪੁਰ, ਵਜੋਂ ਹੋਈ ਹੈ।
ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਗਲੋਕ (ਆਸਟ੍ਰੀਆ ਦਾ ਬਣਿਆ), ਚਾਰ .30 ਬੋਰ (ਚੀਨ ਦੇ ਬਣੇ ) ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਨ੍ਹਾਂ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੁਬਈ ਅਤੇ ਅਮਰੀਕਾ ਸਥਿਤ ਹੈਂਡਲਰਾਂ ਨਾਲ ਸਬੰਧ ਸਨ, ਜਿਨਾਂ ਵੱਲੋਂ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਦਾ ਕੰਮ ਸੌਪਿਆ ਗਿਆ ਸੀ ।
ਇਸ ਬਾਰੇ ਵੇਰਵੇ ਸਾਂਝੇ ਕਰਦੇ ਹੋਏ, ਆਈ ਜੀ ਪੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਰਦਾਸਪੁਰ ਪੁਲੀਸ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਇਹਨਾਂ ਵਿਅਕਤੀਆਂ ਨੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ, ਜਿਸਨੂੰ ਉਹ ਅੱਗੇ ਸਪਲਾਈ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ ਐਸ ਪੀ ਗੁਰਦਾਸਪੁਰ ਆਦਿੱਤਿਆ ਦੀ ਨਿਗਰਾਨੀ ਹੇਠ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਨਾਕਾਬੰਦੀ ਕੀਤੀ ਅਤੇ ਆਪਣੀ ਕਾਰ ਵਿੱਚ ਜਾ ਰਹੇ ਚਾਰੇ ਦੋਸ਼ੀਆਂ ਨੂੰ ਸੱਤ ਗੈਰ-ਕਾਨੂੰਨੀ ਪਿਸਤੌਲਾਂ ਅਤੇ ਅੱਠ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰ ਲਿਆ।
ਉਹਨਾਂ ਦੱਸਿਆ ਕਿ ਕਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਅਗਲੇ -ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਗੁਰਦਾਸਪੁਰ ਦੇ ਕਲਾਨੌਰ ਪੁਲੀਸ ਸਟੇਸ਼ਨ ਵਿਖੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।
Punjab
ਮੁੱਖ ਮੰਤਰੀ ਵਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ
ਤਰਨਤਾਰਨ, 1 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਇਤਿਹਾਸਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਨਮਾਨ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਕੀਤੀ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਤੋਂ ਗੁਰੂ ਸਾਹਿਬਾਨ ਨੇ ਸਮਾਜ ਵਿੱਚ ਸਤੀ ਪ੍ਰਥਾ ਵਰਗੀਆਂ ਕੁਰੀਤੀਆਂ ਦਾ ਵਿਰੋਧ ਕਰਦਿਆਂ ਔਰਤਾਂ ਨੂੰ ਬਰਾਬਰ ਦਾ ਸਨਮਾਨ ਦੇਣ ਦਾ ਸੰਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਉਦੇਸ਼ ਔਰਤਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਹੋਰ ਮਜ਼ਬੂਤੀ ਦੇਣਾ ਹੈ। ਇਸ ਯੋਜਨਾ ਦੀ ਸ਼ੁਰੂਆਤ 1 ਜੁਲਾਈ 2026 ਨੂੰ ਕੀਤੀ ਗਈ ਸੀ। ਇਸ ਤਹਿਤ ਆਮ ਵਰਗ ਦੀਆਂ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ 1500 ਰੁਪਏ ਮਾਸਿਕ ਸਨਮਾਨ ਰਾਸ਼ੀ ਦੇਣ ਦੀ ਵਿਵਸਥਾ ਹੈ। ਪਹਿਲੀ ਕਿਸ਼ਤ ਵਜੋਂ ਤਿੰਨ ਮਹੀਨਿਆਂ ਦੀ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਗਈ ਸੀ ਤੇ ਹੁਣ ਅਕਤੂਬਰ, ਨਵੰਬਰ ਅਤੇ ਦਸੰਬਰ ਮਹੀਨੇ ਦੀ ਰਾਸ਼ੀ ਲਈ ਟੂੰ ਟੂੰ ਹੋ ਜਾਵੇਗੀ।
ਅਗਸਤ ਮਹੀਨੇ ਤੱਕ ਸਰਕਾਰ ਵੱਲੋਂ ਲੱਖਾਂ ਔਰਤਾਂ ਦੀ ਰਜਿਸਟ੍ਰੇਸ਼ਨ ਹੋਣ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਾਸ਼ੀ ਪਹੁੰਚਣ ਦੀ ਜਾਣਕਾਰੀ ਦਿੱਤੀ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਦੀ ਆਰਥਿਕ ਆਜ਼ਾਦੀ ਤੇ ਸਮਾਜਿਕ ਸਨਮਾਨ ਨੂੰ ਮਜ਼ਬੂਤ ਕਰਨ ਲਈ ਯਤਨ ਜਾਰੀ ਰਹਿਣਗੇ।
ਇਸ ਮੌਕੇ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਖਡੂਰ ਸਾਹਿਬ, ਹਰਮੀਤ ਸਿੰਘ ਸੰਧੂ ਵਿਧਾਇਕ ਤਰਨਤਾਰਨ, ਸਰਵਨ ਸਿੰਘ ਧੁੰਨ ਵਿਧਾਇਕ ਖੇਮਕਰਨ, ਦਲਬੀਰ ਸਿੰਘ ਟੌਂਗ ਵਿਧਾਇਕ ਬਾਬਾ ਬਕਾਲਾ ਸਾਹਿਬ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਪਹਿਲਵਾਨ ਜੱਸਾ ਪੱਟੀ, ਅੰਗਦੀਪ ਸਿੰਘ ਸੋਹਲ, ਨਵਜੋਤ ਕੌਰ ਹੁੰਦਲ ਆਦਿ ਸਮੇਤ ਹੋਰ ਆਗੂ ਵੀ ਮੌਜੂਦ ਸਨ।
Mohali
ਭਾਜਪਾ ਨੇ ਦੇਸ਼ ਵਿੱਚ ਅਸਿੱਧੇ ਤੌਰ ਤੇ ਐਮਰਜੈਂਸੀ ਲਾਗੂ ਕੀਤੀ : ਖੱਬੀਆਂ ਪਾਰਟੀਆਂ
ਨਵੇਂ ਤਰੀਕੇ ਅਪਣਾ ਕੇ ਤਾਨਾਸ਼ਾਹੀ ਰਾਜ ਪੈਦਾ ਕਰਨ ਦਾ ਇਲਜਾਮ ਲਗਾਇਆ
ਐਸ ਏ ਐਸ ਨਗਰ, 1 ਅਕਤੂਬਰ (ਸ.ਬ.) ਖੱਬੀਆਂ ਪਾਰਟੀਆਂ ਵੱਲੋਂ ਮੁਖ ਚੋਣ ਕਮਿਸ਼ਨਰ (ਭਾਰਤ) ਦੀਆਂ ਕਥਿਤ ਪੱਖਪਾਤੀ ਅਤੇ ਗੈਰ-ਕਾਨੂੰਨੀ ਕਾਰਵਾਈਆਂ ਦੇ ਖਿਲਾਫ਼ ਦਿੱਤੇ ਸੱਦੇ ਤਹਿਤ, ਭਾਰਤੀ ਕਾਮੂਨਿਸਟ ਪਾਰਟੀ ਜਿਲ੍ਹਾ ਮੁਹਾਲੀ ਵੱਲੋਂ ਕਾਮਰੇਡ ਬੰਤ ਸਿੰਘ ਬਰਾੜ ਅਤੇ ਵਕੀਲ ਜਸਪਾਲ ਸਿੰਘ ਦੱਪਰ ਦੀ ਅਗਵਾਈ ਵਿੱਚ ਡੀ. ਸੀ. ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਮੰਗ ਕੀਤੀ ਗਈ ਮੁਖ ਚੋਣ ਕਮਿਸ਼ਨਰ ਦੇ ਖਿਲਾਫ਼ ਅਪਰਾਧਿਕ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸੰਵਿਧਾਨਿਕ ਅਹੁਦੇ ਤੋਂ ਵੀ ਬਰਖ਼ਾਸਤ ਕੀਤਾ ਜਾਵੇ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ 13 ਕਰੋੜ ਭਾਰਤੀ ਮੱਤਦਾਤਾਵਾਂ ਦੀਆਂ ਗੈਰ-ਕਾਨੂੰਨੀ ਤਰੀਕੇ ਨਾਲ ਵੋਟਾਂ ਕੱਟਣ ਦੀ ਕਥਿਤ ਸਾਜਿਸ਼ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਸ਼ਾਮਿਲ ਦੱਸਦਿਆਂ ਉਹਨਾਂ ਦੇ ਅਸਤੀਫ਼ਿਆਂ ਦੀ ਵੀ ਮੰਗ ਕੀਤੀ ਗਈ।
ਇਸ ਮੌਕੇ ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤੀ ਲੋਕਤੰਤਰ ਨੂੰ ਇੱਕ ਡੂੰਘੀ ਸਾਜਿਸ਼ ਰਾਹੀ ਕਮਜੋਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਮਤ ਦਾ ਅਧਿਕਾਰ ਨੂੰ ਗੈਰਕਾਨੂੰਨੀ ਤਰੀਕੇ ਨਾਲ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੇ ਕਹਿਣ ਤੇ ਮੁਖ ਚੋਣ ਕਮਿਸ਼ਨਰ ਨੇ ਆਪਣੇ ਸਹਿਯੋਗੀ ਚੋਣ ਇਲੈਕਸ਼ਨ ਕਮਿਸ਼ਨਰਾਂ ਦੀ ਸਹਿਮਤੀ ਤੋਂ ਬਿਨਾਂ ਦੇਸ਼ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਐਸ. ਆਈ. ਆਰ. ਰਾਂਹੀ ਦੇਸ਼ ਦੇ ਕਰੋੜਾਂ ਨਾਗਰਿਕਾਂ ਦੀਆ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ ਅਤੇ ਉਨ੍ਹਾਂ ਤੋਂ ਉਨ੍ਹਾਂ ਦੇ ਪੁਰਖਿਆਂ ਨਾਲ ਸਬੰਧਿਤ ਦਸਤਾਵੇਜ਼ ਪੇਸ ਕਰਨ ਦੀ ਹੁਕਮ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਚੋਣਾਂ ਜਿੱਤਣ ਦੇ ਉਦੇਸ਼ ਨਾਲ ਚੋਣ ਕਮਿਸ਼ਨਰਾਂ ਦੇ ਪੱਖ ਵਿੱਚ ਸੰਸਦ ਵਿੱਚ ਇਲੈਕਸ਼ਨ ਕਮਿਸ਼ਨਰ ਐਕਟ 2023, ਪਾਸ ਕੀਤਾ ਗਿਆ ਹੈ ਜਿਸ ਵਿੱਚ ਇਲੈਕਸ਼ਨ ਕਮਿਸ਼ਨਰਾਂ ਦੇ ਖਿਲਾਫ ਕਿਸੇ ਵੀ ਤਰ੍ਹਾਂ ਦਾ ਅਪਰਾਧਿਕ ਕੇਸ਼ ਨਾ ਦਰਜ ਹੋ ਸਕੇ ਅਤੇ ਉਸਨੂੰ ਰਾਸ਼ਟਰਪਤੀ ਦੀ ਤਰ੍ਹਾਂ ਪੂਰੀ ਕਾਨੂੰਨੀ ਸਰੁਖਿਆ ਪ੍ਰਦਾਨ ਕੀਤੀ ਗਈ ਹੈ। ਉਸਨੂੰ ਇਹ ਗਾਰੰਟੀ ਵੀ ਦਿੱਤੀ ਗਈ ਹੈ ਕਿ ਉਸਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਕੋਈ ਕਾਨੂੰਨੀ ਕਾਰਵਾਈ ਨਹੀ ਹੋਵੇਗੀ।
ਇਸ ਮੌਕੇ ਐਡਵੋਕੇਟ ਜਸਪਾਲ ਸਿੰਘ ਦੱਪਰ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਜਦੋਂ ਦੀ ਬੀਜੇਪੀ ਸੱਤਾ ਵਿੱਚ ਆਈ ਹੈ ਉਸਨੇ ਦੇਸ਼ ਦੀਆਂ ਸਾਰੀਆਂ ਸੰਵਿਧਾਨਿਕ ਸੰਸਥਾਵਾਂ ਨੂੰ ਇੱਕ-ਇੱਕ ਕਰਕੇ ਖਤਮ ਕਰ ਦਿੱਤਾ ਹੈ। ਇਸ ਦੌਰਾਨ ਇਲੈਕਸ਼ਨ ਕਮਿਸ਼ਨ, ਪ੍ਰੈਸ, ਆਜਾਦ ਨਿਆਂਪਾਲਿਕਾ ਦੇ ਸਵੰਤਤਰਾ ਤੇ ਅਧਿਕਾਰਾਂ ਨੂੰ ਖਤਮ ਕੀਤਾ ਗਿਆ ਹੈ। ਦੇਸ਼ ਦੇ ਵਿੱਚ ਇਕ ਤਰ੍ਹਾਂ ਦੀ ਬਗੈਰ ਐਲਾਨ ਕੀਤੇ ਐਮਰਜੈਂਸੀ ਲਾਈ ਹੋਈ ਹੈ ਅਤੇ ਨਾਗਰਿਕਾਂ ਦੇ ਸਾਰੇ ਅਧਿਕਾਰ ਜਿਵੇਂ ਕਿ ਬੋਲਣ ਦੀ, ਖਾਣ ਦੀ, ਪਹਿਨਣ ਦੀ, ਵੋਟ ਪਾਉਣ ਦੀ ਤੇ ਭਾਸ਼ਾ ਬੋਲਣ ਅਤੇ ਆਪਣੇ ਧਰਮ ਮੰਨਣ ਦੀ ਆਜਾਦੀ ਨੂੰ ਖਤਮ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਚੋਣ ਕਮਿਸ਼ਨ ਰਾਹੀ ਰਾਜਾਂ ਦੇ ਈ. ਆਰ. ਓ. ਦੇ ਅਧਿਕਾਰਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਈ. ਨੈਟ ਰਾਹੀ ਪੂਰੀ ਚੋਣ ਪ੍ਰਕਿਰਿਆ ਨੂੰ ਕੇਂਦਰੀ ਕਰਨ ਕੀਤਾ ਜਾ ਰਿਹਾ ਹੈ, ਜੋ ਕਿ ਸੰਵਿਧਾਨ ਦੇ ਮੁਤਾਬਿਕ ਗੈਰ ਕਾਨੂੰਨੀ ਹੈ। ਉਹਨਾਂ ਮੰਗ ਕੀਤੀ ਕਿ ਐਸ.ਆਈ. ਆਰ. ਨੂੰ ਤੁਰੰਤ ਬੰਦ ਕੀਤਾ ਜਾਵੇ ਤੇ 13 ਕਰੋੜ ਰੱਦ ਕੀਤੀਆਂ ਵੋਟਾਂ ਨੂੰ ਤੁਰੰਤ ਬਹਾਲ ਕਰਕੇ ਜਾਂ 2025 ਦੀ ਵੋਟਰ ਸੂਚੀ ਦੇ ਅਨੁਸਾਰ ਚੋਣਾਂ ਕਰਵਾਈਆਂ ਜਾਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਲਦਾਰ ਸਿੰਘ, ਗੁਰਦਿਆਲ ਸਿੰਘ, ਵਿਨੋਦ ਚੁੱਗ, ਅਵਤਾਰ ਸਿੰਘ ਦੱਪਰ, ਹਰਮੇਲ ਸਿੰਘ ਖਰੜ, ਕਾਮਰੇਡ ਰਾਜ ਕੁਮਾਰ ਚੰਡੀਗੜ੍ਹ, ਕਾਮਰੇਡ ਦੇਵੀ ਦਿਆਲ, ਬਲਵਿੰਦਰ ਸਿੰਘ ਜੜੋਤ, ਅਸ਼ਵਨੀ ਕੁਮਾਰ, ਜਸ਼ਮੇਰ ਸਿੰਘ ਮਗਰਾ, ਨਸੀਬ ਸਿੰਘ ਜੜੋਤ, ਸੁਰਿੰਦਰ ਲੋਹਾਰੀਆ ਅਤੇ ਮਹਿੰਦਰਪਾਲ ਸਿੰਘ ਨੇ ਵੀ ਸੰਬੋਧਨ ਕੀਤਾ।
-
National2 months ago
ਨਾਸਿਕ ਅਤੇ ਚੰਬਾ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਅਫ਼ਗਾਨਿਸਤਾਨ ਵਿੱਚ ਵੀ ਆਇਆ ਭੂਚਾਲ
-
International3 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Mohali2 months ago
ਮਨਿਸਟੀਰੀਅਲ ਕਾਮਿਆਂ ਦੀ ਦੋ ਰੋਜ਼ਾ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ
-
National1 month agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
National2 months agoਫਰਨੀਚਰ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ 1 ਵਿਅਕਤੀ ਦੀ ਮੌਤ, 1 ਗੰਭੀਰ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
Chandigarh1 month agoਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਮਹਾਂਬੰਦ
