Connect with us

Mohali

ਗਊਸ਼ਾਲਾਵਾਂ ਵਿੱਚ 61 ਰੁਪਏ ਪ੍ਰਤੀ ਗਊਧਨ ਪ੍ਰਤੀ ਦਿਨ ਦੇਣ ਦਾ ਫੈਸਲਾ ਲਾਗੂ : ਕੀਮਤੀ ਭਗਤ

Published

on

ਐਸ ਏ ਐਸ ਨਗਰ, 30 ਸਤੰਬਰ (ਸ.ਬ.) ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਵਿੱਚ ਰੱਖੇ ਗਊਧਨ ਦੀ ਸਾਂਭ-ਸੰਭਾਲ ਲਈ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣ ਦੇ ਫੈਸਲੇ ਨੂੰ ਲਾਗੂ ਕਰ ਦਿੱਤਾ ਗਿਆ ਹੈ। ਮੁਹਾਲੀ ਵਿਖੇ ਸਥਾਨਕ ਸਰਕਾਰ ਸੰਸਥਾਵਾਂ, ਪਸ਼ੂ ਪਾਲਣ ਵਿਭਾਗ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਇਸ ਨਾਲ ਗਊਸ਼ਾਲਾਵਾਂ ਨੂੰ ਗਊਧਨ ਦੀ ਸਾਂਭ-ਸੰਭਾਲ ਲਈ ਵਿੱਤੀ ਸਹਾਇਤਾ ਮਿਲੇਗੀ ਅਤੇ ਸੜਕਾਂ ਤੇ ਘੁੰਮਦੇ ਲਾਵਾਰਿਸ ਤੇ ਬੇਸਹਾਰਾ ਪਸ਼ੂਆਂ ਦਾ ਚਾਰਾ ਯਕੀਨੀ ਬਣਾਉਣ ਨਾਲ, ਉਨ੍ਹਾਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 518 ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਸੜਕਾਂ ਤੇ ਘੁੰਮਦੇ ਲਾਵਾਰਿਸ ਅਤੇ ਬੇਸਹਾਰਾ ਪਸ਼ੂਆਂ ਨੂੰ ਤੁਰੰਤ ਗਊਸ਼ਾਲਾਵਾਂ ਤੱਕ ਪਹੁੰਚਾਉਣ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਸੂਬੇ ਵਿੱਚ ਕਰੀਬ 9,000 ਲਾਵਾਰਿਸ ਅਤੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ, ਫੱਟੜ ਜਾਂ ਬੇਸਹਾਰਾ ਗਊਧਨ ਨੂੰ ਸੁਰੱਖਿਅਤ ਢੰਗ ਨਾਲ ਗਊਸ਼ਾਲਾਵਾਂ ਤੱਕ ਪਹੁੰਚਾਉਣ ਅਤੇ ਲੋੜ ਅਨੁਸਾਰ ਇਲਾਜ ਤੇ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕਾਓ ਲਿਫਟਰ ਮੁਫ਼ਤ ਮੁਹੱਈਆ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਾਊ ਸੈਸ ਵਜੋਂ ਇਕੱਠੀ ਹੋਈ ਰਾਸ਼ੀ ਦੀ ਪ੍ਰਾਪਤੀ ਲਈ ਨਗਰ ਨਿਗਮ ਅਤੇ ਨਗਰ ਕੌਂਸਲਾਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨ ਅਤੇ ਇਹ ਰਾਸ਼ੀ ਜਾਰੀ ਕਰਵਾ ਕੇ ਲਾਵਾਰਿਸ ਪਸ਼ੂਆਂ ਦੀ ਸਾਂਭ-ਸੰਭਾਲ ਲਈ ਵਰਤੀ ਜਾਵੇ।

ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਨਵੀਆਂ ਰਜਿਸਟਰਡ ਹੋਈਆਂ ਗਊਸ਼ਾਲਾਵਾਂ ਨੂੰ ਸਰਟੀਫਿਕੇਟ ਵੀ ਸੌਂਪੇ ਗਏ। ਮੀਟਿੰਗ ਵਿੱਚ ਨਗਰ ਨਿਗਮ ਮੁਹਾਲੀ ਦੇ ਜੁਆਇੰਟ ਕਮਿਸ਼ਨਰ ਸ੍ਰੀ ਨਵਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀਮਤੀ ਪਰਮਬੀਰ ਕੌਰ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਸ੍ਰੀ ਕਮਲਦੀਪ ਸਿੰਘ, ਆਬਕਾਰੀ ਵਿਭਾਗ ਤੋਂ ਈ.ਟੀ.ਓ. ਸ੍ਰੀ ਦੀਵਾਨ ਚੰਦ, ਵੱਖ-ਵੱਖ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

Continue Reading

Mohali

ਜ਼ਿਲ੍ਹੇ ਵਿੱਚ 18 ਖਰੀਦ ਕੇਂਦਰਾਂ ਰਾਹੀਂ 2,06,148 ਮੀਟ੍ਰਿਕ ਟਨ ਝੋਨਾ ਖਰੀਦਣ ਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

Published

on

By

ਝੋਨੇ ਦੀ ਸਰਕਾਰੀ ਖਰੀਦ ਲਈ ਮੰਡੀਆਂ ਦੀ ਅਲਾਟਮੈਂਟ ਤੇ ਰਾਈਸ ਮਿੱਲਾਂ ਨਾਲ ਲਿੰਕੇਜ ਦੀ ਪ੍ਰਕਿਰਿਆ ਮੁਕੰਮਲ

ਐਸ ਏ ਐਸ ਨਗਰ, 30 ਸਤੰਬਰ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਹੈ ਕਿ ਸਾਉਣੀ ਸੀਜ਼ਨ 2026-27 ਦੌਰਾਨ ਝੋਨੇ ਦੀ ਸਰਕਾਰੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ 18 ਖਰੀਦ ਕੇਂਦਰਾਂ ਰਾਹੀਂ ਲਗਭਗ 2,06,148 ਮੀਟ੍ਰਿਕ ਟਨ ਝੋਨੇ ਦੀ ਖਰੀਦ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਰਾਈਸ ਮਿੱਲਾਂ ਦੀ ਅਲਾਟਮੈਂਟ ਅਤੇ ਖਰੀਦ ਕੇਂਦਰਾਂ ਨਾਲ ਲਿੰਕੇਜ ਦੀ ਪ੍ਰਕਿਰਿਆ ਵੀ ਨਿਯਮਾਂ ਅਨੁਸਾਰ ਜਾਰੀ ਹੈ।

ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਸਰਕਾਰੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕਿਆ ਹੋਇਆ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਮੰਡੀ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨਾਲ ਤਾਲਮੇਲ ਕਰਕੇ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 33 ਰਾਈਸ ਮਿੱਲਾਂ ਦੀ ਅਲਾਟਮੈਂਟ ਹੋ ਚੁੱਕੀ ਹੈ, ਜਦਕਿ ਬਾਕੀ ਰਾਈਸ ਮਿੱਲਾਂ ਦੀ ਅਲਾਟਮੈਂਟ ਅਤੇ ਲਿੰਕੇਜ ਦੀ ਪ੍ਰਕਿਰਿਆ ਵੀ ਨਿਰਧਾਰਤ ਨਿਯਮਾਂ ਅਨੁਸਾਰ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਸਾਰੀਆਂ ਸਬੰਧਤ ਮੰਡੀਆਂ ਵਿੱਚ ਲੋੜੀਂਦਾ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਖਰੀਦ, ਲਿਫ਼ਟਿੰਗ ਅਤੇ ਸਟੋਰੇਜ ਨਾਲ ਸਬੰਧਤ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਅਤੇ ਸੁਚਾਰੂ ਖਰੀਦ ਸਹੂਲਤ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਗਏ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਦਾ ਨਿਪਟਾਰਾ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨਾਲ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ।

Continue Reading

Mohali

ਲੋਕਾਂ ਦੇ ਸਹਿਯੋਗ ਨਾਲ ਸਾਕਾਰ ਹੋਵੇਗਾ ਮੁਹਾਲੀ ਨੂੰ ਸਵੱਛ, ਸੁੰਦਰ ਅਤੇ ਹਰਿਆ ਭਰਿਆ ਬਣਾਉਣ ਦਾ ਟੀਚਾ : ਕੁਲਵੰਤ ਸਿੰਘ

Published

on

By

ਸਵੱਛਤਾ ਹੀ ਸੇਵਾ-2026 ਤਹਿਤ ਮੁਹਾਲੀ ਵਿੱਚ ਸਵੱਛਤਾ ਰੈਲੀ ਨੂੰ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 30 ਸਤੰਬਰ (ਸ.ਬ.) ਨਗਰ ਨਿਗਮ ਮੁਹਾਲੀ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਸੈਕਟਰ-69 ਵਿੱਚ ਵਿਸ਼ਾਲ ਸਵੱਛਤਾ ਰੈਲੀ ਕਰਵਾਈ ਗਈ। ਰੈਲੀ ਨੂੰ ਵਿਧਾਇਕ ਮੁਹਾਲੀ ਸ. ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸੈਕਟਰ-69 ਦੀ ਮੁੱਖ ਮਾਰਕੀਟ ਤੋਂ ਸ਼ੁਰੂ ਹੋਈ ਸਵੱਛਤਾ ਰੈਲੀ ਸੈਕਟਰ-69 ਦੀਆਂ ਵੱਖ-ਵੱਖ ਸੜਕਾਂ ਤੋਂ ਹੁੰਦੀ ਹੋਈ ਕਮਿਊਨਿਟੀ ਸੈਂਟਰ-69 ਵਿਖੇ ਪਹੁੰਚੀ, ਜਿੱਥੇ ਮੁੱਖ ਸਮਾਗਮ ਕਰਵਾਇਆ ਗਿਆ।

ਸਵੱਛਤਾ ਰੈਲੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਸਫ਼ਾਈ ਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਵਿੱਚ ਯੋਗਦਾਨ ਪਾਇਆ। ਇਸ ਮੌਕੇ ‘ਸਵੱਛਤਾ ਪ੍ਰਦਰਸ਼ਨੀ’ ਵੀ ਲਗਾਈ ਗਈ, ਜਿਸ ਵਿੱਚ ਸਫ਼ਾਈ ਅਤੇ ਕੂੜਾ ਪ੍ਰਬੰਧਨ ਨਾਲ ਸਬੰਧਤ ਪ੍ਰਦਰਸ਼ਨੀਆਂ ਦੇ ਨਾਲ ਵਿਸ਼ੇਸ਼ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਨਗਰ ਨਿਗਮ ਵੱਲੋਂ ਸਫ਼ਾਈ ਸੇਵਾਵਾਂ ਵਿੱਚ ਯੋਗਦਾਨ ਪਾਉਣ ਵਾਲੇ ਸਫ਼ਾਈ ਸੈਨਾਨੀਆਂ ਨੂੰ ਦਰਸਾਉਂਦੀਆਂ ਤਖ਼ਤੀਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸ਼ਹਿਰ ਦੀ ਸਫ਼ਾਈ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਨਿਰਧਾਰਤ ਥਾਵਾਂ ਤੇ ਹੀ ਕੂੜਾ ਸੁੱਟਿਆ ਜਾਵੇ ਅਤੇ ਕੂੜੇ ਦੀ ਸਹੀ ਢੰਗ ਨਾਲ ਛਾਂਟੀ ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ।

ਸz. ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਸਫ਼ਾਈ ਮੁਹਿੰਮ ਦੀ ਸਫ਼ਲਤਾ ਲੋਕਾਂ ਦੇ ਸਹਿਯੋਗ ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ, ਪਰ ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਕੇ ਸਵੈ-ਇੱਛਾ ਨਾਲ ਸਫ਼ਾਈ ਪ੍ਰਤੀ ਜ਼ਿੰਮੇਵਾਰ ਬਣਾਉਣਾ ਹੈ। ਉਹਨਾਂ ਦੱਸਿਆ ਕਿ ਮੁਹਾਲੀ ਵਿੱਚ ਲਗਭਗ 8,000 ਪਰਿਵਾਰ ਕੂੜੇ ਨੂੰ ਘਰ ਵਿੱਚ ਹੀ ਖਾਦ ਆਦਿ ਦੇ ਰੂਪ ਵਿੱਚ ਵਰਤ ਕੇ ਇਸ ਦਾ ਸਹੀ ਪ੍ਰਬੰਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਹੋਰ ਲੋਕ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਘਰ ਪੱਧਰ ਤੇ ਕੂੜੇ ਦੇ ਢੁਕਵੇਂ ਪ੍ਰਬੰਧਨ ਨੂੰ ਅਪਣਾਉਣ।

ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ. ਸੰਦੀਪ ਸਿੰਘ ਗਾੜ੍ਹਾ, ਸੀਨੀਅਰ ਡਿਪਟੀ ਮੇਅਰ ਸ੍ਰੀ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਐਸ. ਈ. ਸ੍ਰੀ ਕਮਲਦੀਪ ਸਿੰਘ ਤੋਂ ਇਲਾਵਾ ਮਿਉਂਸਪਲ ਕੌਂਸਲਰ ਸ੍ਰੀਮਤੀ ਅਰੁਣਾ ਸ਼ਰਮਾ, ਸ੍ਰੀ ਰਾਜੀਵ ਵਸ਼ਿਸ਼ਟ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਕੁਲਦੀਪ ਸਿੰਘ ਸਮਾਣਾ, ਸ੍ਰੀ ਜਸਪਾਲ ਸਿੰਘ ਮਟੌਰ, ਸ੍ਰੀ ਦਰਸ਼ਨ ਸਿੰਘ ਮਟੌਰ ਅਤੇ ਸ੍ਰੀ ਅਮਰਜੀਤ ਸਿੰਘ ਸਿੱਧੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Continue Reading

Mohali

ਸਰਕਾਰੀ ਕਾਲਜ ਮੁਹਾਲੀ ਦੀਆਂ ਵਿਦਿਆਰਥਣਾਂ ਨੇ ਅਥਲੈਟਿਕਸ ਮੁਕਾਬਲਿਆਂ ਵਿੱਚ ਜਿੱਤੇ ਤਗਮੇ

Published

on

By

ਐਸ ਏ ਐਸ ਨਗਰ, 30 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4, 2026 ਦੇ ਐਥਲੈਟਿਕਸ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।

ਕਾਲੇਜ ਦੀ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਸਥਾਨ ਅਤੇ 800 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਭਾਵਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਜਦਕਿ ਦਿਵਿਆ ਨੇ 1500 ਮੀਟਰ ਵਿੱਚ ਦੂਜਾ ਸਥਾਨ ਅਤੇ 800 ਮੀਟਰ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਉਹਨਾਂ ਕਿਹਾ ਕਿ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲੇਜ ਦਾ ਮਾਣ ਵਧਿਆ ਹੈ। ਉਹਨਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਇਸ ਮੌਕੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵੀ ਮੌਜੂਦ ਸਨ।

Continue Reading

Latest News

Trending