Punjab
ਮੋਗਾ ਗੋਲੀਕਾਂਡ ਮਾਮਲੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ, ਪ੍ਰਸ਼ਾਸਨ ਤੇ ਜਬਰੀ ਪੋਸਟਮਾਰਟਮ ਕਰਵਾਉਣ ਦੇ ਦੋਸ਼ ਲਗਾਏ
ਮੋਗਾ, 27 ਅਕਤੂਬਰ (ਸ.ਬ.) ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਐਤਵਾਰ ਦੇਰ ਸ਼ਾਮ ਹੋਏ ਗੋਲੀਕਾਂਡ ਵਿੱਚ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਨੇ ਅੱਜ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਹੀ ਜਬਰੀ ਪੋਸਟਮਾਰਟਮ ਕਰਵਾਇਆ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਤੇ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਹ ਮ੍ਰਿਤਕਾਂ ਦਾ ਸਸਕਾਰ ਨਹੀਂ ਕਰਨਗੇ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ। ਮੌਕੇ ਤੇ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ।
ਪਰਿਵਾਰਾਂ ਦਾ ਦੋਸ਼ ਹੈ ਕਿ ਪੁਲੀਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਉਣ ਦੀ ਬਜਾਏ ਮਾਮਲੇ ਨੂੰ ਠੰਢਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਤੱਕ ਮੁਲਜ਼ਮਾਂ ਖ਼ਿਲਾਫ਼ ਠੋਸ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਹ ਸਸਕਾਰ ਕਿਵੇਂ ਕਰ ਸਕਦੇ ਹਨ। ਪਰਿਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।
ਪਰਿਵਾਰਾਂ ਦੇ ਵਿਰੋਧ ਦੌਰਾਨ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਵੀ ਮੌਕੇ ਤੇ ਮੌਜੂਦ ਰਹੇ। ਹਾਲਾਂਕਿ, ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਅਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।
ਪਰਿਵਾਰ ਆਪਣੀਆਂ ਮੰਗਾਂ ਤੇ ਅੜੇ ਹੋਏ ਹਨ। ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮਨਾਉਣ ਅਤੇ ਸਸਕਾਰ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਖ਼ਬਰ ਲਿਖੇ ਜਾਣ ਤੱਕ ਸਥਿਤੀ ਤਣਾਅਪੂਰਨ ਬਣੀ ਹੋਈ ਸੀ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂ ਵੀ ਮੌਕੇ ਤੇ ਪਹੁੰਚਣ ਲੱਗ ਪਏ।
Mohali
ਕਰਵਾ ਚੌਥ ਦੇ ਤਿਉਹਾਰ ਵਾਸਤੇ ਮਾਰਕੀਟਾਂ ਵਿੱਚ ਲੱਗੀਆਂ ਰੌਣਕਾਂ
ਐਸ ਏ ਐਸ ਨਗਰ, 27 ਅਕਤੂਬਰ (ਸ.ਬ.) 29 ਅਕਤੂਬਰ ਦਿਨ ਵੀਰਵਾਰ ਨੂੰ ਮਨਾਏ ਜਾਣ ਵਾਲੇ ਕਰਵਾ ਚੌਥ ਦੇ ਤਿਉਹਾਰ ਸਬੰਧੀ ਮੁਹਾਲੀ ਸ਼ਹਿਰ ਦੀਆਂ ਵੱਖ ਵੱਖ ਮਾਰਕੀਟਾਂ ਵਿੱਚ ਪੂਰੀਆਂ ਰੌਣਕਾਂ ਲੱਗ ਗਈਆਂ ਹਨ। ਸ਼ਹਿਰ ਦੀਆਂ ਕਰੀਬ ਸਾਰੀਆਂ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਵਾਲੇ ਲੋਕਾਂ ਦੀ ਭੀੜ ਨਜ਼ਰ ਆਉਂਦੀ ਹੈ ਅਤੇ ਵੱਡੀ ਗਿਣਤੀ ਲੋਕ ਤਿਉਹਾਰਾਂ ਨਾਲ ਸਬੰਧਿਤ ਸਮਾਨ ਅਤੇ ਹੋਰ ਚੀਜ਼ਾਂ ਨੂੰ ਖਰੀਦ ਰਹੇ ਹਨ।
ਕਰਵਾ ਚੌੌਥ ਦੇ ਤਿਉਹਾਰ ਸਬੰਧੀ ਮਹਿਲਾਵਾਂ ਵਿੱਚ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਤਿਉਹਾਰ ਮਹਿਲਾਵਾਂ ਅਤੇ ਉਹਨਾਂ ਦੇ ਪਤੀਆਂ ਨਾਲ ਸਬੰਧਿਤ ਹੈ। ਇਸ ਦਿਨ ਵੱਡੀ ਗਿਣਤੀ ਮਹਿਲਾਵਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਦੀਆਂ ਹਨ। ਕਰਵਾ ਚੌਥ ਦੇ ਤਿਉਹਾਰ ਮੌਕੇ ਪਾਉਣ ਲਈ ਵੱਡੀ ਗਿਣਤੀ ਮਹਿਲਾਵਾਂ ਨਵੇਂ ਕੱਪੜੇ ਵੀ ਖਰੀਦਦੀਆਂ ਦਿਖਾਈ ਦੇ ਰਹੀਆਂ ਹਨ।
ਵੱਖ- ਵੱਖ ਮਾਰਕੀਟਾਂ ਵਿੱਚ ਅਨੇਕਾਂ ਦੁਕਾਨਦਾਰਾਂ ਅਤੇ ਰੇਹੜੀਆਂ- ਫੜੀਆਂ ਵਾਲਿਆਂ ਨੇ ਕਰਵਾ ਚੌਥ ਦੇ ਵਰਤ ਨਾਲ ਸਬੰਧਿਤ ਸਮਾਨ ਜਿਵੇਂ ਮਿੱਟੀ ਦਾ ਕਰੂਆ ਅਤੇ ਢੱਕਣ, ਛਾਨਣੀ, ਦੀਵਾ, ਘਿਓ, ਬੱਤੀ ਅਤੇ ਚੰਦਨ, ਸੋਟੀ (ਤਿਲ ਦੇ ਬੀਜ), ਰੋਲੀ, ਚੌਲਾਂ ਦੇ ਦਾਣੇ, ਪਵਿੱਤਰ ਧਾਗਾ, ਧੂਪ, ਖਾਣ ਲਈ ਸੇਵੀਂਆਂ (ਫਿਉਨੀਆਂ) ਸੁਹਾਗ ਦੀਆਂ ਚੀਜ਼ਾਂ (ਚੂੜੀਆਂ, ਬਿੰਦੀ, ਸਿੰਦੂਰ, ਆਦਿ) ਵੇਚਣ ਲਈ ਸਜਾ ਕੇ ਰੱਖੇ ਹੋਏ ਹਨ। ਇਸ ਤੋਂ ਇਲਾਵਾ ਮਾਰਕੀਟਾਂ ਵਿੱਚ ਮਹਿੰਦੀ ਲਗਾਉਣ ਵਾਲੇ ਵੀ ਆਪਣੀਆਂ ਦੁਕਾਨਾਂ ਸਜਾ ਕੇ ਬੈਠੇ ਹਨ। ਵੱਖ- ਵੱਖ ਉਮਰ ਵਰਗ ਦੀਆਂ ਮਹਿਲਾਵਾਂ ਆਪਣੇ ਦੋਵਾਂ ਹੱਥਾਂ ਤੇ ਸ਼ਗਨਾਂ ਦੀ ਮਹਿੰਦੀ ਵੀ ਲਗਵਾਉਂਦੀਆਂ ਨਜ਼ਰ ਆ ਰਹੀਆਂ ਹਨ।
ਵੱਖ- ਵੱਖ ਹਲਵਾਈਆਂ ਅਤੇ ਮਿਠਾਈਆਂ ਵੇਚਣ ਵਾਲੀਆਂ ਦੁਕਾਨਾਂ ਤੇ ਵੀ ਵੱਡੀ ਗਿਣਤੀ ਲੋਕ ਮਿਠਾਈਆਂ ਖਰੀਦਦੇ ਵੀ ਵੇਖੇ ਜਾ ਰਹੇ ਹਨ। ਵੱਡੀ ਗਿਣਤੀ ਲੋਕ ਵੱਖ ਵੱਖ ਕਿਸਮਾਂ ਦੇ ਫਲ ਵੀ ਖਰੀਦਦੇ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਵੱਖ ਵੱਖ ਕਿਸਮ ਦੇ ਡਰਾਈ ਫਰੂਟ ਦੀ ਵੀ ਵਿਕਰੀ ਕਾਫੀ ਹੋ ਰਹੀ ਹੈ। ਜਿਹੜੇ ਲੋਕ ਸਾਕਾਹਾਰੀ ਹਨ, ਉਹ ਡਰਾਈ ਫਰੂਟ ਨੂੰ ਕਾਫੀ ਪਸੰਦ ਕਰਦੇ ਹਨ।
ਇਸ ਸਮੇਂ ਭਾਰਤ ਵਿੱਚ ਤਿਉਹਾਰਾਂ ਦਾ ਮੌਸਮ ਚੱਲ ਰਿਹਾ ਹੈ ਅਤੇ ਹਰ ਪਾਸੇ ਉਤਸ਼ਾਹ ਅਤੇ ਤਿਉਹਾਰਾਂ ਦੀ ਰੌਣਕ ਵਾਲਾ ਮਾਹੌਲ ਬਣਿਆ ਦਿਖਾਈ ਦੇ ਰਿਹਾ ਹੈ। ਵੱਡੀ ਗਿਣਤੀ ਦੁਕਾਨਦਾਰਾਂ ਨੇ ਤਿਉਹਾਰਾਂ ਕਾਰਨ ਆਪਣੀਆਂ ਦੁਕਾਨਾਂ, ਸ਼ੋਅਰੂਮਾਂ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਹੋਇਆ ਹੈ। ਇਸ ਤੋਂ ਇਲਾਵਾ ਕਰੀਬ ਸਾਰੀਆਂ ਮਾਰਕੀਟਾਂ ਨੂੰ ਵੀ ਬਿਜਲਈ ਲੜੀਆਂ ਅਤੇ ਸਜਾਵਟ ਦੇ ਹੋਰ ਸਮਾਨ ਨਾਲ ਚੰਗੀ ਤਰ੍ਹਾਂ ਸ਼ਿੰਗਾਰਿਆ ਹੋਇਆ ਹੈ। ਕੁਝ ਦਿਨ ਪਹਿਲਾਂ ਮਨਾਏ ਗਏ ਦੁਸ਼ਹਿਰੇ ਦੇ ਤਿਉਹਾਰ ਮੌਕੇ ਵੱਖ- ਵੱਖ ਦੁਕਾਨਦਾਰਾਂ, ਵਪਾਰੀਆਂ ਅਤੇ ਕੰਪਨੀਆਂ ਦੀ ਵਿਕਰੀ ਚੰਗੀ ਰਹਿਣ ਅਤੇ ਚੰਗੀ ਕਮਾਈ ਹੋਣ ਕਾਰਨ ਉਹਨਾਂ ਨੂੰ ਉਮੀਦ ਹੈ ਕਿ ਇਸ ਵਾਰ ਕਰਵਾ ਚੌਥ, ਦਿਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਵੱਖ- ਵੱਖ ਕਿਸਮਾਂ ਦੇ ਸਮਾਨ ਦੀ ਚੰਗੀ ਵਿਕਰੀ ਹੋਵੇਗੀ।
ਸ਼ਾਮ ਸਮੇਂ ਅਤੇ ਰਾਤ ਸਮੇਂ ਮੁਹਾਲੀ ਸ਼ਹਿਰ ਦੀਆਂ ਵੱਖ ਵੱਖ ਮਾਰਕੀਟਾਂ ਵਿੱਚ ਕੀਤੀ ਗਈ ਸਜਾਵਟ ਅਤੇ ਖਰੀਦਦਾਰੀ ਕਰਨ ਵਾਲੇ ਲੋਕਾਂ ਦੀਆਂ ਭੀੜਾਂ ਯਾਦਗਾਰੀ ਦ੍ਰਿਸ਼ ਪੇਸ਼ ਕਰਦੀਆਂ ਹਨ। ਬੱਚਿਆਂ ਤੋਂ ਲੈ ਕੇ ਨੌਜਵਾਨ ਮੁੰਡੇ ਕੁੜੀਆਂ ਅਤੇ ਹਰ ਉਮਰ ਵਰਗ ਦੇ ਲੋਕ ਸ਼ਹਿਰ ਵਿੱਚ ਤਿਉਹਾਰਾਂ ਕਾਰਨ ਲੱਗੀਆਂ ਰੌਣਕਾਂ ਦਾ ਆਨੰਦ ਮਾਣ ਰਹੇ ਹਨ।
Mohali
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਤਸੰਗ ਸੈਕਟਰ 21 ਸੀ ਚੰਡੀਗੜ੍ਹ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕਥਾ ਤੇ ਕੀਰਤਨ ਦਰਬਾਰ ਕਰਵਾਇਆ ਗਿਆ।
ਸਮਾਗਮ ਵਿੱਚ ਉਚੇਚੇ ਤੌਰ ਤੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੇ ਜਥੇ ਵੱਲੋਂ ਇਲਾਹੀ ਬਾਣੀ ਤੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਤਜਿੰਦਰਪਾਲ ਸਿੰਘ ਤੁੰਗ, ਦਵਿੰਦਰ ਸਿੰਘ ਗਿੱਲ, ਬਲਵਿੰਦਰ ਸਿੰਘ, ਰਣਵੀਰ ਸਿੰਘ, ਲੱਕੀ, ਭਾਈ ਗੁਰਮੀਤ ਸਿੰਘ ਹੈਡ ਗ੍ਰੰਥੀ, ਭਾਈ ਹਰਪਾਲ ਸਿੰਘ ਮੀਤ ਗ੍ਰੰਥੀ, ਭਾਈ ਮੱਖਣ ਸਿੰਘ ਹਜੂਰੀ ਰਾਗੀ ਸਮੇਤ ਬੇਅੰਤ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਹਾਜਰੀ ਲਵਾਈ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Mohali
ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਟ੍ਰੈਫਿਕ ਐਜੂਕੇਸ਼ਨ ਸੈਲ ਅਤੇ ਸਾਂਝ ਕੇਂਦਰ ਸਿਟੀ-1 ਦੇ ਇੰਚਾਰਜ ਏ.ਐਸ.ਆਈ. ਜਨਕ ਰਾਜ ਵੱਲੋਂ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਅਤੇ ਵਿਦਿਆਰਥਣਾਂ ਲਈ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਅਤੇ ਸਾਂਝ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ, ਵਿਦਿਆਰਥਣਾਂ ਨੂੰ ਪੁਲੀਸ ਸਹਾਇਤਾ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 112 ਅਤੇ ਸਾਈਬਰ ਕ੍ਰਾਈਮ ਨਾਲ ਸਬੰਧਤ ਮਾਮਲਿਆਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1930 ਦੀ ਵਰਤੋਂ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਇੱਕ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Punjab2 months agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali2 months agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
National2 months agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
