Chandigarh
ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ
ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ-ਮਨੀ ਮਾਮਲੇ ਵਿੱਚ ਲਗਪਗ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ (ਸਪਲੀਮੈਂਟਰੀ ਦੋਸ਼ ਪੱਤਰ) ਦਾਖ਼ਲ ਕੀਤੀ ਗਈ ਹੈ।
ਸਰਕਾਰੀ ਬੁਲਾਰੇ ਅਨੁਸਾਰ ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਲਗਪਗ 736.96 ਕਰੋੜ ਰੁਪਏ ਦੀ ਡਰੱਗ-ਮਨੀ (ਨਸ਼ੇ ਦੀ ਕਮਾਈ) ਦੇ ਲੈਣ-ਦੇਣ ਦਾ ਪਤਾ ਲਗਾਇਆ ਗਿਆ ਹੈ। ਇਸ ਵਿੱਚ 161 ਕਰੋੜ ਰੁਪਏ ਦੇ ਗ਼ੈਰ-ਹਿਸਾਬੀ ਨਕਦ ਜਮ੍ਹਾਂ, 141 ਕਰੋੜ ਰੁਪਏ ਸ਼ੱਕੀ ਵਿਦੇਸ਼ੀ ਇਕਾਈਆਂ ਰਾਹੀਂ ਭੇਜੇ ਗਏ ਅਤੇ 236 ਕਰੋੜ ਰੁਪਏ ਕੰਪਨੀਆਂ ਦੇ ਖਾਤਿਆਂ ਵਿੱਚ ਅਣ ਐਲਾਨੀ ਰਕਮ ਵਜੋਂ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਾਖ਼ਲ ਕੀਤੀ ਗਈ ਪਹਿਲੀ ਚਾਰਜਸ਼ੀਟ ਵਿੱਚ 540 ਕਰੋੜ ਰੁਪਏ ਦੀਆਂ ਸੰਪਤੀਆਂ ਦਾ ਜ਼ਿਕਰ ਕੀਤਾ ਗਿਆ ਸੀ।
ਬੁਲਾਰੇ ਨੇ ਦੱਸਿਆ ਕਿ ਜਾਂਚ ਵਿੱਚ ਮਜੀਠੀਆ ਦੇ ਵਿੱਤੀ ਨੈਟਵਰਕ, ਸ਼ਰਾਬ ਕੰਪਨੀਆਂ ਦੇ ਤਬਾਦਲਿਆਂ (ਟ੍ਰਾਂਸਫਰਾਂ) ਅਤੇ ਅੰਤਰਰਾਸ਼ਟਰੀ ਤਸਕਰਾਂ ਨਾਲ ਕਥਿਤ ਸਬੰਧਾਂ ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਕੇਸ ਦੇ ਪੁਰਾਣੇ ਰਿਕਾਰਡਾਂ ਵਿੱਚ ਸਤਪ੍ਰੀਤ ਸਿੰਘ ਉਰਫ਼ ‘ਸੱਤਾ’ ਅਤੇ ਪਰਮਿੰਦਰ ਸਿੰਘ ਉਰਫ਼ ‘ਪਿੰਡੀ’ ਨਾਲ ਉਨ੍ਹਾਂ ਦੇ ਸਬੰਧਾਂ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ਵਿੱਚ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਆਪਣੀ ਗੱਡੀ ਵਿੱਚ ਲੈ ਕੇ ਜਾਣ ਦੇ ਦਾਅਵੇ ਵੀ ਸ਼ਾਮਲ ਹਨ।
ਸਰਕਾਰੀ ਬੁਲਾਰੇ ਨੇ ਕਿਹਾ ਕਿ ਜਾਂਚ ਵਿੱਚ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕੀਤੀ ਗਈ ਹੈ, ਜਿਸ ਵਿੱਚ ‘ਸਰਾਇਆ ਇੰਡਸਟਰੀਜ਼’ ਪ੍ਰਮੁੱਖ ਤੌਰ ਤੇ ਸਾਹਮਣੇ ਆਈ ਹੈ। ਜਾਂਚ ਦੌਰਾਨ ਸ਼ਰਾਬ ਕੰਪਨੀਆਂ, ਸ਼ੱਕੀ ਵਿਦੇਸ਼ੀ ਇਕਾਈਆਂ ਅਤੇ ਅਕਾਲੀ ਆਗੂ ਨਾਲ ਜੁੜੇ ਵਪਾਰਕ ਸਹਿਯੋਗੀਆਂ ਦੇ ਲੈਣ-ਦੇਣ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
Chandigarh
31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 31 ਅਕਤੂਬਰ ਦਿਨ ਸ਼ਨੀਵਾਰ ਨੂੰ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ।
ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਹੋਵੇਗੀ, ਜਿਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ਤੇ ਹੀ ਤੈਅ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।
Chandigarh
ਵਿਜੀਲੈਂਸ ਵੱਲੋਂ ਲੁਧਿਆਣਾ ਨਗਰ ਨਿਗਮ ਦਾ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ।
ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Chandigarh
ਹੰਗਾਮੇ ਭਰਿਆ ਰਿਹਾ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਆਖ਼ਰੀ ਦਿਨ
ਕਾਂਗਰਸੀ ਵਿਧਾਇਕਾਂ ਨੇ ਸਰਕਾਰ ਵਿਰੁੱਧ ਵੱਖ-ਵੱਖ ਮੁੱਦਿਆਂ ਤੇ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ
ਚੰਡੀਗੜ੍ਹ, 27 ਅਕਤੂਬਰ (ਸ.ਬ.) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਪੰਜਾਬ ਵਿਧਾਨ ਸਭਾ ਇਜਲਾਸ ਦੀ ਆਖਰੀ ਬੈਠਕ ਤੋਂ ਪਹਿਲਾਂ, ਕਾਂਗਰਸੀ ਵਿਧਾਇਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਵੱਖ-ਵੱਖ ਮੁੱਦਿਆਂ ਤੇ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦਾ ਚੋਣ ਨਿਸ਼ਾਨ ‘ਝਾੜੂ’ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕਾਂ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਉੱਤੇ ਸਰਕਾਰ ਦੀ ਘੇਰਾਬੰਦੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਉਸ ਨੂੰ ਸਾਂਭਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ਼ ਨਹੀਂ ਮਿਲ ਪਾ ਰਿਹਾ ਹੈ, ਜਦੋਂਕਿ ਲੰਘੇ ਦਿਨ ਮੋਗਾ ਵਿੱਚ ਹੋਏ ਕਤਲਾਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ।
ਇਸ ਦੌਰਾਨ ਪੱਤਰਕਾਰ ਗੈਲਰੀ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਧਾਇਕ ਉਸ ਵੇਲੇ ਆਪਸ ਵਿਚ ਭਿੜ ਗਏ ਜਦੋਂ ਕੁਲਦੀਪ ਸਿੰਘ ਧਾਲੀਵਾਲ ਪੱਤਰਕਾਰਾਂ ਨਾਲ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ । ਇਸ ਮੌਕੇ ਸੱਤਾ ਧਿਰ ਦੇ ਵਿਧਾਇਕ ਇਹ ਵੀ ਦੋਸ਼ ਲਗਾਇਆ ਕਿ ਪ੍ਰਤਾਪ ਬਾਜਵਾ ਨੇ ਉਨ੍ਹਾਂ ਨੂੰ ਕੂਹਣੀ ਮਾਰੀ ਹੈ।
ਦੂਜੇ ਪਾਸੇ ਕਾਂਗਰਸ ਨੇ ਦੋਸ਼ ਲਗਾਇਆ ਕਿ ਸੱਤਾਧਿਰ ਪੋਡੀਅਮ ਤੇ ਧੱਕੇ ਨਾਲ ਕਬਜ਼ਾ ਕਰਵਾ ਰਹੀ ਹੈ। ਸਰਕਾਰ ਚਾਹੁੰਦੀ ਹੈ ਕਿ ਅੰਦਰ ਵੀ ਸਾਡਾ ਕਬਜ਼ਾ ਰਹੇ ਅਤੇ ਬਾਹਰ ਵੀ ਅਸੀਂ ਬੋਲੀਏ। ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਕੰਮਕਾਜ ਤੇ ਸਵਾਲ ਚੁੱਕਦਿਆਂ ਸਰਕਾਰ ਦੀ ਕਾਰਗੁਜ਼ਾਰੀ ਨੂੰ ਘੇਰਿਆ ਅਤੇ ਸੁਖਪਾਲ ਖਹਿਰਾ ਖ਼ਿਲਾਫ ਪਾਸ ਕੀਤੇ ਮਤੇ ਦੀ ਕਾਪੀ ਵੀ ਪਾੜ ਕੇ ਸੁੱਟ ਦਿੱਤੀ।
ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਯਮੁਨਾ ਦੇ ਪਾਣੀਆਂ ਵਿੱਚ ਰਾਜ ਦੇ ਹੱਕੀ ਅਤੇ ਜਾਇਜ਼ ਹਿੱਸੇ ਦੀ ਪ੍ਰਾਪਤੀ ਲਈ ਇੱਕ ਵਿਸ਼ੇਸ਼ ਮਤਾ ਪੇਸ਼ ਕੀਤਾ। ਮਤੇ ਵਿੱਚ ਕਿਹਾ ਗਿਆ ਹੈ ਕਿ 1966 ਵਿੱਚ ਪੰਜਾਬ ਦੇ ਪੁਨਰਗਠਨ ਤੋਂ ਪਹਿਲਾਂ ਯਮੁਨਾ ਨਦੀ ਅਣਵੰਡੇ ਪੰਜਾਬ ਵਿੱਚੋਂ ਵਗਦੀ ਸੀ, ਜਿਸ ਕਰਕੇ ਪੰਜਾਬ ਦਾ ਇਸ ਦੇ ਪਾਣੀਆਂ ਉੱਤੇ ਇਤਿਹਾਸਕ ਅਤੇ ਕਾਨੂੰਨੀ ਹੱਕ ਬਣਦਾ ਹੈ। ਬਰਿੰਦਰ ਗੋਇਲ ਨੇ ਸਦਨ ਵਿੱਚ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਵਿਖੇ ਸਥਿਤ ਸਿੰਚਾਈ ਹੈਡਵਰਕਸ ਦੇ ਪ੍ਰਬੰਧ ਅਤੇ ਸੰਚਾਲਨ ਨੂੰ ਪੰਜਾਬ ਸਰਕਾਰ ਦੇ ਅਧੀਨ ਕਰਨ ਲਈ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 79(1)(ਸੀ) ਵਿੱਚ ਸੋਧ ਕਰਨ ਸਬੰਧੀ ਮਤਾ ਪੇਸ਼ ਕੀਤਾ। ਮਤੇ ਵਿੱਚ ਕਿਹਾ ਗਿਆ ਹੈ ਕਿ ਇਹ ਹੈਡਵਰਕਸ ਪੰਜਾਬ ਦੀ ਭੂਗੋਲਿਕ ਹੱਦ ਅੰਦਰ ਆਉਂਦੇ ਹਨ, ਇਸ ਲਈ ਇਨ੍ਹਾਂ ਦਾ ਨਿਯੰਤਰਣ (ਕੰਟਰੋਲ) ਪੰਜਾਬ ਕੋਲ ਹੀ ਹੋਣਾ ਚਾਹੀਦਾ ਹੈ। ਮਤੇ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 79 ਤਹਿਤ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਭਭੰਭ) ਨੂੰ ਇਨ੍ਹਾਂ ਹੈਡਵਰਕਸ ਦਾ ਪ੍ਰਬੰਧ ਸੌਂਪਣਾ ਸੰਵਿਧਾਨ ਦੀ ਸੱਤਵੀਂ ਅਨੁਸੂਚੀ (ਰਾਜ ਸੂਚੀ) ਦੀ ਐਂਟਰੀ 17 ਦੇ ਵਿਰੁੱਧ ਹੈ, ਕਿਉਂਕਿ ਪਾਣੀ ਨੂੰ ਨਿਯਮਿਤ ਕਰਨ ਦਾ ਅਧਿਕਾਰ ਰਾਜ ਕੋਲ ਹੀ ਹੈ। ਦੇਸ਼ ਦੇ ਹੋਰਨਾਂ ਸੂਬਿਆਂ (ਜਿਵੇਂ ਹਰਿਆਣਾ ਦਾ ਹਥਨੀਕੁੰਡ ਬੈਰੇਜ, ਰਾਜਸਥਾਨ ਦਾ ਕੋਟਾ ਬੈਰੇਜ ਅਤੇ ਦਿੱਲੀ ਦਾ ਓਖਲਾ ਬੈਰੇਜ) ਵਿੱਚ ਹੈਡਵਰਕਸ ਦੀ ਮਲਕੀਅਤ ਅਤੇ ਸੰਚਾਲਨ ਉਸੇ ਸੂਬੇ ਕੋਲ ਹੈ, ਜਿੱਥੇ ਉਹ ਸਥਿਤ ਹਨ। ਉਹਨਾਂ ਕਿਹਾ ਕਿ ਇਨ੍ਹਾਂ ਹੈਡਵਰਕਸ ਨੂੰ ਪੰਜਾਬ ਦੇ ਹਵਾਲੇ ਕਰਨ ਨਾਲ ਹਰਿਆਣਾ ਦੇ ਹਿੱਤ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਇੱਥੋਂ ਹਰਿਆਣਾ ਨੂੰ ਕੋਈ ਪਾਣੀ ਸਪਲਾਈ ਨਹੀਂ ਕੀਤਾ ਜਾਂਦਾ ਅਤੇ ਹਰੀਕੇ ਵਿਖੇ ਰਾਜਸਥਾਨ ਦੇ ਪਾਣੀ ਦੀ ਨਿਗਰਾਨੀ ਪਹਿਲਾਂ ਹੀ ਸਾਂਝੇ ਤੌਰ ਤੇ ਕੀਤੀ ਜਾਂਦੀ ਹੈ।
ਇਸ ਤੋਂ ਪਹਿਲਾਂ ਸਦਨ ਵਿੱਚ ਸਿਫ਼ਰ ਕਾਲ ਦੌਰਾਨ ਵਿਧਾਇਕ ਹਰਮੀਤ ਸਿੰਘ ਨੇ ਚੋਣਾਂ ਵਿੱਚ ਡਰੱਗ ਮਨੀ ਦੀ ਵਰਤੋਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਏ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਅਜਿਹੀ ਮਹਿਲਾ ਨੂੰ ਹਲਕਾ ਇੰਚਾਰਜ ਬਣਾਇਆ ਹੈ, ਜਿਸ ਦੇ ਪਤੀ ਵਿਰੁੱਧ ਰੈਡ ਕਾਰਨਰ ਨੋਟਿਸ ਜਾਰੀ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਡਰੱਗ ਮਨੀ ਦੀ ਵਰਤੋਂ ਹੋਈ ਹੈ ਅਤੇ ਹਲਕੇ ਦੇ ਕਈ ਸਰਪੰਚਾਂ ਦੇ ਕਤਲ ਹੋਏ ਹਨ, ਇਸ ਲਈ ਇਸ ਪੂਰੇ ਮਾਮਲੇ ਦੀ ਜਾਂਚ ਸਿੱਟ ਗਠਿਤ ਕਰ ਕੇ ਕੀਤੀ ਜਾਵੇ। ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਦਾ ਨਾਂ ਭਾਈ ਘਨੱਈਆ ਜੀ ਦੇ ਨਾਂ ਤੇ ਰੱਖਣ ਦੀ ਮੰਗ ਕੀਤੀ ਹੈ।
ਇਸ ਦੌਰਾਨ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਟੱਲੀ ਵਾਲੀ ਬੋਤਲ ਲੈ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਬੋਤਲ ਦਿਖਾ ਕੇ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ਤੇ ਘੇਰਦਿਆਂ ਦਾਅਵਾ ਕੀਤਾ ਕਿ ਉਹ ਇਸ ਬੋਤਲ ਰਾਹੀਂ ਮੁੱਖ ਮੰਤਰੀ ਦੀ ਪਸੰਦ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਉਠਾ ਰਹੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਉਹ ਪਹਿਲਾਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਗਏ ਸਨ ਪਰ ਉਨ੍ਹਾਂ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹੁਣ ਉਹ ਵਿਧਾਨ ਸਭਾ ਦੇ ਬਾਹਰ ਬੋਤਲ ਲੈ ਕੇ ਪਹੁੰਚੇ ਹਨ।
ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਧਿਰ ਕਾਂਗਰਸ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮੁੱਦੇ ਤੇ ਮਤਾ ਲਿਆਉਣ ਸਮੇਂ ਕਾਂਗਰਸੀ ਵਿਧਾਇਕ ਵਿਧਾਨ ਸਭਾ ਵਿੱਚੋਂ ਚਲੇ ਗਏ, ਜਦਕਿ ਉਨ੍ਹਾਂ ਦੀ ਸਰਕਾਰ ਪਾਣੀਆਂ ਦੀ ਰਾਖੀ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਉਸ ਦੇ ਆਗੂ ਰੋਜ਼ਾਨਾ ਸਦਨ ਵਿੱਚ ਆ ਕੇ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹਨ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ਤੇ ਵੋਟ ਚੋਰੀ ਦਾ ਮੁੱਦਾ ਉਠਾਉਣ ਵਾਲੇ ਵਿਰੋਧੀ ਧਿਰ ਦੇ ਆਗੂ ਇੱਥੇ ਬਹਿਸ ਦਾ ਸਾਹਮਣਾ ਨਹੀਂ ਕਰ ਰਹੇ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
