Mohali
ਮੌਲੀ ਬੈਦਵਾਨ ਵਿੱਚ ਲੋਕਾਂ ਦੀ ਸਿਹਤ ਨਾਲ ਹੋ ਰਿਹਾ ਹੈ ਖਿਲਵਾੜ : ਕੁਲਜੀਤ ਸਿੰਘ ਬੇਦੀ
ਦੋ ਸਾਲਾਂ ਤੋਂ ਸੜਕ ਦੀ ਨਹੀਂ ਹੋਈ ਉਸਾਰੀ, ਥਾਂ-ਥਾਂ ਡੂੰਘੇ ਟੋਏ, ਖੁੱਲ੍ਹਾ ਗੰਦਾ ਨਾਲਾ ਅਤੇ ਉੱਡਦੀ ਧੂੜ ਨੇ ਵਸਨੀਕਾਂ ਦਾ ਜਿਊਣਾ ਕੀਤਾ ਮੁਸ਼ਕਿਲ
ਐਸ ਏ ਐਸ ਨਗਰ, 2 ਨਵੰਬਰ (ਸ.ਬ.) ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪਿੰਡ ਮੌਲੀ ਬੈਦਵਾਨ ਦੇ ਨਾਲ ਪੈਂਦੇ ਘਰਾਂ ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਦੀ ਘਾਟ ਅਤੇ ਨਰਕਮਈ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਪਿੰਡ ਵਾਸੀਆਂ ਵਲੋਂ ਫਿਰਨੀ ਵਾਲੀ ਸੜਕ ਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਪਹੁੰਚੇ ਸz. ਬੇਦੀ ਨੇ ਕਿਹਾ ਕਿ ਗਮਾਡਾ ਵੱਲੋਂ ਅਲਾਟ ਕੀਤੇ ਗਏ ਪਲਾਟਾਂ ਦੇ ਸਾਹਮਣੇ 40 ਫੁੱਟ ਚੌੜੀ ਸੜਕ ਦਾ ਪ੍ਰਾਵਧਾਨ ਹੋਣ ਦੇ ਬਾਵਜੂਦ ਵਸਨੀਕਾਂ ਨੂੰ ਸੜਕ ਦੀ ਸਹੂਲਤ ਨਹੀਂ ਮਿਲ ਰਹੀ। ਉਹਨਾਂ ਕਿਹਾ ਕਿ ਗਮਾਡਾ ਵਲੋਂ 40 ਫੁੱਟ ਚੌੜੀ ਸੜਕ ਬਣਾਉਣ ਦੀ ਥਾਂ ਪਿੰਡ ਦੀ ਫਿਰਨੀ ਨੂੰ ਹੀ ਸੜਕ ਵਜੋਂ ਦਰਸਾ ਦਿੱਤਾ ਗਿਆ ਹੈ, ਜਦੋਂਕਿ ਕਈ ਥਾਵਾਂ ਤੇ ਫਿਰਨੀ ਦੀ ਚੌੜਾਈ 20 ਫੁੱਟ ਵੀ ਨਹੀਂ ਹੈ।
ਇਸ ਮੌਕੇ ਵਸਨੀਕਾਂ ਨੇ ਕਿਹਾ ਕਿ ਰਸਤੇ ਤੇ ਹਾਈਵੇ ਵਰਗੀ ਆਵਾਜਾਈ ਹੈ, ਜਿੱਥੋਂ ਹਰ ਸਮੇਂ ਭਾਰੀ ਵਾਹਨ ਲੰਘਦੇ ਹਨ ਅਤੇ ਇਨ੍ਹਾਂ ਵਾਹਨਾਂ ਕਾਰਨ ਉੱਡਣ ਵਾਲੀ ਧੂੜ ਨੇ ਲੋਕਾਂ ਦੀ ਜ਼ਿੰਦਗੀ ਨਰਕ ਬਣਾ ਦਿੱਤੀ ਹੈ। ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਇੱਥੇ ਰਹਿਣਾ ਮੁਸ਼ਕਿਲ ਹੋ ਰਿਹਾ ਹੈ। ਲੋਕਾਂ ਨੇ ਖਦਸ਼ਾ ਜਤਾਇਆ ਕਿ ਲਗਾਤਾਰ ਧੂੜ-ਮਿੱਟੀ ਦੇ ਸੰਪਰਕ ਵਿੱਚ ਰਹਿਣ ਕਾਰਨ ਇਲਾਕੇ ਦੇ ਲੋਕ ਅਸਥਮਾ ਅਤੇ ਸਾਹ ਦੀਆਂ ਹੋਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।
ਇਲਾਕੇ ਦੀ ਸਭ ਤੋਂ ਵੱਡੀ ਸ਼ਿਕਾਇਤ ਇਹ ਹੈ ਕਿ ਪਿਛਲੇ ਦੋ ਸਾਲਾਂ ਤੋਂ ਸੜਕ ਦੀ ਕੋਈ ਢੰਗ ਨਾਲ ਉਸਾਰੀ ਨਹੀਂ ਹੋਈ। ਸੜਕ ਤੇ ਥਾਂ-ਥਾਂ ਵੱਡੇ-ਵੱਡੇ ਖੱਡੇ ਪਏ ਹੋਏ ਹਨ ਅਤੇ ਇਸ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ। ਸੜਕ ਦੀ ਮੁਰੰਮਤ ਅਤੇ ਉਸਾਰੀ ਨਾ ਹੋਣ ਕਾਰਨ ਵਾਹਨਾਂ ਦੀ ਆਵਾਜਾਈ ਦੌਰਾਨ ਸਾਰਾ ਦਿਨ ਧੂੜ-ਮਿੱਟੀ ਉੱਡਦੀ ਰਹਿੰਦੀ ਹੈ।
ਵਸਨੀਕਾਂ ਦੀ ਸ਼ਿਕਾਇਤ ਹੈ ਕਿ ਸੜਕ ਤੇ ਥਾਂ-ਥਾਂ ਵੱਡੇ-ਵੱਡੇ ਖੱਡੇ ਪਏ ਹੋਏ ਹਨ ਅਤੇ ਇਸ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ। ਸੜਕ ਦੀ ਮੁਰੰਮਤ ਅਤੇ ਉਸਾਰੀ ਨਾ ਹੋਣ ਕਾਰਨ ਵਾਹਨਾਂ ਦੀ ਆਵਾਜਾਈ ਦੌਰਾਨ ਸਾਰਾ ਦਿਨ ਧੂੜ-ਮਿੱਟੀ ਉੱਡਦੀ ਰਹਿੰਦੀ ਹੈ।
ਵਸਨੀਕਾਂ ਦਾ ਕਹਿਣਾ ਹੈ ਕਿ ਡਰੇਨੇਜ ਦੀ ਪਾਈਪ ਹੀ ਨਹੀਂ ਪਾਈ ਗਈ, ਜਿਸ ਕਾਰਨ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਹੀਂ ਹੈ। ਇਸ ਤੋਂ ਇਲਾਵਾ ਘਰਾਂ ਦੇ ਸੀਵਰੇਜ ਦੀ ਨਿਕਾਸੀ ਵੀ ਠੀਕ ਨਹੀਂ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਹਮਣੇ ਪਿੰਡ ਵਾਲੇ ਪਾਸੇ ਹੋਟਲ ਅਤੇ ਹੋਰ ਵਪਾਰਕ ਗਤੀਵਿਧੀਆਂ ਚੱਲ ਰਹੀਆਂ ਹਨ ਅਤੇ ਉੱਚੀਆਂ ਇਮਾਰਤਾਂ ਉਸਾਰੀਆਂ ਗਈਆਂ ਹਨ, ਪਰ ਉਨ੍ਹਾਂ ਦੇ ਆਪਣੇ ਘਰਾਂ ਦੇ ਸਾਹਮਣੇ ਬੁਨਿਆਦੀ ਸਹੂਲਤਾਂ ਤੱਕ ਮੁਹੱਈਆ ਨਹੀਂ ਕਰਵਾਈਆਂ ਗਈਆਂ। ਵਸਨੀਕਾਂ ਨੇ ਸਵਾਲ ਕੀਤਾ ਕਿ ਜਦੋਂ ਪਲਾਟ ਅਲਾਟ ਕੀਤੇ ਗਏ ਸਨ ਤਾਂ ਸੜਕ, ਡਰੇਨੇਜ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕਿਉਂ ਨਹੀਂ ਕੀਤਾ ਗਿਆ।
ਪਿੰਡ ਵਾਸੀਆਂ ਨੇ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਅੱਗੇ ਪੈਂਦੇ ਨਾਲੇ ਨੂੰ ਢੱਕਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਇਸ ਦੇ ਆਲੇ-ਦੁਆਲੇ ਕੂੜਾ ਵੀ ਖਿੱਲਰਿਆ ਰਹਿੰਦਾ ਹੈ। ਇਹ ਖੁੱਲ੍ਹਾ ਨਾਲਾ ਭਾਰੀ ਬਦਬੂ ਮਾਰਦਾ ਹੈ, ਇਸ ਕਾਰਨ ਇਲਾਕੇ ਵਿੱਚ ਗੰਦਗੀ, ਬਦਬੂ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਨਾਲੇ ਨੂੰ ਤੁਰੰਤ ਕਵਰ ਕੀਤਾ ਜਾਵੇ, ਇਸ ਦੀ ਸਫ਼ਾਈ ਕਰਵਾਈ ਜਾਵੇ ਅਤੇ ਪਿੰਡ ਨਾਲ ਲੱਗਦੀ ਜਗ੍ਹਾ ਦੇ ਆਲੇ-ਦੁਆਲੇ ਸੁਰੱਖਿਆ ਕੰਧ ਬਣਾਈ ਜਾਵੇ ਤਾਂ ਜੋ ਕੂੜਾ ਖਿੱਲਰਨ ਅਤੇ ਗੰਦਗੀ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਇਹ ਬੇਹੱਦ ਅਫ਼ਸੋਸ ਜਨਕ ਹੈ ਕਿ ਗਮਾਡਾ ਵੱਲੋਂ 40 ਫੁੱਟ ਚੌੜੀ ਸੜਕ ਦਾ ਪ੍ਰਾਵਧਾਨ ਹੋਣ ਦੇ ਬਾਵਜੂਦ ਲੋਕਾਂ ਨੂੰ ਸੜਕ ਦੀ ਸਹੂਲਤ ਦੇਣ ਦੀ ਬਜਾਏ ਪਿੰਡ ਦੀ ਫਿਰਨੀ ਵਾਲੇ ਪਾਸੇ ਪਲਾਟ ਅਲਾਟ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਗੰਭੀਰ ਗੱਲ ਇਹ ਹੈ ਕਿ ਇੱਥੇ ਡਰੇਨੇਜ ਦੀ ਪਾਈਪ ਤੱਕ ਨਹੀਂ ਪਾਈ ਗਈ ਅਤੇ ਇਨ੍ਹਾਂ ਮਕਾਨਾਂ ਦੇ ਸੀਵਰੇਜ ਨੂੰ ਪਿੰਡ ਦੇ ਨਾਲ ਹੀ ਜੋੜ ਦਿੱਤਾ ਗਿਆ ਹੈ, ਜੋ ਕਿ ਜਾਂਚ ਦਾ ਵਿਸ਼ਾ ਹੈ।
ਬੇਦੀ ਨੇ ਕਿਹਾ ਕਿ ਉਹ ਗਮਾਡਾ ਅਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆ ਕੇ ਮੰਗ ਕਰਨਗੇ ਕਿ ਦੋਵੇਂ ਵਿਭਾਗ ਆਪਸੀ ਤਾਲਮੇਲ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ। ਜੇਕਰ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਵਸਨੀਕਾਂ ਦੇ ਹੱਕ ਵਿੱਚ ਵੱਡੇ ਪੱਧਰ ਤੇ ਧਰਨਾ ਲਗਾਇਆ ਜਾਵੇਗਾ ਅਤੇ ਲੋੜ ਪੈਣ ਤੇ ਅਦਾਲਤ ਦਾ ਦਰਵਾਜ਼ਾ ਖੜਕਾਉਂਦਿਆਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
Mohali
ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 2 ਜਨਵਰੀ 2027 ਤੱਕ ਧਾਰਾ 163 ਅਧੀਨ ਹੁਕਮ ਜਾਰੀ
ਐਸ ਏ ਐਸ ਨਗਰ, 2 ਨਵੰਬਰ (ਸ.ਬ.) ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਦੀਵਾਲੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿੳਹਾਰਾਂ ਮੌਕੇ ਪਟਾਕੇ ਚਲਾਉਣ ਸਬੰਧੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਅਕਤੂਬਰ, 2026 ਤੋਂ 2 ਜਨਵਰੀ 2027 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਦੀਵਾਲੀ ਮੌਕੇ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 24 ਨਵੰਬਰ 2026 ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਸ਼ਾਮ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸੇ ਤਰ੍ਹਾਂ ਕ੍ਰਿਸਮਿਸ ਮੌਕੇ 25 ਅਤੇ 26 ਦਸੰਬਰ 2026 ਨੂੰ ਰਾਤ 11:55 ਵਜੇ ਤੋਂ 12:30 ਵਜੇ ਤੱਕ ਅਤੇ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ 2026 ਤੋਂ 1 ਜਨਵਰੀ 2027 ਤੱਕ ਰਾਤ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਨਿਰਧਾਰਤ ਸਮੇਂ ਤੋਂ ਇਲਾਵਾ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਪਟਾਕਿਆਂ ਦੀ ਵਰਤੋਂ ਸਬੰਧੀ ਵਾਤਾਵਰਣ ਸੁਰੱਖਿਆ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਇਸ ਤੋਂ ਇਲਾਵਾ, ਪਟਾਕਿਆਂ ਦੀ ਵਿਕਰੀ, ਵਰਤੋਂ ਅਤੇ ਆਵਾਜ਼ ਦੇ ਪੱਧਰ ਸਬੰਧੀ ਲਾਗੂ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਪੁਲੀਸ ਅਤੇ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Mohali
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਲੰਬਿਤ ਮਾਮਲਿਆਂ ਦੀ ਸਮੀਖਿਆ
ਐਸ ਏ ਐਸ ਨਗਰ, 2 ਨਵੰਬਰ (ਸ.ਬ.) ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।
ਇਸ ਮੌਕੇ ਗਮਾਡਾ, ਸਥਾਨਕ ਸਰਕਾਰਾਂ ਵਿਭਾਗ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਗਈ। ਵਿਚਾਰ-ਵਟਾਂਦਰੇ ਦੌਰਾਨ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕਰਨ ਸਬੰਧੀ ਚਰਚਾ ਕੀਤੀ ਗਈ।
ਸ੍ਰੀਮਤੀ ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਅਤੇ ਕਾਰੋਬਾਰੀ ਵਰਗ ਜ਼ਿਲ੍ਹੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਉਨ੍ਹਾਂ ਨੂੰ ਆਪਣੇ ਕਾਰੋਬਾਰ ਚਲਾਉਣ ਸਮੇਂ ਆਉਣ ਵਾਲੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਵਪਾਰੀਆਂ ਨੂੰ ਪੇਸ਼ ਆਉਣ ਵਾਲੀਆਂ ਪ੍ਰਸ਼ਾਸਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਵਿੱਚ ਮਦਦ ਮਿਲੇਗੀ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਮੁਹਾਲੀ ਦੇ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਅਤੇ ਹੋਰ ਵਪਾਰੀ ਨੁਮਾਇੰਦੇ ਵੀ ਹਾਜ਼ਰ ਸਨ।
Mohali
ਮੁਹਾਲੀ ਦੀ ਇਤਿਹਾਸਕ ਪਛਾਣ ਤੇ ਸਵਾਲ ਚੁੱਕਦਾ ਹੈ 1 ਨਵੰਬਰ 1975 ਨੂੰ ਰੱਖੇ ਸ਼ਹਿਰ ਦੇ ਨੀਂਹ ਪੱਥਰ ਦਾ ਗਾਇਬ ਹੋਣਾ : ਸੰਜੀਵ ਵਸ਼ਿਸ਼ਟ
ਹਰ ਸਾਲ 1 ਨਵੰਬਰ ਨੂੰ ਮੁਹਾਲੀ ਦਾ ਸਥਾਪਨਾ ਦਿਵਸ ਮਣਾਏ ਜਾਣ ਦੀ ਮੰਗ
ਐਸ ਏ ਐਸ ਨਗਰ, 2 ਨਵੰਬਰ (ਸ.ਬ.) ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਨੀਂਹ 1 ਨਵੰਬਰ 1975 ਨੂੰ ਤਤਕਾਲੀ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਵੱਲੋਂ ਫੇਜ਼-1 ਸਥਿਤ ਕਮਲਾ ਮਾਰਕੀਟ ਦੇ ਨੇੜੇ ਰੱਖੀ ਗਈ ਸੀ। ਪਰ ਸ਼ਹਿਰ ਦੀ ਸਥਾਪਨਾ ਨਾਲ ਜੁੜਿਆ ਇਤਿਹਾਸਕ ਨੀਂਹ ਪੱਥਰ ਆਪਣੇ ਅਸਲ ਸਥਾਨ ਤੋਂ ਕਥਿਤ ਤੌਰ ਤੇ ਗਾਇਬ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਪ੍ਰਮੁੱਖ ਅਤੇ ਆਧੁਨਿਕ ਸ਼ਹਿਰਾਂ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾਉਣ ਵਾਲਾ ਮੁਹਾਲੀ ਅੱਜ ਆਪਣੀ ਸਥਾਪਨਾ ਦੀ ਇਤਿਹਾਸਕ ਨਿਸ਼ਾਨੀ ਨੂੰ ਭੁੱਲਦਾ ਦਿਖ ਰਿਹਾ ਹੈ ਅਤੇ ਇਸ ਨਾਲ ਸ਼ਹਿਰ ਦੀ ਇਤਿਹਾਸਕ ਵਿਰਾਸਤ ਦੀ ਸੰਭਾਲ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਜਿਸ ਨੀਂਹ ਪੱਥਰ ਨਾਲ ਮੁਹਾਲੀ ਦੇ ਇਤਿਹਾਸ ਦੀ ਸ਼ੁਰੂਆਤ ਜੁੜੀ ਹੋਈ ਹੈ, ਉਸ ਦੀ ਸੰਭਾਲ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਕਿਉਂ ਨਹੀਂ ਚੁੱਕੇ ਗਏ? ਉਨ੍ਹਾਂ ਨੇ ਲੰਬੇ ਸਮੇਂ ਤੋਂ ਮੁਹਾਲੀ ਦੀ ਨੁਮਾਇੰਦਗੀ ਕਰਦੇ ਆ ਰਹੇ ਵਿਧਾਇਕਾਂ ਦੀ ਭੂਮਿਕਾ ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜ ਦਹਾਕਿਆਂ ਤੋਂ ਵੱਧ ਦਾ ਸਫ਼ਰ ਤੈਅ ਕਰ ਚੁੱਕੇ ਮੁਹਾਲੀ ਸ਼ਹਿਰ ਦੇ ਸਥਾਪਨਾ ਦਿਵਸ, ਯਾਨੀ 1 ਨਵੰਬਰ, ਨੂੰ ਉਹ ਮਾਣ-ਸਤਿਕਾਰ ਅਤੇ ਪਛਾਣ ਨਹੀਂ ਮਿਲ ਸਕੀ ਜਿਸ ਦਾ ਇਹ ਸ਼ਹਿਰ ਹੱਕਦਾਰ ਹੈ।
ਉਹਨਾਂ ਕਿਹਾ ਕਿ ਇੱਕ ਯੋਜਨਾਬੱਧ ਸ਼ਹਿਰ ਵਜੋਂ ਵਿਕਸਤ ਹੋਇਆ ਮੁਹਾਲੀ ਅੱਜ ਉਦਯੋਗਿਕ, ਵਿੱਦਿਅਕ, ਆਈ.ਟੀ. ਅਤੇ ਵਪਾਰਕ ਗਤੀਵਿਧੀਆਂ ਦਾ ਪ੍ਰਮੁੱਖ ਕੇਂਦਰ ਬਣ ਚੁੱਕਾ ਹੈ। ਪਰ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਸ਼ਹਿਰ ਦੇ ਜਨਮ ਨਾਲ ਜੁੜਿਆ ਇਤਿਹਾਸਕ ਸਥਾਨ ਹੀ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ।
ਉਹਨਾਂ ਇਸ ਸਬੰਧੀ ਪੰਜਾਬ ਸਰਕਾਰ, ਗਮਾਡਾ, ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨੀਂਹ ਪੱਥਰ ਦੇ ਗਾਇਬ ਹੋਣ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਉਸ ਦੇ ਅਸਲ ਸਥਾਨ ਦੀ ਪਛਾਣ ਕੀਤੀ ਜਾਵੇ ਅਤੇ ਉੱਥੇ ਇੱਕ ਸਥਾਈ ਯਾਦਗਾਰੀ ਪੱਟੀ ਲਗਾਈ ਜਾਵੇ। ਇਸ ਪੱਟੀ ਤੇ ਨੀਂਹ ਪੱਥਰ ਰੱਖਣ ਸਮੇਂ ਦੀਆਂ ਤਸਵੀਰਾਂ, ਤਾਰੀਖ਼ ਅਤੇ ਸ਼ਹਿਰ ਦੀ ਸਥਾਪਨਾ ਨਾਲ ਜੁੜੀ ਇਤਿਹਾਸਕ ਜਾਣਕਾਰੀ ਵੀ ਦਰਜ ਕੀਤੀ ਜਾਵੇ।
ਉਹਨਾਂ ਇਹ ਵੀ ਮੰਗ ਕੀਤੀ ਹੈ ਕਿ ਇਸ ਤੋਂ ਇਲਾਵਾ ਹਰ ਸਾਲ 1 ਨਵੰਬਰ ਨੂੰ ਅਧਿਕਾਰਤ ਤੌਰ ਤੇ ਮੁਹਾਲੀ ਦਾ ਸਥਾਪਨਾ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਨਵੀਂ ਪੀੜ੍ਹੀ ਨੂੰ ਸ਼ਹਿਰ ਦੇ ਸ਼ਾਨਦਾਰ ਇਤਿਹਾਸ ਅਤੇ ਇਸ ਦੀ ਸਥਾਪਨਾ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਇਆ ਜਾ ਸਕੇ।
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International4 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
