Punjab
ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਪਿਓ-ਪੁੱਤ ਦੀ ਮੌਤ
ਬਟਾਲਾ, 2 ਨਵੰਬਰ (ਸ.ਬ.) ਅੱਜ ਬਟਾਲਾ ਦੇ ਨੇੜੇ ਵਾਪਰੇ ਹਾਦਸੇ ਵਿੱਚ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਮੋਟਰਸਾਈਕਲ ਸਵਾਰ ਪਿਓ ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।
ਸਿਵਲ ਲਾਈਨ ਦੀ ਪੁਲੀਸ ਨੇ ਪਿਓ ਪੁੱਤ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਲਵਿੰਦਰ ਸਿੰਘ 65 ਸਾਲ ਵਾਸੀ ਠੱਕਰ ਸੰਧੂ ਤੇ ਉਸ ਦਾ ਪੁੱਤਰ ਹਰਵਿੰਦਰ ਸਿੰਘ 40 ਸਾਲ ਪਿੰਡ ਠੱਕਰ ਸੰਧੂ ਤੋਂ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਬਟਾਲਾ ਕਿਸੇ ਕੰਮ ਆ ਰਹੇ ਸਨ ਕਿ ਪਿੰਡ ਮਲਕਪੁਰ ਨਜ਼ਦੀਕ ਕਿਸੇ ਅਣਪਛਾਤੇ ਵਾਹਣ ਦੀ ਲਪੇਟ ਵਿੱਚ ਆ ਗਏ ਅਤੇ ਦੋਵਾਂ ਪਿਓ ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਾ ਥਾਣਾ ਸਿਵਲ ਲਾਈਨ ਦੀ ਪੁਲੀਸ ਮੌਕੇ ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲਾ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ। ਪੁਲੀਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Chandigarh
ਤਿੰਨ ਆਪ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ
ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਨਮਾਜਰਾ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਹੋਏ ਭਾਜਪਾ ਵਿੱਚ ਸ਼ਾਮਿਲ
ਚੰਡੀਗੜ੍ਹ, 2 ਨਵੰਬਰ (ਸ.ਬ.) ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵਲੋਂ ਅੱਜ ਭਾਜਪਾ ਦਾ ਪੱਲਾ ਫੜ ਲਿਆ ਗਿਆ ਹੈ। ਜਿਕਰਯੋਗ ਹੈ ਕਿ ਸਮਾਣਾ ਤੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਲੋਂ ਬੀਤੇ ਕੱਲ੍ਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਅਤੇ ਦੂਸਰੇ ਗੇੜ ਵਿੱਚ ਅੱਜ ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪਾਰਟੀ ਛੱਡਣ ਤੋਂ ਇਲਾਵਾ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ।
‘ਆਪ’ ਵਿਧਾਇਕਾਂ ਦੀ ਇਸ ਤਿੱਕੜੀ ਨੇ ਅੱਜ ਦਿੱਲੀ ਵਿਖੇ ਭਾਜਪਾ ਦਫ਼ਤਰ ਵਿੱਚ ਪਹੁੰਚ ਕੇ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ। ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਸ਼ਮੂਲੀਅਤ ਮੌਕੇ ਇਨ੍ਹਾਂ ਤਿੰਨੋਂ ਵਿਧਾਇਕਾਂ ਨੂੰ ਪਾਰਟੀ ਵਿੱਚ ਜੀ ਆਇਆ ਨੂੰ ਆਖਿਆ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਨਮਾਜਰਾ ਨੇ ਅੱਜ ਭਗਵੇਂ ਰੰਗ ਦੀਆਂ ਪੱਗਾਂ ਬੰਨੀਆਂ ਹੋਈਆਂ ਸਨ। ਪਹਿਲਾਂ ਇਨ੍ਹਾਂ ਪੱਗਾਂ ਦਾ ਰੰਗ ਬਸੰਤੀ ਹੁੰਦਾ ਸੀ।
ਇੱਥੇ ਜਿਕਰਯੋਗ ਹੈ ਕਿ ਸਾਬਕਾ ਮੰਤਰੀ ਅਤੇ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੀ ਉਦੋਂ ਤੋਂ ਪਾਰਟੀ ਨਾਲ ਨਾਰਾਜ਼ ਹਨ, ਜਦੋਂ ਤੋਂ ਪਾਰਟੀ ਨੇ ਸਮਾਣਾ ਦੀ ਹਲਕਾ ਇੰਚਾਰਜ ਦੀ ਜਿੰਮੇਵਾਰੀ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਸੌਂਪੀ ਹੈ। ਜੌੜਾਮਾਜਰਾ ‘ਆਪ’ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਹਨ ਤੇ ਉਨ੍ਹਾਂ ਕੋਲ ਸਿਹਤ, ਬਾਗ਼ਬਾਨੀ, ਸੂਚਨਾ ਤੇ ਲੋਕ ਸੰਪਰਕ ਮਹਿਕਮੇ ਦੀ ਅਗਵਾਈ ਵੀ ਰਹੀ। ਉਨ੍ਹਾਂ ਨੇ ਸਾਲ 2022 ਵਿੱਚ ਹਲਕਾ ਸਮਾਣਾ ਤੋਂ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ 39,713 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਚੋਣ ਜਿੱਤੀ ਸੀ। ਜੌੜਾਮਾਜਰਾ ਸਿਹਤ ਮੰਤਰੀ ਹੁੰਦਿਆਂ ਵਿਵਾਦਾਂ ਵਿੱਚ ਘਿਰ ਗਏ ਸਨ ਜਦੋਂ ਉਨ੍ਹਾਂ ਨੇ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਗੱਦਿਆਂ ਦੇ ਨਿਰੀਖਣ ਸਮੇਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਗੰਦੇ ਗੱਦੇ ਤੇ ਲੇਟਣ ਲਈ ਕਿਹਾ ਸੀ।
ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਨਾਲ ਕਾਫ਼ੀ ਨੇੜਤਾ ਸੀ। ਉਹ ਸਿਆਸੀ ਹਲਕਿਆਂ ਵਿੱਚ ‘ਫੁੱਫੜ’ ਵਜੋਂ ਮਸ਼ਹੂਰ ਹਨ। ਪੰਜਾਬ ਪੁਲੀਸ ਨੇ ਸਤੰਬਰ 2025 ਵਿੱਚ ਸਾਬਕਾ ਪਤਨੀ ਦੀ ਸ਼ਿਕਾਇਤ ਤੇ ਪਠਾਨਮਾਜਰਾ ਖ਼ਿਲਾਫ਼ ਜਬਰ-ਜ਼ਿਨਾਹ ਦਾ ਕੇਸ ਦਰਜ ਕੀਤਾ ਸੀ। ਪੁਲੀਸ ਨੇ ਮਾਰਚ ਵਿੱਚ ਉਨ੍ਹਾਂ ਨੂੰ ਗਵਾਲੀਅਰ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਮਗਰੋਂ ਉਨ੍ਹਾਂ ਨੂੰ ਹਾਈ ਕੋਰਟ ਵਿੱਚੋਂ ਜ਼ਮਾਨਤ ਮਿਲ ਗਈ ਸੀ। ਪਠਾਨਮਾਜਰਾ ਖ਼ਿਲਾਫ਼ ਪਟਿਆਲਾ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਵੀ ਕੇਸ ਦਰਜ ਹੈ।
ਸੂਤਰਾਂ ਦੀ ਮੰਨੀਏ ਤਾਂ ਦੋਵੇਂ ਵਿਧਾਇਕ ਬਿਨਾਂ ਕਿਸੇ ਸਿਆਸੀ ਸ਼ਰਤ ਦੇ ਭਾਜਪਾ ਵਿੱਚ ਸ਼ਮੂਲੀਅਤ ਕਰ ਰਹੇ ਹਨ। ਭਾਜਪਾ ਨੇ ਵੀ ਦੋਵਾਂ ਨੂੰ ਬਿਨਾਂ ਟਿਕਟ ਦੀ ਸ਼ਰਤ ਤੋਂ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਭਾਜਪਾ ਦੀ ਕੌਮੀ ਲੀਡਰਸ਼ਿਪ ਨੇ ਪੰਜਾਬ ਭਾਜਪਾ ਨੂੰ ਹਦਾਇਤ ਦਿੱਤੀ ਹੈ ਕਿ ਉਨ੍ਹਾਂ ਵਿਧਾਇਕਾਂ ਨੂੰ ਹੀ ਪਾਰਟੀ ਵਿੱਚ ਲਿਆ ਜਾਵੇ ਜਿਨ੍ਹਾਂ ਦੀ ਜਨਤਕ ਦਿੱਖ ਦਾਗ਼ਦਾਰ ਨਾ ਹੋਵੇ।
ਆਮ ਆਦਮੀ ਪਾਰਟੀ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬੀਤੇ ਸਾਲ ਜੂਨ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਪੰਜ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਹ ਮੁਅੱਤਲੀ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ (ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ) ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਤੇ ਸਵਾਲ ਚੁੱਕਣ ਤੋਂ ਬਾਅਦ ਹੋਈ ਸੀ। ਕੁੰਵਰ ਵਿਜੇ ਪ੍ਰਤਾਪ ਸਿੰਘ ਕਈ ਮੁੱਦਿਆਂ ਤੇ ‘ਆਪ’ ਸਰਕਾਰ ਦੇ ਤਿੱਖੇ ਆਲੋਚਕ ਰਹੇ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਸਵੇਰੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ। ਇਸ ਤੋਂ ਕੁੱਝ ਸਮਾਂ ਬਾਅਦ ਉਨ੍ਹਾਂ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਹਨਾਂ ਤਿੰਨਾਂ ਵਿਧਾਇਕਾਂ ਵਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਇਹ ਕਿਆਸ ਅਰਾਈਆਂ ਜੋਰ ਫੜ ਗਈਆਂ ਹਨ ਕਿ ਆਉਂਦੇ ਦਿਨਾਂ ਦੌਰਾਨ ਆਪ ਦੇ ਕੁੱਝ ਹੋਰ ਆਗੂ ਅਤੇ ਵਿਧਾਇਕ ਵੀ ਅਸਤੀਫਾ ਦੇ ਸਕਦੇ ਹਨ।
Chandigarh
ਕਾਂਗਰਸ ਤੇ ਆਪ ਨੂੰ ਛੱਡ ਕੇ ਸਾਰੀਆਂ ਹਮਖਿਆਲੀ ਪਾਰਟੀਆਂ ਨਾਲ ਗਠਜੋੜ ਦੇ ਰਾਹ ਖੁੱਲ੍ਹੇ : ਸੁਖਬੀਰ ਸਿੰਘ ਬਾਦਲ
ਆਉਂਦੇ ਦਿਨਾਂ ਦੌਰਾਨ ਸਭ ਕੁਝ ਸਾਮ੍ਹਣੇ ਆ ਜਾਵੇਗਾ
ਚੰਡੀਗੜ੍ਹ, 2 ਨਵੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਗੱਠਜੋੜ ਹੋਣ ਦੀਆਂ ਚਰਚਾਵਾਂ ਬਾਰੇ ਸਪਸ਼ਟ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਭ ਸਪਸ਼ਟ ਹੋ ਜਾਵੇਗਾ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਵਲੋਂ ਪੰਜਾਬ ਦੀਆਂ ਦੋ ਦੁਸ਼ਮਣ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਰੀਆਂ ਹਮ ਖਿਆਲੀ ਪਾਰਟੀਆਂ ਨਾਲ ਗੱਠਜੋੜ ਲਈ ਰਾਹ ਖੁੱਲੇ ਰੱਖੇ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵੱਲੋਂ ਅਸਤੀਫਾ ਦੇਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸzz. ਬਾਦਲ ਨੇ ਕਿਹਾ ਕਿ ਜਿਵੇਂ -ਜਿਵੇਂ ਵੋਟਾਂ ਦੇ ਦਿਨ ਨੇੜੇ ਆਉਣਗੇ ਉਵੇਂ ਉਵੇਂ ਬਹੁਤ ਸਾਰੇ ਵਿਧਾਇਕ ਤੇ ਆਗੂ ਆਪ ਨੂੰ ਛੱਡ ਦੇਣਗੇ। ਉਹਨਾਂ ਕਿਹਾ ਕਿ ਆਪ ਵੱਲੋਂ ਆਪਣੇ ਵਿਧਾਇਕਾਂ ਅਤੇ ਆਗੂਆਂ ਨੂੰ ਡਰਾਇਆ ਹੋਇਆ ਹੈ ਜਿਸ ਕਰਕੇ ਉਹ ਬੋਲਣ ਤੋਂ ਡਰਦੇ ਹਨ।
ਸz ਬਾਦਲ ਨੇ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪ ਨੂੰ ਮਸਾ ਦੋ ਚਾਰ ਸੀਟਾਂ ਹੀ ਮਿਲ ਸਕਦੀਆਂ ਹਨ। ਉਹਨਾਂ ਕਿਹਾ ਕਿ ਆਪ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਬਹੁਤ ਵੱਡੇ ਫਰਕ ਨਾਲ ਚੋਣ ਹਾਰ ਜਾਣਗੇ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਖੇਤਰੀ ਪਾਰਟੀ ਹੈ ਜਿਹੜੀ ਕਿਸਾਨਾਂ ਅਤੇ ਕਿਸਾਨੀ ਦੇ ਨਾਲ ਖੜੀ ਹੈ। ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਨਾਂ ਦੀ ਪਾਰਟੀ ਦੇ ਸਿਆਸੀ ਵਿੰਗ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕਿਸਾਨੀ ਮਸਲਿਆਂ ਨੂੰ ਲੈ ਕੇ ਗੱਲਬਾਤ ਕੀਤੀ ਸੀ ਪਰ ਕਿਸੇ ਨੇ ਕੋਈ ਭਰੋਸਾ ਨਹੀਂ ਦਿੱਤਾ ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ਤੇ ਕਿਸਾਨੀ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਇਸ ਸਦਕਾ ਭਾਰਤੀ ਕਿਸਾਨ ਯੂਨੀਅਨ ਨੇ ਇਹ ਕਦਮ ਚੁੱਕਿਆ ਹੈ। ਕਾਦੀਆਂ ਨੇ ਇਹ ਵੀ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚਾ ਦੇ ਹੋਰ ਆਗੂਆਂ ਨੂੰ ਵੀ ਖੇਤਰੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕਰਨਗੇ ਪਰ ਇਹ ਹੈ ਕਿ ਹਰੇਕ ਪਾਰਟੀ ਦਾ ਆਪਣਾ ਆਪਣਾ ਸੰਵਿਧਾਨ ਤੇ ਸਟੈਂਡ ਹੁੰਦਾ ਹੈ।
Mohali
ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 2 ਜਨਵਰੀ 2027 ਤੱਕ ਧਾਰਾ 163 ਅਧੀਨ ਹੁਕਮ ਜਾਰੀ
ਐਸ ਏ ਐਸ ਨਗਰ, 2 ਨਵੰਬਰ (ਸ.ਬ.) ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਦੀਵਾਲੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿੳਹਾਰਾਂ ਮੌਕੇ ਪਟਾਕੇ ਚਲਾਉਣ ਸਬੰਧੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਅਕਤੂਬਰ, 2026 ਤੋਂ 2 ਜਨਵਰੀ 2027 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਦੀਵਾਲੀ ਮੌਕੇ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 24 ਨਵੰਬਰ 2026 ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਸ਼ਾਮ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸੇ ਤਰ੍ਹਾਂ ਕ੍ਰਿਸਮਿਸ ਮੌਕੇ 25 ਅਤੇ 26 ਦਸੰਬਰ 2026 ਨੂੰ ਰਾਤ 11:55 ਵਜੇ ਤੋਂ 12:30 ਵਜੇ ਤੱਕ ਅਤੇ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ 2026 ਤੋਂ 1 ਜਨਵਰੀ 2027 ਤੱਕ ਰਾਤ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਨਿਰਧਾਰਤ ਸਮੇਂ ਤੋਂ ਇਲਾਵਾ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਪਟਾਕਿਆਂ ਦੀ ਵਰਤੋਂ ਸਬੰਧੀ ਵਾਤਾਵਰਣ ਸੁਰੱਖਿਆ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਇਸ ਤੋਂ ਇਲਾਵਾ, ਪਟਾਕਿਆਂ ਦੀ ਵਿਕਰੀ, ਵਰਤੋਂ ਅਤੇ ਆਵਾਜ਼ ਦੇ ਪੱਧਰ ਸਬੰਧੀ ਲਾਗੂ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਪੁਲੀਸ ਅਤੇ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International4 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
