Punjab
ਅਮ੍ਰਿਤਸਰ ਪੁਲੀਸ ਵਲੋਂ ਨਾਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਗਰੋਹ ਦੇ 11 ਮੈਂਬਰ ਗ੍ਰਿਫਤਾਰ
ਅੰਮ੍ਰਿਤਸਰ, 3 ਨਵੰਬਰ (ਸ.ਬ.) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਤਿੰਨ ਗਿਰੋਹਾਂ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਤੋਂ 12 ਗੈਰ-ਕਾਨੂੰਨੀ ਪਿਸਤੌਲ, 2 ਹੱਥਗੋਲੇ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ ਤੇ ਵਿਦੇਸ਼ੀ-ਆਧਾਰਿਤ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ ਜੋ ਅਪਰਾਧਿਕ ਤੱਤਾਂ ਵਿੱਚ ਸਪਲਾਈ ਲਈ ਡਰੋਨ-ਆਧਾਰਿਤ ਖੇਪਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸਹਾਇਤਾ ਕਰਦੇ ਸਨ ਅਤੇ ਲੋਕਾਂ ਕੋਲੋ ਜਬਰੀ ਵਸੂਲੀ ਦੇ ਸਬੰਧ ਵਿੱਚ ਡਰਾਉਣ ਲਈ ਘਰਾਂ ਅਤੇ ਦੁਕਾਨਾਂ ਤੇ ਫਾਇਰਿੰਗ ਕਰਨ ਲਈ ਹਥਿਆਰਾਂ ਦੀ ਵਰਤੋਂ ਕਰਦੇ ਸਨ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ ਵਿਖੇ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਇਸ ਵਿੱਚ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈਟਵਰਕਾਂ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।
Chandigarh
ਡੀ ਏ ਬਕਾਇਆ ਮਾਮਲੇ ਵਿੱਚ ਹਾਈਕਰੋਟ ਨੇ ਪੰਜਾਬ ਸਰਕਾਰ ਦੇ ਰਵਈਏ ਤੇ ਜਤਾਈ ਨਾਰਾਜਗੀ
ਮੁੱਖ ਸਕੱਤਰ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਨੋਟਿਸ ਜਾਰੀ
ਚੰਡੀਗੜ੍ਹ, 3 ਨਵੰਬਰ (ਸ.ਬ.) ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਦਾ ਭੁਗਤਾਨ ਨਾ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੇ ਰਵੱਈਏ ਤੇ ਸਖ਼ਤ ਨਾਰਾਜ਼ਗੀ ਜਤਾਈ। ਇਸ ਦੌਰਾਨ ਅਦਾਲਤ ਵਿੱਚ ਮੁੱਖ ਸਕੱਤਰ ਕੇ ਏ ਪੀ ਸਿਨਹਾ ਦੇ ਪੇਸ਼ ਹੋਣ ਦੇ ਬਾਵਜੂਦ ਸਰਕਾਰ ਇਹ ਸਪੱਸ਼ਟ ਨਹੀਂ ਕਰ ਸਕੀ ਕਿ ਹਾਈ ਕੋਰਟ ਦੇ ਪਿਛਲੇ ਹੁਕਮਾਂ ਅਨੁਸਾਰ ਮੁਲਾਜ਼ਮਾਂ ਨੂੰ ਡੀਏ ਦਾ ਬਕਾਇਆ ਜਾਰੀ ਕੀਤਾ ਗਿਆ ਹੈ ਜਾਂ ਨਹੀਂ। ਮਾਣਯੋਗ ਅਦਾਲਤ ਵਿੱਚ ਕਰੀਬ ਪੌਣੇ ਦੋ ਘੰਟੇ ਤੱਕ ਚੱਲੀ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ ਮੁੱਖ ਸਕੱਤਰ ਵਿਰੁੱਧ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਨੋਟਿਸ ਜਾਰੀ ਕਰਦਿਆਂ 17 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ।
ਸੁਣਵਾਈ ਦੌਰਾਨ ਅਦਾਲਤ ਨੇ ਸਪੱਸ਼ਟ ਕਿਹਾ ਕਿ ਜੇਕਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ ਤਾਂ ਇਸ ਨਾਲ ਹਾਈ ਕੋਰਟ ਦੇ ਹੁਕਮ ਆਪਣੇ ਆਪ ਬੇਅਸਰ ਨਹੀਂ ਹੋ ਜਾਂਦੇ। ਜਦੋਂ ਤੱਕ ਸੁਪਰੀਮ ਕੋਰਟ ਇਸ ਅਪੀਲ ਤੇ ਸੁਣਵਾਈ ਕਰਕੇ ਕੋਈ ਹੁਕਮ ਜਾਰੀ ਨਹੀਂ ਕਰਦੀ, ਉਦੋਂ ਤੱਕ ਪੰਜਾਬ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਪਾਬੰਦ ਹੈ ਅਤੇ ਸਰਕਾਰ ਇਸ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ।
ਹਾਈ ਕੋਰਟ ਨੇ ਸਰਕਾਰ ਤੋਂ ਪੁੱਛਿਆ ਕਿ ਜਦੋਂ ਉਹ ਆਪਣੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਗੱਲ ਕਹਿ ਰਹੀ ਹੈ ਤਾਂ ਉਸ ਦੀ ਅਪੀਲ ਅਜੇ ਤੱਕ ਸੁਣਵਾਈ ਲਈ ਸੂਚੀਬੱਧ ਕਿਉਂ ਨਹੀਂ ਹੋਈ। ਅਦਾਲਤ ਦੇ ਸਾਹਮਣੇ ਇਹ ਵੀ ਗੱਲ ਆਈ ਕਿ ਅਪੀਲ ਵਿੱਚ ਕੁਝ ਤਕਨੀਕੀ ਖਾਮੀਆਂ ਸਨ, ਜਿਨ੍ਹਾਂ ਨੂੰ ਦੂਰ ਕਰਨ ਦੀ ਪ੍ਰਕਿਰਿਆ ਪੂਰੀ ਨਾ ਹੋਣ ਕਾਰਨ ਮਾਮਲਾ ਅੱਗੇ ਨਹੀਂ ਵਧ ਸਕਿਆ।
ਇਸ ਮੌਕੇ ਸਰਕਾਰ ਵੱਲੋਂ ਦੱਸਿਆ ਗਿਆ ਕਿ ਅਪੀਲ ਦੀਆਂ ਖਾਮੀਆਂ ਦੂਰ ਕਰ ਦਿੱਤੀਆਂ ਗਈਆਂ ਹਨ ਅਤੇ ਅਗਲੇ ਹਫ਼ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਮੁਲਾਜ਼ਮਾਂ ਵੱਲੋਂ ਪੇਸ਼ ਹੋਏ ਵਕੀਲ ਨੇ ਇਸ ਦਲੀਲ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਪੀਲ ਨੂੰ ਅਜੇ ਤੱਕ ਕੋਈ ਕੇਸ ਨੰਬਰ ਹੀ ਅਲਾਟ ਨਹੀਂ ਹੋਇਆ। ਅਜਿਹੇ ਵਿੱਚ ਇਸ ਦੇ ਸੁਣਵਾਈ ਲਈ ਸੂਚੀਬੱਧ ਹੋਣ ਦੀ ਗੱਲ ਕਿਵੇਂ ਕਹੀ ਜਾ ਸਕਦੀ ਹੈ?
ਸੁਣਵਾਈ ਦੌਰਾਨ ਮੁੱਖ ਸਕੱਤਰ ਨੇ ਅਦਾਲਤ ਨੂੰ ਦੱਸਿਆ ਕਿ ਫ਼ੈਸਲੇ ਅਨੁਸਾਰ ਜੇਕਰ ਸਰਕਾਰ ਡੀ ਏ ਦਾ ਭੁਗਤਾਨ ਦੇਰੀ ਨਾਲ ਕਰਦੀ ਹੈ ਤਾਂ ਉਸ ਨੂੰ 6 ਫ਼ੀਸਦੀ ਵਿਆਜ ਵੀ ਦੇਣਾ ਪਵੇਗਾ। ਇਸ ਤੇ ਹਾਈ ਕੋਰਟ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਕੀ ਸਰਕਾਰ ਦਾ ਮਤਲਬ ਇਹ ਹੈ ਕਿ ਉਹ ਛੇ ਮਹੀਨੇ ਬਾਅਦ ਵੀ ਬਕਾਇਆ ਜਾਰੀ ਕਰ ਸਕਦੀ ਹੈ ਅਤੇ ਸਿਰਫ਼ ਵਿਆਜ ਦੇ ਕੇ ਆਪਣੀ ਜ਼ਿੰਮੇਵਾਰੀ ਪੂਰੀ ਕਰ ਲਵੇਗੀ? ਅਦਾਲਤ ਨੇ ਇਸ ਦਲੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਕੋਈ ਉਚਿਤ ਜਵਾਬ ਨਹੀਂ ਹੈ। ਹਾਈ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਸ ਨੇ ਸਰਕਾਰ ਤੋਂ ਸਿਰਫ਼ ਆਮ ਸਥਿਤੀ ਰਿਪੋਰਟ ਨਹੀਂ ਮੰਗੀ ਸੀ, ਸਗੋਂ ਪਿਛਲੇ ਹੁਕਮਾਂ ਤੇ ਕੀਤੀ ਗਈ ਕਾਰਵਾਈ ਦਾ ਵੇਰਵਾ ਮੰਗਿਆ ਸੀ। ਇਸ ਦੇ ਬਾਵਜੂਦ ਸਰਕਾਰ ਹੁਣ ਤੱਕ ਇਹ ਨਹੀਂ ਦੱਸ ਰਹੀ ਕਿ ਫ਼ੈਸਲੇ ਨੂੰ ਲਾਗੂ ਕਰਨ ਲਈ ਅਸਲ ਵਿੱਚ ਕਿਹੜੇ ਕਦਮ ਚੁੱਕੇ ਗਏ ਹਨ।
ਅਦਾਲਤ ਨੇ ਟਿੱਪਣੀ ਕੀਤੀ ਕਿ ਸਰਕਾਰ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇ ਕੇ ਕੋਈ ਦਾਨ ਨਹੀਂ ਕਰ ਰਹੀ ਹੈ। ਇਹ ਉਨ੍ਹਾਂ ਦਾ ਅਧਿਕਾਰ ਹੈ। ਜੇਕਰ ਸਰਕਾਰ ਦੀ ਨੀਅਤ ਭੁਗਤਾਨ ਕਰਨ ਦੀ ਹੁੰਦੀ ਤਾਂ ਉਹ ਅਦਾਲਤ ਨੂੰ ਪਹਿਲਾਂ ਹੀ ਦੱਸ ਸਕਦੀ ਸੀ ਕਿ ਇੰਨੀ ਵੱਡੀ ਰਕਮ ਇੱਕੋ ਵਾਰ ਦੇਣਾ ਸੰਭਵ ਨਹੀਂ ਹੈ ਅਤੇ ਭੁਗਤਾਨ ਕਿਸ਼ਤਾਂ ਵਿੱਚ ਕੀਤਾ ਜਾਵੇਗਾ ਪਰ ਸਰਕਾਰ ਵੱਲੋਂ ਅਜਿਹੀ ਕੋਈ ਠੋਸ ਪਹਿਲ ਵੀ ਦਿਖਾਈ ਨਹੀਂ ਦੇ ਰਹੀ।
ਸੁਣਵਾਈ ਦੌਰਾਨ ਮੁਲਾਜ਼ਮਾਂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੋਲ ਭੁਗਤਾਨ ਲਈ ਪੈਸੇ ਨਹੀਂ ਹਨ ਤਾਂ ਉਸ ਨੂੰ ਵਿੱਤੀ ਐਮਰਜੈਂਸੀ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਜਾਂ ਫਿਰ ਮੁਲਾਜ਼ਮਾਂ ਦਾ ਬਕਾਇਆ ਡੀਏ ਜਾਰੀ ਕਰਨਾ ਚਾਹੀਦਾ ਹੈ।
ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਕਿ ਡੀਏ ਦਾ ਬਕਾਇਆ ਕਾਫ਼ੀ ਵੱਡੀ ਰਕਮ ਹੈ, ਇਸ ਲਈ ਭੁਗਤਾਨ ਸਬੰਧੀ ਕਾਰਵਾਈ ਵਿੱਚ ਸਮਾਂ ਲੱਗ ਰਿਹਾ ਹੈ। ਸਰਕਾਰ ਨੇ ਅਦਾਲਤ ਤੋਂ ਹੋਰ ਸਮਾਂ ਦੇਣ ਦੀ ਮੰਗ ਕੀਤੀ। ਹਾਲਾਂਕਿ, ਅਦਾਲਤ ਨੇ ਸਰਕਾਰ ਦੇ ਰਵੱਈਏ ਤੇ ਗੰਭੀਰ ਸਵਾਲ ਉਠਾਏ ਅਤੇ ਇਸ ਨੂੰ ਆਪਣੇ ਹੁਕਮਾਂ ਦੀ ਉਲੰਘਣਾ ਦਾ ਮਾਮਲਾ ਮੰਨਿਆ। ਅਖੀਰ ਵਿੱਚ ਹਾਈ ਕੋਰਟ ਨੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰਦਿਆਂ 17 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਸਰਕਾਰ ਨੂੰ ਦੱਸਣਾ ਪਵੇਗਾ ਕਿ ਕਰਮਚਾਰੀਆਂ ਦੇ ਡੀਏ ਬਕਾਏ ਦੇ ਭੁਗਤਾਨ ਅਤੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਲਈ ਉਸ ਨੇ ਕਿਹੜੇ ਠੋਸ ਕਦਮ ਚੁੱਕੇ ਹਨ।
Mohali
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ : ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਐਸ ਏ ਐਸ ਨਗਰ, 3 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਵੇਂ ਨਿਯੁਕਤ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਅੱਜ ਦਿੱਤੇ ਗਏ ਨਿਯੁਕਤੀ ਪੱਤਰਾਂ ਸਮੇਤ ਉਨ੍ਹਾਂ ਦੀ ਸਰਕਾਰ ਹੁਣ ਤੱਕ 71,777 ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਕਰੀਆਂ ਦੇਣ ਲਈ ਕਿਸੇ ਤਰ੍ਹਾਂ ਦੀ ਸਿਫ਼ਾਰਸ਼ ਜਾਂ ਰਿਸ਼ਵਤ ਨੂੰ ਥਾਂ ਨਹੀਂ ਦਿੱਤੀ ਗਈ ਤੇ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਤੇ ਪੂਰੀ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਨੇੜੇ ਆਉਣ ਕਾਰਨ ਵਿਰੋਧੀ ਧਿਰਾਂ ਵੱਲੋਂ ਸਰਕਾਰ ਖ਼ਿਲਾਫ਼ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਜਾਣਗੇ। ਉਨ੍ਹਾਂ ਈ ਡੀ ਤੇ ਸੀਬੀਆਈ ਦੀਆਂ ਸੰਭਾਵਿਤ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਚੋਣਾਂ ਜਿੱਤਣ ਲਈ ਅਜਿਹੇ ਤਰੀਕੇ ਅਪਣਾਉਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਮੇਰੇ ਤੇ ਇੱਕ ਰੁਪਇਆ ਲੈਣ ਦਾ ਇਲਜ਼ਾਮ ਲਗਾ ਕੇ ਦਿਖਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋਕਾਂ ਦਾ ਸਾਥ ਉਨ੍ਹਾਂ ਨਾਲ ਹੈ, ਉਨ੍ਹਾਂ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਹੈ।
ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਲੋਕਾਂ ਦੀ ਭਲਾਈ ਦੀ ਬਜਾਏ ਸੱਤਾ ਹਾਸਲ ਕਰਨ ਦੀ ਲੜਾਈ ਵਿੱਚ ਲੱਗੇ ਰਹਿੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਛਾਣ ਹਾਕੀ, ਕਬੱਡੀ, ਗਿੱਧਾ ਤੇ ਭੰਗੜੇ ਵਰਗੀਆਂ ਖੇਡਾਂ ਤੇ ਸੱਭਿਆਚਾਰ ਨਾਲ ਰਹੀ ਹੈ। ਪਰ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਨਸ਼ਿਆਂ ਲਈ ਬਦਨਾਮ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਅਤੇ ਜਲੰਧਰ ਵਿੱਚ ਮੈਚਾਂ ਤੋਂ ਬਾਅਦ ਮੁਹਾਲੀ ਵਿੱਚ ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਕਰਵਾਏ ਜਾਣੇ ਹਨ।
ਵਿਰੋਧੀਆਂ ਵੱਲੋਂ ਸਰਕਾਰ ਤੇ ਪੈਸਾ ਖਰਚਣ ਨੂੰ ਲੈ ਕੇ ਕੀਤੇ ਜਾ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚ ਆਉਣ ਵਾਲਾ ਪੈਸਾ ਲੋਕਾਂ ਦਾ ਹੈ ਤੇ ਇਸ ਨੂੰ ਲੋਕਾਂ ਦੀਆਂ ਸਹੂਲਤਾਂ ਤੇ ਖਰਚ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸੇ ਪੈਸੇ ਨਾਲ ਸਕੂਲਾਂ ਦਾ ਕਾਇਆ-ਕਲਪ, ਸੜਕਾਂ ਦੀ ਉਸਾਰੀ, ਆਮ ਆਦਮੀ ਕਲੀਨਿਕ, ਸਿਹਤ ਸਹੂਲਤਾਂ ਤੇ ਖੇਡ ਮੈਦਾਨਾਂ ਦੇ ਵਿਕਾਸ ਵਰਗੇ ਕੰਮ ਕੀਤੇ ਜਾ ਰਹੇ ਹਨ।
Mohali
ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਤਿਆਰ ਹੈ ਮੁਹਾਲੀ ਦਾ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ
4 ਨਵੰਬਰ ਨੂੰ ਸੈਮੀ ਫ਼ਾਈਨਲ ਵਿੱਚ ਭਾਰਤ ਤੇ ਦੱਖਣੀ ਕੋਰੀਆ ਅਤੇ ਜਾਪਾਨ ਤੇ ਮਲੇਸ਼ੀਆ ਵਿਚਾਲੇ ਹੋਵੇਗਾ ਮੈਚ
ਐਸ ਏ ਐਸ ਨਗਰ, 3 ਨਵੰਬਰ (ਸ.ਬ.) ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਜਲੰਧਰ ਵਿਖੇ ਲੀਗ ਮੈਚਾਂ ਦੇ ਸਫਲ ਪ੍ਰਬੰਧਨ ਤੋਂ ਬਾਅਦ ਹੁਣ ਇਸ ਟੂਰਨਾਮੈਂਟ ਦਾ ਦੂਜਾ ਮੇਜ਼ਬਾਨ ਸ਼ਹਿਰ ਮੁਹਾਲੀ ਨਾਕ ਆਊਟ ਮੁਕਾਬਲਿਆਂ ਲਈ ਤਿਆਰ ਹੈ। ਭਲਕੇ 4 ਨਵੰਬਰ ਨੂੰ ਸੈਮੀ ਫ਼ਾਈਨਲ ਤੇ ਪੰਜਵੀਂ ਪੁਜੀਸ਼ਨ ਦੇ ਮੈਚ ਨਾਲ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਕੌਮਾਂਤਰੀ ਹਾਕੀ ਨਕਸ਼ੇ ਉਤੇ ਆਪਣੀ ਹਾਜ਼ਰੀ ਦਰਜ ਕਰੇਗਾ।
ਇਸ ਸਟੇਡੀਅਮ ਵਿੱਚ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਮੈਚ ਖੇਡਿਆ ਜਾਵੇਗਾ। ਪੰਜਾਬ ਵਿੱਚ ਜਿੱਥੇ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਟੂਰਨਾਮੈਂਟ ਹੋਇਆ ਹੈ ਉਥੇ ਮੁਹਾਲੀ ਵਿਖੇ ਪਹਿਲੀ ਵਾਰ ਕੋਈ ਵਾਰ ਕੌਮਾਂਤਰੀ ਹਾਕੀ ਮੈਚ ਹੋ ਰਿਹਾ ਹੈ।
ਜਲੰਧਰ ਵਿਖੇ ਲੀਗ ਸਟੇਜ ਵਿੱਚ ਭਾਰਤ ਪਹਿਲੇ, ਜਾਪਾਨ ਦੂਜੇ, ਮਲੇਸ਼ੀਆ ਤੀਜੇ, ਦੱਖਣੀ ਕੋਰੀਆ ਚੌਥੇ, ਚੀਨ ਪੰਜਵੇਂ ਤੇ ਬੰਗਲਾਦੇਸ਼ ਛੇਵੇਂ ਸਥਾਨ ਉੱਤੇ ਰਿਹਾ ਸੀ ਅਤੇ ਭਲਕੇ 4 ਨਵੰਬਰ ਨੂੰ ਨਾਕ ਆਊਟ ਸਟੇਜ ਦੇ ਤਿੰਨ ਮੈਚ ਖੇਡੇ ਜਾਣਗੇ। ਇਹਨਾਂ ਵਿੱਚ ਦੋ ਸੈਮੀ ਫ਼ਾਈਨਲ ਅਤੇ ਇਕ ਕਲਾਸੀਫਿਕੇਸ਼ਨ ਮੈਚ ਖੇਡਿਆ ਜਾਵੇਗਾ।
ਦਿਨ ਦਾ ਪਹਿਲਾ ਮੈਚ ਦੁਪਹਿਰ ਦੋ ਵਜੇ ਚੀਨ ਤੇ ਬੰਗਲਾਦੇਸ਼ ਵਿਚਾਲੇ ਪੰਜਵੀਂ ਪੁਜੀਸ਼ਨ ਲਈ ਮੈਚ ਖੇਡਿਆ ਜਾਵੇਗਾ। ਸ਼ਾਮ ਸਾਢੇ ਚਾਰ ਵਜੇ ਪਹਿਲੇ ਸੈਮੀ ਫ਼ਾਈਨਲ ਵਿੱਚ ਜਾਪਾਨ ਤੇ ਮਲੇਸ਼ੀਆ ਅਤੇ ਸ਼ਾਮ ਸੱਤ ਵਜੇ ਦੂਜੇ ਸੈਮੀ ਫ਼ਾਈਨਲ ਲਈ ਭਾਰਤ ਤੇ ਦੱਖਣੀ ਕੋਰੀਆ ਆਹਮੋ-ਸਾਹਮਣੇ ਹੋਣਗੇ। ਚਾਰੇ ਟੀਮਾਂ 5 ਨਵੰਬਰ ਨੂੰ ਮੋਹਾਲੀ ਵਿਖੇ ਹੀ ਹੋਣ ਵਾਲੇ ਫ਼ਾਈਨਲ ਮੁਕਾਬਲੇ ਵਿੱਚ ਪੁੱਜਣ ਲਈ ਪੂਰਾ ਜ਼ੋਰ ਲਗਾਉਣਗੀਆਂ। ਸੈਮੀ ਫ਼ਾਈਨਲ ਵਿੱਚ ਹਾਰਨ ਵਾਲੀਆਂ ਦੋਵੇਂ ਟੀਮਾਂ ਕਾਂਸੀ ਦੇ ਤਮਗ਼ੇ ਲਈ ਖੇਡਣਗੀਆਂ।
ਹੁਣ ਤੱਕ ਪਹਿਲਾ ਅੱਠ ਚੈਂਪੀਅਨਜ਼ ਟਰਾਫੀ ਮੁਕਾਬਲੇ ਹੋਏ ਹਨ ਜਿਨਾਂ ਵਿੱਚ ਸਭ ਤੋਂ ਵੱਧ ਵਾਰ ਭਾਰਤ ਨੇ ਛੇ ਵਾਰ ਫ਼ਾਈਨਲ ਖੇਡਿਆ ਹੈ। ਭਾਰਤ ਇਕ ਵਾਰ ਸਾਂਝੇ ਜੇਤੂ ਸਮੇਤ ਪੰਜ ਵਾਰ ਜੇਤੂ ਬਣਿਆ ਹੈ ਅਤੇ ਇਕ ਵਾਰ ਉਪ ਜੇਤੂ ਬਣਿਆ ਹੈ।
ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਵਿੱਚ ਭਾਰਤ ਤੋਂ ਬਾਅਦ ਜਾਪਾਨ ਦੋ ਵਾਰ ਅਤੇ ਦੱਖਣੀ ਕੋਰੀਆ, ਮਲੇਸ਼ੀਆ ਤੇ ਚੀਨ ਇੱਕ-ਇੱਕ ਵਾਰ ਫ਼ਾਈਨਲ ਵਿੱਚ ਪੁੱਜੇ ਹਨ। ਭਾਰਤ ਸੱਤਵੀਂ ਵਾਰ, ਜਾਪਾਨ ਤੀਜੀ ਵਾਰ ਅਤੇ ਦੱਖਣੀ ਕੋਰੀਆ, ਮਲੇਸ਼ੀਆ ਤੇ ਚੀਨ ਦੂਜੀ ਵਾਰ ਫ਼ਾਈਨਲ ਖੇਡਣ ਲਈ ਪੂਰੀ ਵਾਹ ਲਗਾਉਣਗੇ।
ਇਸ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਹੁਣ ਤੱਕ ਅਜੇਤੂ ਰਿਹਾ ਹੈ ਅਤੇ ਭਾਰਤੀ ਟੀਮ ਨੇ ਖੇਡੇ ਸਾਰੇ ਪੰਜ ਮੈਚ ਜਿੱਤੇ ਹਨ। ਭਾਰਤ ਤੋਂ ਬਾਅਦ ਜਾਪਾਨ ਨੇ ਤਿੰਨ ਮੈਚ ਜਿੱਤੇ ਹਨ ਅਤੇ ਇਕ ਡਰਾਅ ਖੇਡਿਆ ਹੈ, ਮਲੇਸ਼ੀਆ ਨੇ ਤਿੰਨ ਅਤੇ ਦੱਖਣੀ ਕੋਰੀਆ ਨੇ ਦੋ ਮੈਚ ਜਿੱਤੇ ਹਨ। ਚੀਨ ਨੇ ਦੋ ਡਰਾਅ ਤੇ ਬੰਗਲਾਦੇਸ਼ ਨੇ ਇਕ ਡਰਾਅ ਖੇਡਿਆ ਹੈ। ਭਾਰਤ ਨੇ ਕੁੱਲ ਸਭ ਤੋਂ ਵੱਧ 34 ਗੋਲ ਕੀਤੇ ਹਨ। ਮਲੇਸ਼ੀਆ ਨੇ ਕੁੱਲ 17 ਗੋਲ, ਦੱਖਣੀ ਕੋਰੀਆ ਤੇ ਚੀਨ ਨੇ 10-10, ਜਾਪਾਨ ਨੇ 9 ਗੋਲ ਅਤੇ ਬੰਗਲਾਦੇਸ਼ ਨੇ ਦੋ ਗੋਲ ਕੀਤੇ ਹਨ।
ਖਿਡਾਰੀਆਂ ਦੇ ਨਿੱਜੀ ਰਿਕਾਰਡ ਦੀ ਗੱਲ ਕਰੀਏ ਤਾਂ ਭਾਰਤੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ 9 ਗੋਲਾਂ ਨਾਲ ਟਾਪ ਸਕੋਰਰ ਚੱਲ ਰਹੇ ਹਨ। ਉਹਨਾਂ ਤੋਂ ਬਾਅਦ ਮਲੇਸ਼ੀਆ ਦੇ ਅਬੁ ਕਮਲ ਅਜ਼ਰਾਈ ਨੇ ਪੰਜ ਗੋਲ, ਭਾਰਤ ਦੇ ਦਿਲਪ੍ਰੀਤ ਸਿੰਘ ਤੇ ਸੁਖਜੀਤ ਸਿੰਘ ਅਤੇ ਚੀਨ ਦੇ ਬੇਨਹਾਈ ਚੇਨ ਨੇ ਚਾਰ-ਚਾਰ ਗੋਲ, ਭਾਰਤ ਦੇ ਮਨਦੀਪ ਸਿੰਘ, ਅਭਿਸ਼ੇਕ ਤੇ ਜੁਗਰਾਜ ਸਿੰਘ, ਦੱਖਣੀ ਕੋਰੀਆ ਦੇ ਡੇਨ ਸੁਨ, ਜਾਪਾਨ ਦੇ ਕੇਂਟਾਰੋ ਫੁਕੂਦਾ ਤੇ ਮਲੇਸ਼ੀਆ ਦੇ ਅਜ਼ੀਮੂਦੀਨ ਨੇ ਤਿੰਨ-ਤਿੰਨ ਗੋਲ ਕੀਤੇ ਹਨ।
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International4 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International3 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
