Punjab
ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਚੱਲੀ ਗੋਲੀ, 1 ਵਿਅਕਤੀ ਗੰਭੀਰ ਜ਼ਖਮੀ
ਮੋਗਾ, 10 ਨਵੰਬਰ (ਸ.ਬ.) ਦੀਵਾਲੀ ਤੇ ਪਟਾਕੇ ਚਲਾਉਣ ਨੂੰ ਲੈ ਕੇ ਸ਼ੁਰੂ ਹੋਇਆ ਮਾਮੂਲੀ ਵਿਵਾਦ ਖ਼ੂਨੀ ਸੰਘਰਸ਼ ਵਿੱਚ ਬਦਲ ਗਿਆ। ਮੋਗਾ ਦੇ ਸਾਹਿਬਜ਼ਾਦਾ ਅਜੀਤ ਨਗਰ ਵਿੱਚ ਬੀਤੀ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਈ ਬਹਿਸ ਤੋਂ ਬਾਅਦ ਕਰੀਬ 10 ਤੋਂ 12 ਨੌਜਵਾਨਾਂ ਨੇ ਹੈਪੀ ਅਰੋੜਾ ਨੂੰ ਘੇਰ ਲਿਆ। ਪਹਿਲਾਂ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਹੈਪੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਪੁਲੀਸ ਨੇ ਇਸ ਮਾਮਲੇ ਵਿੱਚ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ, ਬੀਤੀ ਰਾਤ ਕਰੀਬ 11:30 ਤੋਂ 12 ਵਜੇ ਦੇ ਵਿਚਕਾਰ ਸਾਹਿਬਜ਼ਾਦਾ ਅਜੀਤ ਨਗਰ ਵਿੱਚ ਪਟਾਕੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਜ਼ਿਕਰਯੋਗ ਹੈ ਕਿ ਦੀਵਾਲੀ ਦੇ ਮੌਕੇ ਤੇ ਗੁਆਂਢ ਵਿੱਚ ਰਹਿਣ ਵਾਲੇ ਕੁਝ ਨੌਜਵਾਨ ਦੇਰ ਰਾਤ ਤੱਕ ਪਟਾਕੇ ਚਲਾ ਰਹੇ ਸਨ। ਇਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਬਹਿਸਬਾਜ਼ੀ ਹੋਈ, ਜੋ ਦੇਖਦੇ ਹੀ ਦੇਖਦੇ ਗਾਲੀ-ਗਲੋਚ ਤੱਕ ਪਹੁੰਚ ਗਈ। ਹਾਲਾਂਕਿ, ਉਸ ਸਮੇਂ ਮਾਮਲਾ ਸ਼ਾਂਤ ਹੋ ਗਿਆ ਸੀ, ਪਰ ਵਿਵਾਦ ਦੀ ਰੰਜਿਸ਼ ਬਾਅਦ ਵਿੱਚ ਹਿੰਸਕ ਝੜਪ ਵਿੱਚ ਬਦਲ ਗਈ।
ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਮੁਤਾਬਕ, ਕੁਝ ਸਮੇਂ ਬਾਅਦ ਹੈਪੀ ਅਰੋੜਾ ਆਪਣੇ ਦੋਸਤਾਂ ਨੂੰ ਘਰ ਛੱਡਣ ਜਾ ਰਿਹਾ ਸੀ। ਇਸੇ ਦੌਰਾਨ ਕੁਝ ਨੌਜਵਾਨਾਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਦੋਸ਼ ਹੈ ਕਿ ਕਰੀਬ 10 ਤੋਂ 12 ਨੌਜਵਾਨਾਂ ਨੇ ਰਸਤੇ ਵਿੱਚ ਉਸ ਨੂੰ ਘੇਰ ਲਿਆ ਅਤੇ ਕੁੱਟਮਾਰ ਕਰਨ ਤੋਂ ਬਾਅਦ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਹੈਪੀ ਗੰਭੀਰ ਜ਼ਖ਼ਮੀ ਹੋ ਕੇ ਸੜਕ ਤੇ ਡਿੱਗ ਪਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਰਾਤ ਕਰੀਬ 12 ਵਜੇ ਸਾਹਿਬਜ਼ਾਦਾ ਅਜੀਤ ਨਗਰ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਪਟਾਕੇ ਚਲਾਉਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਵਿਵਾਦ ਹੋਇਆ ਸੀ। ਇਸ ਤੋਂ ਬਾਅਦ ਘਰ ਪਰਤ ਰਹੇ ਨੌਜਵਾਨ ਨੂੰ ਰਸਤੇ ਵਿੱਚ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਫਾਇਰਿੰਗ ਕੀਤੀ ਗਈ।
ਡੀਐਸਪੀ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਨ ਤੋਂ ਬਾਅਦ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਕਾਰਵਾਈ ਕਰ ਰਹੀਆਂ ਹਨ। ਪੁਲੀਸ ਵਾਰਦਾਤ ਵਿੱਚ ਸ਼ਾਮਲ ਹੋਰ ਲੋਕਾਂ ਦੀ ਭੂਮਿਕਾ ਅਤੇ ਫਾਇਰਿੰਗ ਵਿੱਚ ਵਰਤੇ ਗਏ ਹਥਿਆਰ ਬਾਰੇ ਵੀ ਜਾਂਚ ਕਰ ਰਹੀ ਹੈ।
Mohali
ਮੁਹਾਲੀ ਪੁਲੀਸ ਵੱਲੋਂ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਜੁੜੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦੇ 4 ਆਰੋਪੀ ਗ੍ਰਿਫਤਾਰ
ਕਾਬੂ ਕੀਤੇ ਵਿਅਕਤੀਆਂ ਤੋਂ 5 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬਰਾਮਦ
ਐਸ ਏ ਐਸ ਨਗਰ, 10 ਨਵੰਬਰ (ਸ.ਬ.) ਮੁਹਾਲੀ ਪੁਲੀਸ ਵੱਲੋਂ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਜੁੜੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦੇ 4 ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੋਂ 5 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਮੁਹਾਲੀ ਦੇ ਐਸ ਐਸ ਪੀ ਸ਼੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੀ. ਆਈ. ਏ ਸਟਾਫ ਖਰੜ ਦੇ ਇੰਚਾਰਜ ਇੰਸ: ਪਰਦੀਪ ਸਿੰਘ ਬਾਜਵਾ ਦੀ ਟੀਮ ਵੱਲੋਂ ਪਾਕਿਸਤਾਨੀ ਹੈਂਡਲਰਾਂ ਦੇ ਇਸ਼ਾਰੇ ਤੇ ਡਰੋਨ ਰਾਹੀਂ ਨਸ਼ਾ ਮੰਗਵਾਉਣ ਵਾਲੇ ਗਿਰੋਹ ਦੇ 04 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋ 5 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵੱਲੋਂ ਇਹਨਾਂ ਵਿਅਕਤੀਆਂ ਨੂੰ ਬੀਤੀ 7 ਨਵੰਬਰ ਨੂੰ ਖਰੜ ਦੇ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੌਰਾਨ ਖੁਫੀਆ ਇਤਲਾ ਦੇ ਆਧਾਰ ਤੇ ਕਾਬੂ ਕੀਤਾ ਗਿਆ ਸੀ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਸੁਖਚੈਨ ਸਿੰਘ ਉਰਫ ਸੁੱਖੀ, ਮਨਪ੍ਰੀਤ ਸਿੰਘ, ਸੁਨੀਲ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ (ਜੋ ਕਿ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਹਨ) ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦਾ ਧੰਦਾ ਕਰਦੇ ਹਨ ਅਤੇ ਇਹ ਵਿਅਕਤੀ ਕਰੇਟਾ ਕਾਰ ਵਿੱਚ ਸਵਾਰ ਹੋ ਕੇ ਮੁਹਾਲੀ ਦੇ ਵੱਖ-ਵੱਖ ਇਲਾਕਿਆ ਵਿੱਚ ਨਸ਼ੇ ਅਤੇ ਹਥਿਆਰਾ ਦੀ ਸਪਲਾਈ ਕਰਦੇ ਹਨ। ਉਹਨਾਂ ਦੱਸਿਆ ਕਿ ਉਕਤ ਜਾਣਾਕਰੀ ਦੇ ਆਧਾਰ ਤੇ ਪੁਲੀਸ ਵੱਲੋਂ ਕਾਰਵਾਈ ਕਰਦਿਆਂ ਚਾਰਾਂ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ, 5 ਨਾਜਾਇਜ਼ ਪਿਸਟਲ ਅਤੇ ਡਰੱਗ ਮਨੀ ਬ੍ਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਖਰੜ੍ਹ ਵਿਖੇ ਐਨ. ਡੀ. ਪੀ. ਐਸ.ਐਕਟ ਦੀ ਧਾਰਾ 21-61-85 ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਆਰੋਪੀ ਪਾਕਿਸਤਾਨ ਅਧਾਰਿਤ ਪੀ. ਆਈ. ਓਜ ਦੇ ਸੰਪਰਕ ਵਿੱਚ ਸਨ। ਇਹ ਵਿਅਕਤੀ ਡਰੋਨ ਰਾਹੀਂ ਸਰਹੱਦ ਪਾਰ ਤੋਂ ਭੇਜੀ ਗਈ ਹੈਰੋਇਨ ਨੂੰ ਨਿਰਧਾਰਤ ਥਾਵਾਂ ਤੋਂ ਪ੍ਰਾਪਤ ਕਰਦੇ ਸਨ ਅਤੇ ਇਸ ਨੂੰ ਵੱਧ ਮੁਨਾਫਾ ਕਮਾਉਣ ਦੇ ਮਕਸਦ ਨਾਲ ਮੁਹਾਲੀ ਅਤੇ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਦੇ ਇਲਾਕੇ ਵਿੱਚ ਸਪਲਾਈ ਕਰਦੇ ਸਨ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਦਾ 4 ਦਿਨ ਦਾ ਪੁਲੀਸ ਰਿਮਾਂਡ ਹਾਸਿਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਉਕਤ ਵਿਅਕਤੀਆਂ ਤੋਂ ਹਥਿਆਰਾਂ ਅਤੇ ਹੈਰੋਈਨ ਤੋਂ ਇਲਾਵਾ ਇੱਥ ਕਰੇਟਾ ਕਾਰ ਅਤੇ 1 ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲੀਸ ਇਹਨਾਂ ਦੇ ਅਗਲੇ ਪਿਛਲੇ ਸੰਬੰਧਾਂ ਦੀ ਜਾਂਚ ਕਰ ਰਹੀ ਹੈ।
Punjab
ਅੰਮ੍ਰਿਤਸਰ ਪੁਲੀਸ ਵਲੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈਟਵਰਕਾਂ ਨਾਲ ਜੁੜੇ 6 ਮੁਲਜ਼ਮ ਗ੍ਰਿਫ਼ਤਾਰ, 14 ਆਧੁਨਿਕ ਪਿਸਤੌਲ ਬਰਾਮਦ
ਅੰਮ੍ਰਿਤਸਰ, 10 ਨਵੰਬਰ (ਸ.ਬ.) ਅੰਮ੍ਰਿਤਸਰ ਪੁਲੀਸ ਨੇ ਦੋ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਨਾਲ ਜੁੜੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14 ਆਧੁਨਿਕ ਪਿਸਤੌਲ ਬਰਾਮਦ ਕੀਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਦੱਸਿਆ ਕਿ ਪੁਲੀਸ ਅਧਿਕਾਰੀਆਂ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ਤੇ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਨ੍ਹਾਂ ਹੈਂਡਲਰਾਂ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਮੁਲਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਬੰਧੀ ਨਿਰਦੇਸ਼ ਦਿੱਤੇ।
ਪੁਲੀਸ ਜਾਂਚ ਮੁਤਾਬਕ, ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਡਰੋਨ ਰਾਹੀਂ ਭਾਰਤ ਭੇਜੀਆਂ ਗਈਆਂ ਸਨ। ਫਿਰ ਮੁਲਜ਼ਮਾਂ ਨੇ ਇਹ ਹਥਿਆਰ ਨਿਰਧਾਰਤ ਥਾਵਾਂ ਤੋਂ ਇਕੱਠੇ ਕੀਤੇ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਪਹੁੰਚਾਏ।
ਉਹਨਾਂ ਿਿਕਹਾ ਕਿ ਪੁਲੀਸ ਦਾ ਮੰਨਣਾ ਹੈ ਕਿ ਇਹ ਨੈਟਵਰਕ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਇਸ ਪੂਰੇ ਨੈੱਟਵਰਕ ਦੇ ਪਿੱਛੇ ਮੌਜੂਦ ਵਿਅਕਤੀਆਂ ਅਤੇ ਵਿਦੇਸ਼ਾਂ ਵਿੱਚ ਸਥਿਤ ਉਨ੍ਹਾਂ ਦੇ ਹੈਂਡਲਰਾਂ ਬਾਰੇ ਪੁੱਛਗਿੱਛ ਕਰਕੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਛੇਹਰਟਾ ਅਤੇ ਸਿਵਲ ਲਾਈਨਜ਼ ਪੁਲੀਸ ਸਟੇਸ਼ਨਾਂ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲੀਸ ਹੁਣ ਮੁਲਜ਼ਮਾਂ ਦੇ ਸਬੰਧਾਂ, ਹਥਿਆਰਾਂ ਦੀ ਸਪਲਾਈ ਦੇ ਸਰੋਤ ਅਤੇ ਉਨ੍ਹਾਂ ਵਿਅਕਤੀਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਜਿਨ੍ਹਾਂ ਨੂੰ ਇਹ ਹਥਿਆਰ ਬਾਅਦ ਵਿੱਚ ਪਹੁੰਚਾਏ ਗਏ ਸਨ। ਉਹਨਾਂ ਕਿਹਾ ਕਿ ਜਾਂਚ ਦਾ ਮੁੱਖ ਉਦੇਸ਼ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰਨਾ, ਹਥਿਆਰਾਂ ਦੀ ਸਪਲਾਈ ਦੇ ਪਿਛਲੇ ਅਤੇ ਬਾਅਦ ਦੇ ਲਿੰਕਾਂ ਦਾ ਪਤਾ ਲਗਾਉਣਾ ਅਤੇ ਪੂਰੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਖ਼ਤਮ ਕਰਨਾ ਹੈ।
Chandigarh
ਪੰਜਾਬ ਕਾਂਗਰਸ ਵੱਲੋਂ 2027 ਦੀਆਂ ਚੋਣਾਂ ਦੀ ਤਿਆਰੀ ਤੇਜ਼
ਪਰਗਟ ਸਿੰਘ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ, ਮੈਨੀਫੈਸਟੋ ਨੂੰ ਲੈ ਕੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਨਾਲ ਮੰਥਨ
ਚੰਡੀਗੜ੍ਹ, 10 ਨਵੰਬਰ (ਸ.ਬ.) ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਸੂਬੇ ਵਿੱਚ ਵੱਡੇ ਪੱਧਰ ਤੇ ਮੀਟਿੰਗਾਂ ਦਾ ਦੌਰ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਵਿੱਚ ਮੌਜੂਦਾ ਵਿਧਾਇਕਾਂ, ਸਾਬਕਾ ਵਿਧਾਇਕਾਂ, ਵੱਖ-ਵੱਖ ਅਹੁਦੇਦਾਰਾਂ ਅਤੇ ਹੋਰ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦਾ ਮੁੱਖ ਏਜੰਡਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨਾ ਰਿਹਾ। ਇਸ ਦੌਰਾਨ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਤੋਂ ਸੁਝਾਅ ਲਏ ਗਏ ਕਿ ਮੈਨੀਫੈਸਟੋ ਵਿੱਚ ਕਿਹੜੇ ਮੁੱਦਿਆਂ ਅਤੇ ਵਾਅਦਿਆਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਮੈਨੀਫੈਸਟੋ ਵਿੱਚ ਅਜਿਹੇ ਵਾਅਦੇ ਕੀਤੇ ਜਾਣ, ਜਿਨ੍ਹਾਂ ਨੂੰ ਸੱਤਾ ਵਿੱਚ ਆਉਣ ਤੇ ਅਮਲੀ ਰੂਪ ਦਿੱਤਾ ਜਾ ਸਕੇ।
ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਇਸ ਵਾਰ ਮੈਨੀਫੈਸਟੋ ਨੂੰ ਸਿਰਫ਼ ਚੋਣ ਵਾਅਦਿਆਂ ਤੱਕ ਸੀਮਤ ਰੱਖਣ ਦੀ ਬਜਾਏ ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਅਤੇ ਸੂਬੇ ਦੀਆਂ ਲੋੜਾਂ ਦੇ ਆਧਾਰ ਤੇ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਵੀ ਲਗਾਤਾਰ ਸਰਗਰਮ ਹੈ।
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਤਰ੍ਹਾਂ ਕਾਂਗਰਸ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਤਿਆਰ ਕਰਨ ਲਈ ਕਈ ਪੱਧਰਾਂ ਤੇ ਕੰਮ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ 12 ਨਵੰਬਰ ਤੋਂ ਸਾਈਕਲ ਯਾਤਰਾ ਸ਼ੁਰੂ ਕਰਨ ਜਾ ਰਹੇ ਹਨ। ਇਸ ਯਾਤਰਾ ਰਾਹੀਂ ਉਹ ਲੋਕਾਂ ਤੱਕ ਪਹੁੰਚ ਕਰਨਗੇ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨਗੇ।
ਇਸ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਦੇ ਵੀ ਪੰਜਾਬ ਦੌਰੇ ਤੇ ਆਉਣ ਦੀ ਚਰਚਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਦੌਰੇ ਦੌਰਾਨ ਪੰਜਾਬ ਵਿੱਚ ਪਾਰਟੀ ਵੱਲੋਂ ਵੱਡੀ ਰੈਲੀ ਵੀ ਕੀਤੀ ਜਾ ਸਕਦੀ ਹੈ।
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International3 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
