Connect with us

Chandigarh

ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ

Published

on

16 ਨਵੰਬਰ ਤੋਂ ਲੋਕ ਘਰ ਬੈਠੇ ਭਰ ਸਕਣਗੇ ਜਨਗਣਨਾ ਦੇ 40 ਸਵਾਲਾਂ ਦੇ ਜਵਾਬ

ਚੰਡੀਗੜ੍ਹ, 11 ਨਵੰਬਰ (ਸ.ਬ.) ਪੰਜਾਬ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਨੇ ਰਫ਼ਤਾਰ ਫੜ ਲਈ ਹੈ। ਲੋਕਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਅਤੇ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਅੱਜ ਚੰਡੀਗੜ੍ਹ ਤੋਂ 9 ਵਿਸ਼ੇਸ਼ ਡਿਜੀਟਲ ਐਲ ਈ ਡੀ ਵੈਨਾਂ ਰਵਾਨਾ ਕੀਤੀਆਂ ਗਈਆਂ। ਇਨ੍ਹਾਂ ਵੈਨਾਂ ਨੂੰ ਜਨਗਣਨਾ ਸੰਚਾਲਨ ਨਿਰਦੇਸ਼ਾਲਾ, ਪੰਜਾਬ ਦੀ ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਹ ਵੈਨਾਂ ਸੂਬੇ ਦੇ ਸ਼ਹਿਰਾਂ, ਕਸਬਿਆਂ, ਪਿੰਡਾਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ਤੇ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਨਾਲ ਸਬੰਧਤ ਜਾਣਕਾਰੀ ਦੇਣਗੀਆਂ। ਇਨ੍ਹਾਂ ਤੇ ਐਲ ਈ ਡੀ ਸਕਰੀਨਾਂ ਰਾਹੀਂ ਜਾਗਰੂਕਤਾ ਸੰਦੇਸ਼ ਦਿਖਾਏ ਜਾਣਗੇ। ਇਸ ਤੋਂ ਇਲਾਵਾ ਵੈਨਾਂ ਤੇ ਕਿਊਆਰ ਕੋਡ ਵੀ ਲਗਾਏ ਗਏ ਹਨ, ਜਿਨ੍ਹਾਂ ਨੂੰ ਸਕੈਨ ਕਰਕੇ ਨਾਗਰਿਕ ਸਿੱਧੇ ਕੌਮੀ ਜਨਗਣਨਾ ਪੋਰਟਲ ਤੇ ਪਹੁੰਚ ਸਕਣਗੇ ਅਤੇ ਆਪਣੀ ਜਾਣਕਾਰੀ ਆਨਲਾਈਨ ਦਰਜ ਕਰ ਸਕਣਗੇ। ਇਸ ਮੁਹਿੰਮ ਵਿੱਚ ਆਡੀਓ-ਵਿਜ਼ੂਅਲ ਸਾਧਨਾਂ ਦੀ ਵੀ ਵਰਤੋਂ ਕੀਤੀ ਜਾਵੇਗੀ।

ਜਨਗਣਨਾ ਦੇ ਦੂਜੇ ਪੜਾਅ ਤਹਿਤ ਪੰਜਾਬ ਵਿੱਚ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਆਬਾਦੀ ਦੀ ਗਿਣਤੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 16 ਤੋਂ 30 ਨਵੰਬਰ ਤੱਕ ਲੋਕਾਂ ਨੂੰ ਸਵੈ-ਗਣਨਾ (ਸੈਲਫ ਐਨਿਊਮਰੇਸ਼ਨ) ਦਾ ਵਿਕਲਪ ਦਿੱਤਾ ਗਿਆ ਹੈ। ਇਸ ਦੌਰਾਨ ਨਾਗਰਿਕ ਜਨਗਣਨਾ ਨਾਲ ਜੁੜੇ 40 ਸਵਾਲਾਂ ਦੇ ਜਵਾਬ ਖੁਦ ਆਨਲਾਈਨ ਭਰ ਸਕਣਗੇ।

Continue Reading

Chandigarh

ਪੰਜਾਬ ਵਿੱਚ ਭਲਕੇ ਤੋਂ ਬਦਲੇਗਾ ਮੌਸਮ

Published

on

By

8 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਦੇ ਆਸਾਰ

ਚੰਡੀਗੜ੍ਹ, 11 ਨਵੰਬਰ (ਸ.ਬ.) ਪੰਜਾਬ ਵਿਚ ਪਿਛਲੇ 10 ਦਿਨਾਂ ਤੋਂ ਮੌਸਮ ਖੁਸ਼ਕ ਚੱਲ ਰਿਹਾ ਹੈ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਭਲਕੇ ਵੀਰਵਾਰ ਤੋਂ ਸੂਬੇ ਦੇ ਮੌਸਮ ਵਿਚ ਤਬਦੀਲੀ ਆਵੇਗੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਵਰੁਣ ਵਿਸ਼ਵਾਸ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੈ, ਜਿਸ ਦਾ ਅਸਰ ਪੰਜਾਬ ਵਿਚ ਵੀ ਦੇਖਣ ਨੂੰ ਮਿਲੇਗਾ। ਉਹਨਾਂ ਅਨੁਸਾਰ 12 ਨਵੰਬਰ ਨੂੰ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਰੋਪੜ ਅਤੇ ਪਠਾਨਕੋਟ ਵਿਚ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। 13 ਨਵੰਬਰ ਨੂੰ ਗੁਰਦਾਸਪੁਰ, ਪਠਾਨਕੋਟ, ਰੋਪੜ ਅਤੇ ਹੁਸ਼ਿਆਰਪੁਰ ਵਿਚ ਮੀਂਹ ਪੈਣ ਦੇ ਆਸਾਰ ਹਨ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹੋਰਨਾਂ ਜ਼ਿਲ੍ਹਿਆਂ ਵਿਚ ਵੀ ਬੱਦਲ ਛਾਏ ਰਹਿ ਸਕਦੇ ਹਨ ਜਾਂ ਕਿਣਮਿਣ ਹੋ ਸਕਦੀ ਹੈ। ਫਿਰ 14 ਨਵੰਬਰ ਤੋਂ ਮੌਸਮ ਸਾਫ਼ ਹੋ ਜਾਵੇਗਾ।

Continue Reading

Chandigarh

ਪੰਜਾਬ ਕਾਂਗਰਸ ਵੱਲੋਂ 2027 ਦੀਆਂ ਚੋਣਾਂ ਦੀ ਤਿਆਰੀ ਤੇਜ਼

Published

on

By

ਪਰਗਟ ਸਿੰਘ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ, ਮੈਨੀਫੈਸਟੋ ਨੂੰ ਲੈ ਕੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਨਾਲ ਮੰਥਨ

ਚੰਡੀਗੜ੍ਹ, 10 ਨਵੰਬਰ (ਸ.ਬ.) ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਸੂਬੇ ਵਿੱਚ ਵੱਡੇ ਪੱਧਰ ਤੇ ਮੀਟਿੰਗਾਂ ਦਾ ਦੌਰ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਵਿੱਚ ਮੌਜੂਦਾ ਵਿਧਾਇਕਾਂ, ਸਾਬਕਾ ਵਿਧਾਇਕਾਂ, ਵੱਖ-ਵੱਖ ਅਹੁਦੇਦਾਰਾਂ ਅਤੇ ਹੋਰ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦਾ ਮੁੱਖ ਏਜੰਡਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨਾ ਰਿਹਾ। ਇਸ ਦੌਰਾਨ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਤੋਂ ਸੁਝਾਅ ਲਏ ਗਏ ਕਿ ਮੈਨੀਫੈਸਟੋ ਵਿੱਚ ਕਿਹੜੇ ਮੁੱਦਿਆਂ ਅਤੇ ਵਾਅਦਿਆਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਮੈਨੀਫੈਸਟੋ ਵਿੱਚ ਅਜਿਹੇ ਵਾਅਦੇ ਕੀਤੇ ਜਾਣ, ਜਿਨ੍ਹਾਂ ਨੂੰ ਸੱਤਾ ਵਿੱਚ ਆਉਣ ਤੇ ਅਮਲੀ ਰੂਪ ਦਿੱਤਾ ਜਾ ਸਕੇ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਇਸ ਵਾਰ ਮੈਨੀਫੈਸਟੋ ਨੂੰ ਸਿਰਫ਼ ਚੋਣ ਵਾਅਦਿਆਂ ਤੱਕ ਸੀਮਤ ਰੱਖਣ ਦੀ ਬਜਾਏ ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਅਤੇ ਸੂਬੇ ਦੀਆਂ ਲੋੜਾਂ ਦੇ ਆਧਾਰ ਤੇ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਵੀ ਲਗਾਤਾਰ ਸਰਗਰਮ ਹੈ।

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਤਰ੍ਹਾਂ ਕਾਂਗਰਸ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਤਿਆਰ ਕਰਨ ਲਈ ਕਈ ਪੱਧਰਾਂ ਤੇ ਕੰਮ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ 12 ਨਵੰਬਰ ਤੋਂ ਸਾਈਕਲ ਯਾਤਰਾ ਸ਼ੁਰੂ ਕਰਨ ਜਾ ਰਹੇ ਹਨ। ਇਸ ਯਾਤਰਾ ਰਾਹੀਂ ਉਹ ਲੋਕਾਂ ਤੱਕ ਪਹੁੰਚ ਕਰਨਗੇ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨਗੇ।

ਇਸ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਦੇ ਵੀ ਪੰਜਾਬ ਦੌਰੇ ਤੇ ਆਉਣ ਦੀ ਚਰਚਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਦੌਰੇ ਦੌਰਾਨ ਪੰਜਾਬ ਵਿੱਚ ਪਾਰਟੀ ਵੱਲੋਂ ਵੱਡੀ ਰੈਲੀ ਵੀ ਕੀਤੀ ਜਾ ਸਕਦੀ ਹੈ।

Continue Reading

Chandigarh

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Published

on

By

ਚੰਡੀਗੜ੍ਹ, 10 ਨਵੰਬਰ (ਸ.ਬ.) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਵਿੱਚ ਤਰਸ ਦੇ ਆਧਾਰ ਤੇ ਭਰਤੀ ਕੀਤੇ ਗਏ 11 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਉਮੀਦਵਾਰਾਂ ਵਿੱਚ ਪੰਜ ਕਲਰਕ, ਤਿੰਨ ਸੇਵਾਦਾਰ, ਦੋ ਵਾਰਡ ਅਟੈਂਡੈਂਟ ਅਤੇ ਇੱਕ ਮੈਡੀਕਲ ਲੈਬਾਰਟਰੀ ਤਕਨੀਸ਼ੀਅਨ ਗ੍ਰੇਡ-2 ਸ਼ਾਮਲ ਹਨ।

ਕਲਰਕ ਦੀਆਂ ਪੋਸਟਾਂ ਤੇ ਨਿਯੁਕਤ ਹੋਣ ਵਾਲਿਆਂ ਵਿੱਚ ਪ੍ਰਥਮਦੀਪ ਸਿੰਘ, ਰੇਨੂੰ ਬਾਲਾ, ਰੀਤੂ, ਦਿਵਜੋਤ ਅਤੇ ਕਮਲਜੀਤ ਕੌਰ ਸ਼ਾਮਲ ਹਨ। ਗਗਨਦੀਪ ਕੌਰ ਨੂੰ ਮੈਡੀਕਲ ਲੈਬਾਰਟਰੀ ਤਕਨੀਸ਼ੀਅਨ ਗ੍ਰੇਡ-2 ਵਜੋਂ ਨਿਯੁਕਤੀ ਮਿਲੀ ਹੈ, ਜਦੋਂ ਕਿ ਮਧੂ, ਸਾਹਿਲ ਅਤੇ ਹਰਗੁਰਲਾਲ ਸਿੰਘ ਨੂੰ ਸੇਵਾਦਾਰ ਅਤੇ ਅਨੁਜ ਠਾਕੁਰ ਤੇ ਜਤਿੰਦਰ ਕੌਰ ਨੂੰ ਵਾਰਡ ਅਟੈਂਡੈਂਟ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੇਵਾ ਦੌਰਾਨ ਜਾਨ ਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਹਨਾਂ ਕਿਹਾ ਕਿ ਭਾਵੇਂ ਪਰਿਵਾਰਕ ਮੈਂਬਰ ਦਾ ਘਾਟਾ ਕਦੇ ਪੂਰਿਆ ਨਹੀਂ ਜਾ ਸਕਦਾ, ਪਰ ਤਰਸ ਦੇ ਆਧਾਰ ਤੇ ਸਮੇਂ ਸਿਰ ਸਰਕਾਰੀ ਰੋਜ਼ਗਾਰ ਮਿਲਣ ਨਾਲ ਪੀੜਤ ਪਰਿਵਾਰਾਂ ਨੂੰ ਵਿੱਤੀ ਸਥਿਰਤਾ, ਸੁਰੱਖਿਆ ਅਤੇ ਸਨਮਾਨਜਨਕ ਰੋਜ਼ੀ-ਰੋਟੀ ਮਿਲਦੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਸਿਵਲ ਸਰਜਨ ਦਫ਼ਤਰਾਂ, ਕਮਿਊਨਿਟੀ ਸਿਹਤ ਕੇਂਦਰਾਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਇਨ੍ਹਾਂ ਉਮੀਦਵਾਰਾਂ ਦੀ ਨਿਯੁਕਤੀ ਨਾਲ ਪ੍ਰਬੰਧਕੀ ਅਤੇ ਜ਼ਮੀਨੀ ਪੱਧਰ ਤੇ ਸਿਹਤ ਸੇਵਾਵਾਂ ਦੀ ਸੁਚਾਰੂ ਵੰਡ ਨੂੰ ਹੋਰ ਬਲ ਮਿਲੇਗਾ।

ਇਸ ਉਪਰੰਤ ਸਿਹਤ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਉਨ੍ਹਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਬੇਰੋਜ਼ਗਾਰ ਆਯੁਰਵੈਦਿਕ ਡੀ. ਫਾਰਮੇਸੀ ਉਪਵੈਦ ਯੂਨੀਅਨ, ਪੰਜਾਬ ਕੋਰੋਨਾ ਯੋਧੇ ਦਰਜਾ-4, ਪਟਿਆਲਾ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ, ਕੋਰੋਨਾ ਯੋਧੇ ਰਾਜਿੰਦਰਾ ਹਸਪਤਾਲ, ਪਟਿਆਲਾ ਅਤੇ ਪੰਜਾਬ ਕੈਮਿਸਟਸ ਐਸੋਸੀਏਸ਼ਨ (ਰਜਿ.) ਸਮੇਤ ਕਈ ਯੂਨੀਅਨਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਨਿਲ ਗੋਇਲ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਅਤੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ. ਬਲਵਿੰਦਰ ਕੌਰ ਵੀ ਹਾਜ਼ਰ ਸਨ।

Continue Reading

Latest News

Trending