Chandigarh
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਤੇ ਭਲਕੇ ਲੱਗਣਗੇ ਵਿਸ਼ੇਸ਼ ਕੈਂਪ
ਚੰਡੀਗੜ੍ਹ, 21 ਨਵੰਬਰ (ਸ.ਬ.) ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ਤੇ 22 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਚੱਲਣ ਵਾਲੇ ਇਨ੍ਹਾਂ ਕੈਂਪਾਂ ਦੌਰਾਨ ਵੋਟਰ ਂ ਚੋਣ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ, ਨਵੇਂ ਵੋਟਰ ਵਜੋਂ ਰਜਿਸਟਰ ਹੋ ਸਕਦੇ ਹਨ, ਜਾਂ ਆਪਣੀ ਜਾਣਕਾਰੀ ਵਿੱਚ ਸੁਧਾਰ ਲਈ ਬੇਨਤੀ ਕਰ ਸਕਦੇ ਹਨ।
ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਇਹ ਕੈਂਪ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਚੋਣ ਸੂਚੀ ਦੀ ‘ਵਿਸ਼ੇਸ਼ ਸੰਖੇਪ ਸੋਧ’ ਤਹਿਤ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ, ਲੋਕ ਖਰੜਾ ਚੋਣ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵੇ ਦੇਖ ਸਕਦੇ ਹਨ, ਨਵੇਂ ਵੋਟਰ ਵਜੋਂ ਰਜਿਸਟਰ ਹੋ ਸਕਦੇ ਹਨ, ਜਾਂ ਆਪਣੇ ਨਾਮ ਅਤੇ ਪਤੇ ਵਿੱਚ ਸੁਧਾਰ ਲਈ ਅਰਜ਼ੀ ਦੇ ਸਕਦੇ ਹਨ, ਅਤੇ ਹੋਰ ਸਬੰਧਤ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਉਹਨਾਂ ਕਿਹਾ ਕਿ ਉਹ ਨੌਜਵਾਨ ਜੋ 1 ਜਨਵਰੀ, 2027 ਤੱਕ 18 ਸਾਲ ਦੀ ਉਮਰ ਪੂਰੀ ਕਰ ਲੈਣਗੇ, ਉਹ ‘ਫਾਰਮ 6’ ਭਰ ਕੇ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦੇ ਹਨ। ਚੋਣ ਸੂਚੀ ਵਿੱਚ ਨਾਮ ਸ਼ਾਮਲ ਕਰਨ, ਸੁਧਾਰ ਕਰਨ, ਜਾਂ ਹੋਰ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਲਈ ਅਰਜ਼ੀਆਂ 11 ਦਸੰਬਰ ਤੱਕ ਸਵੀਕਾਰ ਕੀਤੀਆਂ ਜਾਣਗੀਆਂ।
ਇਨ੍ਹਾਂ ਅਰਜ਼ੀਆਂ ਤੇ ਕਾਰਵਾਈ ਕੀਤੀ ਜਾਵੇਗੀ ਅਤੇ 28 ਦਸੰਬਰ ਤੱਕ ਇਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਅੰਤਿਮ ਚੋਣ ਸੂਚੀ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
Chandigarh
ਮੁਅੱਤਲ ਡੀ. ਆਈ .ਜੀ. ਭੁੱਲਰ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਅਧਿਕਾਰੀਆਂ ਲਈ ਵਿਚੋਲੇ ਵਜੋਂ ਕੰਮ ਕਰਦਾ ਸੀ ਕ੍ਰਿਸ਼ਨੂ ਸ਼ਾਰਦਾ : ਈ ਡੀ
ਚੰਡੀਗੜ੍ਹ ਦੀ ਪੀ. ਐਮ. ਐਲ. ਏ. ਅਦਾਲਤ ਵਿੱਚ ਦਾਖ਼ਲ ਚਾਰਜਸ਼ੀਟ ਵਿੱਚ ਖ਼ੁਲਾਸਾ, ਬੈਂਕ ਖ਼ਾਤਿਆਂ ਵਿੱਚ ਆਏ ਕੁੱਲ 1.00 ਕਰੋੜ ਰੁਪਏ ਤੋਂ ਵੱਧ
ਚੰਡੀਗੜ੍ਹ, 21 ਨਵੰਬਰ (ਸ.ਬ.) ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲੀਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦਾ ਕਥਿਤ ਸਹਿਯੋਗੀ ਕ੍ਰਿਸ਼ਨੂ ਸ਼ਾਰਦਾ ਨੇ ਪੁਲੀਸ, ਸਿਵਲ ਪ੍ਰਸ਼ਾਸਨ, ਮਾਲ ਵਿਭਾਗ ਅਤੇ ਹੋਰ ਸਰਕਾਰੀ ਮਹਿਕਮਿਆਂ ਵਿੱਚ ਸੰਪਰਕਾਂ ਦਾ ਇੱਕ ਵੱਡਾ ਨੈਟਵਰਕ ਬਣਾਇਆ ਹੋਇਆ ਸੀ, ਜਿਸ ਦੀ ਵਰਤੋਂ ਉਹ ਪੈਸੇ ਲੈ ਕੇ ਤਬਾਦਲਿਆਂ, ਤਾਇਨਾਤੀਆਂ, ਨੰਬਰਦਾਰੀ, ਜ਼ਮੀਨ ਨਾਲ ਸਬੰਧਤ ਮਾਮਲਿਆਂ ਅਤੇ ਹੋਰ ਸਰਕਾਰੀ ਕੰਮ ਕਰਵਾਉਣ ਲਈ ਕਰਦਾ ਸੀ ਅਤੇ ਉਹ ਸਿਰਫ਼ ਭੁੱਲਰ ਲਈ ਹੀ ਨਹੀਂ, ਬਲਕਿ ਪੰਜਾਬ ਦੇ ਕਈ ਹੋਰ ਸਿਵਲ ਅਧਿਕਾਰੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਵੀ ਵਿਚੋਲੇ (ਦਲਾਲ) ਵਜੋਂ ਕੰਮ ਕਰ ਰਿਹਾ ਸੀ।
ਈ. ਡੀ. ਵਲੋਂ ਚੰਡੀਗੜ੍ਹ ਸਥਿਤ ਵਿਸ਼ੇਸ਼ ਪੀ.ਐਮ.ਐਲ.ਏ. (ਮਨੀ ਲਾਂਡਰਿੰਗ ਰੋਕੂ ਕਾਨੂੰਨ) ਅਦਾਲਤ ਵਿੱਚ ਕ੍ਰਿਸ਼ਨੂ ਸ਼ਾਰਦਾ ਖ਼ਿਲਾਫ਼ ਦਾਖ਼ਲ ਕੀਤੀ ਇਸਤਗਾਸਾ ਸ਼ਿਕਾਇਤ (ਚਾਰਜਸ਼ੀਟ) ਵਿੱਚ ਇਹ ਦੋਸ਼ ਲਾਏ ਹਨ। ਜਾਂਚ ਏਜੰਸੀ ਨੇ ਦੱਸਿਆ ਕਿ ਪੀ. ਐਮ. ਐਲ. ਏ.-2002 ਤਹਿਤ ਕੀਤੀ ਗਈ ਪੜਤਾਲ ਤੋਂ ਸਾਹਮਣੇ ਆਇਆ ਹੈ ਕਿ ਸ਼ਾਰਦਾ ਸਰਕਾਰੀ ਫ਼ਾਇਦੇ ਲੈਣ ਦੇ ਚਾਹਵਾਨ ਵਿਅਕਤੀਆਂ ਅਤੇ ਇਨ੍ਹਾਂ ਮਾਮਲਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਲੋਕ ਸੇਵਕਾਂ ਵਿਚਕਾਰ ਇੱਕ ਕੜੀ ਵਜੋਂ ਕੰਮ ਕਰਦਾ ਸੀ। ਚਾਰਜਸ਼ੀਟ ਅਨੁਸਾਰ 2013 ਤੋਂ 2025 ਦੇ ਅਰਸੇ ਦੌਰਾਨ ਕ੍ਰਿਸ਼ਨੂ ਸ਼ਾਰਦਾ ਅਤੇ ਉਸ ਦੀ ਪਤਨੀ ਦੇ ਅੱਠ ਬੈਂਕ ਤੇ ਡਾਕਖਾਨਾ ਖ਼ਾਤਿਆਂ ਵਿੱਚ ਕੁੱਲ 1,00,62,178 ਰੁਪਏ ਜਮ੍ਹਾਂ ਹੋਏ।
ਈ ਡੀ ਅਨੁਸਾਰ ਇਨ੍ਹਾਂ ਖ਼ਾਤਿਆਂ ਦੇ ਸਾਲ-ਦਰ-ਸਾਲ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ 2023 ਤੋਂ ਪਹਿਲਾਂ ਇਨ੍ਹਾਂ ਖ਼ਾਤਿਆਂ ਵਿੱਚ ਸਿਰਫ਼ 14,30,130.35 ਰੁਪਏ ਹੀ ਜਮ੍ਹਾਂ ਹੋਏ ਸਨ, ਪਰ 2023 ਤੋਂ ਬਾਅਦ ਇਨ੍ਹਾਂ ਵਿੱਚ ਵੱਡਾ ਉਛਾਲ ਆਇਆ ਅਤੇ ਕੁੱਲ 86,32,048 ਰੁਪਏ (ਜਿਨ੍ਹਾਂ ਵਿੱਚ 58,85,500 ਰੁਪਏ ਨਕਦ ਜਮ੍ਹਾਂ ਰਾਸ਼ੀ ਵੀ ਸ਼ਾਮਲ ਹੈ) ਜਮ੍ਹਾਂ ਕਰਵਾਏ ਗਏ।
Chandigarh
ਪੰਜਾਬ ਵਿੱਚ 2 ਡਿਗਰੀ ਤੱਕ ਡਿੱਗੇਗਾ ਪਾਰਾ, 10 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ
ਚੰਡੀਗੜ੍ਹ, 21 ਨਵੰਬਰ (ਸ.ਬ.) ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ 2 ਤੋਂ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ। ਇਸ ਤੋਂ ਇਲਾਵਾ 22 ਨਵੰਬਰ ਨੂੰ ਰਾਤ ਤੇ ਸਵੇਰ ਦੇ ਸਮੇਂ ਸੂਬੇ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 23 ਤੇ 24 ਨਵੰਬਰ ਨੂੰ ਮੌਸਮ ਸਾਫ਼ ਰਹੇਗਾ।
ਮੌਸਮ ਵਿਭਾਗ ਅਨੁਸਾਰ 22 ਨਵੰਬਰ ਨੂੰ ਮੌਸਮ ਖੁਸ਼ਕ ਰਹਿਣ ਦੇ ਆਸਾਰ ਹਨ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸ ਏ ਐਸ ਨਗਰ (ਮੁਹਾਲੀ), ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਅੰਮ੍ਰਿਤਸਰ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਰਾਤ ਤੇ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 23 ਅਤੇ 24 ਨਵੰਬਰ ਨੂੰ ਨਵੰਬਰ ਨੂੰ ਮੌਸਮ ਖੁਸ਼ਕ ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਧੁੰਦ ਦੇ ਆਸਾਰ ਨਹੀਂ ਹਨ।
Chandigarh
23 ਦਸੰਬਰ ਨੂੰ ਹੋਵੇਗੀ ਚੰਡੀਗੜ੍ਹ ਨਗਰ ਨਿਗਮ ਦੀ ਚੋਣ
ਚੰਡੀਗੜ੍ਹ, , 20 ਨਵੰਬਰ (ਸ.ਬ.) ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਸਟੇਟ ਚੋਣ ਕਮਿਸ਼ਨਰ ਡਾ. ਵਿਜੈ ਕੁਮਾਰ ਦੇਵ ਨੇ ਅੱਜ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ 23 ਦਸੰਬਰ ਨੂੰ ਵੋਟਾਂ ਪੈਣਗੀਆਂ ਤੇ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਹਨਾਂ ਦੱਸਿਆ ਕਿ ਚੋਣ ਪ੍ਰਕਿਰਿਆ 31 ਦਸੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਇਨ੍ਹਾਂ ਚੋਣਾਂ ਵਿੱਚ 4,60,262 ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। ਸ਼ਹਿਰ ਦੇ 35 ਵਾਰਡਾਂ ਲਈ 576 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਚੋਣ ਕਮਿਸ਼ਨਰ ਅਨੁਸਾਰ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਇਨ੍ਹਾਂ ਪੱਤਰਾਂ ਦੀ ਪੜਤਾਲ 4 ਦਸੰਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 7 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਸ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਚੋਣ ਖ਼ਰਚ ਦੀ ਵੱਧ ਤੋਂ ਵੱਧ ਹੱਦ 7.5 ਲੱਖ ਰੁਪਏ ਤੈਅ ਕੀਤੀ ਗਈ ਹੈ। ਇਸ ਤੋਂ ਵੱਧ ਰਕਮ ਚੋਣ ਪ੍ਰਚਾਰ ਤੇ ਖ਼ਰਚ ਨਹੀਂ ਕੀਤੀ ਜਾ ਸਕੇਗੀ। ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ ਅਤੇ ਇਨ੍ਹਾਂ ਵਾਰਡਾਂ ਵਿੱਚੋਂ ਕੌਂਸਲਰ ਪੰਜ ਸਾਲ ਦੇ ਕਾਰਜਕਾਲ ਲਈ ਚੁਣੇ ਜਾਂਦੇ ਹਨ।
ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੇ ਸਮੇਂ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਅਨੁਸਾਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਵੀ ਮਾਧਿਅਮ ਰਾਹੀਂ ਚੋਣ ਪ੍ਰਚਾਰ ਕਰਨ ਤੇ ਪਾਬੰਦੀ ਰਹੇਗੀ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਚੋਣ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਮੁਕੰਮਲ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਵੋਟਾਂ ਦੀ ਲਾਈਵ ਸਟ੍ਰੀਮਿੰਗ ਕੀਤੀ ਜਾਵੇਗੀ। ਵੋਟਰਾਂ ਦੀ ਸਹੂਲਤ ਲਈ ਔਨਲਾਈਨ ਪ੍ਰਬੰਧ ਵੀ ਕੀਤਾ ਜਾਵੇਗਾ, ਜਿਸ ਰਾਹੀਂ ਉਹ ਪੋਲਿੰਗ ਸਟੇਸ਼ਨਾਂ ਤੇ ਲੱਗੀਆਂ ਕਤਾਰਾਂ ਦੀ ਸਥਿਤੀ ਬਾਰੇ ਲਾਈਵ ਜਾਣਕਾਰੀ ਹਾਸਲ ਕਰ ਸਕਣਗੇ। ਇਸ ਨਾਲ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਜਾਣ ਦਾ ਸਮਾਂ ਤੈਅ ਕਰਨ ਵਿੱਚ ਮਦਦ ਮਿਲੇਗੀ।
ਡਾ. ਵਿਜੇ ਦੇਵ ਨੇ ਦੱਸਿਆ ਕਿ ਵੋਟਿੰਗ ਦੌਰਾਨ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਨੂੰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲੀਅਤ ਦਿੱਤੀ ਜਾਵੇਗੀ। ਉਨ੍ਹਾਂ ਚੰਡੀਗੜ੍ਹ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ।
-
International2 months agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International1 month agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
