Mohali
ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਹੈ ਅਕਾਲੀ-ਭਾਜਪਾ ਗਠਜੋੜ : ਐਨ.ਕੇ. ਸ਼ਰਮਾ
ਡੇਰਾਬੱਸੀ, 24 ਨਵੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਪੰਜਾਬ ਚੋਣਾ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਦੱਸਦਿਆਂ ਕਿਹਾ ਹੈ ਕਿ ਇਹ ਸਮੇਂ ਦੀ ਮੰਗ ਸੀ, ਜਿਸਨੂੰ ਅਕਾਲੀ ਦਲ ਦੇ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ ਦੀ ਉੱਚ ਲੀਡਰਸ਼ਿਪ ਨੇ ਸਿਰੇ ਚੜ੍ਹਾ ਦਿੱਤਾ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਦੀ ਨੀਂਹ 1996 ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਰੱਖੀ ਗਈ ਸੀ। ਉਹਨਾਂ ਕਿਹਾ ਕਿ ਇਸ ਗਠਜੋੜ ਨੇ ਪੰਜਾਬ ਵਿੱਚ ਤਿੰਨ ਵਾਰ ਸਰਕਾਰ ਬਣਾਈ ਹੈ। ਜਦੋਂ ਵੀ ਪੰਜਾਬ ਵਿੱਚ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਬਣੀ ਹੈ, ਉਦੋਂ ਪੰਜਾਬ ਆਰਥਿਕ ਅਤੇ ਸਮਾਜਿਕ ਤੌਰ ਤੇ ਮਜ਼ਬੂਤ ਹੋਇਆ ਹੈ।
ਉਹਨਾਂ ਕਿਹਾ ਕਿ ਇਹ ਗਠਜੋੜ ਇੱਕ ਵਾਰ ਫਿਰ ਪੰਜਾਬ ਵਿੱਚ ਸਰਕਾਰ ਬਣਾਉਣ ਜਾ ਰਿਹਾ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਪਿਛਲੇ ਸਾਢੇ ਨੌਂ ਸਾਲਾਂ ਵਿੱਚ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਪੰਜਾਬ ਦੇ ਲੋਕ ਇਸ ਗਠਜੋੜ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਗਠਜੋੜ ਬਣਾਇਆ ਗਿਆ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਲੋਕ ਇੱਕ ਵਾਰ ਫਿਰ ਜ਼ਮੀਨੀ ਪੱਧਰ ਤੇ ਵਿਕਾਸ ਕਾਰਜ ਦੇਖਣਗੇ।
Mohali
ਅਕਾਲੀ ਭਾਜਪਾ ਗਠਜੋੜ ਦੇ ਐਲਾਨ ਤੋਂ ਬਾਅਦ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਗੁਰੂਦੁਆਰਾ ਸਿੰਘ ਸ਼ਹੀਦਾਂ ਵਿਖੇ ਹੋਈ ਨਤਮਸਤਕ
ਸੰਜੀਵ ਵਸ਼ਿਸ਼ਠ ਅਤੇ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਇੱਕ ਮੰਚ ਤੇ ਆਏ ਦੋਵਾਂ ਪਾਰਟੀਆਂ ਦੇ ਆਗੂ
ਐਸ ਏ ਐਸ ਨਗਰ, 24 ਨਵੰਬਰ (ਸ.ਬ.) ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਅੱਜ ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਦਲੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਚੋਣ ਗਠਜੋੜ ਦਾ ਐਲਾਨ ਹੋਣ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਿੱਚ ਵੀ ਉਤਸ਼ਾਹ ਦਿਖ ਰਿਹਾ ਹੈ। ਇਸ ਸੰਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸz. ਪਰਵਿੰਦਰ ਸਿੰਘ ਸੋਹਾਣਾ ਅਤੇ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਦੀ ਅਗਵਾਈ ਹੇਠ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਇਕੱਠੇ ਹੋ ਕੇ ਇਸ ਫੈਸਲੇ ਦਾ ਸੁਆਗਤ ਕਰਦਿਆਂ ਇਤਿਹਾਸਕ ਗੁਰੂਦੁਆਰਾ ਸ੍ਰੀ ਸਿੰਘ ਸ਼ਹੀਦਾਂ ਵਿਖੇ ਮੱਥਾ ਟੇਕਿਆ ਗਿਆ ਅਤੇ ਗਠਜੋੜ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਵਾਈ ਗਈ।
ਇਸ ਮੌਕੇ ਦੋਵਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਨਹੁੰ ਮਾਸ ਵਾਲਾ ਰਿਸ਼ਤਾ ਹੈ ਅਤੇ ਦੋਵਾਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਦੀ ਭਲਾਈ ਲਈ ਇਕੱਠੇ ਹੋ ਕੇ ਚੋਣ ਲੜਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਹੁਣ ਪੰਜਾਬ ਵਿੱਚ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ।
ਉਹਨਾਂ ਕਿਹਾ ਕਿ ਸਿੱਖ ਵਿਰੋਧੀ ਕਾਂਗਰਸ ਪਾਰਟੀ ਨੂੰ ਪੰਜਾਬ ਦੀ ਜਨਤਾ ਪਹਿਲਾਂ ਹੀ ਰੱਦ ਕਰ ਚੁੱਕੀ ਹੈ ਅਤੇ ਖੁਦ ਨੂੰ ਕੱਟੜ ਇਮਾਨਦਾਰ ਕਹਿਣ ਵਾਲੀ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਦੀ ਚਰਚਾ ਘਰ ਘਰ ਹੁੰਦੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਦਿੱਲੀ ਦੀ ਜਨਤਾ ਪਹਿਲਾਂ ਹੀ ਨਕਾਰ ਚੁੱਕੀ ਹੈ ਅਤੇ ਹੁਣ ਪੰਜਾਬ ਵਿੱਚ ਵੀ ਲੋਕ ਇਹਨਾਂ ਨੂੰ ਮੂੰਹ ਲਾਉਣ ਲਈ ਤਿਆਰ ਨਹੀਂ ਹਨ।
ਇਸ ਮੌਕੇ ਦੋਵਾਂ ਪਾਰਟੀ ਦੀ ਜਿਲ੍ਹਾ ਲੀਡਰਸ਼ਿਪ ਅਤੇ ਪਾਰਟੀ ਵਰਕਰ ਹਾਜਿਰ ਸਨ।
Mohali
ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ
ਐਸ ਏ ਐਸ ਨਗਰ, 24 ਨਵੰਬਰ (ਸ.ਬ.) ਐਸ ਏ ਐਸ ਨਗਰ ਅਤੇ ਇਸਦੇ ਨੇੜਲੇ ਇਲਾਕਿਆਂ ਵਿੱਚ ਪਹਿਲੀ ਪਾਤਸ਼ਾਹੀ ਅਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਪੂਰੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ ਵੱਖ ਗੁਰੂਦੁਆਰਾ ਸਾਹਿਬਾਨ ਵਿੱਚ ਰੋਣਕਾ ਲੱਗੀਆਂ ਰਹੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਵਲੋਂ ਗੁਰੂਘਰਾਂ ਵਿੰਚ ਹਾਜਰੀਆਂ ਲਗਵਾਈਆਂ ਗਈਆਂ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਗੁਰਧਾਮਾਂ ਨੂੰ ਫੁੱਲਾਂ ਅਤੇ ਬਿਜਲਈ ਲੜੀਆਂ ਦੇ ਨਾਲ ਨਾਲ ਹੋਰ ਸਜਾਵਟੀ ਸਮਾਨ ਨਾਲ ਬਹੁਤ ਸੋਹਣੇ ਢੰਗਾਂ ਨਾਲ ਸਜਾਇਆ ਗਿਆ ਹੈ। ਇਸ ਦੌਰਾਨ ਗੁਰੂਘਰਾਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼ 3, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 2, ਗੁਰਦੁਆਰਾ ਬੀਬੀ ਭਾਨੀ ਜੀ ਫੇਜ਼ 7, ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4, ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 70, ਗੁਰਦੁਆਰਾ ਸ੍ਰੀ ਰਾਮਗੜ੍ਹੀਆ ਫੇਜ਼ 3 ਬੀ 1, ਗੁਰਦੁਆਰਾ ਸ੍ਰੀ ਧੰਨਾ ਭਗਤ ਫੇਜ਼ 8, ਗੁਰਦੁਆਰਾ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਫੇਜ਼ 9, ਗੁਰਦੁਆਰਾ ਸ੍ਰੀ ਗੁਰੂ ਹਰਚਰਨਕਮਲ ਸਾਹਿਬ ਫੇਜ਼ 10, ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਫੇਜ਼ 10, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11, ਗੁਰਦੁਆਰਾ ਸ੍ਰੀ ਅਕਾਲ ਆਸ਼ਰਮ ਸੋਹਾਣਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਫੇਜ਼ 1 ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ ਵਿੱਚ ਅੱਜ ਅੰਮ੍ਰਿਤ ਵੇਲੇ ਤੋਂ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਲਈ ਪੁਜਣੇ ਆਰੰਭ ਹੋ ਗਏ ਸਨ ਅਤੇ ਸਾਰਾ ਦਿਨ ਵੱਖ ਵੱਖ ਗੁਰਦੁਆਰਿਆਂ ਵਿੱਚ ਵੱਡੀ ਗਿਣਤੀ ਸੰਗਤ ਗੁਰਦੁਆਰਿਆਂ ਵਿੱਚ ਸਿਰ ਨਿਵਾਉਣ ਲਈ ਪੁੱਜਦੀ ਰਹੀ।
ਇਸ ਮੌਕੇ ਵੱਖ ਵੱਖ ਗੁਰਧਾਮਾਂ ਵਿੱਚ ਸਜਾਏ ਗਏ ਵਿਸ਼ੇਸ ਧਾਰਮਿਕ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਚਾਰ ਉਦਾਸੀਆਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿਤੀ ਅਤੇ ਵੱਖ ਵੱਖ ਰਾਗੀ, ਢਾਡੀ ਜਥਿਆਂ, ਕਵੀਸ਼ਰਾਂ, ਕਥਾ ਵਾਚਕਾਂ, ਵਿਚਾਰਕਾਂ ਵਲੋਂ ਸੰਗਤਾਂ ਨੂੰ ਕੀਰਤਨ, ਵਾਰਾਂ, ਕਥਾ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਦੌਰਾਨ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਜਗਜੀਤ ਸਿੰਘ ਜੀ ਜੋਸ਼ ਲੁਧਿਆਣੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਪੁਰਵਕ ਜਾਣੂ ਕਰਵਾਇਆ। ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ ਭਾਈ ਅਜਮੇਰ ਸਿੰਘ, ਭਾਈ ਪਰਮਪਾਲ ਸਿੰਘ ਅਤੇ ਭਾਈ ਅਰਵਿੰਦਰ ਸਿੰਘ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਜਸ ਸੁਣਾ ਕੇ ਨਿਹਾਲ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਗੁਰਜੰਟ ਸਿੰਘ ਮੁੱਖ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਸਮੂਹ ਮਾਨਵਤਾ ਦੇ ਭਲੇ ਲਈ ਕੀਤੀਆਂ ਚਾਰ ਉਦਾਸੀਆਂ ਅਤੇ ਉਨਾਂ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 19 ਰਾਗਾਂ ਵਿੱਚ 958 ਸ਼ਬਦ (ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਨ ਹਨ) ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਭਾਈ ਹਰਪਾਲ ਸਿੰਘ ਹਜ਼ੂਰੀ ਰਾਗੀ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਭਾਈ ਲਵਪ੍ਰੀਤ ਸਿੰਘ ਸ੍ਰੀ ਫਤਿਹਗੜ੍ਹ ਸਾਹਿਬੀ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਲੁਧਿਆਣੇ ਵਾਲੇ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਸ੍ਰੀ ਅਮ੍ਰਿਤਸਰ ਸਾਹਿਬ, ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅੰਮ੍ਰਿਤਪਾਲ ਸਿੰਘ ਜੀ ਹਜ਼ੂਰੀ ਰਾਗੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥਿਆਂ ਤੋ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਨਾਮ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ
ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਫੇਜ਼ 11 ਮੁਹਾਲੀ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ 22 ਨਵੰਬਰ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਸਾ ਦੀ ਵਾਰ ਅਤੇ ਕਥਾ ਤੋਂ ਬਾਅਦ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਜਿਸ ਵਿੱਚ ਕਈ ਬੀਬੀਆਂ ਦੇ ਜੱਥੇ ਅਤੇ ਮੁਹਾਲੀ ਤੋਂ ਅਤੇ ਬਾਹਰ ਤੋਂ ਆਏ ਜਥਿਆਂ ਨੇ ਵਿਸ਼ੇਸ਼ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਵੱਡੀ ਗਿਣਤੀ ਵਿੱਚ ਆਈ ਸੰਗਤ ਵਾਸਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਬਰੈਡ ਪਕੌੜਾ, ਦੁੱਧ ਦਾ ਲੰਗਰ, ਜਲੇਬੀਆਂ ਅਤੇ ਹੋਰ ਕਈ ਤਰ੍ਹਾਂ ਦੇ ਲੰਗਰ ਅਤੁੱਟ ਵਰਤਾਏ ਗਏ।
ਇਸ ਦੌਰਾਨ ਫੇਜ਼-2 ਸਥਿਤ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਨਵੇਂ ਲੰਗਰ ਹਾਲ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾ ਸਮਾਗਮ ਦੌਰਾਨ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਗਈ। ਅਰਦਾਸ ਤੋਂ ਬਾਅਦ ਗੁਰਦੁਆਰਾ ਸਾਹਿਬ ਜੀ ਦੇ ਹੈਡ ਗ੍ਰੰਥੀ ਭਾਈ ਕੁਲਤਾਰ ਸਿੰਘ ਦਰਿਆ ਅਤੇ ਅਮੇਯ ਫਾਊਂਡੇਸ਼ਨ ਦੀ ਚੇਅਰਪਰਸਨ ਅਤੇ ਬੀਜੇਪੀ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਬੀਬੀ ਆਭਾ ਬਾਂਸਲ ਵੱਲੋਂ ਕਮੇਟੀ ਮੈਂਬਰਾਂ ਨਾਲ ਮਿਲ ਕੇ ਨਵੇਂ ਬਣੇ ਲੰਗਰ ਹਾਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਕਾ ਲੰਗਰ ਛਕਿਆ।
Mohali
ਮੌਕਾ ਪ੍ਰਸਤ ਰਾਜਨੀਤੀ ਦੀ ਮਿਸਾਲ ਹੈ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਸਮਝੌਤਾ : ਹਰਿੰਦਰ ਸਿੰਘ ਮਾਨਸ਼ਾਹੀਆ
ਐਸ ਏ ਐਸ ਨਗਰ, 24 ਨਵੰਬਰ (ਸ.ਬ.) ਸੋਸ਼ਲਿਸਟ ਪਾਰਟੀ ਇੰਡੀਆ ਦੇ ਕੌਮੀ ਜਨਰਲ ਸਕੱਤਰ ਹਰਿੰਦਰ ਸਿੰਘ ਮਾਨਸ਼ਾਹੀਆ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਮਝੌਤਾ ਇੱਕ ਮੌਕਾ ਪ੍ਰਸਤ ਗੱਠਜੋੜ ਤੋਂ ਬਿਨਾਂ ਕੁਝ ਹੋਰ ਨਹੀਂ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਜਿਹੜੇ ਮੁੱਦਿਆਂ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਭਾਰਤੀ ਜਨਤਾ ਪਾਰਟੀ ਤੋਂ ਕਿਨਾਰਾ ਕੀਤਾ ਸੀ ਉਹ ਮੁੱਦੇ ਜਿਉਂ ਦੇ ਤਿਉਂ ਹਨ ਪਰੰਤੂ ਇਹਨਾਂ ਦੋਵਾਂ ਵਲੋਂ ਮੁੜ ਗਠਜੋੜ ਕਰ ਲਿਆ ਗਿਆ ਹੈ।
ਉਹਨਾਂ ਕਿਹਾ ਕਿ 700 ਤੋਂ ਵੱਧ ਕਿਸਾਨਾਂ ਦੀਆਂ ਸ਼ਹੀਦੀਆਂ, ਪੰਜਾਬ ਵਿੱਚ ਵੱਗਦਾ ਨਸ਼ੇ ਦਾ ਛੇਵਾਂ ਦਰਿਆ, ਪਾਕਿਸਤਾਨ ਬਾਰਡਰ ਨਾ ਲੱਗਦੇ ਪੰਜਾਬ ਦੇ ਖੇਤਰ ਦੇ 50 ਕਿਲੋਮੀਟਰ ਦਾ ਕੰਟਰੋਲ ਬੀ ਐਸ ਐਫ ਕੋਲ ਹੋਣ ਦੇ ਬਾਵਜੂਦ ਸਰਹੱਦ ਪਾਰੋਂ ਆ ਰਹੇ ਨਸ਼ੇ ਦੀ ਸਮੰਸਿਆ ਉਸੇ ਤਰ੍ਹਾਂ ਹੈ। ਉੱਪਰੋਂ ਗੁਜਰਾਤ ਤੋਂ ਵੀ ਨਸ਼ੇ ਦੀਆਂ ਵੱਡੀਆਂ ਖੇਪਾਂ ਆਉਣ ਨਾਲ ਪੰਜਾਬ ਦਿਨੋ ਦਿਨ ਨਸ਼ੇ ਦੀ ਦਲਦਲ ਵਿੱਚ ਡੁੱਬ ਰਿਹਾ ਹੈ।
ਸ੍ਰੀ ਮਾਨਸ਼ਾਹੀਆ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਇਮਾਨਦਾਰ ਅਤੇ ਨੇਕ ਸਰਕਾਰ ਦੀ ਲੋੜ ਹੈ ਜੋ ਨਿੱਜੀ ਹਿੱਤਾਂ ਨੂੰ ਛੱਡ ਕੇ ਪੰਜਾਬ ਦੇ ਹਿੱਤਾਂ ਦੀ ਗੱਲ ਕਰੇ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਦਿਆਂ ਉੱਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ 10 ਸਾਲ ਰਾਜ ਕਰਨ ਤੋਂ ਬਾਅਦ ਵੀ ਪੰਜਾਬ ਨੂੰ ਇਨਸਾਫ ਨਹੀਂ ਦਿਵਾ ਸਕੇ। ਪੰਜ ਸਾਲ ਕਾਂਗਰਸ ਸਰਕਾਰ ਰਹਿਣ ਦੇ ਸਮੇਂ ਵੀ ਪੰਜਾਬ ਦੇ ਵਿੱਚ ਬੇਰੁਜ਼ਗਾਰੀ, ਨਸ਼ਾ ਅਤੇ ਹੋਰ ਸਮੱਸਿਆਵਾਂ ਖੜੀਆਂ ਹੋਈਆਂ ਹਨ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਹਨਾਂ ਮਸਲਿਆਂ ਨੂੰ ਹੱਲ ਕਰਨ ਦੇ ਵਿੱਚ ਫੇਲ ਹੋਈ ਹੈ ਇਸ ਲਈ ਲੋੜ ਹੈ ਕਿ ਅਜਿਹੀ ਧਿਰ ਨੂੰ ਸਿਰਜਿਆ ਜਾਵੇ ਜੋ ਪੰਜਾਬ ਦੇ ਹਿੱਤਾਂ ਦੀ ਗੱਲ ਕਰ ਸਕੇ।
-
International2 months agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
