Editorial
ਮਾਰਕੀਟਾਂ ਵਿਚਲੀਆਂ ਪਾਰਕਿੰਗਾਂ ਦੀ ਹਾਲਤ ਵਿੱਚ ਸੁਧਾਰ ਕਰਨ ਲਈ ਕਦਮ ਚੁੱਕੇ ਪ੍ਰਸ਼ਾਸਨ
ਪੰਜਾਬ ਸਰਕਾਰ ਦੇ ਦਾਅਵਿਆਂ ਵਿੱਚ ਭਾਵੇਂ ਸਾਡੇ ਸ਼ਹਿਰ ਨੂੰ ਅੰਤਰਰਾਸ਼ਟਰੀ ਪੱਧਰ ਦੇ ਇੱਕ ਅਤਿ ਆਧੁਨਿਕ ਸ਼ਹਿਰ ਦਾ ਦਰਜਾ ਹਾਸਿਲ ਹੈ ਅਤੇ ਸਰਕਾਰ ਵਲੋਂ ਸ਼ਹਿਰ ਵਾਸੀਆਂਨੂੰ ਵਿਸ਼ਵਪੱਧਰੀ ਅਤਿ ਆਧੁਨਿਕ ਸੁਵਿਧਾਵਾਂ ਮੁਹਈਆ ਕਰਵਾਉਣ ਦੀ ਗੱਲ ਵੀ ਕੀਤੀ ਜਾਂਦੀ ਹੈ ਪਰੰਤੂ ਸ਼ਹਿਰ ਦੀਆਂ ਮਾਰਕੀਟਾਂ ਵਿਚਲੀਆਂ ਪਾਰਕਿੰਗਾਂ ਦੀ ਬਦਹਾਲੀ ਸਰਕਾਰ ਦੇ ਇਹਨਾਂ ਦਾਅਵਿਆਂ ਦਾ ਮਜਾਕ ਉੜਾਉਂਦੀ ਹੈ ਅਤੇ ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਮਾੜੀ ਹਾਲਤ ਅਤੇ ਇਹਨਾਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਨ ਵਾਸਤੇ ਲੋੜੀਂਦੇ ਪ੍ਰਬੰਧਾਂ ਦੀ ਘਾਟ ਕਾਰਨ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਜਾਂ ਕਿਸੇ ਹੋਰ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਅਕਸਰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ।
ਇਸ ਵੇਲੇ ਹਾਲਾਤ ਇਹ ਹਨ ਕਿ ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਖੱਡੇ ਪਏ ਹੋਏ ਹਨ ਅਤੇ ਇਹਨਾਂ ਵਿੱਚ ਵਾਹਨਾਂ ਨੂੰ ਖੜ੍ਹਾ ਕਰਨ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਕਰਨ ਲੋਕਾਂ ਵਲੋਂ ਮਨਮਰਜੀ ਅਤੇ ਆੜੇ ਤਿਰਛੇ ਢੰਗ ਨਾਲ ਆਪਣੇ ਵਾਹਨ ਖੜ੍ਹੇ ਕਰ ਦਿੱਤੇ ਜਾਂਦੇ ਹਨ ਜਿਸ ਕਾਰਨ ਮਾਰਕੀਟਾਂ ਦੀ ਪਾਰਕਿੰਗ ਵਿੱਚ ਵਾਹਨਾਂ ਦਾ ਘੜਮੱਸ ਜਿਹਾ ਪਿਆ ਰਹਿੰਦਾ ਹੈ। ਮਾਰਕੀਟਾਂ ਵਿੱਚ ਲੋਕਾਂ ਵਲੋਂ ਬੇਤਰਤੀਬ ਢੰਗ ਨਾਲ ਆਪਣੇ ਵਾਹਨ ਖੜ੍ਹਾਉਣ ਦੀ ਇਸ ਕਾਰਵਾਈ ਕਾਰਨ ਹੋਰਨਾਂ ਵਾਹਨ ਚਾਲਕਾਂ ਨੂੰ ਪਾਰਕਿੰਗ ਵਿੱਚ ਆਪਣੇ ਵਾਹਨ ਖੜੇ ਕਰਨ ਵਿੱਚ ਵੱਡੀ ਸਮੱਸਿਆ ਪੇਸ਼ ਆਉਂਦੀ ਹੈ।
ਅਜਿਹਾ ਆਮ ਵੇਖਣ ਵਿੱਚ ਆਉਂਦਾ ਹੈ ਕਿ ਮਾਰਕੀਟਾਂ ਵਿੱਚ ਪਹੁੰਚਣ ਵਾਲੇ ਵਾਹਨ ਚਾਲਕਾਂ ਦਾ ਜਿੱਥੇ ਦਿਲ ਕਰਦਾ ਹੈ, ਉਹ ਆਪਣਾ ਵਾਹਨ ਖੜ੍ਹਾ ਕਰ ਦਿੰਦੇ ਹਨ। ਅਜਿਹੇ ਲੋਕਾਂ ਦੀ ਗਿਣਤੀ ਵੀ ਕਾਫੀ ਹੈ ਜਿਹੜੇ ਪਾਰਕਿੰਗ ਵਿੱਚ ਥਾਂ ਨਾ ਮਿਲਣ ਤੇ ਕਿਸੇ ਹੋਰ ਵਾਹਨ ਦੇ ਪਿੱਛੇ ਆਪਣਾ ਵਾਹਨ ਖੜ੍ਹਾ ਕਰਕੇ ਆਪਣੇ ਕੰਮ ਤੇ ਚਲੇ ਜਾਂਦੇ ਹਨ। ਬਾਅਦ ਵਿੱਚ ਜਦੋਂ ਪਹਿਲਾਂ ਤੋਂ ਖੜ੍ਹੇ ਵਾਹਨ ਦਾ ਚਾਲਕ ਵਾਪਸ ਜਾਣ ਲਈ ਆਪਣੀ ਗੱਡੀ ਤਕ ਪਹੁੰਚਦਾ ਹੈ ਤਾਂ ਉਸਨੂੰ ਆਪਣਾ ਵਾਹਨ ਬਾਹਰ ਕੱਢਣ ਲਈ ਥਾਂ ਨਹੀਂ ਮਿਲਦੀ ਅਤੇ ਉਸਨੂੰ ਪਰੇਸ਼ਾਨ ਹੋਣਾ ਪੈਂਦਾ ਹੈ। ਇਸ ਤਰੀਕੇ ਨਾਲ ਕੀਤੀ ਜਾਂਦੀ ਬੇਤਰਤੀਬ ਪਾਰਕਿੰਗ ਕਾਰਨ ਕਈ ਵਾਰ ਵਾਹਨ ਚਾਲਕਾਂ ਵਿਚਾਲੇ ਝਗੜੇ ਦੀ ਨੌਬਤ ਤਕ ਆ ਜਾਂਦੀ ਹੈ।
ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਨਗਰ ਨਿਗਮ ਦੀ ਹੈ ਪਰੰਤੂ ਜੇਕਰ ਇਸ ਸੰਬੰਧੀ ਜੇਕਰ ਨਗਰ ਨਿਗਮ ਦੀ ਕਾਰਗੁਜਾਰੀ ਦੀ ਗੱਲ ਕੀਤੀ ਜਾਵੇ ਤਾਂ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਮਾਰਕੀਟਾਂ ਵਿਚਲੀਆਂ ਪਾਰਕਿੰਗਾਂ ਵਿੱਚ ਲੋੜੀਂਦੀਆਂ ਸਹੂਲਤਾਂ ਦੇਣ ਦੇ ਨਾਮ ਤੇ ਸਿਰਫ ਖਾਨਾਪੂਰਤੀ ਕੀਤੀ ਜਾਂਦੀ ਹੈ। ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਖੱਡੇ ਪਏ ਹੋਏ ਹਨ ਅਤੇ ਥੋੜ੍ਹੀ ਜਿਹੀ ਬਰਸਾਤ ਹੋਣ ਤੇ ਇਹਨਾਂ ਖੱਡਿਆਂ ਵਿੱਚ ਪਾਣੀ ਖੜ੍ਹਾ ਹੋ ਜਾਂਦਾ ਹੈ। ਜਦੋਂ ਗੱਡੀਆਂ ਇਹਨਾਂ ਖੱਡਿਆਂ ਤੋਂ ਲੰਘਦੀਆਂ ਹਨ ਤਾਂ ਇਸ ਗੰਦੇ ਪਾਣੀ ਦੇ ਛਿੱਟੇ ਉੱਛ ਉੱਛਲ ਕੇ ਆਉਂਦੇ ਜਾਂਦੇ ਲੋਕਾਂ ਤੇ ਪੈਂਦੇ ਹਨ। ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਨ ਲਈ ਲਾਈਨਾਂ ਵੀ ਨਹੀਂ ਲੱਗੀਆਂ ਅਤੇ ਨਾ ਹੀ ਇਹ ਜਾਣਕਾਰੀ ਦੇਣ ਲਈ ਕੋਈ ਬੋਰਡ ਜਾਂ ਨਿਸ਼ਾਨ ਲਗਾਏ ਗਏ ਹਨ ਜਿਸ ਨਾਲ ਇਹ ਪਤਾ ਚਲ ਸਕੇ ਕਿ ਦੋ ਪਹੀਆ ਅਤੇ ਤਿੰਨ ਪਹੀਆ ਵਾਹਨ ਕਿਹੜੇ ਪਾਸੇ ਖੜੇ ਕਰਨੇ ਹਨ ਅਤੇ ਚਾਰ ਪਹੀਆ ਵਾਹਨ ਕਿੱਥੇ ਖੜੇ ਕਰਨੇ ਹਨ। ਵਾਹਨਾਂ ਦੀ ਪਾਰਕਿੰਗ ਵਾਸਤੇ ਲਾਈਨਾਂ ਨਾ ਲੱਗੀਆਂ ਹੋਣ ਅਤੇ ਕੋਈ ਨਿਸ਼ਾਨ ਨਾ ਹੋਣ ਕਾਰਨ ਆਮ ਵਾਹਨ ਚਾਲਕ ਮਨ ਮਰਜੀ ਨਾਲ ਵਾਹਨ ਖੜੇ ਕਰ ਦਿੰਦੇ ਹਨ, ਜਿਸ ਕਾਰਨ ਇਹਨਾਂ ਪਾਰਕਿੰਗਾਂ ਵਿੱਚ ਅੱਗੇ ਪਿਛਲੇ ਖੜ੍ਹੇ ਵਾਹਨਾਂ ਕਾਰਨ ਹਾਲਾਤ ਬੇਹਾਲ ਰਹਿੰਦੇ ਹਨ।
ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿਚਲੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਰੇਹੜੀ ਫੜੀ ਵਾਲਿਆਂ ਵਲੋਂ ਨਾਜਾਇਜ਼ ਕਬਜ਼ਾ ਕਰਕੇ ਖਾਣ ਪੀਣ ਦਾ ਸਾਮਾਨ ਵੇਚਣ ਦੀ ਕਾਰਵਾਈ ਵੀ ਪਾਰਕਿੰਗ ਵਿਵਸਥਾ ਵਿੱਚ ਵੱਡੀ ਰੁਕਾਵਟ ਬਣਦੀ ਹੈ। ਇਸ ਸੰਬੰਧੀ ਨਗਰ ਨਿਗਮ ਵਲੋਂ ਭਾਵੇਂ ਨਾਜਾਇਜ਼ ਕਬਜ਼ੇ ਕਰਕੇ ਲਗਾਈਆਂ ਜਾਂਦੀਆਂ ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਤੇ ਕਾਬੂ ਕਰਨ ਲਈ ਚਲਾਈ ਗਈ ਲਗਾਤਾਰ ਮੁਹਿੰਮ ਚਲਾਉਣ ਦੀ ਗੱਲ ਕੀਤੀ ਜਾਂਦੀ ਹੈ ਪਰੰਤੂ ਇਹ ਸਮੱਸਿਆ ਪਹਿਲਾਂ ਵਾਂਗ ਹੀ ਹੈ ਅਤੇ ਹੁਣ (ਖਾਸ ਕਰ ਦਿਨ ਢਲਣ ਤੋਂ ਬਾਅਦ) ਇਸ ਵਿੱਚ ਹੋਰ ਵਾਧਾ ਹੋਣ ਲੱਗ ਗਿਆ ਹੈ।
ਇਸ ਸੰਬੰਧੀ ਸ਼ਹਿਰ ਦੇ ਵਪਾਰੀਆਂ ਦੀ ਨੁਮਾਇੰਦਿਗੀ ਕਰਨ ਵਾਲੇ ਵਪਾਰ ਮੰਡਲ ਵਲੋਂ ਸਮੇਂ ਸਮੇਂ ਤੇ ਨਗਰ ਨਿਗਮ ਤੋਂ ਮੰਗ ਕੀਤੀ ਜਾਂਦੀ ਹੈ ਕਿ ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਹਾਲਤ ਵਿੱਚ ਲੋੜੀਂਦਾ ਸੁਧਾਰ ਵਿਚ ਲਾਈਨਾਂ ਅਤੇ ਸਿਗਨਲ ਆਦਿ ਲਗਾਏ ਜਾਣ ਪਰੰਤੂ ਇਸ ਪੱਖੋਂ ਨਗਰ ਨਿਗਮ ਦੀ ਕਾਰਗੁਜਾਰੀ ਸਿਰਫ ਖਾਨਾਪੂਰਤੀ ਕਰਨ ਤਕ ਹੀ ਸੀਮਿਤ ਹੈ। ਨਗਰ ਨਿਗਮ ਨੂੰ ਚਾਹੀਦਾ ਹੈ ਕਿ ਉਹ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਨ ਲਈ ਆ ਰਹੀਆਂ ਦਿਕਤਾਂ ਨੂੰ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਕਰੇ ਅਤੇ ਇਸ ਵਾਸਤੇ ਇਹਨਾਂ ਪਾਰਕਿੰਗਾਂ ਦੀ ਲੋੜੀਂਦੀ ਮੁਰਮੰਤ ਕਰਕੇ ਉੱਥੇ ਵਾਹਨ ਖੜ੍ਹਾਉਣ ਲਈ ਲਾਈਨਾਂ ਅਤੇ ਹੋਰ ਸਿਗਨਲ ਲਗਾਏ ਜਾਣ ਤਾਂ ਜੋ ਆਮ ਲੋਕਾਂ ਨੂੰ ਇਸ ਸੰਬੰਧੀ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇ।
Editorial
ਰੋਸ ਪ੍ਰਦਰਸ਼ਨਾਂ, ਧਰਨਿਆਂ ਅਤੇ ਚੱਕਾ ਜਾਮ ਦਾ ਸੰਤਾਪ ਹੰਢਾਉਂਦੀ ਜਨਤਾ
ਪਿਛਲੇ ਕਾਫੀ ਸਮੇਂ ਤੋਂ ਪੰਜਾਬ ਵਿੱਚ ਧਰਨੇ ਪ੍ਰਦਰਸ਼ਨਾ ਦਾ ਕੰਮ ਜੋਰਾਂ ਤੇ ਹੈ ਅਤੇ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਆਏ ਦਿਨ ਵੱਖ ਵੱਖ ਜੱਥੇਬੰਦੀਆਂਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹਨਾਂ ਜੱਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸਰਕਾਰ ਦੇ ਖਿਲਾਫ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਅਕਸਰ ਸੜਕੀ ਆਵਾਜਾਈ ਨੂੰ ਠੱਪ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ। ਇਸਤੋਂ ਇਲਾਵਾ ਪੰਜਾਬ ਦੀਆਂ ਵੱਖ ਵੱਖ ਕਿਸਾਨ ਮਜਦੂਰ ਜਥੇਬੰਦੀਆਂ ਵਲੋਂ ਵੀ ਸਮੇਂ ਸਮੇਂ ਤੇ ਸੂਬੇ ਵਿੱਚ ਵੱਖ ਵੱਖ ਥਾਵਾਂ ਤੇ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਜੱਥੇਬੰਦੀਆਂ ਵਲੋਂ ਅਕਸਰ ਚੱਕਾ ਜਾਮ ਕਰ ਦਿੱਤਾ ਜਾਂਦਾ ਹੈ।
ਪਿਛਲੇ ਇੱਕ ਸਾਲ ਤੋਂ ਪੰਜਾਬ ਦੀਆਂ ਕਿਸਾਨ ਮਜਦੂਰ ਜੱਥੇਬੰਦੀਆਂ ਵਲੋਂ ਪੰਜਾਬ ਹਰਿਆਣਾ ਬਾਰਡਰ (ਸ਼ੰਭੂ ਬਾਰਡਰ) ਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਇਸ ਮੋਰਚੇ ਦੀ ਸ਼ੁਰੂਆਤ ਉਦੋਂ ਹੋਈ ਸੀ ਜਦੋਂ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨ ਮਜਦੂਰ ਜੱਥੇਬੰਦੀਆਂ ਦੇ ਕਾਰਕੁੰਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਜੀ ਟੀ ਰੋਡ ਤੇ ਬੈਰੀਕੇਡ ਲਗਾ ਕੇ ਸੜਕ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਇਹ ਸੜਕ ਬੰਦ ਪਈ ਹੈ। ਇਸਤੋਂ ਇਲਾਵਾ ਹਰਿਆਣਾ ਸਰਕਾਰ ਵਲੋਂ ਖਨੌਰੀ ਬਾਰਡਰ ਵੀ ਬੰਦ ਕਰ ਦਿੱਤਾ ਗਿਆ ਸੀ ਅਤੇ ਉੱਥੇ ਵੀ ਕਿਸਾਨ ਮਜਦੂਰ ਜੱਥੇਬੰਦੀਆਂ ਦਾ ਪੱਕਾ ਮੋਰਚਾ ਲੱਗਿਆ ਹੋਇਆ ਹੈ। ਹਰਿਆਣਾ ਬਾਰਡਰ ਦੀਆਂ ਇਹਨਾਂ ਮੁੱਖ ਸੜਕਾਂ ਦੇ ਬੰਦ ਹੋਣ ਕਾਰਨ ਆਮ ਟ੍ਰੈਫਿਕ ਪਿੰਡਾਂ ਦੀਆਂ ਲਿੰਕ ਸੜਕਾਂ ਤੋਂ ਹੋ ਕੇ ਲੰਘਦਾ ਹੈ ਜਿਸ ਦੌਰਾਨ ਸਮੇਂ ਅਤ ਪੈਸੇ ਦੀ ਭਾਰੀ ਬਰਬਾਦੀ ਹੁੰਦੀ ਹੈ। ਇਸ ਸੰਬੰਧੀ ਮਾਮਲਾ ਮਾਣਯੋਗ ਅਦਾਲਤ ਵਿੱਚ ਵੀ ਵਿਚਾਰਨਯੋਗ ਹੈ ਪਰੰਤੂ ਹੁਣ ਤਕ ਇਸਦਾ ਕੋਈ ਹਲ ਨਹੀਂ ਨਿਕਲ ਪਾਇਆ ਹੈ।
ਇਸ ਤਰੀਕੇ ਨਾਲ ਮੁੱਖ ਸੜਕਾਂ ਤੇ ਕੀਤੇ ਜਾਂਦੇ ਰੋਸ ਪ੍ਰਦਰਸ਼ਨਾਂ ਅਤੇ ਚੱਕਾ ਜਾਮ ਦੀ ਇਸ ਕਾਰਵਾਈ ਕਾਰਨ ਹਜਾਰਾਂ ਦੀ ਗਿਣਤੀ ਵਿੱਚ ਯਾਤਰੀਆਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ ਅਤੇ ਉਹਨਾਂ ਨੂੰ ਸਮਝ ਹੀ ਨਹੀਂ ਆਉਂਦਾ ਕਿ ਉਹ ਕਿਸ ਕੋਲ ਜਾ ਕੇ ਫਰਿਆਦ ਕਰਨ। ਸੜਕੀ ਆਵਾਜਾਈ ਬੰਦ ਹੋਣ ਕਾਰਨ ਜਿੱਥੇ ਆਮ ਯਾਤਰੀ ਪਰੇਸ਼ਾਨ ਹੁੰਦੇ ਹਨ ਉੱਥੇ ਢੋਆ ਢੁਆਈ ਦਾ ਕੰਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਅਤੇ ਜਰੂਰੀ ਵਸਤੂਆਂ ਦੀ ਕਮੀ ਹੋਣ ਕਾਰਨ ਇਹਨਾਂ ਦੀ ਕੀਮਤ ਵਿੱਚ ਵਾਧਾ ਹੋ ਜਾਂਦਾ ਹੈ ਜਿਸਦੀ ਮਾਰ ਆਮ ਲੋਕਾਂ ਤੇ ਹੀ ਪੈਂਦੀ ਹੈ।
ਸਰਕਾਰ ਦੇ ਖਿਲਾਫ ਸੰਘਰਸ਼ ਕਰਨ ਵਾਲੇ ਸਰਕਾਰੀ ਮੁਲਾਜਮ ਹੋਣ ਜਾਂ ਕਿਸਾਨ, ਸਮਾਜਸੇਵੀ ਜੱਥੇਬੰਦੀਆਂ ਹੋਣ ਜਾਂ ਧਾਰਮਿਕ ਆਗੂ ਉਹ ਜਦੋਂ ਵੀ ਸੰਘਰਸ਼ ਕਰਨ ਲਈ ਸੜਕਾਂ ਤੇ ਆਉਂਦੇ ਹਨ ਤਾਂ ਉਹ ਆਰ ਜਾਂ ਪਾਰ ਦੀ ਲੜਾਈ ਲੜਨ ਦਾ ਇਰਾਦਾ ਕਰਕੇ ਹੀ ਨਿਕਲਦੇ ਹਨ ਅਤੇ ਦੂਜੇ ਪਾਸੇ ਸਰਕਾਰ ਦੀ ਕੋਸ਼ਿਸ਼ ਹੁੰਦੀ ਹੈ ਕਿ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਇੰਨਾ ਥਕਾ ਦਿੱਤਾ ਜਾਵੇ ਕਿ ਉਹ ਆਪਣੀਆਂ ਮੰਗਾਂ ਮਨਵਾਏ ਬਿਨਾ ਹੀ ਵਾਪਸ ਪਰਤਣ ਲਈ ਮਜਬੂਰ ਹੋ ਜਾਣ। ਇਹਨਾਂ ਪ੍ਰਦਰਸ਼ਨਕਾਰੀਆਂ ਵਲੋਂ ਲਗਾਏ ਜਾਂਦੇ ਟ੍ਰੈਫਿਕ ਜਾਮ ਦੌਰਾਨ ਜਦੋਂ ਕਈ ਕਈ ਮੀਲ ਤਕ ਵਾਹਨਾਂ ਦੀਆਂ ਕਤਾਰਾਂ ਲੱਗ ਜਾਂਦੀਆਂ ਹਨ ਉਦੋਂ ਟ੍ਰੈਫਿਕ ਜਾਮ ਵਿੱਚ ਫਸੇ ਆਮ ਲੋਕਾਂ ਨੂੰ ਇਹ ਗੱਲ ਸਮਝ ਨਹੀਂ ਆਉਂਦੀ ਕਿ ਆਖਿਰ ਉਹਨਾਂ ਨੂੰ ਕਿਸ ਗੁਨਾਹ ਦੀ ਸਜਾ ਭੁਗਤਣੀ ਪੈ ਰਹੀ ਹੈ। ਇਸ ਦੌਰਾਨ ਕਈ ਵਾਰ ਆਮ ਲੋਕਾਂ ਅਤੇ ਪ੍ਰਦਰਸ਼ਨਕਾਰੀਆਂ ਵਿੱਚ ਟਕਰਾਅ ਹੋਣ ਦੀ ਨੌਬਤ ਵੀ ਆ ਜਾਂਦੀ ਹੈ। ਮੁੱਖ ਸੜਕਾਂ ਤੇ ਧਰਨੇ ਲਗਾ ਕੇ ਸੜਕ ਆਵਾਜਾਈ ਠੱਪ ਕਰਨ ਵਾਲੀਆਂ ਇਹਨਾਂ ਜੱਥੇਬੰਦੀਆਂ ਦੇ ਹਜੂਮ ਦੇ ਅੱਗੇ ਸਰਕਾਰ ਦਾ ਪੂਰਾ ਢਾਂਚਾ ਬੇਬਸ ਦਿਖਦਾ ਹੈ ਜਾਂ ਫਿਰ ਉਸ ਵਲੋਂ ਇਸ ਸਾਰੇ ਕੁੱਝ ਨੂੰ ਅਣਦੇਖਿਆ ਕਰ ਦਿੱਤਾ ਜਾਂਦਾ ਹੈ ਅਤੇ ਸਰਕਾਰ ਜਾਣ ਬੁੱਝ ਕੇ ਇਸ ਸਾਰੇ ਕੁੱਝ ਤੋਂ ਟਾਲਾ ਵੱਟਦੀ ਰਹਿੰਦੀ ਹੈ।
ਤਰਾਸਦੀ ਇਹ ਹੈ ਕਿ ਇਹਨਾਂ ਧਰਨਿਆਂ ਪ੍ਰਦਰਸ਼ਨਾਂ ਦੌਰਾਨ ਉਸ ਆਮ ਜਨਤਾ ਨੂੰ ਹੀ ਖੱਜਲ ਖੁਆਰ ਹੋਣਾ ਪੈਂਦਾ ਹੈ, ਜਿਸ ਵਲੋਂ ਦਿੱਤੇ ਜਾਣ ਵਾਲੇ ਟੈਕਸਾਂ ਨਾਲ ਹੀ ਸਰਕਾਰ ਦੇ ਖਰਚੇ ਪੂਰੇ ਹੁੰਦੇ ਹਨ ਅਤੇ ਜਿਹੜੀਆਂ ਵੱਖ ਵੱਖ ਜੱਥੇਬੰਦੀਆਂ ਆਪਣੀ ਨੌਕਰੀ ਪੱਕੀ ਕਰਵਾਉਣ ਲਈ ਆਮ ਲੋਕਾਂ ਨੂੰ ਤੰਗ ਕਰਨ ਵਾਲੀ ਇਸ ਕਾਰਵਾਈ ਨੂੰਅੰਜਾਮ ਦੇ ਰਹੀਆਂ ਹੁੰਦੀਆਂ ਹਨ ਉਹਨਾਂ ਦੀਆਂ ਤਨਖਾਹਾਂ ਵੀ ਆਮ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਹੀ ਅਦਾ ਕੀਤੀਆਂ ਜਾਂਦੀਆਂ ਹਨ। ਇਸ ਸੰਬੰਧੀ ਸਰਕਾਰ ਦੀ ਇਹ ਜਿੰਮੇਵਾਰੀ ਹੈ ਕਿ ਜਾਂ ਤਾਂ ਉਹ ਇਹਨਾਂ ਪ੍ਰਦਰਸ਼ਨਕਾਰੀਆਂ ਦੀ ਗੱਲ ਮੰਨ ਕੇ ਇਹ ਧਰਨੇ ਪ੍ਰਦਰਸ਼ਨ ਖਤਮ ਕਰਵਾਏ ਅਤੇ ਜੇਕਰ ਅਜਿਹਾ ਕੀਤਾ ਜਾਣਾ ਸੰਭਵ ਨਹੀਂ ਹੈ ਤਾਂ ਫਿਰ ਪ੍ਰਦਰਸ਼ਨਕਾਰੀਆਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸਰਕਾਰ ਆਮ ਲੋਕਾਂ ਨੂੰ ਇਸ ਤਰ੍ਹਾਂ ਭੀੜ ਤੰਤਰ ਦੇ ਰਹਿਮ ਤੇ ਨਹੀਂ ਛੱਡ ਸਕਦੀ ਅਤੇ ਇਸ ਸੰਬੰਧੀ ਤੁਰੰਤ ਕਾਰਵਾਈ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਨੂੰ ਹੋਣ ਵਾਲੀ ਇਹ ਫਜੂਲ ਦੀ ਖੱਜਲ ਖੁਆਰੀ ਤੋਂ ਰਾਹਤ ਮਿਲੇ।
Editorial
ਪੰਜਾਬ ਦੇ ਟਰਾਂਸਪੋਰਟ ਖੇਤਰ ਵਿੱਚ ਹੋਰ ਸੁਧਾਰਾਂ ਦੀ ਲੋੜ
ਡਰਾਇਵਰਾਂ ਕੰਡਕਟਰਾਂ ਨੂੰ ਲੋਕਾਂ ਨਾਲ ਹਲੀਮੀ ਨਾਲ ਗੱਲ ਕਰਨ ਲਈ ਪਾਬੰਦ ਕੀਤਾ ਜਾਣਾ ਜਰੂਰੀ
ਪੀ.ਆਰ.ਟੀ.ਸੀ ਵੱਲੋਂ ਕੀਤੇ ਗਏ ਨਵੇਂ ਫੈਸਲੇ ਅਨੁਸਾਰ ਹੁਣ ਬੱਸਾਂ ਵਿੱਚ ਕੰਡਕਟਰ, ਡਰਾਇਵਰ ਦੇ ਨੇੜੇ ਅਗਲੀ ਸੀਟ ਤੇ ਨਹੀਂ ਬੈਠ ਸਕਣਗੇ। ਟ੍ਰਾਂਸਪੋਰਟ ਐਕਟ ਦੇ ਅਨੁਸਾਰ ਹੁਣ ਕੰਡਕਟਰਾਂ ਨੂੰ ਬੱਸ ਦੀ ਪਿਛਲੀ ਤਾਕੀ ਦੇ ਨੇੜੇ ਬਣੀ ਕੰਡਕਟਰ ਵਾਲੀ ਰਾਖਵੀਂ ਸੀਟ ਤੇ ਹੀ ਬੈਠਣਾ ਪਵੇਗਾ। ਪੀ ਆਰ ਟੀ ਸੀ ਮੈਨੇਜਮੈਂਟ ਵੱਲੋਂ ਲਾਗੂ ਕੀਤੇ ਗਏ ਇਸ ਫੈਸਲੇ ਦਾ ਸਵਾਗਤ ਵੀ ਕੀਤਾ ਜਾ ਰਿਹਾ ਹੈ ਅਤੇ ਕੁਝ ਡਰਾਇਵਰਾਂ ਕੰਡਕਟਰਾਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਦੋਂ ਵੱਖ- ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਾ ਕਹਿਣਾ ਸੀ ਕਿ ਪੀ ਆਰ ਟੀ ਸੀ ਮੈਨੇਜ਼ਮੈਂਟ ਦਾ ਇਹ ਫੈਸਲਾ ਬਿਲਕੁਲ ਸਹੀ ਹੈ ਕਿਉਂਕਿ ਅਕਸਰ ਹੀ ਕੰਡਕਟਰ ਇੱਕ ਨੰਬਰ ਸੀਟ ਤੇ ਬੈਠੇ ਯਾਤਰੀਆਂ ਨੂੰ ਉਠਾ ਦਿੰਦੇ ਹਨ ਅਤੇ ਖੁਦ ਬੈਠ ਜਾਂਦੇ ਹਨ। ਉਸ ਤੋਂ ਬਾਅਦ ਉਹ ਡਰਾਇਵਰ ਨਾਲ ਗੱਲਾਂ ਕਰਨ ਲੱਗਦੇ ਹਨ, ਜਿਸ ਕਾਰਨ ਡਰਾਇਵਰ ਦਾ ਧਿਆਨ ਭਟਕਦਾ ਹੈ ਅਤੇ ਹਾਦਸੇ ਵਾਪਰਨ ਦਾ ਖਤਰਾ ਬਣ ਜਾਂਦਾ ਹੈ।
ਆਮ ਲੋਕਾਂ ਦਾ ਕਹਿਣਾ ਹੈ ਕਿ ਅਸਲ ਵਿੱਚ ਅਜੇ ਵੀ ਪੰਜਾਬ ਦੇ ਟਰਾਂਸਪੋਰਟ ਖੇਤਰ ਵਿੱਚ ਵੱਡੇ ਸੁਧਾਰਾਂ ਦੀ ਲੋੜ ਹੈ। ਉਹਨਾਂ ਕਿਹਾ ਕਿ ਕਈ ਬੱਸਾਂ ਦੇ ਡਰਾਇਵਰ ਕੰਡਕਟਰ ਆਮ ਲੋਕਾਂ ਨਾਲ ਬਹੁਤ ਅੱਖੜ ਤਰੀਕੇ ਨਾਲ ਗੱਲ ਕਰਦੇ ਹਨ। ਕਈ ਵਾਰ ਨਿਸ਼ਚਿਤ ਅੱਡਿਆਂ ਤੇ ਬੱਸਾਂ ਨੂੰ ਨਹੀਂ ਰੋਕਿਆ ਜਾਂਦਾ। ਇਸ ਤੋਂ ਇਲਾਵਾ ਲੰਬੇ ਰੂਟ ਦੀਆਂ ਬੱਸਾਂ ਨੂੰ ਅਕਸਰ ਢਾਬਿਆਂ ਤੇ ਕਾਫੀ ਸਮਾਂ ਰੋਕ ਲਿਆ ਜਾਂਦਾ ਹੈ, ਜਿਸ ਕਾਰਨ ਆਮ ਲੋਕ ਸਮੇਂ ਸਿਰ ਆਪਣੀ ਮੰਜ਼ਿਲ ਤੇ ਨਹੀਂ ਪਹੁੰਚਦੇ ਅਤੇ ਉਹਨਾਂ ਨੂੰ ਢਾਬਿਆਂ ਤੇ ਖਾਣ ਪੀਣ ਦਾ ਮਹਿੰਗਾ ਸਮਾਨ ਖਰੀਦਣ ਲਈ ਮਜਬੂਰ ਹੋਣਾ ਪੈਂਦਾ ਹੈ। ਅਜਿਹੇ ਢਾਬਿਆਂ ਤੇ ਬੱਸਾਂ ਦੇ ਡਰਾਇਵਰਾਂ ਕੰਡਕਟਰਾਂ ਨੂੰ ਖਾਣ ਪੀਣ ਦਾ ਸਮਾਨ ਮੁਫਤ ਮਿਲਦਾ ਹੈ ਇਸ ਲਈ ਉਹ ਬੱਸਾਂ ਨੂੰ ਲੰਬਾ ਸਮਾਂ ਰੋਕ ਕੇ ਰੱਖਦੇ ਹਨ।
ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਕਈ ਕੰਡਕਟਰ ਅਜਿਹੇ ਹਨ ਜਿਹੜੇ ਆਮ ਲੋਕਾਂ ਤੋਂ ਟਿਕਟ ਦੇ ਪੈਸੇ ਤਾਂ ਲੈ ਲੈਂਦੇ ਹਨ ਪਰ ਬਕਾਇਆ ਨਹੀਂ ਮੋੜਦੇ ਜਾਂ ਟਿਕਟ ਦੇ ਪਿੱਛੇ ਲਿਖ ਦਿੰਦੇ ਹਨ। ਕਈ ਵਾਰ ਲੋਕ ਕੰਡਕਟਰ ਤੋਂ ਬਕਾਇਆ ਲੈਣਾ ਵੀ ਭੁੱਲ ਜਾਂਦੇ ਹਨ, ਜਿਸ ਕਰਕੇ ਲੋਕਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ।
ਉਪਰੋਕਤ ਗੱਲਾਂ ਨੂੰ ਮੁੱਖ ਰੱਖਦਿਆਂ ਕਿਹਾ ਜਾ ਸਕਦਾ ਹੈ ਕਿ ਟਰਾਂਸਪੋਰਟ ਖੇਤਰ ਵਿੱਚ ਹੋਰ ਵੀ ਕਈ ਵੱਡੇ ਸੁਧਾਰਾਂ ਦੀ ਲੋੜ ਹੈ, ਜਿਸ ਪਾਸੇ ਪੰਜਾਬ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ।
ਬਿਊਰੋ
Editorial
ਚੋਣਾਂ ਵਿੱਚ ਛੜਿਆਂ ਦੀ ਵੀ ਬੁੱਕਤ ਪੈਣ ਲੱਗੀ…
20 ਨਵੰਬਰ ਨੂੰ ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਅਤੇ ਪੰਜਾਬ ਸਮੇਤ ਕੁਝ ਰਾਜਾਂ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਹਨਾਂ ਚੋਣਾਂ ਦੌਰਾਨ ਇਹ ਗੱਲ ਉਭਰ ਕੇ ਸਾਹਮਣੇ ਆਈ ਹੈ ਕਿ ਇਹਨਾਂ ਚੋਣਾਂ ਵਿੱਚ ਹੁਣ ਛੜਿਆਂ ਦੀ ਵੀ ਬੁਕਤ ਪੈਣੀ ਸ਼ੁਰੂ ਹੋ ਗਈ ਹੈ।
ਮੱਧ ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ ਸ਼ਰਦ ਪਵਾਰ (ਐਨ. ਸੀ. ਪੀ.-ਐਸ.ਪੀ.) ਦੇ ਉਮੀਦਵਾਰ ਦੇਸ਼ਮੁਖ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹ ਵਿਧਾਨ ਸਭਾ ਚੋਣਾਂ ਜਿੱਤਦੇ ਹਨ, ਤਾਂ ਉਹ ਆਪਣੇ ਹਲਕੇ ਵਿੱਚ ਸਾਰੇ ਅਣਵਿਆਹੇ ਨੌਜਵਾਨਾਂ ਭਾਵ ਛੜਿਆਂ ਦਾ ਵਿਆਹ ਕਰਵਾਉਣਗੇ।
ਦੇਸ਼ਮੁਖ ਨੇ ਕਿਹਾ, ”ਜੇਕਰ ਮੈਂ ਵਿਧਾਇਕ ਬਣ ਗਿਆ ਤਾਂ ਸਾਰੇ ਅਣਵਿਆਹੇ ਨੌਜਵਾਨਾਂ ਦਾ ਵਿਆਹ ਕਰਾਵਾਂਗਾ। ਅਸੀਂ ਨੌਜਵਾਨਾਂ ਨੂੰ ਕੰਮ ਦੇਵਾਂਗੇ। ਲੋਕ ਪੁੱਛਦੇ ਹਨ (ਵਹੁਟੀ ਭਾਲਣ ਵਾਲੇ ਨੂੰ) ਕੀ ਉਸ ਕੋਲ ਕੋਈ ਨੌਕਰੀ ਹੈ ਜਾਂ ਕੀ ਉਸ ਦਾ ਕੋਈ ਕਾਰੋਬਾਰ ਹੈ।
ਜਿਵੇਂ ਹੀ ਦੇਸ਼ਮੁਖ ਦੀ ਇਸ ਬਿਆਨ ਵਾਲੀ ਵੀਡੀਓ ਵਾਇਰਲ ਹੋਈ ਤਾਂ ਹੋਰਨਾਂ ਚੋਣ ਖੇਤਰਾਂ ਦੇ ਵਸਨੀਕ ਛੜਿਆਂ ਨੂੰ ਵੀ ਆਪੋ ਆਪਣੇ ਹਲਕੇ ਦੇ ਉਮੀਦਵਾਰਾਂ ਤੋਂ ਆਸ ਦੀ ਕਿਰਨ ਜਾਗ ਪਈ ਕਿ ਸ਼ਾਇਦ ਉਹ ਵੀ ਜਿੱਤਣ ਤੋਂ ਬਾਅਦ ਉਹਨਾਂ ਦੇ ਵਿਆਹ ਕਰਵਾ ਦੇਣ। ਅਸਲ ਵਿੱਚ ਦੇਸ਼ਮੁੱਖ ਦਾ ਬਿਆਨ ਭਾਰਤ ਦੇ ਪੇਂਡੂ ਖੇਤਰਾਂ ਵਿੱਚ ਨੌਜਵਾਨਾਂ ਨੂੰ ਵਿਆਹ ਲਈ ਲੜਕੀਆਂ ਨਾ ਮਿਲਣ ਦੀ ਸਮੱਸਿਆ ਨੂੰ ਉਜਾਗਰ ਕਰਦਾ ਹੈ।
ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਇਸ ਸਮੇਂ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ, ਜਿਹਨਾਂ ਲਈ 20 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਪੰਜਾਬ ਦੇ ਜ਼ਿਮਨੀ ਚੋਣਾਂ ਵਾਲੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੀ ਅਜਿਹੇ ਨੌਜਵਾਨ ਹਨ, ਜਿਹਨਾਂ ਦੇ ਅਜੇ ਤੱਕ ਵਿਆਹ ਨਹੀਂ ਹੋਏ ਅਤੇ ਉਹਨਾਂ ਦੀ ਵਿਆਹ ਦੀ ਉਮਰ ਲੰਘ ਚੁੱਕੀ ਹੈ ਜਾਂ ਲੰਘ ਰਹੀ ਹੈ ਭਾਵ ਉਹ ਛੜਿਆਂ ਦੀ ਗਿਣਤੀ ਵਿੱਚ ਆ ਗਏ ਹਨ।
ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਉਮੀਦਵਾਰ ਦੇਸ਼ਮੁਖ ਦੇ ਵੱਲੋਂ ਆਪਣੀ ਜਿੱਤ ਤੋਂ ਬਾਅਦ ਆਪਣੇ ਵਿਧਾਨ ਸਭਾ ਹਲਕੇ ਦੇ ਛੜਿਆਂ ਦੇ ਵਿਆਹ ਕਰਵਾਉਣ ਦੇ ਐਲਾਨ ਨਾਲ ਹੁਣ ਪੰਜਾਬ ਦੇ ਛੜਿਆਂ ਨੂੰ ਵੀ ਆਸ ਬਣ ਗਈ ਹੈ ਕਿ ਸ਼ਾਇਦ ਚੋਣਾਂ ਲੜ ਰਹੇ ਪੰਜਾਬ ਦੇ ਉਮੀਦਵਾਰ ਵੀ ਉਹਨਾਂ ਦੀ ਸੁਣ ਲੈਣ ਅਤੇ ਉਹਨਾਂ ਦੇ ਵਿਆਹਾਂ ਲਈ ਕੋਈ ਉਪਰਾਲਾ ਕਰਨ।
ਬਿਊਰੋ
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali2 months ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
National2 months ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
International2 months ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial2 months ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ
-
National2 months ago
ਚੱਲਦੀ ਟਰੇਨ ਤੋਂ ਆਰ ਪੀ ਐਫ ਜਵਾਨਾਂ ਨੂੰ ਸੁੱਟਣ ਵਾਲਾ ਬਦਮਾਸ਼ ਮੁਕਾਬਲੇ ਵਿੱਚ ਢੇਰ