Mohali
ਗਮਾਡਾ ਵੱਲੋਂ ਕੀਤੀ 2605 ਕਰੋੜ ਰੁਪਏ ਦੀ ਕਮਾਈ ਵਿੱਚੋਂ ਘੱਟੋ ਘੱਟ 10 ਫੀਸਦੀ ਹਿੱਸਾ ਨਗਰ ਨਿਗਮ ਨੂੰ ਮਿਲੇ : ਕੁਲਜੀਤ ਸਿੰਘ ਬੇਦੀ
ਨਗਰ ਨਿਗਮ ਨੂੰ 250 ਕਰੋੜ ਰੁਪਏ ਦੇਣ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਐਸ ਏ ਐਸ ਨਗਰ, 24 ਸਤੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੌਜੂਦਾ ਹੋਈ ਬੋਲੀ ਦੌਰਾਨ ਗਮਾਡਾ ਵੱਲੋਂ ਕਮਾਏ ਗਏ 2605 ਕਰੋੜ ਰੁਪਏ ਦਾ ਘੱਟੋ ਘੱਟ 10 ਫੀਸਦੀ ਹਿੱਸਾ (260 ਕਰੋੜ ਰੁਪਏ) ਨਗਰ ਨਿਗਮ ਨੂੰ ਦਿੱਤਾ ਜਾਵੇ। ਉਹਨਾਂ ਵਲੋਂ ਇਸ ਪੱਤਰ ਦੀ ਇੱਕ ਕਾਪੀ ਗਮਾਡਾ ਦੇ ਮੁੱਖ ਪ੍ਰਸ਼ਾਸਨ ਨੂੰ ਵੀ ਭੇਜੀ ਗਈ ਹੈ।
ਪੱਤਰ ਵਿੱਚ ਸz. ਬੇਦੀ ਨੇ ਅੰਕੜੇ ਦਿੰਦਿਆਂ ਦੱਸਿਆ ਹੈ ਕਿ ਗਮਾਡਾ ਦੇ ਨਾਲ ਨਗਰ ਨਿਗਮ ਦਾ ਇਹ ਸਮਝੌਤਾ ਹੋਇਆ ਸੀ ਕਿ ਮੁਹਾਲੀ ਨਗਰ ਨਿਗਮ ਵੱਲੋਂ ਕਰਵਾਏ ਜਾਂਦੇ ਵਿਕਾਸ ਕਾਰਜਾਂ ਦਾ 25 ਫੀਸਦੀ ਹਿੱਸਾ ਗਮਾਡਾ ਵੱਲੋਂ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਪਿਛਲੀ ਨਗਰ ਨਿਗਮ ਵੇਲੇ ਵੀ ਗਮਾਡਾ ਨਾਲ ਇੱਕ ਸਮਝੌਤਾ ਨਗਰ ਨਿਗਮ ਦਾ ਹੋਇਆ ਸੀ ਜਿਸ ਦੇ ਤਹਿਤ ਪਾਰਕਾਂ ਦਾ 50 ਕਰੋੜ ਰੁਪਿਆ ਹਰ ਸਾਲ ਗਮਾਡਾ ਨੇ ਨਗਰ ਨਿਗਮ ਨੂੰ ਦੇਣਾ ਸੀ ਪਰ ਉਹ ਵੀ ਗਮਾਡਾ ਵੱਲੋਂ ਨਹੀਂ ਦਿੱਤਾ ਗਿਆ।
ਉਹਨਾਂ ਦੱਸਿਆ ਕਿ ਸਾਲ 2021-22 ਵਿੱਚ ਗਮਾਡਾ ਵੱਲੋਂ ਨਗਰ ਨਿਗਮ ਨੂੰ 16 ਕਰੋੜ ਰੁਪਏ, ਸਾਲ 2022-23 ਵਿੱਚ 15.81 ਕਰੋੜ ਰੁਪਏ, ਸਾਲ 2023-24 ਵਿੱਚ 17.08 ਕਰੋੜ ਰੁਪਏ ਦਿੱਤੇ ਗਏ ਜੋ ਕਿ 25 ਫੀਸਦੀ ਸਮਝੌਤੇ ਦੇ ਤਹਿਤ ਨਗਰ ਨਿਗਮ ਨੂੰ ਮਿਲੇ। ਉਹਨਾਂ ਕਿਹਾ ਕਿ ਮੌਜੂਦਾ ਸਾਲ 2024-25 ਅੱਧੇ ਤੋਂ ਵੱਧ ਖਤਮ ਹੋ ਚੱਲਿਆ ਹੈ ਪਰ ਹਾਲੇ ਤੱਕ ਗਮਾਡਾ ਵੱਲੋਂ ਨਗਰ ਨਿਗਮ ਨੂੰ 25 ਫੀਸਦੀ ਸਮਝੌਤੇ ਦੇ ਤਹਿਤ ਇੱਕ ਰੁਪਈਆ ਵੀ ਨਹੀਂ ਦਿੱਤਾ ਗਿਆ।
ਡਿਪਟੀ ਮੇਅਰ ਨੇ ਕਿਹਾ ਕਿ ਮੁਹਾਲੀ ਸ਼ਹਿਰ ਬਹੁਤ ਜਿਆਦਾ ਵਿਕਸਿਤ ਹੋ ਚੁੱਕਿਆ ਹੈ ਅਤੇ ਇਸਦੇ ਨਾਲ ਹੀ ਸ਼ਹਿਰ ਪ੍ਰਤੀ ਨਗਰ ਨਿਗਮ ਦੀਆਂ ਜਿੰਮੇਵਾਰੀਆਂ ਵੀ ਉਨੀਆਂ ਹੀ ਵੱਧਦੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਬੀ ਸੜਕਾਂ ਦੀ ਮਕੈਨੀਕਲ ਸਫਾਈ ਲਈ ਗਮਾਡਾ ਨੇ ਗੱਡੀਆਂ ਦੀ ਖਰੀਦ ਦੇ 10 ਕਰੋੜ ਰੁਪਏ ਦੇਣੇ ਸਨ ਜੋ ਕਿ ਹਾਲੇ ਤੱਕ ਨਹੀਂ ਦਿੱਤੇ ਗਏ ਜਦੋਂ ਕਿ ਠੇਕੇਦਾਰ ਕੰਪਨੀ ਵੱਲੋਂ ਖੁਦ ਪੈਸੇ ਖਰਚ ਕੇ ਦੋ ਗੱਡੀਆਂ ਚਾਲੂ ਕਰ ਵੀ ਦਿੱਤੀਆਂ ਗਈਆਂ ਹਨ ਅਤੇ ਬਾਕੀ ਦੋ ਗੱਡੀਆਂ ਵੀ ਆਉਣ ਵਾਲੀਆਂ ਹਨ।
ਉਹਨਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਵੱਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਗੱਡੀਆਂ ਦੇ 10 ਕਰੋੜ ਤੋਂ ਇਲਾਵਾ ਇਸ ਸਾਲ ਦੇ ਲਗਭਗ 25 ਕਰੋੜ ਰੁਪਏ ਦੇਣ ਲਈ ਦੋ ਵਾਰ ਪੱਤਰ ਲਿਖਿਆ ਜਾ ਚੁੱਕਿਆ ਹੈ ਪਰ ਗਮਾਡਾ ਦੇ ਅਧਿਕਾਰੀਆਂ ਨੇ ਨਗਰ ਨਿਗਮ ਦੀ ਕੋਈ ਅਦਾਇਗੀ ਨਹੀਂ ਕੀਤੀ ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ ਅਤੇ ਨਗਰ ਨਿਗਮ ਦੇ ਅਕਸ ਉੱਤੇ ਮਾੜਾ ਅਸਰ ਪੈ ਰਿਹਾ ਹੈ।
ਸz. ਬੇਦੀ ਨੇ ਕਿਹਾ ਕਿ ਮੁਹਾਲੀ ਵਿੱਚ ਪਾਣੀ ਦੀ ਨਿਕਾਸੀ ਦਾ ਬਹੁਤ ਬੁਰਾ ਹਾਲ ਹੈ ਅਤੇ ਲੋਕਾਂ ਦੇ ਘਰਾਂ ਵਿੱਚ ਬਰਸਾਤੀ ਪਾਣੀ ਦਾਖਲ ਹੋਣ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਉਹਨਾਂ ਕਿਹਾ ਕਿ ਇਸ ਦੇ ਪ੍ਰਬੰਧ ਵਾਸਤੇ ਘੱਟੋ ਘੱਟ 100 ਕਰੋੜ ਰੁਪਏ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਮੁਹਾਲੀ ਵਿੱਚ ਸੀਵਰੇਜ ਦਾ ਡਾਰਟ ਸਿਸਟਮ ਪਿਆ ਹੋਇਆ ਹੈ ਜੋ ਕਿ ਆਪਣਾ ਸਮਾਂ ਪੁਗਾ ਚੁੱਕਿਆ ਹੈ ਅਤੇ ਕਈ ਥਾਵਾਂ ਤੋਂ ਢਹਿੰਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਥਾਂ-ਥਾਂ ਤੇ ਅਕਸਰ ਸੀਵਰੇਜ ਜਾਮ ਰਹਿੰਦਾ ਹੈ ਅਤੇ ਓਵਰਫਲੋ ਕਰਦਾ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਰਹਿੰਦਾ ਹੈ ਇਸ ਲਈ ਇਸ ਪੁਰਾਣੇ ਸਿਸਟਮ ਨੂੰ ਬਦਲਣ ਦੀ ਲੋੜ ਹੈ।
ਉਹਨਾਂ ਮੰਗ ਕੀਤੀ ਹੈ ਕਿ ਇਸ ਪਾਸੇ ਫੌਰੀ ਤੌਰ ਤੇ ਧਿਆਨ ਦਿੱਤਾ ਜਾਵੇ ਅਤੇ ਮੁਹਾਲੀ ਨਗਰ ਨਿਗਮ ਨੂੰ ਗਮਾਡਾ ਤੋਂ ਬਣਦਾ ਪੈਸਾ ਦਵਾਇਆ ਜਾਵੇ ਕਿਉਂਕਿ ਨਕਸ਼ੇ ਪਾਸ ਕਰਨ ਤੋਂ ਲੈ ਕੇ ਐਕਸਟੈਂਸ਼ਨ ਫੀਸ ਅਤੇ ਹੋਰ ਸਾਰੇ ਕੰਮਾਂ ਦਾ ਪੈਸਾ ਗਮਾਡਾ ਵੱਲੋਂ ਹੀ ਲਿਆ ਜਾਂਦਾ ਹੈ ਜਦੋਂ ਕਿ ਬਾਕੀ ਸਾਰੇ ਸ਼ਹਿਰਾਂ ਵਿੱਚ ਇਹ ਕੰਮ ਨਗਰ ਕੌਂਸਲਾਂ ਜਾਂ ਨਗਰ ਨਿਗਮਾਂ ਕਰਦੀਆਂ ਹਨ। ਉਹਨਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਕੋਲ ਆਮਦਨ ਦਾ ਹੋਰ ਕੋਈ ਸਰੋਤ ਨਹੀਂ ਹੈ ਇਸ ਕਰਕੇ ਨਗਰ ਨਿਗਮ ਨੂੰ ਗਮਾਡਾ ਕੋਲੋਂ ਫੌਰੀ ਤੌਰ ਤੇ ਫੰਡ ਉਪਲਬਧ ਕਰਵਾਏ ਜਾਣ।
Mohali
ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ
ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।
ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।
ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
Mohali
ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।
ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
Mohali
ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।
ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।
ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months agoਸਵ. ਐਨ ਕੇ ਮਰਵਾਹਾ ਦੀ ਬਰਸੀ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ
-
Mohali2 months agoਪੂਰਨਮਾਸ਼ੀ ਦਾ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ
-
National1 month agoਬੰਦ ਕਮਰੇ ਵਿੱਚੋਂ ਮਾਂ-ਪੁੱਤ ਸਮੇਤ ਤਿੰਨ ਜੀਆਂ ਦੀਆਂ ਲਾਸ਼ਾਂ ਬਰਾਮਦ
