Connect with us

Editorial

ਬੱਚਿਆਂ ਨਾਲ ਵਾਪਰਦੇ ਜੁਰਮਾਂ ਤੇ ਕਾਬੂ ਕਰਨ ਲਈ ਸਾਰਿਆਂ ਨੂੰ ਨਿਭਾਉਣੀ ਪਵੇਗੀ ਜਿੰਮੇਵਾਰੀ

Published

on

 

 

ਸਾਡੀਆਂ ਸਰਕਾਰਾਂ ਵਲੋਂ ਛੋਟੇ ਬੱਚਿਆਂ ਦੀ ਭਲਾਈ ਲਈ ਕੰਮ ਕਰਨ ਦੇ ਭਾਵੇਂ ਕਿੰਨੇ ਵੀ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਜਮੀਨੀ ਹਕੀਕਤ ਇਹੀ ਹੈ ਕਿ ਸਾਡੇ ਦੇਸ਼ ਵਿੱਚ ਛੋਟੇ ਬੱਚਿਆਂ ਨਾਲ ਕੁੱਟਮਾਰ, ਬਦਫੈਲੀ, ਬਲਾਤਕਾਰ ਅਤੇ ਉਹਨਾਂ ਤੋਂ ਜਬਰੀ ਭੀਖ ਮੰਗਵਾਉਣ ਵਰਗੇ ਅਪਰਾਧ ਵੱਡੇ ਪੱਧਰ ਤੇ ਅੰਜਾਮ ਦਿੱਤੇ ਜਾਂਦੇ ਹਨ ਅਤੇ ਬੱਚਿਆਂ ਖਿਲਾਫ ਅੰਜਾਮ ਦਿੱਤੀਆਂ ਜਾਂਦੀਆਂ ਅਪਰਾਧਕ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਰਿਹਾ ਹੈ। ਇਹਨਾਂ ਬੱਚਿਆਂ ਨੂੰ ਸਿਰਫ ਬੇਗਾਨੇ ਲੋਕਾਂ ਤੋਂ ਹੀ ਖਤਰਾ ਨਹੀਂ ਹੁੰਦਾ ਬਲਕਿ ਉਹਨਾਂ ਦੇ ਦੁਸ਼ਮਣ ਉਹਨਾਂ ਦੇ ਘਰਾਂ ਵਿੱਚ ਹੀ ਮੌਜੂਦ ਹੁੰਦੇ ਹਨ। ਅਜਿਹੀਆਂ ਖਬਰਾਂ ਆਮ ਸਾਮ੍ਹਣੇ ਆਉਂਦੀਆਂ ਹਨ ਕਿ ਸਕੇ ਚਾਚੇ, ਮਾਮੇ, ਫੁੱਫੜ ਵਲੋਂ ਹੀ ਆਪਣੀਆਂ ਧੀਆਂ, ਭਤੀਜੀਆਂ ਦਾ ਯੌਨ ਸ਼ੋਸ਼ਣ ਕੀਤਾ ਗਿਆ।

ਇਹਨਾਂ ਅਪਰਾਧਾਂ ਦਾ ਸ਼ਿਕਾਰ ਹੋਣ ਵਾਲੇ ਬੱਚਿਆਂ ਦਾ ਕੋਈ ਕਸੂਰ ਵੀ ਨਹੀਂ ਹੁੰਦਾ ਪਰੰਤੂ ਉਹਨਾਂ ਨੂੰ ਵੱਖ ਵੱਖ ਅਪਰਾਧਾਂ ਦੌਰਾਨ ਮਿਲਣ ਵਾਲੀ ਯਾਤਨਾ ਬਰਦਾਸ਼ਤ ਕਰਨੀ ਪੈਂਦੀ ਹੈ। ਛੋਟੇ ਬੱਚਿਆਂ ਨਾਲ ਕੁੱਟਮਾਰ ਦੀ ਗੱਲ ਤਾਂ ਬਹੁਤ ਜਿਆਦਾ ਆਮ ਹੈ ਅਤੇ ਕਈ ਸਕੂਲਾਂ ਵਿੱਚ ਤਾਂ ਅਧਿਆਪਕ ਵੀ ਮਾਮੂਲੀ ਜਿਹੀ ਗੱਲ ਤੇ ਸਕੂਲ ਪੜਦੇ ਬੱਚਿਆਂ ਦੀ ਕੁੱਟਮਾਰ ਕਰ ਦਿੰਦੇ ਹਨ। ਇਸੇ ਤਰ੍ਹਾਂ ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਹੀ ਬੱਚਿਆਂ ਤੋਂ ਜਬਰਦਸਤੀ ਭੀਖ ਮੰਗਵਾਉਂਦੇ ਹਨ ਅਤੇ ਭੀਖ ਨਾ ਮੰਗਣ ਤੇ ਉਹਨਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ। ਝੁੱਗੀ ਝੋਪੜੀਆਂ ਵਿੱਚ ਅਜਿਹੇ ਗਿਰੋਹ ਆਮ ਹੁੰਦੇ ਹਨ ਜਿਹੜੇ ਛੋਟੇ ਬੱਚਿਆਂ ਤੋਂ ਜਬਰੀ ਭੀਖ ਮੰਗਵਾਉਂਦੇ ਹਨ ਅਤੇ ਇਹਨਾਂ ਵਿੱਚੋਂ ਕੁੱਝ ਵਲੋਂ ਤਾਂ ਬਾਕਾਇਦਾ ਬੱਚਿਆਂ ਨੂੰ ਅਗਵਾ ਕਰਕੇ ਉਹਨਾਂ ਤੋਂ ਇਹ ਕੰਮ ਕਰਵਾਇਆ ਜਾਂਦਾ ਹੈ। ਇਹਨਾਂ ਬੱਚਿਆਂ ਦਾ ਜਿਨਸੀ ਸੋਸ਼ਣ ਵੀ ਕੀਤਾ ਜਾਂਦਾ ਹੈ ਅਤੇ ਸਿਰਫ ਕੁੜੀਆਂ ਹੀ ਨਹੀਂ ਬਲਕਿ ਛੋਟੇ ਮੁੰਡਿਆਂ ਨਾਲ ਵੀ ਬਦਫੈਲੀ ਦੀਆਂ ਵਾਰਦਾਤਾਂ ਦੀਆਂ ਖਬਰਾਂ ਆਮ ਸਾਮ੍ਹਣੇ ਆਉਂਦੀਆਂ ਹਨ।

ਇਸਤੋਂ ਇਲਾਵਾ ਮੁਜਰਿਮਾਂ ਵਲੋਂ ਕਿਸੇ ਅਮੀਰ ਪਰਿਵਾਰ ਦੇ ਛੋਟੇ ਬੱਚੇ ਨੂੰ ਅਗਵਾ ਕਰਕੇ ਪਰਿਵਾਰ ਤੋਂ ਫਿਰੌਤੀ ਵਸੂਲਣ ਦੀਆਂ ਵਾਰਦਾਤਾਂ ਵੀ ਸਮੇਂ ਸਮੇਂ ਤੇ ਸਾਮ੍ਹਣੇ ਆਉਂਦੀਆਂ ਹਨ ਅਤੇ ਯੂ ਪੀ ਬਿਹਾਰ ਦੇ ਕੁੱਝ ਖੇਤਰਾਂ ਵਿੱਚ ਤਾਂ ਅਗਵਾ ਨੂੰ ਬਾਕਾਇਦਾ ਇੱਕ ਕਾਰੋਬਾਰ ਦਾ ਦਰਜਾ ਹਾਸਿਲ ਹੈ। ਫਿਰੌਤੀ ਨਾ ਮਿਲਣ ਤੇ ਅਗਵਾਕਾਰਾਂ ਵਲੋਂ ਮਾਸੂਮ ਬੱਚਿਆਂ ਨੂੰ ਮੌਤ ਦੇ ਘਾਟ ਤਕ ਉਤਾਰ ਦਿੱਤਾ ਜਾਂਦਾ ਹੈ। ਅਜਿਹੇ ਜਿਆਦਾਤਰ ਮਾਮਲਿਆਂ ਵਿੱਚ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ, ਉਹਨਾਂ ਬੱਚਿਆਂ ਦੇ ਪਰਿਵਾਰਾਂ ਦੇ ਜਾਣਕਾਰ ਹੀ ਹੁੰਦੇ ਹਨ ਜਿਹੜੇ ਲਾਲਚ ਵਿੱਚ ਆ ਕੇ ਇਸ ਜੁਰਮ ਨੂੰ ਅੰਜਾਮ ਦਿੰਦੇ ਹਨ ਅਤੇ ਫਿਰ ਫੜੇ ਵੀ ਜਾਂਦੇ ਹਨ।

ਹਾਲਾਂਕਿ ਇਹ ਵੀ ਅਸਲੀਅਤ ਹੈ ਕਿ ਅਜਿਹੀਆਂ ਵੱਡੀ ਗਿਣਤੀ ਵਾਰਦਾਤਾਂ ਦੇ ਦੋਸ਼ੀ ਫੜੇ ਹੀ ਨਹੀਂ ਜਾਂਦੇ ਅਤੇ ਇਹ ਮੁਜਰਿਮ ਲਗਾਤਾਰ ਅਜਿਹੇ ਅਪਰਾਧਾਂ ਨੂੰਅੰਜਾਮ ਦਿੰਦੇ ਰਹਿੰਦੇ ਹਨ। ਕਈ ਵਾਰ ਅਜਿਹੇ ਮਾਮਲੇ ਵੀ ਸਾਮ੍ਹਣੇ ਆਉਂਦੇ ਹਨ ਜਿਹਨਾਂ ਵਿੱਚ ਲੋਕ ਆਪਣੀ ਦੁਸ਼ਮਣੀ ਕੱਢਣ ਲਈ ਆਪਣੇ ਦੁਸ਼ਮਨ ਦੇ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ। ਸਰਕਾਰ ਵਲੋਂ ਭਾਵੇਂ ਬੱਚਿਆਂ ਵਿਰੁੱਧ ਅੰਜਾਮ ਦਿੱਤੇ ਜਾਂਦੇ ਵੱਖ ਵੱਖ ਅਪਰਾਧਾਂ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਏ ਹੋਏ ਹਨ ਪਰ ਨਾ ਤਾਂ ਕੋਈ ਇਹਨਾਂ ਕਾਨੂੰਨਾਂ ਦੀ ਪਰਵਾਹ ਕਰਦਾ ਹੈ ਅਤੇ ਨਾ ਹੀ ਸਰਕਾਰ ਵਲੋਂ ਇਹਨਾਂ ਕਾਨੂੰਨਾਂ ਦੀ ਪਾਲਣਾ ਕਰਵਾਉਣ ਲਈ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।

ਸਰਕਾਰ ਅਤੇ ਪ੍ਰਸ਼ਾਸ਼ਨ ਦੀ ਢਿੱਲ ਦਾ ਹੀ ਨਤੀਜਾ ਹੈ ਕਿ ਬੱਚਿਆਂ ਵਿਰੁੱਧ ਕੀਤੇ ਜਾਣ ਵਾਲੇ ਅਪਰਾਧਾਂ ਦੇ ਜਿਆਦਾਤਰ ਮਾਮਲਿਆਂ ਵਿੱਚ ਅਕਸਰ ਕੋਈ ਕਾਰਵਾਈ ਨਹੀਂ ਹੁੰਦੀ। ਹੋਰ ਤਾਂ ਹੋਰ ਬੱਚਿਆਂ ਨਾਲ ਬਲਾਤਕਾਰ ਤੇ ਬਦਫੈਲੀ ਕਰਨ ਦੇ ਦੋਸ਼ੀ ਤਕ ਕਾਨੂੰਨ ਦੀਆਂ ਚੋਰ ਮੋਰੀਆਂ ਕਾਰਨ ਬਚ ਜਾਂਦੇ ਹਨ। ਭਾਵੇਂ ਕਿ ਹੁਣ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਮੁਜਰਿਮਾਂ ਨੂੰ ਫਾਂਸੀ ਦੀ ਸਜਾ ਦੇਣ ਦਾ ਕਾਨੂੰਨ ਹੈ ਪਰ ਫਿਰ ਵੀ ਬੱਚਿਆਂ ਵਿਰੁੱਧ ਅਪਰਾਧ ਲਗਾਤਾਰ ਵੱਧ ਰਹੇ ਹਨ। ਇਸ ਸਾਰੇ ਕੁੱਝ ਲਈ ਕਾਫੀ ਹੱਦ ਤਕ ਸਾਡੇ ਸਮਾਜ ਨੂੰ ਹੀ ਜਿੰਮੇਵਾਰ ਠਹਿਰਾਇਆ ਜਾ ਸਕਦਾ ਹੈ ਜਿਹੜਾ ਆਪਣੀਆਂ ਅੱਖਾਂ ਦੇ ਸਾਮ੍ਹਣੇ ਵਾਪਰਨ ਵਾਲੀਆਂ ਅਜਿਹੀਆਂ ਜਿਆਦਾਤਰ ਵਾਰਦਾਤਾਂ ਨੂੰ ਅਣਦੇਖਿਆ ਕਰ ਦਿੰਦਾ ਹੈ।

ਛੋਟੇ ਬੱਚਿਆਂ ਦੀ ਮਜਬੂਰੀ ਦਾ ਫਾਇਦਾ ਚੁੱਕ ਕੇ ਉਹਨਾਂ ਨਾਲ ਕੀਤੇ ਜਾਂਦੇ ਅਪਰਾਧਾਂ ਵਿੱਚ ਹੋਣ ਵਾਲੇ ਇਸ ਵਾਧੇ ਤੇ ਰੋਕ ਲਗਾਉਣ ਲਈ ਜਰੂਰੀ ਹੈ ਕਿ ਅਸੀਂ ਸਾਰੇ ਚੇਤੰਨ ਰਹੀਏ ਅਤੇ ਆਪਣੇ ਆਸਪਾਸ ਵਾਪਰਨ ਵਾਲੇ ਅਜਿਹੇ ਅਪਰਾਧਾਂ ਵਿਰੁੱਧ ਆਵਾਜ ਬੁਲੰਦ ਕਰੀਏ ਤਾਂ ਜੋ ਸਰਕਾਰ ਅਤੇ ਪ੍ਰਸ਼ਾਸ਼ਨ ਇਨਾਂ ਵਾਰਦਾਤਾਂ ਨੂੰ ਅਣਦੇਖਿਆ ਨਾ ਕਰ ਸਕੇ ਅਤੇ ਉਸਨੂੰ ਅਜਿਹੇ ਅਪਰਾਧਾਂ ਤੇ ਕਾਬੂ ਕਰਨ ਲਈ ਸਖਤ ਕਾਰਵਾਈ ਕਰਨ ਲਈ ਮਜਬੂਰ ਕੀਤਾ ਜਾ ਸਕੇ।

Continue Reading

Editorial

ਦੇਸ਼ ਨੂੰ ਖੋਖਲਾ ਕਰ ਰਿਹਾ ਹੈ ਹਰ ਪਾਸੇ ਫੈਲਿਆ ਭ੍ਰਿਸ਼ਟਾਚਾਰ

Published

on

By

 

ਸਾਡੇ ਦੇਸ਼ ਵਿੱਚ ਹਰ ਪਾਸੇ ਲਗਾਤਾਰ ਵੱਧਦਾ ਭ੍ਰਿਸ਼ਟਾਚਾਰ ਹੁਣ ਇੱਕ ਅਜਿਹਾ ਘੁਣ ਬਣ ਗਿਆ ਹੈ ਜਿਹੜਾ ਸਾਡੀਆਂ ਜੜ੍ਹਾਂ ਨੂੰ ਲਗਾਤਾਰ ਖੋਖਲਾ ਕਰਦਾ ਜਾ ਰਿਹਾ ਹੈ। ਪਿਛਲੇ ਕੁੱਝ ਦਹਾਕਿਆਂ ਦੌਰਾਨ ਵੱਖ- ਵੱਖ ਸਰਕਾਰੀ ਵਿਭਾਗਾਂ ਵਿੱਚ ਫੈਲੀ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਸਾਰੀਆਂ ਹੱਦਾਂ ਟੱਪ ਗਿਆ ਹੈ ਅਤੇ ਲੋਕਾਂ ਨੂੰ ਆਪਣੇ ਜਾਇਜ ਕੰਮਾਂ ਕਾਰਾਂ ਲਈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਿਸ਼ਵਤ ਦੇਣ ਲਈ ਮਜਬੂਰ ਹੋਣਾ ਹੀ ਪੈਂਦਾ ਹੈ। ਉੱਪਰ ਤਕ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੋਣ ਕਾਰਨ ਆਮ ਆਦਮੀ ਦੀ ਕਿਤੇ ਸੁਣਵਾਈ ਵੀ ਨਹੀਂ ਹੁੰਦੀ।

ਹੁਣ ਤਾਂ ਦੇਸ਼ ਦੀ ਸੁਰਖਿਆ ਕਰਨ ਵਾਲੀ ਭਾਰਤੀ ਫੌਜ ਅਤੇ ਰਖਿਆ ਵਿਭਾਗ ਉੱਪਰ ਵੀ ਭ੍ਰਿਸ਼ਟਾਚਾਰ ਦਾ ਇਹ ਪਰਛਾਵਾਂ ਪੈ ਚੁਕਿਆ ਹੈ ਅਤੇ ਸਮੇਂ ਸਮੇਂ ਤੇ ਵੱਖ ਵੱਖ ਰਖਿਆ ਸੌਦਿਆਂ ਵਿੱਚ ਦਲਾਲੀ ਹੋਣ ਦੀਆਂ ਖਬਰਾਂ ਵੀ ਸਾਮ੍ਹਣੇ ਆਉਂਦੀਆਂ ਰਹਿੰਦੀਆਂ ਹਨ। ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦਾ ਇਹ ਅਮਲ ਸਿਰਫ ਸਰਕਾਰੀ ਅਦਾਰਿਆਂ ਤਕ ਹੀ ਸੀਮਿਤ ਨਹੀਂ ਹੈ ਬਲਕਿ ਭ੍ਰਿਸ਼ਟਾਚਾਰ ਦੀ ਇਸ ਬਿਮਾਰੀ ਵਿੱਚ ਨਿੱਜੀ ਅਦਾਰਿਆਂ ਦੇ ਕਰਮਚਾਰੀ ਅਤੇ ਅਧਿਕਾਰੀ ਵੀ ਪੂਰੀ ਤਰ੍ਹਾਂ ਜਕੜੇ ਗਏ ਹਨ। ਅਜਿਹੀਆਂ ਕੰਪਨੀਆਂ ਜਿਹੜੀਆਂ ਆਪਣੇ ਕੰਮ ਕਾਜ ਲਈ ਹੋਰਨਾਂ ਲੋਕਾਂ ਤੋਂ ਠੇਕੇ ਤੇ ਕੰਮ ਕਰਵਾਉਂਦੀਆਂ ਹਨ ਜਾਂ ਆਪਣੇ ਉਤਪਾਦਾਂ ਲਈ ਬਾਜਾਰ ਤੋਂ ਸਾਮਾਨ ਖਰੀਦਦਆਂ ਹਨ, ਉਹਨਾਂ ਦੇ ਸੰਬੰਧਿਤ ਅਧਿਕਾਰੀਆਂ ਉੱਪਰ ਮੋਟੀ ਰਿਸ਼ਵਤ ਖਾਣ ਦੇ ਇਲਜਾਮ ਆਮ ਲੱਗਦੇ ਹਨ ਅਤੇ ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ।

ਇਸ ਵੇਲੇ ਹਾਲਾਤ ਇਹ ਹਨ ਕਿ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੀਆਂ ਜੜ੍ਹਾਂ ਹਰ ਪਾਸੇ ਫੈਲ ਚੁੱਕੀਆਂ ਹਨ ਅਤੇ ਬੱਚੇ ਦੇ ਜਨਮ ਤੋਂ ਲੈ ਕੇ ਇਨਸਾਨ ਦੀ ਮੌਤ ਤਕ ਦੇ ਸਫਰ ਦੌਰਾਨ ਭ੍ਰਿਸ਼ਟਾਚਾਰ ਦਾ ਇਹ ਕੋਹੜ ਉਸਦੇ ਨਾਲ ਨਾਲ ਹੀ ਚਲਦਾ ਹੈ। ਬੱਚੇ ਦੇ ਜਨਮ ਵੇਲੇ ਨਰਸਾਂ ਅਤੇ ਹੋਰ ਸਟਾਫ ਵਲੋਂ ਨਵਜੰਮੇ ਬੱਚੇ ਦੇ ਪਰਿਵਾਰ ਵਾਲਿਆਂ ਤੋਂ ਜਿਹੜੀ ਵਧਾਈ ਵਸੂਲੀ ਜਾਂਦੀ ਹੈ ਉਹ ਵੀ ਭ੍ਰਿਸ਼ਟਾਚਾਰ ਦਾ ਇਕ ਰੂਪ ਹੈ। ਫਿਰ ਬੱਚੇ ਦਾ ਜਨਮ ਸਰਟੀਫਿਕੇਟ ਬਣਾਉਣ, ਕਿਸੇ ਚੰਗੇ ਸਕੂਲ ਵਿਚ ਦਾਖਲ ਕਰਵਾਉਣ, ਉਚੇਰੀ ਵਿਦਿਆ ਪ੍ਰਾਪਤੀ ਕਰਨ ਲਈ ਦਾਖਲਾ ਦਿਵਾਉਣ, ਨੌਕਰੀ ਪ੍ਰਾਪਤ ਕਰਨ ਜਾਂ ਕੋਈ ਕੰਮ ਧੰਦਾ ਚਲਾਉਣ, ਕਰਜਾ ਲੈਣ, ਵੱਖ ਵੱਖ ਸਰਕਾਰੀ ਵਿਭਾਗਾਂ ਤੋਂ ਆਪਣੇ ਕੰਮ ਕਰਵਾਉਣ ਲਈ ਭ੍ਰਿੈਟਾਚਾਰ ਦਾ ਸਹਾਰਾ ਲੈਣਾ ਪੈਂਦਾ ਹੈ।

ਬਾਅਦ ਵਿੱਚ ਜਦੋਂ ਵਿਕਅਤੀ ਖੁਦ ਕਮਾਉਣ ਲੱਗ ਜਾਂਦਾ ਹੈ, ਉਦੋਂ ਤਕ ਉਹ ਖੁਦ ਵੀ ਪੂਰੀ ਤਰ੍ਹਾਂ ਭ੍ਰਿਸ਼ਟ ਹੋ ਚੁੱਕਿਆ ਹੁੰਦਾ ਹੈ। ਆਪਣੀਆਂ ਟੈਕਸ ਦੇਣਦਾਰੀਆਂ ਬਚਾਉਣ ਲਈ ਉਹ ਕਈ ਤਰ੍ਹਾਂ ਦੇ ਭ੍ਰਿਸ਼ਟ ਤਰੀਕੇ ਅਜਮਾਉਂਦਾ ਹੈ ਅਤੇ ਭ੍ਰਿਸ਼ਟਾਚਾਰ ਦਾ ਇਹ ਸਫਰ ਲਗਾਤਰ ਚਲਦਾ ਰਹਿੰਦਾ ਹੈ। ਬਾਅਦ ਵਿੱਚ ਫਿਰ ਉਹੀ ਵਿਅਕਤੀ ਆਪਣੀ ਔਲਾਦ ਵਾਸਤੇ ਭਿਸ਼ਟਾਚਾਰ ਦੇ ਨਵੇਂ ਚੱਕਰ ਵਿੱਚ ਉਲਝ ਜਾਂਦਾ ਹੈ ਅਤੇ ਆਪਣਾ ਕੋਈ ਵੀ ਵੱਡਾ ਛੋਟਾ ਕੰਮ ਕਢਵਾਉਣ ਲਈ ਸੰਬੰਧਿਤ ਅਧਿਕਾਰੀ ਜਾਂ ਕਰਮਚਾਰੀ ਨੂੰ ਰਿਸ਼ਵਤ ਦੀ ਅਦਾਇਗੀ ਕਰਦਾ ਹੈ। ਇਹ ਸਿਲਸਿਲਾ ਲਗਾਤਾਰ ਚਲਦਾ ਹੀ ਰਹਿੰਦਾ ਹੈ ਅਤੇ ਵਿਅਕਤੀ ਦੀ ਮੌਤ ਹੋਣ ਤਕ ਭ੍ਰਿਸ਼ਟਾਚਾਰ ਉਸਦਾ ਪਿੱਛਾ ਨਹੀਂ ਛੱਡਦਾ। ਹੁਣ ਤਾਂ ਭਗਵਾਨ ਦਾ ਘਰ ਵੀ ਇਸਤੋਂ ਬਚਿਆ ਹੋਇਆ ਨਹੀਂ ਹੈ ਅਤੇ ਅਤੇ ਸਾਡੇ ਧਰਮ ਅਸਥਾਨ ਵੀ ਇਸ ਭ੍ਰਿਸ਼ਟਾਚਾਰ ਦੀ ਮਾਰ ਹੇਠ ਆ ਚੁੱਕੇ ਹਨ, ਜਿੱਥੇ ਪਾਠ ਪੂਜਾ ਦੀ ਵਾਰੀ ਪਹਿਲਾਂ ਹਾਸਿਲ ਕਰਨ ਲਈ ਰਿਸ਼ਵਤ ਦੇਣੀ ਪੈਂਦੀ ਹੈ।

ਇਸ ਪੱਖੋਂ ਤ੍ਰਾਸਦੀ ਇਹ ਵੀ ਹੈ ਕਿ ਹਰ ਵਾਰ ਵਾਰੀ ਬਦਲ ਕੇ ਦੇਸ਼ ਅਤੇ ਸੂਬਿਆਂ ਦੀ ਸੱਤਾ ਤੇ ਰਾਜ ਕਰਨ ਵਾਲੀਆਂ ਸਾਡੀਆਂ ਸਿਆਸੀ ਪਾਰਟੀਆਂ (ਜਿਹੜੀਆਂ ਆਮ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਰਾਜ ਪ੍ਰਬੰਧ ਦੇਣ ਦਾ ਦਾਅਵਾ ਕਰਕੇ ਵੋਟਾਂ ਮੰਗਦੀਆਂ ਹਨ) ਵਿੱਚ ਇਹ ਬਿਮਾਰੀ ਕੁੱਝ ਜਿਆਦਾ ਹੀ ਹੈ ਅਤੇ ਸਿਆਸੀ ਪਾਰਟੀਆਂ ਵਲੋਂ ਵੱਡੇ ਕਾਰਪੋਰੇਟ ਘਰਾਣਿਆਂ ਤੋਂ ਚੰਦਾ ਲੈਣ ਦੇ ਨਾਮ ਤੇ ਵੱਡੇ ਪੱਧਰ ਤੇ ਕੀਤੇ ਜਾਂਦੇ ਭ੍ਰਿਸ਼ਟਾਚਾਰ ਦੀਆਂ ਖਬਰਾਂ ਆਮ ਹਨ। ਇਹਨਾਂ ਸਿਆਸੀ ਪਾਰਟੀਆਂ ਉੱਪਰ ਚੋਣਾਂ ਦੋਰਾਨ ਚਾਹਵਾਨ ਉਮੀਦਵਾਰਾਂ ਤੋਂ ਪੈਸੇ ਲੈ ਕੇ ਟਿਕਟਾਂ ਵੇਚਣ ਦੇ ਇਲਜਾਮ (ਜਿਹੜੇ ਇਹਨਾਂ ਹੀ ਪਾਰਟੀਆਂ ਦੇ ਨਾਰਾਜ ਆਗੂਆਂ ਵਲੋਂ ਲਗਾਏ ਜਾਂਦੇ ਹਨ) ਵੀ ਆਮ ਲੱਗਦੇ ਹਨ ਅਤੇ ਸਿਆਸੀ ਪਾਰਟੀਆਂ ਅਤੇ ਇਹਨਾਂ ਦੇ ਆਗੂਆਂ ਵਲੋਂ ਚੋਣ ਜਿੱਤਣ ਲਈ ਇਹਨਾਂ ਹਰ ਤਰ੍ਹਾਂ ਦੇ ਭ੍ਰਿਸ਼ਟ ਤਰੀਕੇ ਅਪਣਾਏ ਜਾਂਦੇ ਹਨ।

ਦੇਸ਼ ਅਤੇ ਸਮਾਜ ਵਿੱਚ ਹਰ ਪਾਸੇ ਫੈਲ ਚੁੱਕੇ ਇਸ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੇ ਹੁਣ ਬਹੁਤ ਭਿਆਨਕ ਰੂਪ ਅਖਤਿਆਰ ਕਰ ਲਿਆ ਹੈ ਅਤੇ ਇਹ ਉਹ ਬਿਮਾਰੀ ਹੈ ਜਿਹੜੀ ਸਾਡੇ ਪੂਰੇ ਢਾਂਚੇ ਨੂੰ ਤਬਾਹ ਕਰ ਰਹੀ ਹੈ। ਜਿਸ ਦੇਸ਼ ਨੂੰ ਚਲਾਉਣ ਵਾਲੀ ਸਰਕਾਰ ਦੇ ਆਗੂ ਹੀ ਭ੍ਰਿਸ਼ਟ ਹੋਣ ਉਸਦਾ ਵਿਕਾਸ ਭਲਾ ਕਿਵੇਂ ਸੰਭਵ ਹੈ ਅਤੇ ਭ੍ਰਿਸ਼ਟਾਚਾਰ ਦਾ ਇਹ ਘੁਣ ਸਾਡੇ ਦੇਸ਼ ਨੂੰ ਅੰਦਰੋ ਖੋਖਲਾ ਕਰਦਾ ਆ ਰਿਹਾ ਹੈ। ਇਸਤੇ ਕਾਬੂ ਕਰਨ ਲਈ ਜਨਤਾ ਨੂੰ ਹੀ ਅੱਗੇ ਆਊਣਾ ਪੈਣਾ ਹੈ ਕਿਉਂਕਿ ਜੇਕਰ ਅਸੀਂ ਹੁਣ ਵੀ ਨਾ ਸੰਭਲੇ ਤਾਂ ਇੱਕ ਦਿਨ ਇਸਨੇ ਸਾਡੇ ਦੇਸ਼ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦੇਣਾ ਹੈ।

 

Continue Reading

Editorial

ਜ਼ਿਮਨੀ ਚੋਣਾਂ : ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਚੋਣ ਸਰਗਰਮੀਆਂ ਹੋਈਆਂ ਤੇਜ਼

Published

on

By

 

 

ਪੰਜਾਬ ਵਿੱਚ 13 ਨਵੰਬਰ ਨੂੰ 4 ਵਿਧਾਨ ਸਭਾ ਹਲਕਿਆਂ (ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ) ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਇਹਨਾਂ ਹਲਕਿਆਂ ਵਿੱਚ ਸਿਆਸੀ ਸਰਗਰਮੀਆਂ ਇੱਕਦਮ ਤੇਜ਼ ਹੋ ਗਈਆਂ ਹਨ, ਜਿਸ ਕਾਰਨ ਪੰਜਾਬ ਦੀ ਸਿਆਸਤ ਵੀ ਭਖ ਗਈ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਭਾਵੇਂ ਸਭ ਤੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਕੇ ਅੱਗੇ ਨਿਕਲਣ ਦਾ ਦਾਅਵਾ ਕਰ ਰਹੀ ਹੈ, ਪਰ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਮਾਨ ਵੱਲੋਂ ਵੀ ਬੀਤੇ ਦਿਨ ਜ਼ਿਮਨੀ ਚੋਣਾਂ ਲਈ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਚੋਣ ਸਥਿਤੀ ਦਿਲਚਸਪ ਹੋ ਗਈ ਹੈ। ਇਸ ਤੋਂ ਇਲਾਵਾ ਕੁਝ ਆਜ਼ਾਦ ਉਮੀਦਵਾਰਾਂ ਵੱਲੋਂ ਵੀ ਜ਼ਿਮਨੀ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿਆਸੀ ਪਾਰਟੀਆਂ ਦੇ ਬਾਗੀ ਆਗੂ ਵੀ ਚੋਣ ਮੈਦਾਨ ਵਿੱਚ ਉਤਰਨ ਦਾ ਐਲਾਨ ਕਰ ਰਹੇ ਹਨ।

ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣਾਂ ਵਾਂਗ ਇਸ ਵਾਰ ਵੀ ਜ਼ਿਮਨੀ ਚੋਣਾਂ ਨੂੰ ਆਪਣੇ ਵਕਾਰ ਦਾ ਸਵਾਲ ਬਣਾ ਲਿਆ ਗਿਆ ਹੈ ਅਤੇ ਦੂਜੇ ਪਾਸੇ ਹੋਰਨਾਂ ਸਿਆਸੀ ਪਾਰਟੀਆਂ ਵੱਲੋਂ ਵੀ ਇਹ ਚੋਣਾਂ ਜਿੱਤਣ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ। ਚੋਣ ਲੜ ਰਹੀਆਂ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਸਥਿਤੀ ਸਪਸ਼ਟ ਹੋ ਗਈ ਹੈ ਅਤੇ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਆਪੋ ਆਪਣੇ ਇਲਾਕਿਆਂ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ।

ਇਸ ਸਮੇਂ ਸੱਤਾਧਾਰੀ ਆਮ ਆਦਮੀ ਪਾਰਟੀ ਸਮੇਤ ਕਰੀਬ ਸਾਰੀਆਂ ਹੀ ਸਿਆਸੀ ਪਾਰਟੀਆਂ ਅੰਦਰੂਨੀ ਫੁੱਟ ਦਾ ਸ਼ਿਕਾਰ ਹਨ ਅਤੇ ਪਾਰਟੀ ਟਿਕਟਾਂ ਨਾ ਮਿਲਣ ਕਾਰਨ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਕੁਝ ਆਗੂਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਣੀ ਚੋਣ ਲਈ ਟਿਕਟ ਨਾ ਮਿਲਣ ਤੋਂ ਖਫ਼ਾ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਤੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੀਤ ਸਿੰਘ ਬਾਠ ਨੇ ਜਿਥੇ ਚੇਅਰਮੈਨ ਤੋਂ ਅਸਤੀਫਾ ਦੇ ਕੇ ਆਜ਼ਾਦ ਉਮੀਦਵਾਰ ਦੇ ਰੂਪ ਵਿੱਚ ਬਰਨਾਲਾ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹੋ ਹਾਲ ਹੋਰਨਾਂ ਵਿਧਾਨ ਸਭਾ ਹਲਕਿਆਂ ਦਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਬਾਗੀ ਹੋਏ ਆਗੂ ਆਪੋ ਆਪਣੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਵਿੱਚ ਅੜਿੱਕਾ ਬਣਨਗੇ, ਜਿਸ ਕਰਕੇ ਸਿਆਸੀ ਪਾਰਟੀਆਂ ਬਾਗੀ ਹੋਏ ਆਗੂਆਂ ਨੂੰ ਮਨਾਉਣ ਦੇ ਯਤਨ ਕਰ ਰਹੀਆਂ ਹਨ। ਆਉਣ ਵਾਲੇ ਦਿਨਾਂ ਵਿੱਚ ਜਿਮਨੀ ਚੋਣਾਂ ਲਈ ਚੋਣਾਂ ਪ੍ਰਚਾਰ ਹੋਰ ਤੇਜ਼ ਹੋਵੇਗਾ ਅਤੇ ਚੋਣਾਂ ਦੌਰਾਨ ਵੱਖ-ਵੱਖ ਥਾਵਾਂ ਤੇ ਸਖ਼ਤ ਮੁਕਾਬਲੇ ਵੇਖਣ ਨੂੰ ਮਿਲਣਗੇ। ਇਸ ਸਮੇਂ ਜ਼ਿਮਨੀ ਚੋਣਾਂ ਵਾਲੇ ਚਾਰੇ ਵਿਧਾਨ ਸਭਾ ਹਲਕੇ ਪੂਰੀ ਤਰਾਂ ਚੋਣ ਰੰਗ ਵਿੱਚ ਰੰਗੇ ਗਏ ਹਨ।

Continue Reading

Editorial

ਪ੍ਰਦੂਸ਼ਨ ਦੇ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਦੀ ਲੋੜ

Published

on

By

 

ਤਿੰਨ ਦਹਾਕੇ ਪਹਿਲਾਂ ਤਕ ਸਾਡੇ ਸ਼ਹਿਰ ਨੂੰ ਸਿਰਫ ਪੰਜਾਬ ਹੀ ਨਹੀਂ ਬਲਕਿ ਦੇਸ਼ ਦੇ ਸਭ ਤੋਂ ਵੱਧ ਸਾਫ ਸੁਥਰੇ ਵਾਤਾਵਰਨ ਵਾਲੇ ਸ਼ਹਿਰਾਂ ਵਿੱਚ ਗਿਣਿਆ ਜਾਂਦਾ ਸੀ ਅਤੇ ਉਸ ਵੇਲੇ ਹਰ ਪਾਸੇ ਛਾਈ ਹਰਿਆਲੀ, ਸਾਫ ਸੁਥਰੀ ਹਵਾ ਅਤੇ ਪਾਣੀ ਕਾਰਨ ਹਰ ਵਿਅਕਤੀ ਇੱਥੇ ਆਪਣਾ ਪੱਕਾ ਟਿਕਾਣਾ ਕਰਨ ਦਾ ਚਾਹਵਾਨ ਹੁੰਦਾ ਸੀ। ਉਸ ਦੌਰਾਨ ਦੁਨੀਆ ਦੇ ਹਰ ਕੋਨੇ ਵਿੱਚ ਵਸੇ ਪੰਜਾਬੀ ਸਾਡੇ ਸ਼ਹਿਰ ਵਿੱਚ ਆਪਣਾ ਇੱਕ ਅਦਦ ਘਰ ਬਣਾਉਣ ਦਾ ਸੁਫਨਾ ਵੇਖਿਆ ਕਰਦੇ ਸੀ ਤਾਂ ਜੋ ਉਹ ਜਦੋਂ ਵੀ ਪੰਜਾਬ ਆਉਣ, ਇੱਥੋਂ ਦੇ ਸਾਫ ਸੁਥਰੇ ਵਾਤਾਵਰਨ ਦਾ ਲਾਹਾ ਲੈ ਸਕਣ।

ਪਰੰਤੂ ਸਮੇਂ ਦੇ ਨਾਲ ਨਾਲ ਵਿਕਾਸ ਦੀ ਦੌੜ ਵਿੱਚ ਉਲਝਿਆ ਸਾਡਾ ਸ਼ਹਿਰ ਹੁਣ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਿਲ ਹੋ ਚੁੱਕਿਆ ਹੈ ਅਤੇ ਇਸ ਨਾਲ ਇਹ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਸ਼ਹਿਰ ਦੇ ਵਿਕਾਸ ਦੇ ਨਾਮ ਤੇ ਚਲੀ ਇਸ ਅੰਨ੍ਹੀ ਦੌੜ ਦੀ ਸਾਡੇ ਸ਼ਹਿਰ ਨੇ ਕਿੰਨੀ ਭਾਰੀ ਕੀਮਤ ਅਦਾ ਕੀਤੀ ਹੈ। ਪਿਛਲੇ ਸਮੇਂ ਦੌਰਾਨ ਸਾਡੇ ਸ਼ਹਿਰ ਦੇ ਵਾਤਾਵਰਣ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਰਿਹਾ ਹੈ ਅਤੇ ਪ੍ਰਦੂਸ਼ਨ ਦਾ ਇਹ ਜ਼ਹਿਰ ਹੌਲੀ-ਹੌਲੀ ਸ਼ਹਿਰ ਵਾਸੀਆਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ।

ਸ਼ਹਿਰ ਵਿੱਚ ਸਫਾਈ ਦਾ ਕੰਮ ਕਰਨ ਵਾਲੇ ਵਿਅਕਤੀਆਂ ਵਲੋਂ ਕੂੜੇ ਦੇ ਢੇਰਾਂ ਨੂੰ ਅੱਗ ਲਗਾਉਣ ਦੀ ਕਾਰਵਾਈ ਹੋਵੇ ਜਾਂ ਸ਼ਹਿਰ ਵਿੱਚ ਚਲਦੇ ਵਾਹਨਾਂ ਅਤੇ ਇੱਥੇ ਲੱਗੀਆਂ ਫੈਕਟ੍ਰੀਆਂ ਦੀਆਂ ਚਿਮਨੀਆਂ ਵਿੱਚੋਂ ਨਿਕਲਣ ਵਾਲਾ ਧੂੰਆਂ, ਇਹ ਸਾਰੇ ਮਿਲ ਕੇ ਸ਼ਹਿਰ ਦੇ ਵਾਤਾਵਰਣ ਵਿੱਚ ਜਿਹੜਾ ਜ਼ਹਿਰ ਘੋਲਦੇ ਹਨ ਉਸਦਾ ਸਿੱਧਾ ਨੁਕਸਾਨ ਆਮ ਲੋਕਾਂ ਦੀ ਸਿਹਤ ਤੇ ਹੀ ਹੁੰਦਾ ਹੈ। ਸ਼ਹਿਰ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਕੁੱਝ ਵੱਡੀਆਂ ਕੰਪਨੀਆਂ ਪਿਛਲੇ ਕਈ ਸਾਲਾਂ ਤੋਂ ਸ਼ਹਿਰ ਦੇ ਵਾਤਾਵਰਨ ਵਿੱਚ ਆਪਣਾ ਜ਼ਹਿਰੀਲਾ ਧੂੰਆਂ ਛੱਡਦੀਆਂ ਆ ਰਹੀਆਂ ਹਨ ਅਤੇ ਇਹਨਾਂ ਫੈਕਟ੍ਰੀਆਂ ਦੀ ਇਹ ਕਾਰਵਾਈ ਸ਼ਹਿਰ ਅਤੇ ਇਸਦੇ ਆਸਪਾਸ ਦੇ ਲੰਮੇ ਚੌੜੇ ਖੇਤਰ ਦੇ ਵਾਤਾਵਰਣ ਨੂੰ ਬੁਰੀ ਤਰ੍ਹਾਂ ਪ੍ਰਦੂਸ਼ਿਤ ਕਰਦੀ ਹੈ।

ਸ਼ਹਿਰ ਦੇ ਵਾਤਾਵਰਣ ਦੇ ਲਗਾਤਾਰ ਗੰਧਲੇ ਹੋਣ ਦਾ ਹੀ ਅਸਰ ਹੈ ਕਿ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿੱਚ ਮਰੀਜਾਂ ਦੀ ਗਿਣਤੀ ਲਗਾਤਾਰ ਵੱਧਦੀ ਰਹੀ ਹੈ। ਹਾਲਾਤ ਇਹ ਹਨ ਕਿ ਸ਼ਹਿਰ ਦੇ ਵਸਨੀਕ ਵਾਤਾਵਰਣ ਵਿੱਚ ਲਗਾਤਾਰ ਵੱਧਦੇ ਜਾ ਰਹੇ ਇਸ ਪ੍ਰਦੂਸ਼ਨ ਦੇ ਜ਼ਹਿਰ ਦੇ ਸ਼ਿਕਾਰ ਹੋ ਰਹੇ ਹਨ ਅਤੇ ਸ਼ਹਿਰ ਵਿੱਚ ਸਾਹ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤ੍ਰਾਸਦੀ ਇਹ ਹੈ ਕਿ ਇਸ ਸਭ ਦੇ ਬਾਵਜੂਦ ਸੂਬੇ ਦੇ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਵਾਤਾਵਰਣ ਦੇ ਗੰਧਲਾ ਹੋਣ ਤੇ ਕਾਬੂ ਕਰਨ ਅਤੇ ਇਸ ਵਿੱਚ ਸੁਧਾਰ ਕਰਨ ਲਈ ਸਿਵਾਏ ਕਾਗਜ਼ੀ ਕਾਰਵਾਈ ਦੇ ਕੁੱਝ ਵੀ ਨਹੀਂ ਕੀਤਾ ਜਾਂਦਾ ਅਤੇ ਸ਼ਹਿਰ ਦੇ ਵਾਤਾਵਰਣ ਵਿੱਚ ਪ੍ਰਦੂਸ਼ਣ ਦੇ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਵਿੱਚ ਇਹ ਵਿਭਾਗ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ।

ਸ਼ਹਿਰ ਦੇ ਵਾਤਾਵਰਨ ਵਿੱਚ ਪ੍ਰਦੂਸ਼ਨ ਦੇ ਇਸ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਲਈ ਜ਼ਰੂਰੀ ਹੈ ਕਿ ਸ਼ਹਿਰਵਾਸੀ ਇਸ ਵਾਸਤੇ ਨਾ ਸਿਰਫ ਖੁਦ ਲਾਮਬੰਦ ਹੋਣ ਬਲਕਿ ਇਕੱਠੇ ਹੋ ਕੇ ਸਰਕਾਰ ਨੂੰ ਮਜ਼ਬੂਰ ਕਰਨ ਕਿ ਉਹ ਸ਼ਹਿਰ ਦੇ ਬੁਰੀ ਤਰ੍ਹਾਂ ਗੰਧਲੇ ਹੁੰਦੇ ਜਾ ਰਹੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਏ। ਇਸ ਸੰਬੰਧੀ ਵਾਤਾਵਰਣ ਦੀ ਸਾਂਭ ਸੰਭਾਲ ਦਾ ਕੰਮ ਕਰਨ ਵਾਲੀਆਂ ਸੰਸਥਾਵਾਂ ਵਲੋਂ ਸਮੇਂ ਸਮੇਂ ਤੇ ਸ਼ਹਿਰ ਦੇ ਵਾਤਾਵਰਣ ਵਿੱਚ ਘੁਲਦੇ ਜਾ ਰਹੇ ਜ਼ਹਿਰ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸ਼ਹਿਰ ਨੂੰ ਹਰਾ ਭਰਾ ਅਤੇ ਸਾਫ ਸੁਥਰਾ ਰੱਖਣ ਲਈ ਆਪਣਾ ਬਣਦਾ ਯੋਗਦਾਨ ਵੀ ਪਾਇਆ ਜਾਂਦਾ ਹੈ ਪਰੰਤੂ ਪ੍ਰਦੂਸ਼ਣ ਦੇ ਵੱਧਦੇ ਪੱਧਰ ਨੂੰ ਮੁੱਖ ਰੱਖਦਿਆਂ ਸਮੁੱਚੇ ਸ਼ਹਿਰ ਵਾਸੀਆਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ।

ਵਾਤਾਵਰਨ ਵਿੱਚ ਲਗਾਤਾਰ ਵੱਧਦੇ ਪ੍ਰਦੂਸ਼ਣ ਦੀ ਇਹ ਸਮੱਸਿਆ ਬਹੁਤ ਹੀ ਗੰਭੀਰ ਹੈ ਅਤੇ ਇਸਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਸਰਕਾਰ ਵਲੋਂ ਇਸ ਸੰਬੰਧੀ ਇਮਾਨਦਾਰੀ ਨਾਲ ਕਦਮ ਚੁੱਕੇ ਜਾਣ। ਜੇਕਰ ਸਰਕਾਰ ਅਜਿਹਾ ਕਰੇ ਤਾਂ ਨਾ ਸਿਰਫ ਪ੍ਰਦੂਸ਼ਨ ਵਿੱਚ ਹੋਣ ਵਾਲੇ ਵਾਧੇ ਤੇ ਕਾਬੂ ਕੀਤਾ ਜਾ ਸਕਦਾ ਹੈ ਬਲਕਿ ਇਸਦਾ ਪੱਧਰ ਘੱਟ ਕਰਕੇ ਸਾਡੇ ਸ਼ਹਿਰ ਨੂੰ ਮੁੜ ਪ੍ਰਦੂਸ਼ਨ ਮੁਕਤ ਸ਼ਹਿਰਾਂ ਦੀ ਸੂਚੀ ਵਿੱਚ ਵੀ ਸ਼ਾਮਿਲ ਕਰਵਾਇਆ ਜਾ ਸਕਦਾ ਹੈ। ਇਸ ਲਈ ਹਵਾ ਦੇ ਪ੍ਰਦੂਸ਼ਨ ਤੇ ਕਾਬੂ ਕਰਨ ਲਈ ਜਨਤਕ ਥਾਵਾਂ ਤੇ ਜੱਥੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ। ਇਸ ਸੰਬੰਧੀ ਸ਼ਹਿਰਵਾਸੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਖੁਦ ਵੀ ਸ਼ਹਿਰ ਦੇ ਵਾਤਾਵਰਣ ਨੂੰ ਸੰਭਾਲਣ ਲਈ ਅੱਗੇ ਆਉਣ ਅਤੇ ਪ੍ਰਦੂਸ਼ਨ ਦੇ ਇਸ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਲਈ ਮਿਲ ਕੇ ਕੰਮ ਕਰਨ ਤਾਂ ਜੋ ਵਾਤਾਵਰਨ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ।

 

Continue Reading

Latest News

Trending