Mohali
ਸ਼ਹਿਰ ਵਿੱਚੋਂ ਕੂੜੇ ਦੀ ਪੂਰੀ ਨਿਕਾਸੀ ਨਾ ਹੋਣ ਕਾਰਨ ਨਿਗਮ ਦੇ ਕੂੜਾ ਘਰਾਂ ਵਿੱਚ ਸੜ ਰਿਹਾ ਹੈ ਕੂੜਾ
ਸੜਕ ਤੱਕ ਖਿੱਲਰਦਾ ਹੈ ਬਦਬੂ ਮਾਰਦਾ ਕੂੜਾ, ਵਸਨੀਕ ਹੁੰਦੇ ਹਨ ਪਰੇਸ਼ਾਨ, ਬਿਮਾਰੀ ਫੈਲਣ ਦਾ ਵੀ ਖਤਰਾ
ਐਸ ਏ ਐਸ ਨਗਰ, 5 ਅਕਤੂਬਰ ਮੁਹਾਲੀ ਸ਼ਹਿਰ ਵਿੱਚ ਰੋਜਾਨਾ ਪੈਦਾ ਹੁੰਦੇ ਕੂੜੇ ਦੀ ਪੂਰੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਬਦਹਾਲ ਹੋ ਗਈ ਹੈ ਅਤੇ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਕੂੜੇ ਦੇ ਢੇਰ ਲੱਗੇ ਹੋਣ ਦੀ ਸਮੱਸਿਆ ਸਾਮ੍ਹਣੇ ਆ ਰਹੀ ਹੈ।
ਇੱਥੇ ਜਿਕਰਯੋਗ ਹੈ ਕਿ ਤਿੰਨ ਕੁ ਮਹੀਨੇ ਪਹਿਲਾਂ ਮਾਣਯੋਗ ਅਦਾਲਤ ਵਲੋਂ ਮੁਹਾਲੀ ਦੇ ਡੰਪਿਗ ਯਾਰਡ ਵਿੱਚ ਕੂੜਾ ਸੁੱਟੇ ਜਾਣ ਤੋਂ ਬਾਅਦ ਤੋਂ ਹੀ ਨਗਰ ਨਿਗਮ ਇਸ ਸਮੱਸਿਆ ਦਾ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ ਅਤੇ ਨਗਰ ਨਿਗਮ ਵਲੋਂ ਬਣਾਏ ਗਏ ਕੂੜਾ ਘਰਾਂ ਵਿੱਚ ਸਮਰਥਾ ਤੋਂ ਵੱਧ ਕੂੜਾ ਇਕੱਠਾ ਕਰਕੇ ਰੱਖਿਆ ਜਾ ਰਿਹਾ ਹੈ। ਨਗਰ ਨਿਗਮ ਵਲੋਂ ਬਣਾਏ ਗਏ ਇਹਨਾਂ ਕੂੜਾ ਘਰਾਂ ਦੇ ਆਸ ਪਾਸ ਗੰਦਗੀ ਦੀ ਸਮੱਸਿਆ ਬਹੁਤ ਜਿਆਦਾ ਹੈ ਕਿਉਂਕਿ ਇਹਨਾਂ ਕੂੜਾ ਘਰਾਂ ਦੇ ਬਾਹਰ ਸੜਕਾਂ ਤੇ ਵੀ ਗੰਦਗੀ ਖਿੱਲਰੀ ਰਹਿੰਦੀ ਹੈ।
ਸਥਾਨਕ ਫੇਜ਼ ਪੰਜ ਦੇ ਉਦਯੋਗਿਕ ਖੇਤਰ ਵਿੱਚ ਪੀ ਟੀ ਐਲ ਦੀ ਪਿਛਲੀ ਦੀਵਾਰ ਦੇ ਨਾਲ ਪਿੰਡ ਸ਼ਾਹੀ ਮਾਜਰਾ ਵੱਲ ਜਾਂਦੀ ਸੜਕ ਦੇ ਕਿਨਾਰੇ ਤੇ ਬਣਾਏ ਗਏ ਕੂੜਾ ਘਰ ਤੋਂ ਬਾਹਰ ਗੰਦਗੀ ਦੀ ਭਰਮਾਰ ਹੈ ਅਤੇ ਇੱਥੇ ਹਾਲਾਤ ਇਹ ਹਨ ਕਿ ਇੱਥੇ ਸੜਕ ਤੱਕ ਕੂੜੇ ਦਾ ਵੱਡਾ ਢੇਰ ਲੱਗਿਆ ਹੋਇਆ ਹੈ ਜਿਹੜਾ ਬਹੁਤ ਗੰਦੀ ਬਦਬੂ ਮਾਰਦਾ ਹੈ ਜਿਸ ਕਾਰਨ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਤਾਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਹੀ ਪੈਂਦਾ ਹੈ ਨਾਲ ਲੱਗਦੇ ਪਿੰਡ ਸ਼ਾਹੀ ਮਾਜਰਾ ਦੇ ਵਸਨੀਕ ਬੁਰੀ ਤਰ੍ਹਾਂ ਪਰੇਸ਼ਾਨੀ ਝੱਲ ਰਹੇ ਹਨ।
ਇਸੇ ਤਰ੍ਹਾਂ ਸੈਕਟਰ 71 ਵਿੱਚ ਕਮਿਊਨਿਟੀ ਸੈਂਟਰ ਦੇ ਸਾਮ੍ਹਣੇ ਪੈਂਦੀ ਥਾਂ ਤੇ ਪਿੰਡ ਮਟੌਰ ਦੇ ਨਾਲ ਲੱਗਦੀ ਥਾਂ ਵਿੱਚ ਬਣਿਆ ਕੂੜਾ ਘਰ ਦੇ ਸਾਮ੍ਹਣੇ ਵੀ ਸੜਕ ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਇਸ ਥਾਂ ਤੇ ਲੱਗੇ ਕੂੜੇ ਦੇ ਢੇਰ ਨੂੰ ਚੁਕਵਾਊਣ ਦੀ ਮੰਗ ਨੂੰ ਲੈ ਕੇ ਮਟੌਰ ਦੇ ਵਸਨੀਕਾਂ ਵਲੋਂ ਬੀਤੇ ਦਿਨੀਂ ਧਰਨਾ ਵੀ ਦਿੱਤਾ ਜਾ ਚੁੱਕਿਆ ਹੈ।
ਇਸ ਸੰਬੰਧੀ ਜੇਕਰ ਨਗਰ ਨਿਗਮ ਦੀ ਗੱਲ ਕਰੀਏ ਤਾਂ ਉਸ ਵਲੋਂ ਸ਼ਹਿਰ ਵਿੱਚ ਇਕੱਠੇ ਹੋਣ ਵਾਲੇ ਕੂੜੇ ਦੀ ਨਿਕਾਸੀ ਦਾ ਕੰਮ ਇੱਕ ਨਿਜੀ ਕੰਪਨੀ ਤੋਂ ਕਰਵਾਇਆ ਜਾ ਰਿਹਾ ਹੈ। ਇਹ ਕੰਪਨੀ ਪਹਿਲਾਂ ਹੀ ਨਵਾਂ ਗਾਉਂ ਵਿੱਚੋਂ ਕੂੜੇ ਦੀ ਨਿਕਾਸੀ ਦਾ ਕੰਮ ਕਰ ਰਹੀ ਸੀ ਅਤੇ ਨਗਰ ਨਿਗਮ ਵਲੋਂ ਉਸ ਕੰਪਨੀ ਨੂੰ ਨਵਾਂ ਗਾਉਂ ਵਾਲੇ ਰੇਟ ਤੇ ਹੀ ਮੁਹਾਲੀ ਦਾ ਕੰਮ ਵੀ ਸੌਂਪਿਆ ਗਿਆ ਸੀ ਪਰੰਤੂ ਇਸ ਕੰਪਨੀ ਵਲੋਂ ਸੀਮਿਤ ਮਾਤਰਾ ਵਿੱਚ ਹੀ ਕੂੜਾ ਚੁੱਕਿਆ ਜਾ ਰਿਹਾ ਹੈ।
ਇਸਦਾ ਕਾਰਨ ਇਹ ਹੈ ਕਿ ਨਗਰ ਨਿਗਮ ਵਲੋਂ ਉਕਤ ਕੰਪਨੀ ਨੂੰ ਇਹ ਕੰਮ ਬਾਕਾਇਦਾ ਟੈਂਡਰ ਲਗਾ ਕੇ ਨਾ ਸੌਂਪੇ ਜਾਣ ਕਾਰਨ ਨਗਰ ਨਿਗਮ ਵਲੋਂ ਉਕਤ ਕੰਪਨੀ ਨੂੰ ਰੋਜਾਨਾ 40 ਟਨ ਕੂੜੇ ਦੀ ਨਿਕਾਸੀ ਦੀ ਅਦਾਇਗੀ ਹੀ ਕੀਤੀ ਜਾ ਸਕਦੀ ਹੈ ਜਦੋਂਕਿ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚੋਂ 70-80 ਟਨ ਦੇ ਕਰੀਬ ਕੂੜਾ ਨਿਕਲਦਾ ਹੈ ਅਤੇ ਜੇਕਰ ਇਸ ਵਿੱਚ ਗਮਾਡਾ ਦੇ ਸੈਕਟਰਾਂ ਦਾ ਕੂੜਾ ਵੀ ਮਿਲਾ ਲਿਆ ਜਾਵੇ ਤਾਂ ਇਹ 100 ਟਨ ਰੋਜਾਨਾ ਦੇ ਕਰੀਬ ਹੋ ਜਾਂਦਾ ਹੈ। ਦੂਜੇ ਪਾਸੇ ਕੰਪਨੀ ਵਲੋਂ ਰੋਜਾਨਾ 40 ਟਨ ਦੀ ਹੀ ਨਿਕਾਸੀ ਕੀਤੇ ਜਾਣ ਕਾਰਨ ਇਹ ਸਮੱਸਿਆ ਲਗਾਤਾਰ ਵੱਧਦੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ ਨਗਰ ਨਿਗਮ ਵਲੋਂ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਜਿਹੜੇ 9 ਅਕਤੂਬਰ ਨੂੰ ਖੋਲ੍ਹੇ ਜਾਣੇ ਹਨ ਅਤੇ ਉਸਤੋਂ ਬਾਅਦ ਨਵੀਂ ਕੰਪਨੀ ਨੂੰ ਕੰਮ ਅਲਾਟ ਕਰਨ ਦੀ ਪ੍ਰਕ੍ਰਿਆ ਆਰੰਭ ਹੋਣੀ ਹੈ। ਇਸ ਕੰਮ ਦੇ ਮੁਕੰਮਲ ਹੋਣ ਤੋਂ ਬਾਅਦ ਹੀ ਇਸ ਸਮੱਸਿਆ ਦਾ ਹਲ ਹੋਣ ਦੀ ਕੋਈ ਆਸ ਹੈ।
ਕੂੜੇ ਦੀ ਨਿਕਾਸੀ ਲਈ ਨਿਗਮ ਵਲੋਂ ਲਗਾਤਾਰ ਕੀਤਾ ਜਾ ਰਿਹਾ ਹੈ ਕੰਮ : ਟੀ ਬੇਨਿਥ
ਇਸ ਸੰਬੰਧੀ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੇਨਿਥ ਨੇ ਮੰਨਿਆ ਕਿ ਮਾਣਯੋਗ ਅਦਾਲਤ ਵਲੋਂ ਸ਼ਹਿਰ ਦੇ ਡੰਪਿੰਗ ਮੈਦਾਨ ਵਿੱਚ ਕੂੜਾ ਸੁੱਟੇ ਜਾਣ ਤੇ ਲੱਗੀ ਮੁਕੰਮਲ ਰੋਕ ਤੋਂ ਬਾਅਦ ਤੋਂ ਹੀ ਸ਼ਹਿਰ ਵਿੱਚੋਂ ਨਿਕਲਦੇ ਕੂੜੇ ਦੀ ਸਮੱਸਿਆ ਆ ਰਹੀ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਵਲੋਂ ਕੂੜੇ ਦੀ ਨਿਕਾਸੀ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਸ਼ਹਿਰ ਵਿੱਚੋਂ ਰੋਜਾਨਾ 70 ਟਨ ਦੇ ਕਰੀਬ ਕੂੜਾ ਨਿਕਲਦਾ ਹੈ ਅਤੇ 40 ਟਨ ਦੀ ਅਦਾਇਗੀ ਦੀ ਹੱਦ ਹੋਣ ਕਾਰਨ ਵੀ ਸਮੱਸਿਆ ਆ ਰਹੀ ਹੈ ਪਰੰਤੂ ਨਿਗਮ ਵਲੋਂ ਕੂੜੇ ਦੀ ਨਿਕਾਸੀ ਕਰਨ ਵਾਲੇ ਠੇਕੇਦਾਰ ਨੂੰ ਵੱਧ ਕੂੜਾ ਚੁੱਕਣ ਲਈ ਕਿਹਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਸੰਬੰਧੀ ਨਿਗਮ ਵਲੋਂ 9 ਅਕਤੂਬਰ ਨੂੰ ਟੈਂਡਰ ਖੋਲ੍ਹੇ ਜਾਣੇ ਹਨ ਜਿਸਤੋਂ ਬਾਅਦ ਇਸ ਸਮੱਸਿਆ ਦੇ ਪੱਕੇ ਹਲ ਲਈ ਰਾਹ ਪੱਧਰਾ ਹੋ ਜਾਵੇਗਾ।
ਸੜਕ ਤੇ ਕੂੜਾ ਖਿੱਲਰਨ ਕਾਰਨ ਲੰਬੇ ਸਮੇਂ ਤੋਂ ਤੰਗ ਹੋ ਰਹੇ ਹਨ ਲੋਕ : ਜਗਦੀਸ਼ ਸਿੰਘ ਜੱਗਾ
ਇਸ ਸੰਬੰਧੀ ਪਿੰਡ ਸ਼ਾਹੀ ਮਾਜਰਾ ਦੇ ਕੌਂਸਲਰ ਸz. ਜਗਦੀਸ਼ ਸਿੰਘ ਜੱਗਾ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਇਸ ਥਾਂ ਤੇ ਸੜਕ ਤਕ ਕੂੜਾ ਖਿੱਲਰਿਆ ਹੋਇਆ ਹੈ ਅਤੇ ਲੋਕਾਂ ਦੇ ਘਰਾਂ ਤੋਂ ਕੂੜਾ ਲਿਆਉਣ ਵਾਲੇ ਰੇਹੜੀਆਂ ਵਾਲੇ ਇੱਥੇ ਬਾਹਰ ਹੀ ਕੂੜਾ ਸੁੱਟ ਦਿੰਦੇ ਹਨ। ਉਹਨਾਂ ਕਿਹਾ ਕਿ ਕੂੜਾ ਘਰ ਦੇ ਨਾਲ ਪਈ ਖਾਲੀ ਥਾਂ ਤੇ ਵੀ ਕੂੜੇ ਦੀ ਭਰਮਾਰ ਹੈ ਅਤੇ ਵੱਖ ਵੱਖ ਹੋਟਲਾਂ ਅਤੇ ਢਾਬਿਆਂ ਵਾਲੇ ਇੱਥੇ ਖੁੱਲੀ ਥਾਂ ਵਿੱਚ ਕੂੜਾ ਸੁੱਟ ਜਾਂਦੇ ਹਨ ਜਿਹੜਾ ਬਹੁਤ ਜਿਆਦਾ ਬਦਬੂ ਮਾਰਦਾ ਹੈ ਅਤੇ ਇਸ ਕਾਰਨ ਇੱਥੇ ਬਿਮਾਰੀ ਫੈਲਣ ਦਾ ਵੀ ਖਤਰਾ ਬਣਿਆ ਹੋਇਆ ਹੈ। ਇਸ ਕੂੜੇ ਵਿੱਚ ਕਈ ਤਰ੍ਹਾਂ ਦੇ ਜੀਵ ਜੰਤੂ ਵੀ ਪਲ ਰਹੇ ਹਨ ਜਿਹਨਾਂ ਕਾਰਨ ਬਿਮਾਰੀ ਦਾ ਖਤਰਾ ਹੋਰ ਵੀ ਵੱਧ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਥਾਂ ਦੇ ਬਿਲਕੁਲ ਨਾਲ ਹਫਤੇ ਵਿੱਚ ਦੋ ਵਾਰ ਸਬਜੀ ਮੰਡੀ ਲੱਗਦੀ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਇੱਥੇ ਸਬਜੀ ਆਦਿ ਖਰੀਦਣ ਲਈ ਆਉਂਦੇ ਹਨ, ਪਰੰਤੂ ਇੱਥੇ ਫੈਲੀ ਭਾਰੀ ਬਦਬੂ ਕਾਰਨ ਉਹਨਾਂ ਨੂੰ ਵੀ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ। ਮੰਡੀ ਦੇ ਦੁਕਾਨਦਾਰ ਵੀ ਆਪਣੀ ਰਹਿੰਦ ਖੁਹੰਦ ਇੱਥੇ ਹੀ ਸੁੱਟ ਜਾਂਦੇ ਹਨ ਜਿਸ ਕਾਰਨ ਗੰਦਗੀ ਦੀ ਸਮੱਸਿਆ ਹੋਰ ਵੀ ਵੱਧ ਜਾਂਦੀ ਹੈ।
ਸz. ਜੱਗਾ ਨੇ ਮੰਗ ਕੀਤੀ ਹੈ ਕਿ ਇਸ ਕੂੜੇ ਦਾ ਜਲਦ ਤੋਂ ਜਲਦ ਪ੍ਰਬੰਧ ਕੀਤਾ ਜਾਵੇ ਤਾਂ ਕਿ ਇੱਥੇ ਵੀ ਨਿਵਾਸੀਆਂ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Mohali
ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ
ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।
ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।
ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
Mohali
ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।
ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
Mohali
ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।
ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।
ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Mohali2 months agoਪੂਰਨਮਾਸ਼ੀ ਦਾ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months agoਸਵ. ਐਨ ਕੇ ਮਰਵਾਹਾ ਦੀ ਬਰਸੀ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ
-
National1 month agoਬੰਦ ਕਮਰੇ ਵਿੱਚੋਂ ਮਾਂ-ਪੁੱਤ ਸਮੇਤ ਤਿੰਨ ਜੀਆਂ ਦੀਆਂ ਲਾਸ਼ਾਂ ਬਰਾਮਦ
