Chandigarh
ਕੇਂਦਰ ਸਰਕਾਰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਪੰਜਾਬ ਯੂਨੀਵਰਸਿਟੀ ਨੂੰ ਖਤਮ ਕਰਨ ਉੱਤੇ ਤੁਲੀ : ਮੀਤ ਹੇਅਰ
ਚੰਡੀਗੜ੍ਹ, 8 ਨਵੰਬਰ (ਸ.ਬ.) ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਉੱਪਰ ਇਲਜਾਮ ਲਗਾਇਆ ਹੈ ਕਿ ਉਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇੱਥੇ ਜਾਰੀ ਬਿਆਨ ਵਿੱਚ ਮੀਤ ਹੇਅਰ ਨੇ ਕਿਹਾ ਕਿ ਇਹਨਾਂ ਕਾਰਵਾਈਆਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ। ਉਹਨਾਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ (ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ) ਨੂੰ ਪੱਤਰ ਲਿਖਿਆ ਹੈ।
ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ। ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪਾਸ ਕੀਤਾ ਗਿਆ ਸੀ।
ਉਹਨਾਂ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ ਅਤੇ ਇਹ ਪੰਜਾਬ ਦਾ ਤਾਜ ਹੈ। ਉਹਨਾਂ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਸੈਨੇਟ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕੀਤੀ ਹੈ।
Chandigarh
ਵਿਜੀਲੈਂਸ ਵਲੋਂ ਸੀ. ਆਈ. ਏ. ਸਟਾਫ ਦੇ ਏ. ਐਸ. ਆਈ. ਅਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦਾ ਮਾਮਲਾ ਦਰਜ
ਸੀਨੀਅਰ ਸਿਪਾਹੀ ਗ੍ਰਿਫਤਾਰ, ਦੂਜੇ ਪੁਲੀਸ ਮੁਲਾਜ਼ਮ ਦੀ ਭਾਲ ਜਾਰੀ
ਚੰਡੀਗੜ੍ਹ, 8 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ. ਆਈ. ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ. ਐਸ. ਆਈ. ਬਲਜਿੰਦਰ ਸਿੰਘ ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲੀਸ ਮੁਲਾਜ਼ਮਾਂ ਖਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਦੇ ਖਿਲਾਫ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਦਰਜ ਨਾ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਅਤੇ ਬਾਅਦ ਵਿੱਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ। ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2,50,000 ਮੰਗਣ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕਰਨ ਅਤੇ ਏ. ਐਸ. ਆਈ. ਬਲਜਿੰਦਰ ਸਿੰਘ ਵਲੋਂ ਸਪੱਸ਼ਟ ਤੌਰ ਤੇ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਹਨਾਂ ਉਕਤ ਦੋਨਾਂ ਮੁਲਾਜ਼ਮਾਂ ਦੁਆਰਾ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ. ਆਈ. ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੂਜੇ ਦੋਸ਼ੀ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ।
Chandigarh
ਪੰਜਾਬ ਪੁਲੀਸ ਵੱਲੋਂ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ
ਚੰਡੀਗੜ੍ਹ, 7 ਨਵੰਬਰ (ਸ.ਬ.) ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਲੜਾਈ ਦੌਰਾਨ ਇੱਕ ਵੱਡੀ ਕਾਰਵਾਈ ਕਰਦਿਆਂ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖਤਰਨਾਕ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਰਦੇ ਹੋਏ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਅਤੇ ਉਨ੍ਹਾਂ ਕੋਲੋਂ ਦੋ ਪਿਸਤੌਲਾਂ ਸਮੇਤ 5 ਬਰਾਮਦ ਕੀਤੇ।
ਪੰਜਾਬ ਪੁਲੀਸ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਗੈਂਗਸਟਰਾਂ ( ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਉਰਫ਼ ਬਾਬੂ) ਨੂੰ 17 ਅਕਤੂਬਰ, 2024 ਨੂੰ ਥਾਣਾ ਭਾਰਗੋ ਕੈਂਪ ਵਿਖੇ ਦਰਜ ਹੋਏ ਅਸਲਾ ਐਕਟ ਦੇ ਕੇਸ ਦੀ ਅਗਲੀ ਜਾਂਚ ਦੌਰਾਨ ਸਾਹਮਣੇ ਆਉਣ ਤੋਂ ਬਾਅਦ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਸੀ। ਉਹਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਇਸ ਕੌਸ਼ਲ-ਬੰਬੀਹਾ ਮੋਡਿਊਲ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਦੋਵਾਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਕੁੱਲ ਗ੍ਰਿਫ਼ਤਾਰੀਆਂ ਛੇ ਹੋ ਗਈਆਂ ਹਨ।
ਡੀ ਜੀ ਪੀ ਨੇ ਦੱਸਿਆ ਕਿ ਦੋਵੇਂ ਗੈਂਗਸਟਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ ਅਤੇ ਹੁਸ਼ਿਆਰਪੁਰ, ਐਸਬੀਐਸ ਨਗਰ, ਕਪੂਰਥਲਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਵੱਡੀਆਂ ਵਾਰਦਾਤਾਂ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਹੇ ਸਨ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਵੱਖ-ਵੱਖ ਗਰੋਹਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।
ਇਸ ਸਬੰਧੀ ਪੁਲੀਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਦੇ ਖੁਲਾਸੇ ਤੋਂ ਬਾਅਦ, ਜਲੰਧਰ ਕਮਿਸ਼ਨਰੇਟ ਦੀਆਂ ਪੁਲੀਸ ਟੀਮਾਂ ਦੋਵਾਂ ਦੋਸ਼ੀਆਂ ਨੂੰ ਜਲੰਧਰ ਕੰਟੈਂਟ ਦੇ ਬਾਹਰਵਾਰ ਇਕਾਂਤ ਜਗ੍ਹਾ ਤੇ ਲੈ ਜਾ ਰਹੀਆਂ ਸਨ, ਜਿੱਥੇ ਉਨ੍ਹਾਂ ਨੇ ਹਥਿਆਰ ਅਤੇ ਗੋਲਾ ਬਾਰੂਦ ਲੁਕਾਉਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੌਕੇ ਤੇ ਪਹੁੰਚ ਕੇ ਦੋਵੇਂ ਮੁਲਜ਼ਮ ਮੌਕੇ ਤੋਂ ਬਰਾਮਦ ਪਿਸਤੌਲ ਦੀ ਵਰਤੋਂ ਕਰਕੇ ਪੁਲੀਸ ਪਾਰਟੀ ਤੇ ਗੋਲੀਆਂ ਚਲਾ ਕੇ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ, ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲੀਸ ਟੀਮਾਂ ਨੇ ਉਨ੍ਹਾਂ ਨੂੰ ਫੜਨ ਲਈ 1.5 ਕਿਲੋਮੀਟਰ ਤਕ ਪਿੱਛਾ ਕਰਨ ਤੋਂ ਉਨ੍ਹਾਂ ਨੂੰ ਰੋਕਣ ਲਈ ਜਵਾਬੀ ਫਾਇਰਿੰਗ ਕੀਤੀ ਅਤੇ ਕਾਬੂ ਕਰ ਲਿਆ। ਇਸ ਦੌਰਾਨ ਇੱਕ ਮੁਲਜਮ ਦੀ ਸੱਜੀ ਲੱਤ ਤੇ ਗੋਲੀ ਲੱਗੀ, ਜਦੋਂਕਿ ਦੂਜੇ ਨੂੰ ਪੁਲੀਸ ਟੀਮਾਂ ਨਾਲ ਹੱਥੋਪਾਈ ਦੌਰਾਨ ਸੱਟਾਂ ਲੱਗੀਆਂ।
Chandigarh
ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨਾ ਕਰਵਾਏ ਜਾਣ ਦੇ ਮੁੱਦੇ ਤੇ ਵਿਰੋਧੀ ਧਿਰਾਂ ਵੱਲੋਂ ਇਕਜੁੱਟ ਹੋ ਕੇ ਰੋਸ ਪ੍ਰਦਰਸ਼ਨ
ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
ਚੰਡੀਗੜ੍ਹ, 7 ਨਵੰਬਰ (ਸ.ਬ.) ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨਾ ਕਰਵਾਉਣ ਦੇ ਵਿਰੋਧ ਵਿੱਚ ਵਿਰੋਧੀ ਧਿਰਾਂ ਵਲੋਂ ਇਕਜੁੱਟ ਹੋ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਸਮੇਤ ਕਈ ਵੱਡੇ ਆਗੂਆਂ ਸਮੇਤ ਅਕਾਲੀ ਦਲ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਬਹੁਤ ਅਹਿਮ ਹੈ ਕਿਉਂਕਿ ਇਹ ਪੰਜਾਬ ਦੀ ਲੜਾਈ ਹੈ।
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਖ਼ੁਦਮੁਖ਼ਤਿਆਰੀ ਨੂੰ ਖ਼ੋਰਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਵਿੱਚ ਪੰਜਾਬ ਦੀ ਸਹੀ ਹਿੱਸੇਦਾਰੀ ਨੂੰ ਖ਼ੋਰਾ ਲਾਉਣ ਦੀਆਂ ਕੋਸ਼ਿਆਂ ਦੇ ਖ਼ਿਲਾਫ਼ ਅੱਜ ਅਸੀਂ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਹਾਂ।
ਉਨ੍ਹਾਂ ਕਿਹਾ ਕਿ ਅਸੀਂ ਸੈਨੇਟ ਚੋਣਾਂ ਲਈ ਇਕ ਫ਼ੌਰੀ ਸਮਾਂ ਸੀਮਾਂ, ਫ਼ੀਸਾਂ ਵਿੱਚ ਵਾਧੇ ਨੂੰ ਵਾਪਸ ਲੈਣ ਅਤੇ ਸਾਡੀ ਯੂਨੀਵਰਸਿਟੀ ਦੀ ਖ਼ੁਦਮੁਖਤਿਆਰੀ ਨੂੰ ਸੁਰੱਖਿਅਤ ਰੱਖਣ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਵਾਜ਼ ਕਦੇ ਚੁੱਪ ਨਹੀਂ ਰਹੇਗੀ।
ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਪ੍ਰਮੁੱਖ ਸੰਸਥਾਵਾਂ ਨੂੰ ਕੇਂਦਰ ਵਲੋਂ ਹਥਿਆਉਣ ਦੀਆਂ ਵਾਰ-ਵਾਰ ਕੋਸ਼ਿਸ਼ਾਂ ਹੋ ਰਹੀਆਂ ਹਨ। ਇਸ ਦੇ ਤਹਿਤ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਹੋਂਦ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਇਸ ਮਾਮਲੇ ਤੇ ਕੇਂਦਰ ਸਰਕਾਰ ਦਾ ਡੱਟ ਕੇ ਵਿਰੋਧ ਕਰਦਾ ਹੈ ਅਤੇ ਇਸ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉੁਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਜਲਦ ਤੋਂ ਜਲਦੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਚੋਣ ਕਰਵਾਈ ਜਾਵੇ।
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
Mohali2 months ago
ਸਾਹਿਤਕਾਰ ਸੁਭਾਸ਼ ਭਾਸਕਰ ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਸੰਪੰਨ
-
International2 months ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali1 month ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
International2 months ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
National1 month ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial1 month ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ